ਮੁਹਾਲੀ ਸ਼ਹਿਰ ਦੇ ਲਾਇਟ ਪੁਆਇੰਟ ਨੂੰ ਗੋਲ ਚੌਕਾਂ ਵਿੱਚ ਤਬਦੀਲ ਕਰਨ ਦੀ ਕਾਰਵਾਈ ਸ਼ੁਰੂ, ਅਗਲੇ ਸਾਲ ਮਾਰਚ ਦੇ ਅੰਤ ਤੱਕ ਗੋਲ ਚੌਕਾਂ ਦੀ ਉਸਾਰੀ ਕੀਤੇ ਜਾਣ ਦੀ ਯੋਜਨਾ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਐਸ.ਏ.ਐਸ.ਨਗਰ, 24 ਨਵੰਬਰ (ਸ.ਬ.) ਮੁਹਾਲੀ ਵਿਖੇ ਵੱਧ ਰਹੀ ਟ੍ਰੈਫਿਕ ਦੀ ਸਮੱਸਿਆਂ ਨੂੰ ਹਲ ਦੇ ਕਰਨ ਦੇ ਨਾਲ ਨਾਲ ਸੜਕਾਂ ਤੇ ਹੁੰਦੀਆਂ ਦੁਰਘਟਨਾਵਾਂ ਨੂੰ ਵਿੱਚ ਕਮੀ ਕੀਤੇ ਜਾਣ ਦੇ ਮੰਤਵ ਅਧੀਨ ਪੰਜਾਬ ਸਰਕਾਰ ਵਲੋਂ ਸ਼ਹਿਰ ਮੁਹਾਲੀ ਦੇ ਲਾਇੰਟ ਪੁਆਇੰਟਾਂ ਨੂੰ ਗੋਲ ਚੌਕਾਂ(ਰਾਊਂਡ ਅਬਾਊਟ) ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਮਾਡਾ, ਮਿਊਸੀਂਪਲ ਕਾਰਪੋਰੇਸ਼ਨ, ਆਰ.ਟੀ.ਏ., ਪੁਲਿਸ, ਰੋਡ ਸੇਫਟੀ ਇੰਜੀਨੀਅਰ ਨਾਲ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਮੁਹਾਲੀ ਸ਼ਹਿਰ ਦੀਆਂ ਸੜਕਾਂ ਤੇ ਟ੍ਰੈਫਿਕ ਦਿਨੋਂ ਦਿਨ ਵਧ ਰਿਹਾ ਹੈ ਅਤੇ ਸੜਕਾਂ ਤੇ ਦੁਰਘਟਨਾਵਾਂ ਦੀ ਗਿਣਤੀ ਵਿੱਚ ਕਾਫੀ ਇਜ਼ਾਫਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਹਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਲਾਇਟ ਪੁਆਇੰਟ ਨੂੰ ਗੋਲ ਚੌਕਾਂ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਅਤੇ ਗਮਾਡਾ ਦੇ ਤਕਨੀਕੀ ਸਲਾਹਕਾਰ ਦੀ ਮਦਦ ਨਾਲ ਤਜ਼ਵੀਜ਼ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਗਲੇ ਸਾਲ ਮਾਰਚ ਮਹੀਨੇ ਦੇ ਅੰਤ ਤੱਕ ਇਨ੍ਹਾਂ ਗੋਲ ਚੌਕਾਂ ਦੀ ਉਸਾਰੀ ਕੀਤੇ ਜਾਣ ਦੀ ਯੋਜਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ, ਜ਼ਿਲ੍ਹਾ ਟਾਊਨ ਪਲਾਨਰ ਸ੍ਰੀ ਗੁਰਦੇਵ ਸਿੰਘ, ਸਕੱਤਰ ਆਰ.ਟੀ.ਏ. ਸ੍ਰੀ ਪਰਦੀਪ ਸਿੰਘ ਢਿਲੋਂ, ਰੋਡ ਸੇਫਟੀ ਇੰਜੀਨੀਅਰ ਸ੍ਰੀ ਚਰਨਜੀਤ ਤੋਂ ਇਲਾਵਾ ਗਮਾਡਾ ਦੇ ਤਕਨੀਕੀ ਸਲਾਹਕਾਰ,ਮਿਊਂਸਪਲ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ।