ਜੰਮੂ-ਕਸ਼ਮੀਰ ਤੇ ਹੈਦਰਾਬਾਦ ਵਿੱਚ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਯੂਨੀਵਰਸਿਟੀਆਂ ਦੇ ਦੋ ਪ੍ਰੋਫੈਸਰ ਗ੍ਰਿਫ਼ਤਾਰ

ਸ੍ਰੀਨਗਰ, 3 ਦਸੰਬਰ (ਸ.ਬ.) ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਵਿਦਿਆਰਥੀ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਤੋਂ ਬਾਅਦ ਪੁਲੀਸ ਨੇ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਫੈਸਰ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਿਜ਼ ਐਂਡ ਟੈਕਨਾਲੋਜੀ ਵਿੱਚ ਪ੍ਰਦਰਸ਼ਨ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਐਗਰੀਕਲਚਰ ਐਕਸਟੈਂਸ਼ਨ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਮੁਖੀ ਦੇ ਖਿਲਾਫ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

ਹੈਦਰਾਬਾਦ : ਯੂਨੀਵਰਸਿਟੀ ਆਫ਼ ਹੈਦਰਾਬਾਦ ਵਿੱਚ ਵਿਦੇਸ਼ੀ ਵਿਦਿਆਰਥਣ ਨੇ ਦੋਸ਼ ਲਗਾਇਆ ਹੈ ਕਿ ਪ੍ਰੋਫੈਸਰ ਨੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ, ਜੋ ਥਾਈਲੈਂਡ ਦੀ ਹੈ, ਨੇ ਸਾਈਬਰਾਬਾਦ ਪੁਲੀਸ ਕਮਿਸ਼ਨਰੇਟ ਦੇ ਅਧੀਨ ਗਾਚੀਬਾਵਲੀ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਪੁਲੀਸ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਹਿੰਦੀ ਵਿਭਾਗ ਦੇ 69 ਸਾਲਾ ਪ੍ਰੋਫੈਸਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 23 ਸਾਲਾ ਪੀੜਤਾ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਨੇ ਉਸ ਨੂੰ ਆਪਣੇ ਦਫਤਰ ਬੁਲਾਇਆ ਅਤੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਉਹ ਭੱਜਣ ਵਿੱਚ ਕਾਮਯਾਬ ਹੋ ਗਈ।