ਲੋਕ ਸਭਾ ਸੀਟਾਂ ਉੱਤੇ ਜਿੱਤ ਹਾਸਲ ਕਰਨ ਲਈ ਪਾਰਟੀ ਵਰਕਰਾਂ ਨੂੰ ਕਰਾਂਗੇ ਲਾਮਬੰਦ : ਬੀਬੀ ਗਰਚਾ

ਐਸ ਏ ਐਸ ਨਗਰ, 3 ਦਸੰਬਰ (ਸ.ਬ.) ਮੁਹਾਲੀ ਦੇ ਵਸਨੀਕ ਅਤੇ ਉੱਘੇ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਬੀ ਲਖਵਿੰਦਰ ਕੌਰ ਗਰਚਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਹੇ ਹਨ ਅਤੇ ਕੁਝ ਸਮਾਂ ਪਹਿਲਾਂ ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਇਸ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਹਨਾਂ ਉਤੇ ਵਿਸ਼ਵਾਸ਼ ਕਰਦੇ ਹੋਏ ਪੰਜਾਬ ਦੀ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸ ਉੱਤੇ ਖਰਾ ਉਤਰਨ ਲਈ ਉਹ ਹਰ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਮਿਸ਼ਨ 2024 ਪੰਜਾਬ ਦੀਆਂ ਸਮੁੱਚੀਆਂ ਸੀਟਾਂ ਉੱਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਹਲਕਾ ਅਨੰਦਪੁਰ ਸਾਹਿਬ ਤੋਂ ਪਾਰਟੀ ਵੱਲੋਂ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ।