ਅਜੀਤ ਕਰਮ ਸਿੰਘ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ

ਐਸ.ਏ.ਐਸ ਨਗਰ, 24 ਜਨਵਰੀ (ਸ.ਬ.) ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ-125 ਗ੍ਰੇਟਰ ਮੁਹਾਲੀ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਮੌਕੇ ਤੇ ਆਯੋਜਿਤ ਇੱਕ ਸਮਾਗਮ ਵਿੱਚ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ, ਜਿਸ ਤੋਂ ਬਾਅਦ ਰਾਸ਼ਟਰੀ ਝੰਡਾ ਲਹਿਰਾਇਆ ਗਿਆ, ਜਿਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।

ਹਾਜ਼ਰ ਵਿਦਿਆਰਥੀਆਂ ਨੇ ਰਾਸ਼ਟਰੀ ਝੰਡੇ ਪ੍ਰਤੀ ਆਪਣੀ ਵਫ਼ਾਦਾਰੀ ਦਾ ਪ੍ਰਣ ਕੀਤਾ ਅਤੇ ਆਪਣੀ ਕੌਮ ਨੂੰ ਨਵੀਆਂ ਬੁਲੰਦੀਆਂ ਤੇ ਲਿਜਾਣ ਦਾ ਸੰਕਲਪ ਵੀ ਲਿਆ। ਦੇਸ਼ ਭਗਤੀ ਦੇ ਇਸ ਉਤਸਵ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਸੇਖੋਂ ਨੇ ਇਸ ਮੌਕੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸਾਰੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਦੇਸ਼ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।