Editorial
ਚੌਗਿਰਦੇ ਨੂੰ ਬਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਬਾਦੀ ਦੇ ਵੱਧਦੇ ਪਾੜੇ ਤੇ ਕਾਬੂ ਕੀਤਾ ਜਾਣਾ ਜਰੂਰੀ
ਵਾਤਾਵਰਨ ਦੀ ਸੁਰਖਿਆ ਅਤੇ ਗਲੋਬਲ ਵਾਰਮਿੰਗ ਵਿੱਚ ਹੁੰਦਾ ਲਗਾਤਾਰ ਵਾਧਾ ਇਸ ਵੇਲੇ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਿਚਾਰਿਆ ਜਾਣ ਵਾਲਾ ਮੁੱਦਾ ਹੈ ਅਤੇ ਪੂਰੀ ਦੁਨੀਆ ਵਿੱਚ ਇਸ ਗੰਭੀਰ ਸਮੱਸਿਆ ਦੇ ਹਲ ਲਈ ਇੱਕਜੁਟ ਹੋ ਕੇ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਗਲੋਬਲ ਵਾਰਮਿੰਗ ਵਿੱਚ ਹੋਣ ਵਾਲੇ ਲਗਾਤਾਰ ਵਾਧੇ ਕਾਰਨ ਜਿੱਥੇ ਇੱਕ ਪਾਸੇ ਮੌਸਮ ਵਿੱਚ ਆ ਰਹੀਆਂ ਘਾਤਕ ਤਬਦੀਲੀਆਂ ਆਉਣ ਵਾਲੇ ਸਮੇਂ ਦੌਰਾਨ ਮਨੁੱਖ ਦੀ ਹੋਂਦ ਤੇ ਹੀ ਗੰਭੀਰ ਖਤਰੇ ਦੀ ਨਜਰਸ਼ਾਨੀ ਕਰ ਰਹੀਆਂ ਹਨ ਉੱਥੇ ਇਸ ਕਾਰਨ ਕੁਦਰਤ ਦੀ ਕਰੋਪੀ ਦੀ ਮਾਰ ਵੀ ਵੱਧ ਗਈ ਹੈ। ਇਸ ਦੌਰਾਨ ਜਿੱਥੇ ਵੱਖ ਵੱਖ ਮੁਲਕਾਂ ਦੇ ਵਿਗਿਆਨਿਕ ਇੱਕਠੇ ਹੋ ਕੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਨਵੇਂ ਨਵੇਂ ਤਰੀਕੇ ਲੱਭ ਰਹੇ ਹਨ ਉੱਥੇ ਦੁਨੀਆ ਭਰ ਵਿੱਚ ਸਰਕਾਰਾਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਵੱਧ ਤੋਂ ਵੱਧ ਰੁੱਖ ਵੀ ਲਗਾਏ ਜਾ ਰਹੇ ਹਨ।
ਦੂਜੇ ਪਾਸੇ ਹਾਲਾਤ ਇਹ ਹਨ ਕਿ ਅਸੀਂ ਹੁਣੇ ਵੀ ਸੁਧਰਨ ਲਈ ਤਿਆਰ ਨਹੀਂ ਹਾਂ ਅਤੇ ਜਾਣੇ ਅਣਜਾਣੇ ਵਿੱਚ ਵਾਤਾਵਰਨ ਦੇ ਘਾਣ ਦੀਆਂ ਕਾਰਵਾਈਆਂ ਵਿੱਚ ਲੱਗੇ ਹੋਏ ਹਾਂ, ਜਿਹਨਾਂ ਕਾਰਨ ਵਾਤਾਵਰਨ ਨੂੰ ਭਾਰੀ ਨੁਕਸਾਨ ਪੁੱਜ ਰਿਹਾ ਹੈ। ਸਾਡੇ ਦੇਸ਼ ਵਿੱਚ ਲਗਾਤਾਰ ਵੱਧਦੇ ਬੇਤਰਤੀਬ ਸ਼ਹਿਰੀਕਰਨ ਦੀ ਕਾਰਵਾਈ ਵੀ ਅਜਿਹੀ ਹੀ ਹੈ ਜਿਸ ਕਾਰਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਬਾਦੀ ਸੰਤੁਲਨ ਦੇ ਅਨੁਪਾਤ ਵਿੱਚ ਵੱਧਦਾ ਪਾੜਾ ਚੌਗਿਰਦੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ ਪਰੰਤੂ ਸਾਡੀਆਂ ਸਰਕਾਰਾਂ ਵਲੋਂ ਇਸ ਪਾਸੇ ਧਿਆਨ ਦੇਣਾ ਤਾਂ ਦੂਰ ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਦੇ ਨਾਮ ਤੇ ਖੁਦ ਹੀ ਲਗਾਤਾਰ ਵੱਧਦੀ ਸ਼ਹਿਰੀਕਰਣ ਦੀ ਇਸ ਕਾਰਵਾਈ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਰਹੀ ਹੈ।
ਸਾਡੀਆਂ ਸਰਕਾਰਾਂ ਵਲੋਂ ਪਿੰਡਾਂ ਦੀ ਅਣਦੇਖੀ ਕਰਕੇ ਸ਼ਹਿਰਾਂ ਵਿੱਚ ਬਿਤਹਰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਅਤੇ ਪਿੰਡਾਂ ਵਿੱਚ ਰੁਜਗਾਰ ਦੀਆਂ ਲੋੜੀਂਦੀਆਂ ਸਹੂਲਤਾਂ ਨਾ ਹੋਣ ਕਾਰਨ ਲੋਕਾਂ ਦਾ ਪਿੰਡਾਂ ਤੋਂ ਸ਼ਹਿਰਾਂ ਵੱਲ ਲਗਾਤਾਰ ਪਲਾਇਨ ਹੁੰਦਾ ਰਿਹਾ ਹੈ। ਪਿੰਡਾਂ ਦੇ ਵਸਨੀਕ ਆਪਣੇ ਰੁਜਗਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਲਈ ਸ਼ਹਿਰਾਂ ਵੱਲ ਪਲਾਇਨ ਕਰਦੇ ਹਨ ਅਤੇ ਇੱਕੋਂ ਥਾਂ ਕੇਂਦਰਿਤ ਹੋਣ ਵਾਲਾ ਆਬਾਦੀ ਦਾ ਇਹ ਭਾਰ ਚੌਗਿਰਦੇ ਲਈ ਗੰਭੀਰ ਸਮੱਸਿਆ ਬਣਦਾ ਹੈ।
ਜਮੀਨੀ ਹਾਲਾਤ ਇਹੀ ਹਨ ਕਿ ਸਰਕਾਰਾਂ ਵਲੋਂ ਪਿੰਡਾਂ ਦੇ ਵਸਨੀਕਾਂ ਨੂੰ ਜਿਆਦਾਤਰ ਬੁਨਿਆਦੀ ਸੁਵਿਧਾਵਾਂ ਕਾਗਜਾਂ ਵਿੱਚ ਹੀ ਮੁਹਈਆ ਕਰਵਾਈਆਂ ਜਾਂਦੀਆਂ ਰਹੀਆਂ ਹਨ। ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਨਾ ਤਾਂ ਚੰਗੇ ਡਾਕਟਰ ਅਤੇ ਦਵਾਈਆਂ ਮਿਲਦੀਆਂ ਹਨ ਅਤੇ ਨਾ ਹੀ ਸਕੂਲਾਂ ਵਿੱਚ ਪੂਰੇ ਅਧਿਆਪਕ ਹੁੰਦੇ ਹਨ। ਨਾ ਤਾਂ ਪਿੰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਅਤੇ ਬਿਜਲੀ ਦੀ ਸਪਲਾਈ ਦੀ ਹਾਲਤ ਵਿੱਚ ਸੁਧਾਰ ਹੁੰਦਾ ਹੈ ਅਤੇ ਅਤੇ ਨਾ ਹੀ ਉੱਥੇ ਲੋੜੀਂਦੀ ਸਾਫ ਸਫਾਈ ਆਦਿ ਦੀ ਸਹੂਲੀਅਤ ਮਿਲਦੀ ਹੈ। ਇਸਦੇ ਮੁਕਾਬਲੇ ਸ਼ਹਿਰਾਂ ਵਿੱਚ ਬਿਹਤਰ ਨਾਗਰਿਕ ਸੁਵਿਧਾਵਾਂ ਮਿਲਣ ਕਾਰਨ ਪਿੰਡਾਂ ਦੇ ਲੋਕ ਸ਼ਹਿਰਾਂ ਵਿੱਚ ਜਾ ਕੇ ਰਹਿਣ ਨੂੰ ਹੀ ਤਰਜੀਹ ਦਿੰਦੇ ਹਨ।
ਪਰੰਤੂ ਪਿੰਡਾਂ ਤੋਂ ਸ਼ਹਿਰਾਂ ਵੱਲ ਹੁੰਦੇ ਲਗਾਤਾਰ ਪਲਾਇਨ ਕਾਰਨ ਆਬਾਦੀ ਸੰਤੁਲਨ ਦੇ ਵੱਧਦੇ ਪਾੜੇ ਅਤੇ ਬੇਤਰਤੀਬ ਤਰੀਕੇ ਨਾਲ ਵੱਧਦੇ ਸ਼ਹਿਰੀਕਨ ਨੇ ਸਾਡੇ ਵਾਤਾਵਰਣ ਨੂੰ ਵੱਡਾ ਖੋਰਾ ਲਾਇਆ ਹੈ। ਚਾਹੀਦਾ ਤਾਂ ਇਹ ਸੀ ਕਿ ਸਰਕਾਰਾਂ ਵਲੋਂ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾ ਕੇ ਪਿੰਡਾਂ ਦੇ ਵਸਨੀਕਾਂ ਵਾਸਤੇ ਉੱਥੇ ਹੀ ਰੁਜਗਾਰ ਦੇ ਸਾਧਨ ਉਪਲਬਧ ਕਰਵਾਏ ਜਾਂਦੇ ਤਾਂ ਜੋ ਪਿੰਡਾਂ ਤੋਂ ਸ਼ਹਿਰਾਂ ਵੱਲ ਹੁੰਦੇ ਪਲਾਇਨ ਤੇ ਰੋਕ ਲੱਗਦੀ ਪਰੰਤੂ ਸਰਕਾਰਾਂ ਵਲੋਂ ਇਸ ਪਾਸੇ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਹੀ ਰਹੀ ਹੈ।
ਆਬਾਦੀ ਸੰਤੁਲਨ ਦੇ ਵੱਧਦੇ ਪਾੜੇ ਕਾਰਨ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਜਰੂਰੀ ਹੈ ਕਿ ਰਾਜ ਸਰਕਾਰ ਵਲੋਂ ਪਿੰਡਾਂ ਵਿੱਚ ਵੀ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾਣ ਅਤੇ ਪਿੰਡਾਂ ਵਿੱਚ ਰੁਜਗਾਰ ਦੇ ਲੋੜੀਂਦੇ ਸਾਧਨ ਪੈਦਾ ਕਰਕੇ ਪਿੰਡਾਂ ਤੋਂ ਸ਼ਹਿਰਾਂ ਵੱਲ ਹੁੰਦੇ ਪਲਾਇਨ ਤੇ ਰੋਕ ਲਗਾਉਣ ਲਈ ਯਤਨ ਕੀਤੇ ਜਾਣ। ਵੈਸੇ ਵੀ ਪਿੰਡਾਂ ਵਰਗਾ ਚੰਗਾ ਖਾਣ ਪੀਣ, ਸਾਫ ਸੁਥਰਾ ਮਾਹੌਲ, ਪ੍ਰਦੂਸ਼ਣ ਮੁਕਤ ਹਵਾ ਅਤੇ ਪਾਣੀ ਸ਼ਹਿਰਾਂ ਵਿੱਚ ਨਸੀਬ ਨਹੀਂ ਹੋ ਸਕਦਾ। ਜੇਕਰ ਸਰਕਾਰਾਂ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਤਾਂ ਇਸ ਨਾਲ ਨਾ ਸਿਰਫ ਸ਼ਹਿਰਾਂ ਵੱਲ ਹੁੰਦੇ ਪਲਾਇਨ ਤੇ ਕਾਬੂ ਕੀਤਾ ਜਾ ਸਕਦਾ ਹੈ ਬਲਕਿ ਇਸ ਕਾਰਨ ਚੌਗਿਰਦੇ ਨੂੰ ਹੋਣ ਵਾਲੇ ਨੂਕਸਾਨ ਤੋਂ ਵੀ ਬਚਿਆ ਜਾ ਸਕਦਾ ਹੈ ਇਸ ਲਈ ਸਰਕਾਰ ਨੂੰ ਇਸ ਸੰਬੰਧੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
Editorial
ਮੁੱਖ ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਦੀ ਸਮੱਸਿਆ ਦੇ ਹਲ ਲਈ ਹੋਵੇ ਸਖਤ ਕਾਰਵਾਈ
ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਖੜ੍ਹਦੀਆਂ ਗੱਡੀਆਂ ਦੀ ਸਮੱਸਿਆ ਵਿੱਚ ਕਾਫੀ ਜਿਆਦਾ ਵਾਧਾ ਹੋਇਆ ਹੈ। ਵਾਹਨ ਚਾਲਕਾਂ ਵਲੋਂ ਮੁੱਖ ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਇਸ ਕਾਰਵਾਈ ਇਸ ਕਾਰਨ ਟ੍ਰੈਫਿਕ ਵਿਵਸਥਾ ਤਾਂ ਪ੍ਰਭਾਵਿਤ ਹੁੰਦੀ ਹੀ ਹੈ, ਕਈ ਵਾਰ ਜਾਮ ਤਕ ਲਗਣ ਦੀ ਨੌਬਤ ਆ ਜਾਂਦੀ ਹੈ। ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਵਾਹਨ ਖੜ੍ਹੇ ਕਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਇਹ ਕਾਰਵਾਈ ਉਹਨਾਂ ਥਾਵਾਂ ਤੇ ਕੁੱਝ ਜਿਆਦਾ ਹੈ ਜਿੱਥੇ ਸੜਕ ਕਿਨਾਰੇ ਬਣੀਆਂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਕੰਮ ਆਏ ਵਿਅਕਤੀ ਮਾਰਕੀਟ ਦੀ ਪਾਰਕਿੰਗ ਵਿੱਚ ਜਾ ਕੇ ਗੱਡੀ ਖੜ੍ਹਾਉਣ ਦੀ ਥਾਂ ਮੁੱਖ ਸੜਕ ਦੇ ਕਿਨਾਰੇ ਤੇ ਆਪਣੀ ਗੱਡੀ ਖੜ੍ਹੀ ਕਰ ਦਿੰਦੇ ਹਨ ਅਤੇ ਖੁਦ ਮਾਰਕੀਟ ਵਿੱਚ ਖਰੀਦਦਾਰੀ ਕਰਨ ਲਈ ਚਲੇ ਜਾਂਦੇ ਹਨ।
ਵੈਸੇ ਤਾਂ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮੁੱਖ ਸੜਕਾਂ ਦੇ ਕਿਨਾਰੇ ਲੋਕਾਂ ਵਲੋਂ ਵਾਹਨ ਖੜ੍ਹਾਉਣ ਦੀ ਇਹ ਕਾਰਵਾਈ ਆਮ ਹੈ ਪਰੰਤੂ ਸ਼ਹਿਰ ਦੀ ਸਭ ਤੋਂ ਵਿਅਸਤ ਸੜਕ (ਜਿਹੜੀ ਫੇਜ਼ 1 ਨੂੰ ਫੇਜ਼ 11 ਨਾਲ ਜੋੜਦੀ ਹੈ) ਦਾ ਮਾਰਕੀਟਾਂ ਦੇ ਸਾਮ੍ਹਣੇ ਪੈਂਦਾ ਖੇਤਰ ਇਸ ਸਮੱਸਿਆ ਦਾ ਸਭ ਤੋਂ ਵੱਧ ਸ਼ਿਕਾਰ ਹੈ। ਫੇਜ਼ 5 ਦੇ 3-5 ਚੌਂਕ ਦੇ ਨਾਲ ਲੱਗਦੇ ਬੂਥਾਂ ਦੇ ਸਾਮ੍ਹਣੇ, ਫੇਜ਼ 7 ਦੀ ਮਾਰਕੀਟ ਦਾ ਉਹ ਹਿੱਸਾ ਜਿੱਥੇ ਵਿੱਚ ਵੱਡੀ ਗਿਣਤੀ ਬੈਂਕ ਮੌਜੂਦ ਹਨ, ਫੇਜ਼ 7 ਦੇ ਐਚ ਐਮ ਕਵਾਟਰਾਂ ਦੇ ਸਾਮ੍ਹਣੇ ਵਾਲੀ ਥਾਂ ਅਤੇ ਫੇਜ਼ 11 ਵਿੱਚ ਮਾਰਕੀਟ ਦੇ ਸਾਮ੍ਹਣੇ ਇਹ ਸਮੱਸਿਆ ਕਾਫੀ ਜਿਆਦਾ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਲੋਕ ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਕਾਰਨ ਟ੍ਰੈਫਿਕ ਸਮੱਸਿਆ ਦੀ ਬਦਹਾਲੀ ਦੀ ਸ਼ਿਕਾਇਤ ਤਾਂ ਕਰਦੇ ਹਨ ਪਰੰਤੂ ਉਹ ਖੁਦ ਵੀ ਅਜਿਹਾ ਹੀ ਕਰਦੇ ਦਿਖਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਸ਼ਹਿਰ ਦੇ ਵਸਨੀਕਾਂ ਦੀ ਮਾਨਸਿਕਤਾ ਹੀ ਕੁੱਝ ਅਜਿਹੀ ਹੋ ਗਈ ਹੈ ਕਿ ਆਪਣੀ ਖੁਦ ਦੀ ਸਹੂਲੀਅਤ ਲਈ ਉਹ ਇਸ ਗੱਲ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੇ ਕਿ ਉਹਨਾਂ ਦੀ ਕੋਈ ਕਾਰਵਾਈ ਹੋਰਨਾਂ ਲੋਕਾਂ ਲਈ ਕਿੰਨੀ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਸ਼ਹਿਰ ਦੇ ਵਸਨੀਕ ਖੁਦ ਲਈ ਅਤਿ ਆਧੁਨਿਕ ਸੁਵਿਧਾਵਾਂ ਦੀ ਮੰਗ ਤਾਂ ਕਰਦੇ ਹਨ, ਪਰੰਤੂ ਅਕਸਰ ਉਹਨਾਂ ਦੀਆਂ ਖੁਦ ਦੀਆਂ ਕਾਰਵਾਈਆਂ ਹੀ ਉਹਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੇ ਰਾਹ ਦੀ ਰੁਕਾਵਟ ਬਣ ਜਾਂਦੀਆਂ ਹਨ।
ਇਹ ਵੀ ਕਿਹਾ ਜਾ ਸਕਦਾ ਹੈ ਕਿ ਸ਼ਹਿਰਵਾਸੀ ਆਪਣੇ ਹੱਕਾਂ ਪ੍ਰਤੀ ਤਾਂ ਪੂਰੀ ਤਰ੍ਹਾਂ ਸੁਚੇਤ ਹਨ ਪਰੰਤੂ ਆਪਣੀ ਜਿੰਮੇਵਾਰੀ ਅਤੇ ਫਰਜ ਨੂੰ ਉਹ ਅਕਸਰ ਭੁਲਾ ਦਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸ਼ਹਿਰ ਵਾਸੀ ਕਿਸੇ ਹੋਰ ਵਲੋਂ ਕੀਤੀ ਜਾਂਦੀ ਕਾਨੂੰਨ ਦੀ ਉਲੰਘਣਾ ਤੇ ਤਾਂ ਇਤਰਾਜ ਕਰਦੇ ਦਿਖਦੇ ਹਨ ਪਰੰਤੂ ਜਦੋਂ ਖੁਦ ਤੇ ਗੱਲ ਆਉਂਦੀ ਹੈ ਤਾਂ ਉਹ ਕੋਈ ਨਾ ਕੋਈ ਬਹਾਨਾ ਬਣ ਕੇ ਖੁਦ ਨੂੰ ਜਾਇਜ ਕਰਾਰ ਦੇਣ ਦੀ ਕੋਸ਼ਿਸ਼ ਵਿੱਚ ਲੱਗ ਜਾਂਦੇ ਹਨ। ਸ਼ਹਿਰ ਦੀਆਂ ਸੜਕਾਂ ਕਿਨਾਰੇ ਲੋਕਾਂ ਵਲੋਂ ਆਪਣੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਵੀ ਅਜਿਹੀ ਹੀ ਹੈ ਜਿਸ ਕਾਰਨ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ।
ਵਾਹਨ ਚਾਲਕਾਂ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਵਾਹਨ ਖੜ੍ਹੇ ਕਰਨ ਦੀ ਇਹ ਕਾਰਵਾਈ ਕਾਨੂੰਨ ਦੀ ਸਿੱਧੀ ਉਲੰਘਣਾ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੁੱਝ ਸਾਲ ਪਹਿਲਾਂ ਤਕ ਟ੍ਰੈਫਿਕ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਦੇ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਕ੍ਰੇਨ ਲਿਆ ਕੇ ਅਜਿਹੀਆਂ ਗੱਡੀਆਂ ਨੂੰ ਚੁਕਵਾ ਕੇ ਥਾਣੇ ਪਹੁੰਚਾ ਦਿੱਤਾ ਜਾਂਦਾ ਸੀ ਅਤੇ ਇਹਨਾਂ ਵਾਹਨਾਂ ਦੇ ਮਾਲਕਾਂ ਤੋਂ ਜੁਰਮਾਨਾ ਵਸੂਲਣ ਤੋਂ ਬਾਅਦ ਹੀ ਇਹ ਵਾਹਨ ਛੱਡੇ ਜਾਂਦੇ ਸੀ, ਪਰੰਤੂ ਪਿਛਲੇ ਕਾਫੀ ਸਮੇਂ ਤੋਂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਬੰਦ ਹੋਣ ਕਾਰਨ ਸੜਕਾਂ ਕਿਨਾਰੇ ਖੜ੍ਹਦੀਆਂ ਇਹਨਾਂ ਗੱਡੀਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਸਥਾਨਕ ਪ੍ਰਛਾਛਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਛਹਿਰ ਦੀਆਂ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਅਤੇ ਇਸ ਸਮੱਸਿਆ ਦੇ ਹਲ ਲਈ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਜਿਲ੍ਹੇ ਦੇ ਐਸ ਐਸ ਪੀ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਇਸ ਵਾਸਤੇ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਸੜਕਾਂ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਇਸ ਕਾਰਨ ਪੇਸ਼ ਆਉਂਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੋਂ ਛੁਟਕਾਰਾ ਹਾਸਿਲ ਹੋ ਸਕੇ।
Editorial
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣ ਲੱਗੀਆਂ ਧਾਰਮਿਕ ਸੰਸਥਾਵਾਂ
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਸੈਸ਼ਨ 2025 ਲਈ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੇ ਵੱਖ ਵੱਖ ਇਲਾਕਿਆਂ ਦੀਆਂ ਹੋਰ ਵੀ ਕਈ ਧਾਰਮਿਕ ਸੰਸਥਾਵਾਂ ਖੇਡਾਂ ਦੇ ਖੇਤਰ ਵਿੱਚ ਉੱਘਾ ਯੋਗਦਾਨ ਪਾ ਰਹੀਆਂ ਹਨ।
ਵੱਡੀ ਗਿਣਤੀ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਾਰਾ ਸਾਲ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਖੇਡ ਮੇਲੇ ਜਾਂ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ। ਫਰਵਰੀ ਦੇ ਮਹੀਨੇ ਦੌਰਾਨ ਅਕਸਰ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਕਰਵਾਏ ਜਾਣ ਵਾਲੇ ਖੇਡ ਮੇਲਿਆਂ ਦਾ ਹੜ੍ਹ ਆ ਜਾਂਦਾ ਹੈ।
ਫਰਵਰੀ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਖੇਡ ਮੇਲਿਆਂ ਦੇ ਪ੍ਰਬੰਧਕਾਂ ਵੱਲੋਂ ਖੇਡ ਮੇਲੇ ਕਰਵਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿਤੀਆਂ ਗਈਆਂ ਹਨ। ਧਾਰਮਿਕ ਸੰਸਥਾਵਾਂ ਵੱਲੋਂ ਖੇਡ ਮੇਲੇ ਅਤੇ ਵੱਖ ਵੱਖ ਖੇਡ ਮੁਕਾਬਲੇ ਕਰਵਾ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਉਹਨਾਂ ਨੂੰ ਇਨਾਮ ਸਨਮਾਨ ਵੀ ਦਿੱਤੇ ਜਾਂਦੇ ਹਨ। ਇਸ ਨਾਲ ਖਿਡਾਰੀਆਂ ਵਿੱਚ ਹੌਂਸਲਾ ਵੱਧਦਾ ਹੈ। ਸ਼੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ ਸੰਸਥਾਵਾਂ ਵੱਲੋਂ ਅਕਸਰ ਹੀ ਸਿੱਖੀ ਸਰੂਪ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਂਦਾ ਹੈ, ਜਿਸ ਕਰਕੇ ਸਿੱਖ ਖਿਡਾਰੀਆਂ ਵਿੱਚ ਸਿੱਖੀ ਸਰੂਪ ਵਿੱਚ ਰਹਿ ਕੇ ਖੇਡਾਂ ਖੇਡਣ ਦਾ ਹੌਂਸਲਾ ਵੱਧਦਾ ਹੈ।
ਕੋਈ ਸਮਾਂ ਹੁੰਦਾ ਸੀ ਜਦੋਂ ਖੇਡਾਂ ਦੇ ਖੇਤਰ ਵਿੱਚ ਪੂਰੇ ਦੇਸ਼ ਵਿੱਚ ਪੰਜਾਬ ਦੀ ਸਰਦਾਰੀ ਹੁੰਦੀ ਸੀ। ਭਾਰਤ ਦੀ ਹਾਕੀ ਟੀਮ ਵਿੱਚ ਵੀ ਉਸ ਸਮੇਂ ਪੰਜਾਬੀ ਖਿਡਾਰੀਆਂ ਦੀ ਬਹੁਗਿਣਤੀ ਹੁੰਦੀ ਸੀ (ਜਿਵੇਂ ਕਿ ਹੁਣ ਹੈ) ਪਰ ਕੁਝ ਸਮਾਂ ਅਜਿਹਾ ਵੀ ਰਿਹਾ ਕਿ ਪੰਜਾਬ ਖੇਡਾਂ ਦੇ ਖੇਤਰ ਵਿੱਚ ਪਿਛੜਦਾ ਗਿਆ ਅਤੇ ਹਰਿਆਣਾ ਖੇਡਾਂ ਵਿੱਚ ਪੰਜਾਬ ਤੋਂ ਅੱਗੇ ਨਿਕਲ ਗਿਆ। ਇਸ ਦਾ ਇੱਕ ਕਾਰਨ ਇਹ ਵੀ ਸੀ ਕਿ ਪੰਜਾਬ ਵਿੱਚ ਲੰਬਾ ਸਮਾਂ ਅੱਤਵਾਦ ਰਿਹਾ ਜਿਸ ਕਾਰਨ ਪੰਜਾਬ ਖੇਡਾਂ ਸਮੇਤ ਹਰ ਖੇਤਰ ਵਿੱਚ ਪਿੱਛੜ ਗਿਆ ਸੀ।
ਪਰ ਹੁਣ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਨੇ ਖੇਡਾਂ ਦੇ ਖੇਤਰ ਵਿੱਚ ਮੁੜ ਅੰਗੜਾਈ ਲਈ ਹੈ ਅਤੇ ਪੰਜਾਬ ਦੇ ਖਿਡਾਰੀਆਂ ਨੇ ਖੇਡਾਂ ਵਿੱਚ ਉਡਾਰੀਆਂ ਮਾਰਨੀਆਂ ਸ਼ੁਰੂ ਕਰ ਦਿਤੀਆਂ ਹਨ। ਭਾਰਤ ਦੀ ਹਾਕੀ ਟੀਮ ਵੱਲੋਂ ਪਿਛਲੀਆਂ ਦੋ ਉਲੰਪਿਕ ਖੇਡਾਂ ਵਿੱਚ ਲਗਾਤਾਰ ਕਾਂਸੀ ਦੇ ਤਗਮੇ ਜਿੱਤਣ ਵਿੱਚ ਇਸ ਟੀਮ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਪੰਜਾਬ ਦੇ ਖਿਡਾਰੀ ਹੋਰਨਾਂ ਖੇਡਾਂ ਵਿੱਚ ਵੀ ਛਾ ਰਹੇ ਹਨ। ਹਾਲਾਂਕਿ ਪੰਜਾਬ ਦੇ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਨੂੰ ਰਾਸ਼ਟਰੀ ਮੀਡੀਆ ਅਤੇ ਰਾਸ਼ਟਰੀ ਨਿਊਜ਼ ਚੈਨਲਾਂ ਤੇ ਉਨਾਂ ਮਾਣ ਸਤਿਕਾਰ ਨਹੀਂ ਮਿਲਦਾ, ਜਿੰਨੇ ਦੇ ਉਹ ਹੱਕਦਾਰ ਹਨ।
ਰਾਸ਼ਟਰੀ ਮੀਡੀਆ ਅਤੇ ਅਨੇਕਾਂ ਨਿਊਜ਼ ਚੈਨਲਾਂ ਤੇ ਅਕਸਰ ਪੰਜਾਬੀ ਨੌਜਵਾਨਾਂ ਨੂੰ ਨਸ਼ੇੜੀ ਹੀ ਦਿਖਾਇਆ ਜਾਂ ਦਸਿਆ ਜਾਂਦਾ ਹੈ। ਕੁਝ ਰਾਸ਼ਟਰੀ ਅਖਬਾਰਾਂ ਅਤੇ ਕੁਝ ਨਿਊਜ਼ ਚੈਨਲਾਂ ਵੱਲੋਂ ਅਕਸਰ ਅਜਿਹੀਆਂ ਰਿਪੋਰਟਾਂ ਛਾਪੀਆਂ ਅਤੇ ਦਿਖਾਈਆਂ ਜਾਂਦੀਆਂ ਹਨ ਜਿਹਨਾ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਸਿਰਫ ਨਸ਼ੇੜੀ ਹੀ ਰਹਿੰਦੇ ਹੋਣ, ਜਦੋਂ ਕਿ ਅਸਲੀਅਤ ਇਸ ਤੋਂ ਉਲਟ ਹੈ। ਇਹ ਠੀਕ ਹੈ ਕਿ ਪੰਜਾਬ ਵਿੱਚ ਨਸ਼ਾ ਵੀ ਕਾਫੀ ਹੈ ਪਰੰਤੂ ਨਸ਼ਾ ਤਾਂ ਭਾਰਤ ਦੇ ਹੋਰਨਾਂ ਰਾਜਾਂ ਵਿੱਚ ਵੀ ਇਸੇ ਤ੍ਹਰਾਂ ਚਲਦਾ ਹੈ ਪਰ ਬਦਨਾਮੀ ਸਿਰਫ ਪੰਜਾਬ ਦੀ ਕੀਤੀ ਜਾਂਦੀ ਹੈ।
ਪੰਜਾਬ ਨੇ ਅਤੀਤ ਵਿੱਚ ਦੇਸ਼ ਨੂੰ ਬਹੁਤ ਵੱਡੇ ਖਿਡਾਰੀ ਦਿਤੇ ਹਨ, ਜਿਹਨਾਂ ਨੇ ਕੌਮਾਂਤਰੀ ਮੁਕਾਬਲਿਆਂ ਵਿੱਚ ਜਿੱਤਾਂ ਪ੍ਰਾਪਤ ਕਰਕੇ ਤੇ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਣ ਕੀਤਾ ਹੈ। ਇਸ ਸਮੇਂ ਵੀ ਪੰਜਾਬ ਦੇ ਅਨੇਕਾਂ ਖਿਡਾਰੀ ਦੇਸ਼ ਦੀਆਂ ਰਾਸ਼ਟਰੀ ਟੀਮਾਂ ਵਿੱਚ ਚੰਗੀ ਕਾਰਗੁਜਾਰੀ ਦਿਖਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਧਾਰਮਿਕ ਸੰਸਥਾਵਾਂ ਦਾ ਵੀ ਵੱਡਾ ਯੋਗਦਾਨ ਹੈ। ਇਹ ਧਾਰਮਿਕ ਸੰਸਥਾਵਾਂ ਅਕਸਰ ਉਭਰਦੇ ਖਿਡਾਰੀਆਂ ਨੂੰ ਵੀ ਅਨੇਕਾਂ ਸਹੂਲਤਾਂ ਦਿੰਦੀਆਂ ਹਨ ਅਤੇ ਉਹਨਾਂ ਦੀ ਚੰਗੀ ਖੁਰਾਕ ਦੇ ਨਾਲ ਹੋਰ ਜਰੂਰਤਾਂ ਵੀ ਪੂਰੀਆਂ ਕਰਦੀਆਂ ਹਨ। ਇਸ ਤੋਂ ਇਲਾਵਾ ਬਾਲ ਖਿਡਾਰੀਆਂ ਨੂੰ ਤਰਾਸ਼ਣ ਵਿੱਚ ਵੀ ਧਾਰਮਿਕ ਸੰਸਥਾਵਾਂ ਆਪਣਾ ਯੋਗਦਾਨ ਪਾ ਰਹੀਆਂ ਹਨ।
ਧਾਰਮਿਕ ਸੰਸਥਾਵਾਂ ਦੀ ਅਗਵਾਈ ਵਿੱਚ ਤਿਆਰ ਹੋ ਰਹੇ ਖਿਡਾਰੀ ਅਕਸਰ ਆਪੋ ਆਪਣੇ ਧਰਮ ਨਾਲ ਵੀ ਜੁੜੇ ਰਹਿੰਦੇ ਹਨ ਅਤੇ ਉਹ ਨਸ਼ੇ ਵਰਗੀਆਂ ਅਲਾਮਤਾਂ ਤੋਂ ਵੀ ਦੂਰ ਰਹਿੰਦੇ ਹਨ। ਲੋੜ ਇਸ ਗੱਲ ਦੀ ਹੈ ਕਿ ਜਿਹੜੀਆਂ ਧਾਰਮਿਕ ਸੰਸਥਾਵਾਂ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੀਆਂ ਹਨ, ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿਤਾ ਜਾਵੇ ਤਾਂ ਕਿ ਉਹਨਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਹੋਰ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਖੇਡਾਂ ਦੀ ਭਲਾਈ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਬਿਊਰੋ
Editorial
ਪੰਜਾਬ ਦੇ ਅਮਨ ਤੇ ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਪੰਜਾਬੀ
ਦੱਬੇ ਕੁਚਲੇ ਲੋਕਾਂ ਦੇ ਮਸੀਹਾ ਮੰਨੇ ਜਾਂਦੇ ਡਾ. ਅੰਬੇਡਕਰ ਦੇ ਬੁੱਤ ਦੀ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਵਾਲੇ ਦਿਨ ਕੀਤੀ ਗਈ ਭੰਨਤੋੜ ਦੀ ਘਟਨਾ ਦੀ ਦੇਸ਼ ਭਰ ਵਿੱਚ ਨਿਖੇਧੀ ਹੋ ਰਹੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਭਾਵੇਂ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਸਭ ਤੋਂ ਜਰੂਰੀ ਹੈ ਕਿ ਉਹਨਾਂ ਦੋਖੀ ਤਾਕਤਾਂ ਦਾ ਪਤਾ ਲਗਾਇਆ ਜਾਵੇ ਜੋ ਕਿ ਇਸ ਘਟਨਾ ਪਿੱਛੇ ਹੋ ਸਕਦੀਆਂ ਹਨ।
ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿਆਸੀ ਆਗੂਆਂ ਵੱਲੋਂ ਸੰਭਾਵਨਾ ਪ੍ਰਗਵਾਈ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਅਜਿਹੇ ਸਾਜਿਸ਼ ਘਾੜੇ ਹੋ ਸਕਦੇ ਹਨ, ਜੋ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ। ਇਸ ਕਰਕੇ ਅਜਿਹੀਆਂ ਪੰਜਾਬ ਦੋਖੀ ਤਾਕਤਾਂ ਦਾ ਪਤਾ ਲਗਾਉਣਾ ਬਹੁਤ ਜਰੂਰੀ ਹੈ ਤਾਂ ਕਿ ਉਹਨਾਂ ਪੰਜਾਬ ਦੋਖੀ ਤਾਕਤਾਂ ਦੇ ਮਨਸੂਬੇ ਫੇਲ ਕੀਤੇ ਜਾ ਸਕਣ ਅਤੇ ਪੰਜਾਬ ਦੇ ਅਮਨ ਸ਼ਾਂਤੀ ਨੂੰ ਕਾਇਮ ਰਖਿਆ ਜਾ ਸਕੇ।
ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਸ਼ਹੀਦਾਂ, ਮਹਾਨ ਆਗੂਆਂ ਦੇ ਬੁੱਤ ਲਗੇ ਹੋਏ ਹਨ, ਜਿਹਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਮਹਾਨ ਆਗੂਆਂ ਅਤੇ ਸ਼ਹੀਦਾਂ ਦੇ ਬੁੱਤ ਸਤਿਕਾਰ ਦੇ ਪ੍ਰਤੀਕ ਹਨ ਅਤੇ ਕਈ ਥਾਵਾਂ ਤੇ ਦਿਨ ਤਿਉਹਾਰਾਂ ਮੌਕੇ ਇਹਨਾਂ ਬੁੱਤਾਂ ਦੀ ਪੂਜਾ ਵੀ ਕੀਤੀ ਜਾਂਦੀ ਹੈ। ਪਰ ਵੱਡੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਤਨਾਓ ਪੈਦਾ ਕਰਨ ਲਈ ਮਹਾਨ ਆਗੂਆਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਦਾ ਯਤਨ ਕਰਦੇ ਹਨ।
ਪੰਜਾਬ ਵਿੱਚ ਲੰਬਾ ਦੌਰ ਅੱਤਵਾਦ ਦਾ ਰਿਹਾ ਹੈ, ਉਸ ਸਮੇਂ ਲੋਕਾਂ ਨੂੰ ਅੱਤਵਾਦੀਆਂ ਅਤੇ ਪੁਲਿਸ ਦੀ ਸਖ਼ਤੀ ਦੀ ਦੋਹਰੀ ਮਾਰ ਸਹਿਣੀ ਪਈ ਸੀ। ਬਹੁਤ ਸਾਰੀਆਂ ਕੁਰਬਾਨੀਆਂ ਦੇਣ ਤੋਂ ਬਾਅਦ ਪੰਜਾਬ ਵਿੱਚ ਸ਼ਾਂਤੀ ਆਈ ਹੈ, ਜਿਸ ਨੂੰ ਕਾਇਮ ਰੱਖਣਾ ਜ਼ਰੁੂਰੀ ਹੈ। ਪੰਜਾਬ ਵਿੱਚ ਆਈ ਅਮਨ ਤੇ ਸ਼ਾਂਤੀ, ਪੰਜਾਬ ਦੋਖੀ ਤਾਕਤਾਂ ਅਤੇ ਸ਼ਰਾਰਤੀ ਅਨਸਰਾਂ ਨੂੰੂ ਸਹਿਣ ਨਹੀਂ ਹੋ ਰਹੀ, ਇਸੇ ਕਾਰਨ ਉਹ ਪੰਜਾਬ ਦੇ ਅਮਨ ਤੇ ਸ਼ਾਂਤੀ ਨੂੰ ਲਾਂਬੂ ਲਾਉਣ ਦਾ ਯਤਨ ਕਰਦੇ ਰਹਿੰਦੇ ਹਨ।
ਪੰਜਾਬ ਗੁਰੂਆਂ ਪੀਰਾਂ, ਰਿਸ਼ੀ ਮੁਨੀਆਂ, ਦੇਸ਼ ਭਗਤਾਂ ਅਤੇ ਮਹਾਨ ਆਗੂਆਂ ਦੀ ਧਰਤੀ ਹੈ ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਸਦੀਆਂ ਤੋਂ ਰਲ ਮਿਲ ਕੇ ਰਹਿ ਰਹੇ ਹਨ। ਪੰਜਾਬ ਵਿੱਚ ਅੱਤਵਾਦ ਸਮੇਂ ਵੀ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਕਾਇਮ ਰਖੀ ਸੀ, ਜਿਸ ਦੀਆਂ ਅਨੇਕਾਂ ਉਦਾਹਰਨਾਂ ਦਿੱਤੀਆਂ ਜਾ ਸਕਦੀਆਂ ਹਨ। ਇਸ ਸਮੇਂ ਵੀ ਪੰਜਾਬੀਆਂ ਲਈ ਪਰਖ ਦੀ ਘੜੀ ਹੈ। ਪੰਜਾਬੀਆਂ ਨੂੰ ਇਸ ਸਮੇਂ ਆਪਸੀ ਭਾਈਚਾਰਾ ਕਾਇਮ ਰਖਣਾ ਚਾਹੀਦਾ ਹੈ ਅਤੇ ਪੰਜਾਬ ਦੇ ਅਮਨ ਤੇ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।
ਬਿਊਰੋ
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ