Connect with us

Editorial

ਸਬਜੀਆਂ ਅਤੇ ਫਲਾਂ ਦੀ ਕੀਮਤ ਘੱਟ ਹੋਣ ਨਾਲ ਲੋਕਾਂ ਨੂੰ ਮਿਲੀ ਕੁੱਝ ਰਾਹਤ

Published

on

 

 

ਕੀਮਤ ਘੱਟ ਹੋਣ ਨਾਲ ਲੋਕ ਖੁੱਲ ਕੇ ਕਰ ਰਹੇ ਹਨ ਸਬਜੀਆਂ ਅਤੇ ਫਲਾਂ ਦੀ ਖਰੀਦ

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਪਿਛਲੇ ਦਿਨਾਂ ਦੌਰਾਨ ਮਹਿੰਗਾਈ ਦੀ ਭਾਰੀ ਮਾਰ ਸਹਿ ਰਹੇ ਲੋਕਾਂ ਨੂੰ ਅੱਜ ਕੱਲ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਵੱਖ ਵੱਖ ਤਰ੍ਹਾਂ ਦੀਆਂ ਸਬਜੀਆਂ ਦੀਆਂ ਕੀਮਤਾਂ ਕੁੱਝ ਹੱਦ ਤਕ ਘਟੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਥੋੜ੍ਹਾ ਸੁੱਖ ਦਾ ਸਾਹ ਆਇਆ ਹੈ। ਇਸ ਦੌਰਾਨ ਫਲਾਂ ਦੀਆਂ ਕੀਮਤਾਂ ਵਿੱਚ ਵੀ ਮਾਮੂਲੀ ਕਮੀ ਆਈ ਹੈ। ਕੀਮਤਾਂ ਘੱਟ ਹੋਣ ਕਾਰਨ ਹੁਣ ਆਮ ਲੋਕ ਖੁੱਲ ਕੇ ਸਬਜੀਆਂ ਅਤੇ ਫਲਾਂ ਦੀ ਖਰੀਦ ਕਰਦੇ ਵੇਖੇ ਜਾ ਰਹੇ ਹਨ।

ਇਸ ਸਮੇਂ ਹਫਤਾਵਾਰੀ ਮੰਡੀਆਂ ਵਿੱਚ ਫੁੱਲ ਗੋਭੀ 10 ਰੁਪਏ, ਗਾਜਰ 20 ਰੁਪਏ ਅਤੇ ਟਮਾਟਰ ਵੀ 20 ਤੋਂ 30 ਰੁਪਏ ਪ੍ਰਤੀ ਕਿਲੋ ਵਿਕ ਰਹੇ ਹਨ। ਇਸ ਹਫਤੇ ਦੀ ਸ਼ੁਰੂਆਤ ਵਿੱਚ ਵੀ ਸਬਜੀਆਂ ਦੇ ਉਪਰੋਕਤ ਭਾਅ ਹੀ ਹਫਤਵਾਰੀ ਮੰਡੀਆਂ ਵਿੱਚ ਵੇਖੇ ਗਏ।

ਆਮ ਲੋਕਾਂ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਵੀ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਇਸੇ ਤਰਾਂ ਘਟੀਆਂ ਰਹਿਣਗੀਆਂ ਅਤੇ ਉਹਨਾਂ ਨੂੰ ਮਹਿੰਗਾਈ ਤੋਂ ਰਾਹਤ ਮਿਲਦੀ ਰਹੇਗੀ।

Continue Reading

Editorial

ਗੈਰਮਿਆਰੀ ਸਾਮਾਨ ਦੀ ਖੁੱਲੇਆਮ ਹੁੰਦੀ ਵਿਕਰੀ ਤੇ ਸਖਤੀ ਨਾਲ ਕਾਬੂ ਕਰੇ ਪ੍ਰਸ਼ਾਸ਼ਨ

Published

on

By

 

ਸਰਦੀ ਦਾ ਮੌਸਮ ਖਤਮ ਹੋ ਰਿਹਾ ਹੈ ਅਤੇ ਦਿਨ ਵੇਲੇ ਤੇਜ ਧੁੱਪ ਨਿਕਲਣ ਦੌਰਾਨ ਗਰਮੀ ਮਹਿਸੂਸ ਹੋਣ ਲੱਗ ਗਈ ਹੈ ਅਤੇ ਦਿਨ ਢਲਦਿਆਂ ਹੀ ਠੰਡ ਪੈਣ ਲੱਗ ਜਾਂਦੀ ਹੈ। ਮੌਸਮ ਵਿੱਚ ਆਊਣ ਵਾਲੇ ਇਸ ਉਤਾਰ ਚੜ੍ਹਾਅ ਦਾ ਅਸਰ ਆਮ ਲੋਕਾਂ ਦੀ ਸਿਹਤ ਨੂੰ ਵੀ ਪ੍ਰਭਾਵਿਤ ਕਰਦਾ ਹੈ। ਗਰਮੀ ਅਤੇ ਸਰਦੀ ਦੇ ਇਸ ਮਿਲੇ ਜੁਲੇ ਮੌਸਮ ਕਾਰਨ ਜਿੱਥੇ ਆਮ ਲੋਕਾਂ ਦੀ ਬਿਮਾਰੀਆਂ ਨਾਲ ਲੜਣ ਦੀ ਤਾਕਤ ਵੀ ਪ੍ਰਭਾਵਿਤ ਹੁੰਦੀ ਹੈ। ਇਹੀ ਕਾਰਨ ਹੈ ਕਿ ਅੱਜਕੱਲ ਖਾਂਸੀ, ਜੁਕਾਮ ਦੇ ਮਰੀਜਾਂ ਦੀ ਗਿਣਤੀ ਵੀ ਵੱਧ ਰਹੀ ਹੈ। ਇਸ ਮੌਸਮ ਵਿੱਚ ਵੱਖ ਵੱਖ ਬਿਮਾਰੀਆਂ ਦੇ ਕੀਟਾਣੂ ਪਨਪ ਰਹੇ ਹਨ ਜਿਹੜੇ ਲੋਕਾਂ ਵਿੱਚ ਬਿਮਾਰੀਆਂ ਫੈਲਾ ਰਹੇ ਹਨ।

ਸਾਡੇ ਸ਼ਹਿਰ ਦੀਆਂ ਲਗਭਗ ਸਾਰੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਦੁਕਾਨਾਂ ਦੇ ਅੱਗੇ ਪਿੱਛੇ ਦੀ ਖਾਲੀ ਥਾਂ ਤੇ ਵੱਖ ਵੱਖ ਤਰ੍ਹਾਂ ਦੀਆਂ ਰੇਹੜੀਆਂ ਫੜੀਆਂ ਆਮ ਲੱਗਦੀਆਂ ਹਨ ਜਿਹਨਾਂ ਉਪਰ ਕਈ ਤਰ੍ਹਾਂ ਦੀਆਂ ਖਾਣ ਪੀਣ ਦੀਆਂ ਵਸਤਾਂ ਅਤੇ ਹੋਰ ਸਾਮਾਨ ਵਿਕਦਾ ਹੈ। ਮਾਰਕੀਟਾਂ ਦੀਆਂ ਪਾਰਕਿੰਗਾਂ ਜਾਂ ਗ੍ਰੀਨ ਬੈਲਟਾਂ ਵਿੱਚ ਲੱਗਣ ਵਾਲੀਆਂ ਇਹਨਾਂ ਰੇਹੜੀਆਂ ਤੇ ਨਾਨ, ਕੁਲਚੇ, ਛੋਲੇ, ਗੋਲ ਗੱਪੇ, ਚਾਟ, ਫਰੂਟ ਚਾਟ, ਸੈਂਡਵਿਚ, ਬਰਗਰ, ਨੂਡਲਜ, ਮੋਮੋ, ਚਿਕਨ ਸੂਪ, ਅੰਡੇ, ਮੱਛੀ, ਮੁਰਗੇ ਅਤੇ ਅਜਿਹਾ ਹੋਰ ਕਈ ਤਰ੍ਹਾਂ ਦਾ ਖਾਣ ਪੀਣ ਦਾ ਸਾਮਾਨ ਆਮ ਵੇਚਿਆ ਜਾਂਦਾ ਹੈ ਪਰੰਤੂ ਇਹਨਾਂ ਰੇਹੜੀਆਂ ਵਾਲਿਆਂ ਦੇ ਆਸਪਾਸ ਸਫਾਈ ਦਾ ਲੋੜੀਂਦਾ ਪ੍ਰਬੰਧ ਨਾ ਹੋਣ ਕਾਰਨ ਹਰ ਵੇਲੇ ਕਿਸੇ ਬਿਮਾਰੀ ਦਾ ਖਤਰਾ ਬਣਿਆ ਰਹਿੰਦਾ ਹੈ। ਇਹਨਾਂ ਵਿੱਚੋਂ ਜਿਆਦਾਤਰ ਰੇਹੜੀਆਂ ਤੇ ਗੈਰ ਮਿਆਰੀ, ਅਣਢਕੀਆਂ ਅਤੇ ਮਿਲਾਵਟੀ ਚੀਜਾਂ ਦੀ ਖੁੱਲੇਆਮ ਵਿਕਰੀ ਹੁੰਦੀ ਹੈ ਜਿਸ ਤੇ ਕਾਬੂ ਕਰਨ ਲਈ ਪ੍ਰਸ਼ਾਸਨ ਵਲੋਂ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ।

ਹਾਲਾਤ ਇਹ ਹਨ ਕਿ ਸ਼ਹਿਰ ਦੀ ਲਗਭਗ ਹਰੇਕ ਮਾਰਕੀਟ ਵਿੱਚ ਅਣਅਧਿਕਾਰਤ ਤੌਰ ਤੇ ਲਗਣ ਵਾਲੀਆਂ ਇਹਨਾਂ ਰੇਹੜੀਆਂ ਫੜੀਆਂ ਉਪਰ ਖਾਣ ਪੀਣ ਦੇ ਅਜਿਹੇ ਸਾਮਾਨ ਦੀ ਵਿਕਰੀ ਆਮ ਕੀਤੀ ਜਾਂਦੀ ਹੈ ਜਿਸਦੇ ਮਿਆਰ ਦੀ ਕਦੇ ਜਾਂਚ ਨਹੀਂ ਹੁੰਦੀ ਅਤੇ ਲੋਕ ਸਸਤੇ ਦੇ ਲਾਲਚ ਵਿੱਚ ਵੀ ਇਹਨਾਂ ਵਸਤੂਆਂ ਨੂੰ ਖਰੀਦ ਕੇ ਬਿਮਾਰੀਆਂ ਮੁੱਲ ਲੈਂਦੇ ਰਹਿੰਦੇ ਹਨ। ਅੱਜਕੱਲ ਦਿਨ ਵੀ ਵੱਡੇ ਹੋ ਗਏ ਹਨ ਅਤੇ ਠੰਡ ਦਾ ਜੋਰ ਘੱਟ ਹੋਣ ਨਾਲ ਮਾਰਕੀਟਾਂ ਵਿੱਚ ਰੌਣਕ ਵੀ ਵਧਣ ਲੱਗ ਗਈ ਹੈ। ਇਸ ਦੌਰਾਨ ਲੋਕ ਪਰਿਵਾਰਾਂ ਸਮੇਤ ਬਾਜਾਰਾਂ ਵਿੱਚ ਪਹੁੰਚ ਰਹੇ ਹਨ ਅਤੇ ਬਾਜਾਰਾਂ ਵਿੱਚ ਆਉਂਦੇ ਇਹਨਾਂ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਖਰੀਦ ਕੇ ਖਾਂਦੇ ਪੀਂਦੇ ਆਮ ਵੇਖਿਆ ਜਾ ਸਕਦਾ ਹੈ।

ਇਸਤੋਂ ਇਲਾਵਾ ਸ਼ਹਿਰ ਵਿਚ ਤਾਜੇ ਫਲਾਂ ਦੇ ਨਾਮ ਤੇ ਜਿਹੜੇ ਫਲ ਵੇਚੇ ਜਾਂਦੇ ਹਨ ਉਹਨਾਂ ਵਿੱਚੋਂ ਜਿਆਦਾਤਰ ਮਸਾਲਿਆਂ ਨਾਲ ਹੀ ਪਕਾਏ ਜਾਂਦੇ ਹਨ ਜੋ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਕਰਦੇ ਹਨ ਪਰੰਤੂ ਇਸਦੇ ਬਾਵਜੂਦ ਅਜਿਹਾ ਕਰਨ ਵਾਲਿਆਂ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਹੁੰਦੀ। ਮਾਰਕੀਟਾ ਵਿੱਚ ਜਿਹੜੀਆਂ ਸਬਜੀਆਂ ਵਿਕ ਰਹੀਆਂ ਹਨ ਉਹਨਾਂ ਨੂੰ ਵੱਡਾ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਉਹਨਾਂ ਨੂੰ ਜਹਿਰੀਲਾ ਬਣਾ ਦਿੰਦੇ ਹਨ। ਹੁਣ ਤਾਂ ਦਾਲਾਂ ਅਤੇ ਮਸਾਲੇ ਵੀ ਰੇਹੜੀਆਂ ਉਪਰ ਖੁਲੇ ਰੂਪ ਵਿੱਚ ਆਮ ਵੇਚੇ ਜਾਂਦੇ ਹਨ, ਜਿਹਨਾਂ ਵਿੱਚ ਕਾਫੀ ਮਿਲਾਵਟ ਹੁੰਦੀ ਹੈ। ਇਹਨਾਂ ਮਸਾਲਿਆਂ ਵਿੱਚ ਕਈ ਤਰ੍ਹਾਂ ਦੇ ਰੰਗ ਵੀ ਪਾਏ ਜਾਂਦੇ ਹਨ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਜਿਆਦਾ ਨੁਕਸਾਨਦਾਇਕ ਹੁੰਦੇ ਹਨ, ਪਰੰਤੂ ਇਸਦੇ ਬਾਵਜੂਦ ਪ੍ਰਸ਼ਾਸ਼ਨ ਵਲੋਂ ਅਜਿਹ ਗੈਰ ਮਿਆਰੀ ਸਾਮਾਨ ਵੇਚਣ ਵਾਲਿਆਂ ਖਿਲਾਫ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਉਸਦੀ ਕਾਰਗੁਜਾਰੀ ਤੇ ਵੀ ਸਵਾਲ ਉਠਦੇ ਹਨ।

ਪ੍ਰਸ਼ਾਸਨ ਵਲੋਂ ਸ਼ਰ੍ਹੇਆਮ ਕੀਤੀ ਜਾਂਦੀ ਖਾਣ ਪੀਣ ਦੇ ਗੈਰ ਮਿਆਰੀ ਸਾਮਾਨ ਦੀ ਵਿਕਰੀ ਦੇ ਬਾਵਜੂਦ ਨਾ ਤਾਂ ਇਹਨਾਂ ਨਾਜਾਇਜ ਰੇਹੜੀਆਂ ਫੜੀਆਂ ਵਿਰੁੱਧ ਕੋਈ ਕਾਰਵਾਈ ਕੀਤੀ ਜਾਂਦੀ ਹੈ ਅਤੇ ਨਾ ਹੀ ਇਹਨਾਂ ਰੇਹੜੀਆਂ ਫੜੀਆਂ ਉਪਰ ਵੇਚੇ ਜਾ ਰਹੇ ਸਮਾਨ ਦੀ ਹੀ ਜਾਂਚ ਕੀਤੀ ਜਾਂਦੀ ਹੈ ਜਿਸ ਕਰਕੇ ਇਹ ਦੁਕਾਨਦਾਰ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਰਹਿੰਦੇ ਹਨ। ਇਸ ਸੰਬੰਧੀ ਭਾਵੇਂ ਡਿਪਟੀ ਕਮਿਸ਼ਨਰ ਵਲੋਂ ਅਜਿਹੇ ਹਰ ਤਰ੍ਹਾਂ ਦੇ ਗੈਰ ਮਿਆਰੀ ਸਾਮਾਨ ਦੀ ਵਿਕਰੀ ਤੇ ਰੋਕ ਲਗਾਊਣ ਲਈ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰੰਤੂ ਪ੍ਰਸ਼ਾਸ਼ਨ ਵਲੋਂ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਕਾਰਵਾਈ ਪਹਿਲਾਂ ਵਾਂਗ ਹੀ ਜਾਰੀ ਹੈ।

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਗੈਰ ਮਿਆਰੀ ਸਾਮਾਨ ਦੀ ਇਸ ਵਿਕਰੀ ਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਕਾਰਵਾਈ ਨੂੰ ਯਕੀਨੀ ਬਣਾਊਣ ਅਤੇ ਇਸਤੇ ਸਖਤੀ ਨਾਲ ਰੋਕ ਲਗਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਰੋਕ ਲੱਗੇ।

Continue Reading

Editorial

ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਪੰਜਾਬ ਵਿੱਚ ‘ਆਪ’ ਦੀ ਕਾਰਗੁਜਾਰੀ ਬਾਰੇ ਹੋਣ ਲੱਗੀ ਚਰਚਾ

Published

on

By

 

 

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਦੀ ਹਾਰ ਕਾਰਨ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਕਾਰਗੁਜਾਰੀ ਬਾਰੇ ਵੀ ਸ਼ੋਸਲ ਮੀਡੀਆ ਅਤੇ ਸਿਆਸੀ ਸੱਥਾਂ ਵਿੱਚ ਕਈ ਤਰ੍ਹਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਪੰਜਾਬ ਭਾਰਤ ਦਾ ਇਕਲੌਤਾ ਅਜਿਹਾ ਸੂਬਾ ਹੈ, ਜਿਥੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਪਿਛਲੇ ਦਸ ਸਾਲਾਂ ਤੋਂ ਚਲਦਾ ਆ ਰਿਹਾ ਰਾਜ ਭਾਜਪਾ ਨੇ ਖਤਮ ਕਰ ਦਿੱਤਾ ਹੈ।

ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਕੇਜਰੀਵਾਲ ਸਮੇਤ ਆਪ ਦੇ ਕਈ ਵੱਡੇ ਨੇਤਾ ਦਿੱਲੀ ਚੋਣਾਂ ਵਿੱਚ ਹਾਰ ਗਏ ਹਨ, ਜਿਸ ਕਰਕੇ ਉਹਨਾਂ ਦਾ ਸਾਰਾ ਧਿਆਨ ਹੁਣ ਪੰਜਾਬ ਵੱਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਉਂਝ ਵੀ ਪੰਜਾਬ ਤੋਂ ਬਿਨਾਂ ਹੋਰ ਕਿਸੇ ਰਾਜ ਵਿੱਚ ਆਮ ਆਦਮੀ ਪਾਰਟੀ ਹੁਣੇ ਇੰਨੀ ਮਜਬੂਤ ਨਹੀਂ ਹੋਈ ਕਿ ਉਥੇ ਸਰਕਾਰ ਬਣਾ ਸਕੇ।

ਸ਼ੋਸਲ ਮੀਡੀਆ ਤੇ ਪੰਜਾਬ ਦੀ ਆਪ ਸਰਕਾਰ ਬਾਰੇ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਚੱਲ ਰਹੀਆਂ ਹਨ ਅਤੇ ਕੁਝ ਸ਼ਰਾਰਤੀ ਲੋਕ ਦਿੱਲੀ ਵਿੱਚ ਭਾਜਪਾ ਦੀ ਜਿੱਤ ਨੂੰ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਖਤਰਾ ਦਸ ਰਹੇ ਹਨ। ਭਾਵੇਂ ਕਿ ਆਮ ਆਦਮੀ ਪਾਰਟੀ ਦੇ ਆਗੂ ਅਜਿਹੇ ਕਿਸੇ ਖਤਰੇ ਦਾ ਖੰਡਨ ਕਰਦੇ ਹਨ। ਅੰਦਰੂਨੀ ਗੱੱਲ ਕੋਈ ਵੀ ਹੋਵੇ ਪਰ ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜਾਰੀ ਬਾਰੇ ਵੀ ਜਨਤਕ ਤੌਰ ਤੇ ਗੱਲਾਂ ਹੋਣ ਲੱਗ ਪਈਆਂ ਹਨ।

ਕੁਝ ਲੋਕ ਕਹਿ ਰਹੇ ਹਨ ਕਿ ਦਿੱਲੀ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦਾ ਅਗਲਾ ਨਿਸ਼ਾਨਾ ਪੰਜਾਬ ਹੈ। ਇਸ ਸਬੰਧੀ ਮੀਡੀਆ ਵਿੱਚ ਰਿਪੋਰਟਾਂ ਵੀ ਆਈਆਂ ਹਨ। ਭਾਜਪਾ ਪੰਜਾਬ ਵਿੱਚ ਅਕਾਲੀ ਦਲ ਦੇ ਸਹਿਯੋਗ ਨਾਲ ਕਈ ਸਾਲ ਤੱਕ ਰਾਜ ਭਾਗ ਦਾ ਆਨੰਦ ਲੈਂਦੀ ਰਹੀ ਹੈ। ਭਾਜਪਾ ਭਾਵੇਂ ਇੱਕਲਿਆਂ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋਈ, ਪਰੰਤੂ ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪਟਿਆਲਾ ਵਿਖੇ ਦਾਅਵਾ ਕਰ ਦਿਤਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਭਾਜਪਾ ਇੱਕਲਿਆਂ ਪੰਜਾਬ ਵਿੱਚ ਸਰਕਾਰ ਬਣਾਵੇਗੀ।

ਸਿਆਸੀ ਮਾਹਿਰ ਕਹਿ ਰਹੇ ਹਨ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਪੰਜਾਬ ਵਿੱਚ ਵੀ ਪਰਖ ਦੀ ਘੜੀ ਆ ਗਈ ਹੈ। ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਨਕਾਰ ਦਿਤਾ ਹੈ, ਜਿਸ ਕਰਕੇ ਹੁਣ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾ ਸਕਦਾ। ਇਸ ਲਈ ਆਮ ਆਦਮੀ ਪਾਰਟੀ ਨੂੰ ਕੋਈ ਨਵਾਂ ਪੰਜਾਬ ਮਾਡਲ ਬਣਾਉਣਾ ਪਵੇਗਾ। ਇਸ ਤੋਂ ਇਲਾਵਾ ਹਰ ਮੁੱਦੇ ਤੇ ਹੀ ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਬੋਚ ਬੋਚ ਕੇ ਕਦਮ ਚੁੱਕਣੇ ਪੈਣਗੇ ਤਾਂ ਕਿ ਕਿਸੇ ਵੀ ਵਰਗ ਦੇ ਵੋਟਰ ਆਮ ਆਦਮੀ ਪਾਰਟੀ ਨਾਲ ਨਾਰਾਜ਼ ਨਾ ਹੋ ਜਾਣ।

ਆਮ ਆਦਮੀ ਪਾਰਟੀ ਦੇ ਦਿੱਲੀ ਚੋਣਾਂ ਹਾਰਨ ਨਾਲ ਭਾਜਪਾ ਦੇ ਨਾਲ ਨਾਲ ਕਾਂਗਰਸੀ ਆਗੂੁਆਂ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਕੇਜਰੀਵਾਲ ਨੇ ਦਿੱਲੀ ਚੋਣਾਂ ਦੌਰਾਨ ਕਾਂਗਰਸ ਨਾਲ ਚੋਣ ਸਮਝੌਤੇ ਤੋਂ ਇਨਕਾਰ ਕਰ ਦਿਤਾ ਸੀ। ਹੁਣ ਕਾਂਗਰਸੀ ਆਗੂ ਕਹਿ ਰਹੇ ਹਨ ਕਿ ਜੇਕਰ ਆਮ ਆਦਮੀ ਪਾਰਟੀ ਦਿੱਲੀ ਵਿੱਚ ਕਾਂਗਰਸ ਨਾਲ ਸਮਝੌਤਾ ਕਰ ਲੈਂਦੀ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲ ਕੇ ਸਰਕਾਰ ਬਣਾ ਸਕਦੇ ਸਨ। ਭਾਵੇਂ ਕਿ ਦਿੱਲੀ ਚੋਣਾਂ ਵਿੱਚ ਕਾਂਗਰਸ ਨੂੰ ਕੋਈ ਵੀ ਸੀਟ ਨਹੀਂ ਮਿਲੀ ਪਰ ਪੰਜਾਬ ਵਿੱਚ ਕਾਂਗਰਸ ਅਜੇ ਵੀ ਕਾਫੀ ਮਜਬੂਤ ਦੱਸੀ ਜਾਂਦੀ ਹੈ ਅਤੇ ਉਹ ਦਿੱਲੀ ਵਿੱਚ ਕਮਜੋਰ ਹੋਈ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਜਰੂਰ ਘੇਰਨ ਦਾ ਯਤਨ ਕਰੇਗੀ। ਇਸ ਤੋਂ ਇਲਾਵਾ ਦਿੱਲੀ ਜਿੱਤਣ ਤੋਂ ਬਾਅਦ ਭਾਜਪਾ ਦੀ ਪੰਜਾਬ ਇਕਾਈ ਦੇ ਆਗੂ ਬਹੁਤ ਉਤਸ਼ਾਹਿਤ ਹਨ ਅਤੇ ਉਹ ਹਰ ਮੁੱਦੇ ਤੇ ਹੀ ਆਪ ਸਰਕਾਰ ਨੂੰ ਘੇਰ ਰਹੇ ਹਨ।

ਆਮ ਆਦਮੀ ਪਾਰਟੀ ਲਈ ਇਸ ਸਮੇਂ ਪੰਜਾਬ ਵਿੱਚ ਸਰਕਾਰ ਚਲਾਉਣਾ ਅਤੇ ਹਰ ਵਰਗ ਦੀ ਹਮਾਇਤ ਕਾਇਮ ਰੱਖਣਾ ਇੱਕ ਚੁਣੌਤੀ ਬਣਦਾ ਜਾ ਰਿਹਾ ਹੈ ਅਤੇ ਇਹ ਤਾਂ ਆਉਣ ਵਾਲਾ ਸਮਾਂ ਦਸੇਗਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਧਾਰ ਵਿੱਚ ਵਾਧਾ ਹੁੰਦਾ ਹੈ ਜਾਂ ਇਹ ਪਾਰਟੀ ਪੰਜਾਬ ਵਿੱਚ ਵੀ ਆਧਾਰ ਘਟਾ ਰਹੀ ਹੈ? ਇੱਕ ਗੱਲ ਜਰੂਰ ਹੈ ਕਿ ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਕਾਰਨ ਹੁਣ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਕਾਰਗੁਜਾਰੀ ਤੇ ਵੀ ਸਵਾਲ ਉਠਾਉਣ ਲੱਗ ਪਏ ਹਨ।

ਬਿਊਰੋ

Continue Reading

Editorial

ਲਗਾਤਾਰ ਵੱਧਦੀ ਮੰਗਤਿਆਂ ਦੀ ਸੱਮਸਿਆ ਤੇ ਕਾਬੂ ਕਰੇ ਪ੍ਰਸ਼ਾਸ਼ਨ

Published

on

By

 

 

ਪਿਛਲੇ ਕੁੱਝ ਸਮੇਂ ਦੌਰਾਨ ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਮੰਗਤਿਆਂ ਦੀ ਸਮੱਸਿਆ ਬਹੁਤ ਜਿਆਦਾ ਵੱਧ ਗਈ ਹੈ ਅਤੇ ਇਸ ਦੌਰਾਨ ਇਹਨਾਂ ਮੰਗਤਿਆਂ ਦੀ ਗਿਣਤੀ ਵਿੱਚ ਵੀ ਕਾਫੀ ਵਾਧਾ ਹੋਇਆ ਹੈ ਅਤੇ ਜਿਸ ਪਾਸੇ ਵੀ ਨਜਰ ਮਾਰੋ ਇਹ ਮੰਗਤੇ ਆਮ ਨਜਰ ਆ ਜਾਂਦੇ ਹਨ। ਇਸ ਵੇਲੇ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਲਗਭਗ ਸਾਰੀਆਂ ਟ੍ਰੈਫਿਕ ਲਾਈਟਾਂ, ਬਾਜਾਰਾਂ ਅਤੇ ਇੱਥੋਂ ਤਕ ਕਿ ਲੋਕਾਂ ਦੇ ਘਰਾਂ ਅੱਗੇ ਜਾ ਕੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਬਹੁਤ ਜਿਆਦਾ ਵੱਧ ਚੁੱਕੀ ਹੈ। ਛੋਟੇ ਛੋਟੇ ਬੱਚਿਆਂ ਨੂੰ ਚੁੱਕੀ ਘੁੰਮ ਰਹੀਆਂ ਪ੍ਰਵਾਸੀ ਔਰਤਾਂ, ਫਟੇਹਾਲ ਕਪੜਿਆਂ ਅਤੇ ਗੰਦੇ ਮੰਦੇ ਚੀਥੜਿਆਂ ਵਿੱਚ ਲਿਪਟੇ ਛੋਟੇ ਛੋਟੇ ਬੱਚੇ ਅਤੇ ਕੁੱਝ ਵੱਡੀ ਉਮਰ ਦੇ ਭਿਖਾਰੀ ਅਚਾਨਕ ਹੀ ਤੁਹਾਡੇ ਸਾਮ੍ਹਣੇ ਆ ਕੇ ਬੜੀ ਦੀਨ ਹੀਨ ਜਿਹੀ ਸ਼ਕਲ ਬਣਾ ਕੇ ਖੜ੍ਹੇ ਹੋ ਜਾਂਦੇ ਹਨ ਅਤੇ ਮੰਗਣਾ ਸ਼ੁਰੂ ਕਰ ਦਿੰਦੇ ਹਨ। ਇਹ ਮੰਗਤੇ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਅਤੇ ਘੁੰਮਣ ਫਿਰਨ ਆਉਣ ਵਾਲੇ ਲੋਕਾਂ ਨੂੰ ਘੇਰ ਕੇ ਖੜ੍ਹ ਜਾਂਦੇ ਹਨ ਅਤੇ ਉਹਨਾਂ ਤੋਂ ਭੀਖ ਮੰਗਦੇ ਹਨ।

ਇਸੇਤਰ੍ਹਾਂ ਇਹ ਭਿਖਾਰੀ ਟ੍ਰੈਫਿਕ ਲਾਈਟਾਂ ਤੇ ਰੁਕਣ ਵਾਲੀਆਂ ਗੱਡੀਆਂ ਦੇ ਸ਼ੀਸ਼ੇ ਖੜਕਾ ਕੇ ਅਤੇ ਪੇਟ ਭਰਨ ਦਾ ਵਾਸਤਾ ਦੇ ਕੇ ਲੋਕਾਂ ਤੋਂ ਭੀਖ ਮੰਗਦੇ ਦਿਖਦੇ ਹਨ। ਹੋਰ ਤਾਂ ਹੋਰ ਕਈ ਛੋਟੇ ਛੋਟੇ ਬੱਚੇ (ਲਗਭਗ 5-7 ਸਾਲ ਤਕ ਦੀ ਉਮਰ ਦੇ) ਵੀ ਇਸੇ ਤਰ੍ਹਾਂ ਲੋਕਾਂ ਅੱਗੇ ਹੱਥ ਫੈਲਾਈ ਭੀਖ ਮੰਗਦੇ ਦਿਖਦੇ ਹਨ। ਇਹ ਭਿਖਾਰੀ ਉਦੋਂ ਤੱਕ ਲੋਕਾਂ ਦਾ ਖਹਿੜਾ ਨਹੀਂ ਛੱਡਦੇ ਜਦੋਂ ਤੱਕ ਉਨ੍ਹਾਂ ਨੂੰ ਕੁੱਝ ਨਾ ਕੁੱਝ ਮਿਲ ਨਾ ਜਾਵੇ ਅਤੇ ਜੇਕਰ ਇਹਨਾਂ ਨੂੰ ਕੁੱਝ ਨਾ ਮਿਲੇ ਤਾਂ ਕਈ ਵਾਰ ਇਹ ਲੋਕਾਂ ਨੂੰ ਗਾਲ੍ਹਾਂ ਕੱਢ ਕੇ ਭੱਜ ਜਾਂਦੇ ਹਨ। ਇਹਨਾਂ ਮੰਗਤਿਆਂ ਦੇ ਇਸ ਤਰ੍ਹਾਂ ਅਚਾਨਕ ਸਾਮ੍ਹਣੇ ਆ ਜਾਣ ਤੇ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ ਉੱਥੇ ਹੋਰਨਾਂ ਥਾਵਾਂ ਤੋਂ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਉੱਪਰ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਇਹਨਾਂ ਭਿਖਾਰੀਆਂ ਦੀ ਵੱਧਦੀ ਗਿਣਤੀ ਕਾਰਨ ਸ਼ਹਿਰਵਾਸੀ ਕਾਫੀ ਤੰਗ ਹੁੰਦੇ ਹਨ ਅਤੇ ਇਸ ਸਮੱਸਿਆ ਦੇ ਹਲ ਦੀ ਮੰਗ ਵੀ ਕਰਦੇ ਹਨ। ਸ਼ਹਿਰ ਵਾਸੀ ਅਕਸਰ ਇਹ ਇਲਜਾਮ ਲਗਾਉਂਦੇ ਹਨ ਕਿ ਸ਼ਹਿਰ ਦੇ ਬਾਹਰਵਾਰ ਬਣੀਆਂ ਝੁੱਗੀ ਕਲੋਨੀਆਂ ਵਿੱਚ ਰਹਿਣ ਵਾਲੇ ਕੁੱਝ ਪੇਸ਼ੇਵਰ ਲੋਕ ਬਾਕਾਇਦਾ ਇਹਨਾਂ ਭਿਖਾਰੀਆਂ ਦੇ ਗਿਰੋਹ ਚਲਾਉਂਦੇ ਹਨ ਅਤੇ ਉਹਨਾਂ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਬਾਕਾਇਦਾ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਵਾਈ ਜਾਂਦੀ ਹੈ। ਇਹਨਾਂ ਭਿਖਾਰੀਆਂ ਦੇ ਠੀਏ ਵੀ ਤੈਅ ਹਨ ਅਤੇ ਇਹ ਕਿਸੇ ਹੋਰ ਨੂੰ ਆਪਣੇ ਠੀਏ ਤੇ ਭੀਖ ਨਹੀਂ ਮੰਗਣ ਦਿੰਦੇ।

ਆਮ ਲੋਕ ਇਹਨਾਂ ਭਿਖਾਰੀਆਂ ਦੀ ਤਰਸਯੋਗ ਹਾਲਤ ਉੱਪਰ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਕਦੀ ਆਦਿ ਦੇ ਦਿੰਦੇ ਹਨ ਅਤੇ ਇਹ ਭਿਖਾਰੀ ਲੋਕਾਂ ਦੀ ਇਸੇ ਹਮਦਰਦੀ ਦਾ ਨਾਜਾਇਜ ਫਾਇਦਾ ਚੁੱਕਦੇ ਹਨ। ਇਹ ਭਿਖਾਰੀ ਸਾਰਾ ਦਿਨ ਇਕੱਠੀ ਕੀਤੀ ਜਾਣ ਵਾਲੀ ਭੀਖ ਦੀ ਰਕਮ ਨਾਲ ਰਾਤ ਨੂੰ ਸ਼ਰਾਬ ਅਤੇ ਹੋਰ ਨਸ਼ੇ ਵੀ ਕਰਦੇ ਹਨ। ਫੇਜ਼ 7 ਦੇ ਅੰਬਾ ਵਾਲਾ ਚੌਂਕ ਤੋਂ ਕੁੰਭੜਾ ਚੌਂਕ ਵੱਲ ਜਾਂਦੀ ਮੁੱਖ ਸੜਕ ਦੇ ਫੇਜ਼ 7 ਵਾਲੇ ਪਾਸੇ ਪੈਂਦੀਆਂ ਕੋਠੀਆਂ ਦੇ ਵਸਨੀਕ ਸ਼ਿਕਾਇਤ ਕਰਦੇ ਹਨ ਕਿ ਰਾਤ ਨੂੰ ਇਹ ਭਿਖਾਰੀ ਉਹਨਾਂ ਦੀਆਂ ਕੋਠੀਆਂ ਦੇ ਪਿੱਛੇ ਵਾਲੀ ਖਾਲੀ ਥਾਂ ਤੇ ਇਕੱਠੇ ਹੋ ਕੇ ਸ਼ਰਾਬ ਪੀਂ ਕੇ ਖਰਮਸਤੀਆਂ ਕਰਦੇ ਹਨ ਜਿਸ ਕਾਰਨ ਇਹਨਾਂ ਕੋਠੀਆਂ ਦੇ ਵਸਨੀਕ ਬੁਰੀ ਤਰ੍ਹਾਂ ਤੰਗ ਹਨ।

ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਇਹਨਾਂ ਭਿਖਾਰੀਆਂ ਦੀ ਭੀਖ ਮੰਗਣ ਦੀ ਇਹ ਕਾਰਵਾਈ ਕਾਨੂੰਨਨ ਜੁਰਮ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਅਜਿਹਾ ਕਰਨ ਤੇ ਇਹਨਾਂ ਮੰਗਤਿਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ। ਇਸ ਸੰਬੰਧੀ ਚੰਡੀਗੜ੍ਹ ਪੁਲੀਸ ਵਲੋਂ ਉੱਥੇ ਭੀਖ ਮੰਗਣ ਵਾਲੇ ਮੰਗਤਿਆਂ ਨੂੰ ਕਾਬੂ ਕਰਕੇ ਉਹਲਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਪਰੰਤੂ ਸਾਡੇ ਸ਼ਹਿਰ ਵਿੱਚ ਸਥਾਨਕ ਪ੍ਰਸ਼ਾਸ਼ਨ ਵਲੋਂ ਇਹਨਾਂ ਮੰਗਤਿਆਂ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਇੱਥੇ ਮੰਗਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਚੰਡੀਗੜ੍ਹ ਵਿੱਚ ਕਾਰਵਾਈ ਹੌਣ ਦੇ ਡਰ ਕਾਰਨ ਉੱਥੇ ਭੀਖ ਮੰਗਣ ਵਾਲਿਆਂ ਵਲੋਂ ਵੀ ਹੁਣ ਸਾਡੇ ਸ਼ਹਿਰ ਵਿੱਚ ਆਪਣੇ ਟਿਕਾਣੇ ਕਾਇਮ ਕਰ ਲਏ ਗਏ ਹਨ।

ਸਥਾਨਕ ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਿੱਚ ਭਿਖਾਰੀਆਂ ਦੀ ਵੱਧਦੀ ਗਿਣਤੀ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ। ਇਸਦੇ ਤਹਿਤ ਜਿੱਥੇ ਭੀਖ ਮੰਗਣ ਨੂੰ ਪੇਸ਼ਾ ਬਣਾ ਚੁੱਕੇ ਭਿਖਾਰੀਆਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ ਉੱਥੇ ਸ਼ਹਿਰ ਵਿੱਚ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਵਾਉਣ ਦੀ ਇਸ ਕਾਰਵਾਈ ਨੂੰ ਰੋਕਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸੰਬੰਧੀ ਪੁਲੀਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇ।

 

Continue Reading

Latest News

Trending