Editorial
ਸਮਾਜ ਦੇ ਸਾਰੇ ਵਰਗਾਂ ਦੇ ਗਰੀਬਾਂ ਅਤੇ ਲੋੜਵੰਦਾਂ ਨੂੰ ਮਿਲੇ ਰਾਖਵੇਂਕਰਨ ਦਾ ਲਾਭ
1947 ਵਿੱਚ ਸਾਡੇ ਦੇਸ਼ ਨੂੰਆਜਾਦੀ ਮਿਲਣ ਤੋਂ ਬਾਅਦ ਤੋਂ ਹੀ ਦੇਸ਼ ਵਿੱਚ ਬਣੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਅਤੇ ਸਮਾਜ ਦੇ ਪਿਛੜੇ ਵਰਗਾਂ ਲਈ ਰਾਖਵੇਂਕਰਨ ਦੀ ਵਿਵਸਥਾ ਲਾਗੂ ਕਰ ਦਿੱਤੀ ਗਈ ਸੀ ਤਾਂ ਜੋ ਇਹਨਾਂ ਵਰਗਾਂ ਦੇ ਲੋਕਾਂ ਨੂੰ ਵੱਧ ਸਹੂਲਤਾਂ ਦੇ ਕੇ ਉਹਨਾਂ ਦੀ ਜਿੰਦਗੀ ਨੂੰ ਬਿਹਤਰ ਬਣਾਇਆ ਜਾ ਸਕੇ। ਰਾਖਵੇਂਕਰਨ ਦੀ ਇਸ ਸਹੂਲੀਅਤ ਦੇ ਤਹਿਤ ਜਿੱਥੇ ਇਹਨਾਂ ਵਰਗਾਂ ਦੇ ਬੱਚਿਆਂ ਨੂੰ ਪੜ੍ਹਾਈ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦਿੱਤਾ ਜਾਂਦਾ ਸੀ ਉੱਥੇ ਉਹਨਾਂ ਨੂੰ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ।
ਸ਼ੁਰੂ ਸ਼ੁਰੂ ਵਿੱਚ ਇਹ ਵਿਵਸਥਾ ਸਿਰਫ 10 ਸਾਲ ਲਈ ਲਾਗੂ ਕੀਤੀ ਗਈ ਸੀ ਪਰੰਤੂ ਬਾਅਦ ਵਿੱਚ ਸਰਕਾਰਾਂ ਵਲੋਂ ਇਸਨੂੰ ਹੋਰ ਵਧਾਇਆ ਜਾਂਦਾ ਰਿਹਾ ਅਤੇ ਇਹ ਵਿਵਸਥਾ ਹੁਣੇ ਵੀ ਲਾਗੂ ਹੈ। ਇਸ ਦੌਰਾਨ ਸਰਕਾਰਾਂ ਵਲੋਂ ਸਮੇਂ ਸਮੇਂ ਤੇ ਰਾਖਵੇਂਕਰਨ ਦੀ ਇਸ ਸੂਚੀ ਵਿੱਚ ਕਈ ਜਾਤੀਆਂ ਨੂੰ ਸ਼ਾਮਿਲ ਕੀਤਾ ਜਾਂਦਾ ਰਿਹਾ ਹੈ ਅਤੇ ਜਿਵੇਂ ਜਿਵੇਂ ਰਾਖਵੇਂਕਰਨ ਦਾ ਇਹ ਦਾਇਰਾ ਵੱਧਦਾ ਰਿਹਾ ਹੈ, ਇਸਦੀ ਸੂਚੀ ਤੋਂ ਬਾਹਰ ਰਹਿ ਗਏ ਜਨਰਲ ਵਰਗ ਦੇ ਲੋਕਾਂ ਲਈ ਮੌਕੇ ਘੱਟ ਹੁੰਦੇ ਗਏ ਹਨ।
ਸਰਕਾਰ ਵਲੋਂ ਲਾਗੂ ਕੀਤੀ ਗਈ ਰਾਖਵੇਂਕਰਨ ਦੀ ਇਸ ਵਿਵਸਥਾ ਦਾ ਜਨਰਲ ਵਰਗ ਵਲੋਂ ਅਕਸਰ ਇਹ ਕਹਿ ਕੇ ਵਿਰੋਧ ਵੀ ਕੀਤਾ ਜਾਂਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਜਨਰਲ ਵਰਗ ਨਾਲ ਵਿਤਕਰਾ ਕਰਦੀਆਂ ਰਹੀਆਂ ਹਨ। ਉਹ ਕਹਿੰਦੇ ਹਨ ਕਿ ਜਦੋਂ ਦੇਸ਼ ਵਿੱਚ ਰਾਖਵੇਂਕਰਨ ਦੀ ਇਹ ਵਿਵਸਥਾ ਲਾਗੂ ਕੀਤੀ ਗਈ ਸੀ, ਉਸ ਵੇਲੇ ਰਾਵਖਾਂਕਰਨ ਸੂਚੀ ਵਿੱਚ ਸ਼ਾਮਿਲ ਕੀਤੀਆਂ ਗਈਆਂ ਜਾਤੀਆਂ ਦੇ ਲੋਕਾਂ ਦੀ ਹਾਲਤ ਵਾਕਈ ਬਹੁਤ ਖਰਾਬ ਸੀ, ਪਰੰਤੂ ਹੁਣ ਹਾਲਾਤ ਬਦਲ ਗਏ ਹਨ ਅਤੇ ਮੌਜੂਦਾ ਸਮੇਂ ਵਿੱਚ ਇਸ ਵਰਗ ਦੇ ਵੱਡੀ ਗਿਣਤੀ ਲੋਕ (ਜਿਹੜੇ ਹੁਣੇ ਵੀ ਰਾਖਵੇਂਕਰਨ ਦਾ ਲਾਭ ਲੈ ਰਹੇ ਹਨ) ਬਹੁਤ ਤਰੱਕੀ ਕਰ ਚੁਕੇ ਹਨ ਜਦੋਂਕਿ ਜਨਰਲ ਵਰਗ ਦੇ ਵੱਡੀ ਗਿਣਤੀ ਲੋਕ ਅਜਿਹੇ ਹਨ ਜਿਹੜੇ ਪਛੜ ਗਏ ਹਨ ਅਤੇ ਸਰਕਾਰ ਤੋਂ ਕੋਈ ਸੁਵਿਧਾ ਨਾ ਮਿਲਣ ਕਾਰਨ ਗਰੀਬੀ ਹੰਢਾਉਣ ਲਈ ਮਜਬੂਰ ਹਨ।
ਜਨਰਲ ਵਰਗ ਵਲੋਂ ਇਸ ਸੰਬੰਧੀ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਰਾਖਵੇਂਕਰਨ ਦਾ ਲਾਭ ਸਿਰਫ ਉਹਨਾਂ ਲੋਕਾਂ ਨੂੰ ਹੀ ਮਿਲਣਾ ਚਾਹੀਦਾ ਹੈ ਜਿਹੜੇ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਬਦਤਰ ਜਿੰਦਗੀ ਜੀ ਰਹੇ ਹਨ ਅਤੇ ਜਿਹਨਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਦੀ ਲੋੜ ਹੈ। ਪਰੰਤੂ ਹੋ ਇਹ ਰਿਹਾ ਹੈ ਕਿ ਅਜਿਹੇ ਵਿਅਕਤੀ ਜਿਹਨਾਂ ਦਾ ਜੀਵਨ ਪੱਧਰ ਅਤੇ ਆਰਥਿਕ ਹਾਲਤ ਬਹੁਤ ਬਿਹਤਰ ਹੈ ਅਤੇ ਜਿਹੜੇ ਆਪਣੇ ਦਮ ਤੇ ਹਰ ਸੁਖ ਸੁਵਿਧਾ ਹਾਸਿਲ ਕਰਨ ਦੇ ਸਮਰਥ ਹਨ, ਉਹ ਵੀ ਰਾਖਵੇਂਕਰਨ ਦਾ ਲਾਭ ਉਠਾਉਂਦੇ ਹਨ, ਜਦੋਂਕਿ ਦੂਜੇ ਪਾਸੇ ਜਨਰਲ ਵਰਗ ਦੇ ਗਰੀਬ ਅਤੇ ਆਰਥਿਕ ਤੌਰ ਤੇ ਕਮਜੌਰ ਲੋਕ ਸਰਕਾਰੀ ਸਹੂਲਤਾਂ ਅਤੇ ਰਾਖਵੇਂਕਰਨ ਦੀ ਲੋੜ ਹੋਣ ਦੇ ਬਾਵਜੂਦ ਤਰਸਦੇ ਰਹਿ ਜਾਂਦੇ ਹਨ।
ਇਹ ਗੱਲ ਕਾਫੀ ਹੱਦ ਤਕ ਠੀਕ ਵੀ ਹੈ। ਸਾਡੇ ਸਮਾਜ ਵਿੱਚ ਜਿੱਥੇ ਰਾਵਖੇਂਕਰਨ ਦੀ ਸੁਵਿਧਾ ਲੈਣ ਵਾਲੇ ਵੱਡੀ ਗਿਣਤੀ ਲੋਕ ਬਹੁਤ ਅਮੀਰ ਹਨ ਉੱਥੇ ਜਨਰਲ ਵਰਗ ਦੇ ਅਜਿਹੇ ਵੱਡੀ ਗਿਣਤੀ ਲੋਕ ਵੀ ਹਨ ਜਿਹੜੇ ਆਰਥਿਕ ਤੌਰ ਤੇ ਬਹੁਤ ਗਰੀਬ ਹਨ ਅਤੇ ਜਨਰਲ ਵਰਗ ਨਾਲ ਸੰਬੰਧਿਤ ਹੋਣ ਕਾਰਨ ਨਾ ਤਾਂ ਉਹਨਾਂ ਦੇ ਬੱਚਿਆਂ ਨੂੰ ਵਜੀਫੇ ਮਿਲਦੇ ਹਨ ਅਤੇ ਨਾ ਹੀ ਉਹਨਾਂ ਨੂੰ ਕੋਈ ਹੋਰ ਸਰਕਾਰੀ ਸਹੂਲੀਅਤ ਹਾਸਿਲ ਹੁੰਦੀ ਹੈ ਜਿਸ ਕਾਰਨ ਉਹ ਪੀੜ੍ਹੀ ਦਰ ਪੀੜ੍ਹੀ ਗਰੀਬ ਹੁੰਦੇ ਜਾਂਦੇ ਹਨ।
ਜਨਰਲ ਵਰਗ ਵਲੋਂ ਪਿਛਲੇ ਲੰਬੇ ਸਮੇਂ ਤੰਗ ਕੀਤੀ ਜਾਂਦੀ ਰਹੀ ਹੈ ਕਿ ਰਾਖਵੇਂਕਰਨ ਦੀ ਇਹ ਵਿਵਸਥਾ ਜਾਤੀ ਆਧਾਰਿਤ ਨਾ ਹੋ ਕੇ ਆਰਥਿਕ ਆਧਾਰ ਤੇ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਜਾਤੀ ਆਧਾਰਿਤ ਰਾਖਵੇਂਕਰਨ ਦੀ ਮੌਜੂਦਾ ਨੀਤੀ ਕਾਰਨ ਰਾਖਵੇਂਕਰਨ ਦਾ ਲਾਭ ਲੈਣ ਵਾਲੀਆਂ ਜਾਤੀਆਂ ਅਤੇ ਇਸ ਤੋਂ ਬਾਹਰ ਰਹਿ ਗਈਆਂ (ਜਨਰਲ ਵਰਗ ਦੀਆਂ) ਜਾਤੀਆਂ ਵਿਚਾਲੇ ਆਪਸੀ ਕੁੜੱਤਣ ਵੱਧਦੀ ਹੈ ਅਤੇ ਸਰਕਾਰ ਦੀ ਰਾਖਵਾਂਕਰਨ ਦੀ ਮੌਜੂਦਾ ਨੀਤੀ ਸਮਾਜ ਵਿਚ ਵੰਡੀਆਂ ਪਾ ਰਹੀ ਹੈ। ਕਿਸੇ ਅਮੀਰ ਅਤੇ ਉੱਚੇ ਅਹੁਦੇ ਤੇ ਬੈਠੇ ਵਿਅਕਤੀ ਦੇ ਪਰਿਵਾਰ ਨੂੰ ਜਦੋਂ ਰਾਖਵੇਕਰਨ ਦੀ ਇਹ ਸਹੂਲੀਅਤ ਮਿਲਦੀ ਹੈ ਤਾਂ ਉਸਦਾ ਉਲਟਾ ਅਸਰ ਉਸ ਪਰਿਵਾਰ ਤੇ ਪੈਂਦਾ ਹੈ ਜਿਹੜਾ ਆਰਥਿਕ ਤੌਰ ਤੇ ਬਹੁਤ ਕਮਜੋਰ ਹੋਣ ਕਾਰਨ ਰਾਖਵੇਂਕਰਨ ਦੀ ਇਸ ਸਹੂਲੀਅਤ ਦਾ ਅਸਲ ਹੱਕਦਾਰ ਹੁੰਦਾ ਹੈ।
ਦੇਸ਼ ਵਿੱਚ ਲਾਗੂ ਰਾਖਵੇਂਕਰਨ ਦੀ ਮੌਜੂਦਾ ਵਿਵਸਥਾ ਨੂੰ ਬਦਲ ਕੇ ਆਰਥਿਕ ਆਧਾਰ ਤੇ ਲਾਗੂ ਕਰਨ ਦੀ ਜਨਰਲ ਵਰਗ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ ਅਤੇ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਸਰਕਾਰਾਂ ਦਾ ਕੰਮ ਆਪਣੀ ਜਨਤਾ ਦਾ ਜੀਵਨ ਪੱਧਰ ਬਿਹਤਰ ਬਣਾਉਣਾ ਹੁੰਦਾ ਹੈ ਅਤੇ ਰਾਖਵੇਂਕਰਨ ਦੇ ਮਾਮਲੇ ਵਿੱਚ ਇਹ ਤਾਂ ਹੀ ਸੰਭਵ ਹੈ ਜੇਕਰ ਇਸਦਾ ਲਾਭ ਸਿਰਫ ਗਰੀਬ ਅਤੇ ਆਰਥਿਕ ਤੌਰ ਤੇ ਲਤਾੜੇ, ਦਬੇ ਕੁਚਲੇ ਲੋਕਾਂ ਨੂੰ ਮਿਲੇ ਅਤੇ ਸਰਕਾਰ ਨੂੰ ਇਸ ਸੰਬੰਧੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
Editorial
ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਸੁਧਾਰਨ ਲਈ ਲੋੜੀਂਦੇ ਕਦਮ ਚੁੱਕੇ ਪ੍ਰਸ਼ਾਸਨ
ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ਸਾਡੇ ਸ਼ਹਿਰ ਨੂੰ ਭਾਵੇਂ ਅੰਤਰਰਾਸ਼ਟਰੀ ਪੱਧਰ ਦੇ ਇੱਕ ਅਜਿਹੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਜਿੱਥੇ ਵਸਨੀਕਾਂ ਨੂੰ ਵਿਸ਼ਵਪੱਧਰੀ ਸੁਵਿਧਾਵਾਂ ਹਾਸਿਲ ਹਨ, ਪਰੰਤੂ ਸਾਡੇ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਦੀ ਬਦਹਾਲੀ, ਸਰਕਾਰ ਦੇ ਇਹਨਾਂ ਦਾਅਵਿਆਂ ਦਾ ਮਜਾਕ ਉੜਾਉਂਦੀ ਦਿਖਦੀ ਹੈ। ਮੌਜੂਦਾ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਵਾਸਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਹੋਰ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ ਅਤੇ ਲੋਕ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਸਵਾਲ ਚੁੱਕਦੇ ਦਿਖਦੇ ਹਨ।
ਮੌਜੂਦਾ ਹਾਲਾਤ ਇਹ ਹਨ ਕਿ ਸਾਡੇ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਖਰਾਬ ਹੈ ਅਤੇ ਇਹਨਾਂ ਵਿੱਚ ਵਾਹਨਾਂ ਨੂੰ ਖੜ੍ਹਾ ਕਰਨ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਰਨ ਵਾਹਨ ਚਾਲਕਾਂ ਵਲੋਂ ਮਨਮਰਜੀ ਨਾਲ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨਾਂ ਦਾ ਘੜਮੱਸ ਜਿਹਾ ਪਿਆ ਰਹਿੰਦਾ ਹੈ। ਇਸ ਦੌਰਾਨ ਲੋਕਾਂ ਵਲੋਂ ਆਪਣੇ ਵਾਹਨ ਬੇਤਰਤੀਬ ਢੰਗ ਨਾਲ ਖੜ੍ਹਾ ਦਿੱਤੇ ਜਾਂਦੇ ਹਨ ਅਤੇ ਇਸ ਕਾਰਨ ਹੋਰਨਾਂ ਵਾਹਨ ਚਾਲਕਾਂ ਨੂੰ ਪਾਰਕਿੰਗ ਵਿਚ ਆਪਣੇ ਵਾਹਨ ਖੜੇ ਕਰਨ ਵਿਚ ਵੱਡੀ ਸਮੱਸਿਆ ਪੇਸ਼ ਆਉਂਦੀ ਹੈ।
ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਮਾਰਕੀਟਾਂ ਵਿੱਚ ਪਹੁੰਚਣ ਵਾਲੇ ਵਾਹਨ ਚਾਲਕਾਂ ਦਾ ਜਿੱਥੇ ਦਿਲ ਕਰਦਾ ਹੈ ਉਹ ਆਪਣਾ ਵਾਹਨ ਖੜ੍ਹਾ ਕਰ ਦਿੰਦੇ ਹਨ। ਅਜਿਹੇ ਲੋਕਾਂ ਦੀ ਗਿਣਤੀ ਵੀ ਕਾਫੀ ਹੈ ਜਿਹੜੇ ਪਾਰਕਿੰਗ ਵਿੱਚ ਥਾਂ ਨਾ ਮਿਲਣ ਤੇ ਕਿਸੇ ਹੋਰ ਵਾਹਨ ਦੇ ਪਿੱਛੇ ਆਪਣਾ ਵਾਹਨ ਖੜ੍ਹਾ ਕਰਕੇ ਆਪਣੇ ਕੰਮ ਤੇ ਚਲੇ ਜਾਂਦੇ ਹਨ। ਬਾਅਦ ਵਿੱਚ ਜਦੋਂ ਪਹਿਲਾਂ ਤੋਂ ਖੜ੍ਹੇ ਵਾਹਨ ਦਾ ਚਾਲਕ ਵਾਪਸ ਜਾਣ ਲਈ ਆਪਣੀ ਗੱਡੀ ਤਕ ਪਹੁੰਚਦਾ ਹੈ ਤਾਂ ਉਸਨੂੰ ਆਪਣਾ ਵਾਹਨ ਬਾਹਰ ਕੱਢਣ ਲਈ ਥਾਂ ਨਹੀਂ ਮਿਲਦੀ ਅਤੇ ਉਸਨੂੰ ਪਰੇਸ਼ਾਨ ਹੋਣਾ ਪੈਂਦਾ ਹੈ। ਇਸ ਤਰੀਕੇ ਨਾਲ ਕੀਤੀ ਜਾਂਦੀ ਬੇਤਰਤੀਬ ਪਾਰਕਿੰਗ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਾਲੇ ਝਗੜੇ ਦੀ ਨੌਬਤ ਤਕ ਆ ਜਾਂਦੀ ਹੈ।
ਇਹਨਾਂ ਪਾਰਕਿੰਗਾਂ ਦੇ ਰੱਖ ਰਖਾਓ ਦੀ ਜਿੰਮੇਵਾਰੀ ਨਗਰ ਨਿਗਮ ਦੇ ਅਧੀਨ ਹੈ ਪਰੰਤੂ ਜੇਕਰ ਨਗਰ ਨਿਗਮ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਦੇ ਨਾਮ ਤੇ ਸਿਰਫ ਖਾਨਾਪੂਰਤੀ ਕੀਤੀ ਜਾਂਦੀ ਹੈ। ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਮਾੜੀ ਹਾਲਤ ਵਿੱਚ ਹਨ ਅਤੇ ਉਹਨਾਂ ਵਿੱਚ ਖੱਡੇ ਪਏ ਹੋਏ ਹਨ। ਥੋੜ੍ਹੀ ਜਿਹੀ ਬਰਸਾਤ ਹੋਣ ਤੇ ਇਹਨਾਂ ਖੱਡਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਜਦੋਂ ਗੱਡੀਆਂ ਲੰਘਦੀਆਂ ਹਨ ਤਾਂ ਇਸ ਗੰਦੇ ਪਾਣੀ ਦੇ ਛਿੱਟੇ ਉੱਛ ਉੱਛਲ ਕੇ ਆਉਂਦੇ ਜਾਂਦੇ ਲੋਕਾਂ ਤੇ ਪੈਂਦੇ ਰਹਿੰਦੇ ਹਨ।
ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਲਾਈਨਾਂ ਵੀ ਨਹੀਂ ਲੱਗੀਆਂ ਅਤੇ ਨਾ ਹੀ ਇਹ ਜਾਣਕਾਰੀ ਦੇਣ ਲਈ ਕੋਈ ਬੋਰਡ ਜਾਂ ਨਿਸ਼ਾਨ ਲਗਾਏ ਗਏ ਹਨ ਜਿਸ ਨਾਲ ਇਹ ਪਤਾ ਚਲ ਸਕੇ ਕਿ ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਕਿਹੜੇ ਪਾਸੇ ਖੜੇ ਕਰਨੇ ਹਨ ਅਤੇ ਚਾਰ ਪਹੀਆ ਵਾਹਨ ਕਿੱਥੇ ਖੜੇ ਕਰਨੇ ਹਨ। ਵਾਹਨਾਂ ਦੀ ਪਾਰਕਿੰਗ ਵਾਸਤੇ ਲਾਈਨਾਂ ਨਾ ਲੱਗੀਆਂ ਹੋਣ ਅਤੇ ਕੋਈ ਨਿਸ਼ਾਨ ਨਾ ਹੋਣ ਕਾਰਨ ਆਮ ਵਾਹਨ ਚਾਲਕ ਮਨ ਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਹਨਾਂ ਪਾਰਕਿੰਗਾਂ ਵਿੱਚ ਅੱਗੇ ਪਿਛਲੇ ਖੜ੍ਹੇ ਵਾਹਨਾਂ ਕਾਰਨ ਹਾਲਾਤ ਬਹਾਲ ਰਹਿੰਦੇ ਹਨ।
ਇਸਤੋਂ ਇਲਾਵਾ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਰੇਹੜੀ ਫੜੀ ਵਾਲਿਆਂ ਵਲੋਂ ਨਾਜਾਇਜ ਕਬਜਾ ਕਰਕੇ ਖਾਣ ਪੀਣ ਦਾ ਸਾਮਾਨ ਵੇਚਣ ਦੀ ਕਾਰਵਾਈ ਵੀ ਪਾਰਕਿੰਗ ਵਿਵਸਥਾ ਵਿੱਚ ਵੱਡੀ ਰੁਕਾਵਟ ਬਣਦੀ ਹੈ। ਇਸ ਸੰਬੰਧੀ ਭਾਵੇਂ ਨਗਰ ਨਿਗਮ ਵਲੋਂ ਨਾਜਾਇਜ ਕਬਜਾ ਕਰਕੇ ਲਗਾਈਆਂ ਜਾਂਦੀਆਂ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਨਿਗਮ ਦੇ ਇਹ ਦਾਅਵੇ ਵੀ ਹਵਾ ਹਵਾਈ ਹੀ ਸਾਬਿਤ ਹੁੰਦੇ ਹਨ ਅਤੇ ਇਹਨਾਂ ਰੇਹੜੀਆਂ ਫੜੀਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ।
ਨਗਰ ਨਿਗਮ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਵਾਹਨ ਖੜੇ ਕਰਨ ਲਈ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਵਾਸਤੇ ਇਹਨਾਂ ਪਾਰਕਿੰਗਾਂ ਦੀ ਲੋੜੀਂਦੀ ਮੁਰਮੰਤ ਕਰਕੇ ਉੱਥੇ ਵਾਹਨ ਖੜ੍ਹਾਉਣ ਲਈ ਲਾਈਨਾਂ ਅਤੇ ਹੋਰ ਸਿਗਨਲ ਲਗਾਏ ਜਾਣ। ਇਸਦੇ ਨਾਲ ਨਾਲ ਮਾਰਕੀਟਾ ਦੀਆਂ ਪਾਰਿਕੰਗਾਂ ਵਿੱਚ ਰੇਹੜੀਆਂ ਫੜੀਆਂ ਲਗਾ ਕ ਨਾਜਾਇਜ਼ ਕਬਜੇ ਕਰਨ ਵਾਲਿਆਂ ਖਿਲਾਫ ਵੀ ਲਗਾਤਾਰ ਕਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂਨੂੰਵਾਹਨ ਖੜ੍ਹਾਉਣ ਵਿੱਚ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਵਾਹਨ ਚਾਲਕਾਂ ਨੂੰ ਇਸ ਸੰਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ।
Editorial
ਭਾਰਤੀ ਸਿਆਸਤ ਦਾ ਅਹਿਮ ਅੰਗ ਬਣਦੀ ਜਾ ਰਹੀ ਹੈ ਮਜਮੇਬਾਜ਼ੀ
ਹਰ ਛੋਟੀ ਵੱਡੀ ਗੱਲ ਤੇ ਮਜਮੇ ਲਗਾਉਣ ਅਤੇ ਅਖਬਾਰਾਂ ਦੀਆਂ ਸੁਰਖੀਆਂ ਬਣਨ ਦਾ ਯਤਨ ਕਰਦੇ ਦਿਖਦੇ ਹਨ ਸਿਆਸੀ ਆਗੂ
ਭਾਰਤ ਦੀ ਕੇਂਦਰੀ ਸਿਆਸਤ ਅਤੇ ਰਾਜਾਂ ਦੀ ਰਾਜਨੀਤੀ ਵਿੱਚ ਪਿਛਲੇ ਕੁਝ ਸਮੇਂ ਤੋਂ ਮਜਮੇਬਾਜੀ ਭਾਰੂ ਹੁੰਦੀ ਜਾ ਰਹੀ ਹੈ ਅਤੇ ਜਿਆਦਾਤਰ ਸਿਆਸੀ ਆਗੂ ਮਜਮੇ ਲਗਾਉਣ ਅਤੇ ਅਖਬਾਰਾਂ ਦੀਆਂ ਸੁਰਖੀਆਂ ਬਣਨ ਦਾ ਯਤਨ ਕਰਦੇ ਦਿਖਦੇ ਹਨ।
ਬੀਤੇ ਦਿਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਪਹੁੰਚੇ। ਉਹ ਮੁੱਖ ਮੰਤਰੀ ਦੀ ਕੋਠੀ ਦੇ ਪਿਛਲੇ ਪਾਸੇ ਚਲੇ ਗਏ ਅਤੇ ਕੋਠੀ ਅੰਦਰ ਜਾਣ ਦਾ ਯਤਨ ਕੀਤਾ, ਇਸ ਮੌਕੇ ਉਹਨਾਂ ਦੀ ਚੰਡੀਗੜ੍ਹ ਪੁਲੀਸ ਨਾਲ ਬਹਿਸ ਵੀ ਹੋਈ। ਇਸ ਦੌਰਾਨ ਬਿੱਟੂ ਦੇ ਸੁਰਖਿਆ ਮੁਲਾਜਮਾਂ ਅਤੇ ਚੰਡੀਗੜ੍ਹ ਪੁਲੀਸ ਦੇ ਮੁਲਾਜਮਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਉਸ ਤੋਂ ਬਾਅਦ ਬਿੱਟੂ ਵਾਪਸ ਪਰਤ ਗਏ ਪਰ ਉਹ ਆਪਣੀ ਇਸ ਫੇਰੀ ਦੀ ਖਬਰ ਜਰੂਰ ਬਣਾਉਣ ਵਿੱਚ ਸਫਲ ਹੋ ਗਏ।
ਇਸ ਤੋਂ ਪਹਿਲਾਂ ਵੀ ਕਈ ਸਿਆਸੀ ਆਗੂ ਕਈ ਤਰ੍ਹਾਂ ਦੇ ਅਜੀਬੋ ਗਰੀਬ ਕੰਮ ਕਰਕੇ ਮਜਮਾ ਲਗਾਉਣ ਦਾ ਯਤਨ ਕਰਦੇ ਰਹਿੰਦੇ ਹਨ ਤਾਂ ਜੋ ਉਹ ਖਬਰਾਂ ਦੀਆਂ ਸੁਰਖੀਆਂ ਵਿੱਚ ਆ ਸਕਣ। ਅਸਲੀਅਤ ਇਹ ਵੀ ਹੈ ਕਿ ਕਈ ਸਿਆਸੀ ਆਗੂਆਂ ਦੇ ਕੁਝ ਚਹੇਤੇ ਪੱਤਰਕਾਰ ਵੀ ਹੁੰਦੇ ਹਨ, ਜਿਹਨਾਂ ਨੂੰ ਉਹ ਤੁਰੰਤ ਹਰ ਥਾਂ ਬੁਲਾ ਲੈਂਦੇ ਹਨ ਅਤੇ ਇਹ ਪੱਤਰਕਾਰ ਵੀ ਆਪਣੀ ਵਫਦਾਰੀ ਨਿਭਾਉਂਦਿਆਂ ਉਹਨਾਂ ਦੀਆਂ ਖਬਰਾਂ ਬਣਾ ਦਿੰਦੇ ਹਨ।
ਕਈ ਵਾਰ ਕੋਈ ਸਿਆਸੀ ਆਗੂ ਕਿਸੇ ਸ਼ਹਿਰ ਦੇ ਬੱਸ ਅੱਡੇ ਤੇ ਪਹੁੰਚ ਜਾਂਦਾ ਹੈ ਅਤੇ ਮੀਡੀਆ ਦੀ ਹਾਜਰੀ ਵਿੱਚ ਲੋਕਾਂ ਤੋਂ ਉਹਨਾਂ ਦੀਆਂ ਸਮੱਸਿਆਵਾਂ ਸੁਣਦਾ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੁਝ ਨਹੀਂ ਕੀਤਾ ਜਾਂਦਾ ਪਰੰਤੂ ਖਬਰਾਂ ਜਰੂਰ ਬਣ ਜਾਂਦੀਆਂ ਹਨ। ਇਸ ਦੌਰਾਨ ਜਦੋਂ ਇਹ ਸਿਆਸੀ ਆਗੂ ਆਪਣੇ ਸੁਰਖਿਆ ਕਰਮੀਆਂ ਨਾਲ ਬੱਸ ਅੱਡਿਆਂ ਜਾਂ ਜਨਤਕ ਥਾਵਾਂ ਤੇ ਜਾਂਦੇ ਹਨ ਤਾਂ ਆਮ ਲੋਕਾਂ ਨੂੰ ਜਰੂਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹਾਲਾਤ ਇਹ ਹਨ ਕਿ ਖਬਰਾਂ ਵਿੱਚ ਰਹਿਣ ਲਈ ਹਰ ਵੱਡਾ ਛੋਟਾ ਆਗੂ ਹਰ ਦਿਨ ਕੁੱਝ ਨਾ ਕੁੱਝ ਕਰਦਾ ਰਹਿੰਦਾ ਹੈ ਅਤੇ ਆਪਣੀ ਸਿਆਸੀ ਹਾਜਰੀ ਲਗਵਾ ਲੈਂਦਾ ਹੈ। ਕਈ ਸਿਆਸੀ ਆਗੂ ਤਾਂ ਖਬਰਾਂ ਵਿੱਚ ਆਉਣ ਲਈ ਬੇਤੁੱਕੇ ਬਿਆਨ ਵੀ ਦਿੰਦੇ ਰਹਿੰਦੇ ਹਨ। ਕਈ ਸਿਆਸੀ ਆਗੂ ਅਜਿਹੇ ਵਿਸ਼ਿਆਂ ਬਾਰੇ ਵੀ ਬਿਆਨ ਦੇ ਦਿੰਦੇ ਹਨ, ਜਿਹਨਾਂ ਵਿਸ਼ਿਆਂ ਬਾਰੇ ਉਹਨਾਂ ਨੂੰ ਖੁਦ ਨੂੰ ਵੀ ਚੰਗੀ ਤਰ੍ਹਾਂ ਜਾਣਕਾਰੀ ਨਹੀਂ ਹੁੰਦੀ, ਇਸ ਤਰ੍ਹਾਂ ਇਹ ਸਿਆਸੀ ਆਗੂ ਕਈ ਵਾਰ ਹਾਸੋਹੀਣੀ ਸਥਿਤੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ।
ਅਕਸਰ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਕੋਈ ਹਾਦਸਾ ਵਾਪਰਦਾ ਹੈ ਜਾਂ ਕੋਈ ਘਟਨਾ ਹੋ ਜਾਂਦੀ ਹੈ ਤਾਂ ਆਪੋ ਬਣੇ ਨੇਤਾ ਜਾਂ ਸਿਆਸੀ ਆਗੂ ਤੁਰੰਤ ਮੌਕੇ ਤੇ ਪਹੁੰਚ ਜਾਂਦੇ ਹਨ ਅਤੇ ਮਜਮਾ ਲਗਾ ਕੇ ਆਪਣੀ ਸਿਆਸਤ ਸ਼ੁਰੂ ਕਰ ਦਿੰਦੇ ਹਨ। ਅਜਿਹੇ ਮੌਕਿਆਂ ਤੇ ਵਿਰੋਧੀ ਆਗੂ ਤਾਂ ਹਰ ਕੰਮ ਲਈ ਸਰਕਾਰ ਨੂੰ ਦੋਸ਼ੀ ਠਹਿਰਾ ਦਿੰਦੇ ਹਨ, ਭਾਵੇਂ ਕਿ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਅਤੇ ਹਰ ਸਰਕਾਰ ਦੇ ਰਾਜ ਸਮੇਂ ਅਜਿਹਾ ਹੀ ਹੁੰਦਾ ਹੈ।
ਪਿਛਲੇ ਦਿਨੀਂ ਅਮਰੀਕਾ ਤੋਂ ਅਨੇਕਾਂ ਭਾਰਤੀਆਂ ਨੂੰ ਡੀਪੋਰਟ ਕਰਕੇ ਭੇਜਿਆ ਗਿਆ ਹੈ। ਇਸ ਸੰਬੰਧੀ ਭਾਜਪਾ ਦੇ ਕਈ ਆਗੂ ਮੁੱਖ ਮੰਤਰੀ ਭਗਵੰਤ ਮਾਨ ਤੇ ਦੋਸ਼ ਲਗਾ ਰਹੇ ਹਨ ਕਿ ਉਹਨਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨ ਪਰਵਾਸ ਕਰ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦਾ ਪਰਵਾਸ ਤਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਸਰਕਾਰਾਂ ਵੇਲੇ ਵੀ ਜਾਰੀ ਸੀ। ਜਦੋਂ ਭਾਜਪਾ ਆਗੂਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਹਾਜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਪੁਛਿਆ ਜਾਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਅਮਰੀਕਾ ਤੋਂ ਅੰਮ੍ਰਿਤਸਰ ਨੇੜੇ ਪੈਂਦਾ ਹੈ। ਪਰ ਹੋਰ ਸਿਆਸੀ ਪਾਰਟੀਆਂ ਦੇ ਆਗੂ ਕਹਿੰਦੇ ਹਨ ਕਿ ਫੇਰ ਅਮਰੀਕਾ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਹੀ ਅੰਮ੍ਰਿਤਸਰ ਵਿੱਚ ਉਤਾਰਿਆ ਜਾਣਾ ਚਾਹੀਦਾ ਹੈ। ਕੁਝ ਸਿਆਸੀ ਆਗੂ ਦਾਅਵਾ ਕਰਦੇ ਹਨ ਕਿ ਅੰਮ੍ਰਿਤਸਰ ਤੋਂ ਦਿੱਲੀ ਦਾ ਹਵਾਈ ਜਹਾਜ ਵਿੱਚ ਸਫਰ ਕੁਝ ਮਿੰਟਾਂ ਦਾ ਹੀ ਹੁੰਦਾ ਹੈ। ਇਸ ਲਈ ਇਹ ਡਿਪੋਰਟ ਕੀਤੇ ਜਹਾਜ ਆਸਾਨੀ ਨਾਲ ਦਿੱਲੀ ਉਤਾਰੇ ਜਾ ਸਕਦੇ ਹਨ ਪਰ ਇਸ ਗੱਲ ਦਾ ਭੇਤ ਅਜੇ ਤਕ ਨਹੀਂ ਖੁਲਿਆ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਜਹਾਜਾਂ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੀ ਕਿਉਂ ਉਤਾਰਿਆ ਗਿਆ।
ਇਸ ਮੁੱਦੇ ਤੇ ਵੀ ਸਿਆਸੀ ਆਗੂਆਂ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ ਅਤੇ ਮਜਮੇ ਲਗਾਏ ਜਾ ਰਹੇ ਹਨ। ਕਹਿਣ ਦਾ ਭਾਵ ਇਹ ਹੈ ਕਿ ਮਜਮੇਬਾਜੀ ਭਾਰਤ ਦੀ ਸਿਆਸਤ ਦਾ ਇੱਕ ਰੰਗ ਬਣ ਗਈ ਹੈ ਅਤੇ ਭਾਰਤ ਦੀ ਸਿਆਸਤ ਮਜਮੇਬਾਜੀ ਦੇ ਰੰਗ ਵਿੱਚ ਪੂਰੀ ਤਰ੍ਹਾਂ ਰੰਗੀ ਗਈ ਹੈ।
ਬਿਊਰੋ
Editorial
ਕਾਵਿ ਸੰਗ੍ਰਹਿ ਸੁਪਨਿਆਂ ਦੀ ਗੱਲ ਦਾ ਲੇਖਾ ਜੋਖਾ

ਪਿਆਰਾ ਸਿੰਘ ਰਾਹੀ ਆਪਣਾ ਇੱਕ ਹੋਰ ਨਵੇਲਾ ਕਾਵਿ ਸੰਗ੍ਰਹਿ ਸੁਪਨਿਆਂ ਦੀ ਗੱਲ ਲੈ ਕੇ ਮੁੜ੍ਹ ਪੰਜਾਬੀ ਸਾਹਿਤ ਜਗਤ ਦੇ ਵਿਹੜੇ ਆਏ ਹਨ। ਉਹਨਾਂ ਦੀ ਇਹ ਮੌਲਿਕ ਪੁਸਤਕ ਦੇ 112 ਪੰਨੇ ਹਨ ਅਤੇ ਸਪਤ ਰਿਸ਼ੀ ਪਬਲਿਸ਼ਰਜ ਚੰਡੀਗੜ੍ਹ ਵਲੋਂ ਇਸਨੂੰ ਸੋਹਣੀ ਦਿੱਖ ਦੇ ਕੇ ਪ੍ਰਕਾਸ਼ਿਤ ਕੀਤਾ ਗਿਆਹੈ। ਇਹ ਪੁਸਤਕ ਲੇਖਕ ਨੇ ਆਪਣੇ ਮਾਤਾ ਪਿਤਾ ਨੂੰ ਸਮਰਪਿਤ ਕੀਤੀ ਹੈ।
ਲੇਖਕ ਦੇ ਜੀਵਨ ਤੇ ਸਾਹਿਤ ਰਚਨਾ ਦੇ ਸਫ਼ਰ ਤੇ ਡਾ ਜਲੌਰ ਸਿੰਘ ਖੀਵਾ, ਜਸਪਾਲ ਸਿੰਘ ਦੇਸੂਵੀ ਤੇ ਜਸਵਿੰਦਰ ਸਿੰਘ ਕਾਈਨੌਂਰ ਵੱਲੋਂ ਆਪੋ ਆਪਣੇ ਅੰਦਾਜ਼ ਵਿੱਚ ਬਾਖੂਬੀ ਝਾਤ ਪੁਆਈ ਗਈ ਹੈ। ਇਹ ਪੁਸਤਕ ਰੂਪੀ ਗੁਲਦਸਤਾ ਕਵਿਤਾਵਾਂ, ਗ਼ਜ਼ਲਾਂ ਤੇ ਗੀਤਾਂ ਦਾ ਸੁਮੇਲ ਹੈ।
ਪੁਸਤਕ ਦਾ ਸਿਰਲੇਖ ਭਾਵੇਂ ‘ਸੁਪਨਿਆਂ ਦੀ ਗੱਲ’ ਰੱਖਿਆ ਗਿਆ ਹੈ ਪਰ ਗੱਲਾਂ ਹਕੀਕੀ ਜੀਵਨ ਵਿੱਚ ਕੰਮ ਆਉਣ ਵਾਲੀਆਂ ਹੀ ਕਹੀਆਂ ਹਨ। ਜੀਵਨ ਦੇ ਕਈ ਰੰਗ ਇਸ ਪੁਸਤਕ ਵਿੱਚ ਸੰਜੋਏ ਗਏ ਹਨ ਤੇ ਲੇਖਕ ਹਰ ਹਾਲ ਵਿੱਚ ਮਾਲਕ ਦਾ ਸ਼ੁਕਰਾਨਾ ਕਰਨ ਵਾਲਾ, ਇਕ ਸੁਹਿਰਦ ਇਨਸਾਨ ਹੈ ਜਿਸਨੂੰ ਸ਼ੋਹਰਤ ਦੀ ਕੋਈ ਭੁੱਖ ਨਹੀਂ ਬਸ ਆਪਣੀ ਮਸਤਾਨੀ ਚਾਲੇ ਚਲਦੇ ਰਹਿਣ ਨੂੰ ਹੀ ਜਿੰਦਗੀ ਮੰਨਦਾ ਹੈ।
ਪੁਸਤਕ ਦੇ ਪੰਨਾ 86 ਤੇ ਅੰਕਿਤ ਰਚਨਾ ‘ਚਿਹਰੇ ਉੱਤੇ ਚਿਹਰਾ’ ਵਾਕਿਆ ਹੀ ਦੋਗਲੇ ਚਿਹਰੇ ਵਾਲਿਆਂ ਦੇ ਪਾਜ਼ ਉਘੇੜ੍ਹਦੀ ਇਕ ਵਧੀਆ ਰਚਨਾ ਹੈ। ਪੁਸਤਕ ਵਿਚਲੀਆਂ ਸਾਰੀਆਂ ਹੀ ਰਚਨਾਵਾਂ ਤਜ਼ਰਬੇ ਦੀ ਭੱਠੀ ਵਿੱਚੋਂ ਪਕਾ ਕੇ ਪਾਠਕਾਂ ਲਈ ਪ੍ਰੋਸੀਆਂ ਗਈਆਂ ਹਨ। ਸਾਇਰ ਜਿੱਥੇ ਇਸ ਸੋਹਣੇ ਕਾਰਜ ਲਈ ਵਧਾਈ ਦਾ ਪਾਤਰ ਹੈ ਉੱਥੇ ਇਸ ਲੇਖਕ ਤੋਂ ਭਵਿੱਖ ਵਿੱਚ ਕੁਝ ਹੋਰ ਚੰਗੇਰਾ ਕਰਨ ਦੀ ਆਸ ਲਾਉਣੀ ਵੀ ਬੇਮਾਇਨਾ ਨਹੀਂ ਹੈ।
ਰਾਜ ਕੁਮਾਰ ਸਾਹੋਵਾਲੀਆ
8968240914
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Punjab2 months ago
ਗੰਨੇ ਦੀ ਟਰਾਲੀ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, 7 ਵਿਅਕਤੀ ਜ਼ਖਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali1 month ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab1 month ago
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਗਰ ਕੌਂਸਲ ਪ੍ਰਧਾਨ ਦੀ ਗੱਡੀ ਤੇ ਚਲਾਈਆਂ ਗੋਲੀਆਂ