Connect with us

Editorial

ਕਿਸਾਨ ਅੰਦੋਲਨ ਨੇ ਨੌਜਵਾਨਾਂ ਵਿੱਚ ਭਵਿੱਖ ਪ੍ਰਤੀ ਨਵੀਂ ਸੋਚ ਪੈਦਾ ਕੀਤੀ

Published

on

 

ਕਿਸਾਨਾਂ ਨੂੰ ਨਸ਼ੇ ਵਿਰੁੱਧ ਲਹਿਰ ਚਲਾਉਣ ਦੀ ਲੋੜ

ਪਿਛਲੇ ਕਾਫੀ ਸਮੇਂ ਤੋਂ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੇ ਦੂਜੇ ਕਿਸਾਨ ਅੰਦੋਲਨ ਨੇ ਪੰਜਾਬ ਦੇ ਸਿਆਸੀ, ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਹੋਰ ਸਾਰੇ ਪੱਖਾਂ ਨੂੰ ਕੁਝ ਹੱਦ ਤਕ ਪ੍ਰਭਾਵਿਤ ਕੀਤਾ ਹੈ। ਕਿਸਾਨ ਅੰਦੋਲਨ ਨੇ ਪੰਜਾਬ ਦੇ ਨੌਜਵਾਨਾਂ ਅੰਦਰ ਆਪਣੇ ਭਵਿੱਖ ਪ੍ਰਤੀ ਨਵੀਂ ਸੋਚ ਪੈਦਾ ਕੀਤੀ ਹੈ। ਕਿਸਾਨ ਅੰਦੋਲਨ ਵਿੱਚ ਭਾਵੇਂ ਹਰ ਵਰਗ ਦੇ ਕਿਸਾਨਾਂ ਦੀ ਸ਼ਮੁਲੀਅਤ ਦਿਖਾਈ ਦਿੰਦੀ ਹੈ, ਪਰ ਇਸ ਅੰਦੋਲਨ ਵਿੱਚ ਵੱਡੀ ਗਿਣਤੀ ਨੌਜਵਾਨ ਨਜ਼ਰ ਆ ਰਹੇ ਹਨ, ਜੋ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਆ ਰਹੀ ਨਵੀਂ ਸੋਚ ਦਾ ਸੰਕੇਤ ਹਨ ਕਿ ਪੰਜਾਬ ਦੇ ਨੌਜਵਾਨ ਹੁਣ ਆਪਣੇ ਹੱਕਾਂ ਲਈ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਤੋਂ ਵੀ ਪਿੱੱਛੇ ਨਹੀਂ ਹਟ ਰਹੇ। ਕਿਸਾਨ ਅੰਦੋਲਨ ਪੰਜਾਬ ਦੇ ਨੌਜਵਾਨ ਨੂੰ ਸੇਧ ਦੇਣ ਵਿੱਚ ਕੁਝ ਹੱਦ ਤਕ ਜਰੁੂਰ ਸਫਲ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੇ ਬਜੁਰਗਾਂ ਦੀ ਅਗਵਾਈ ਵਿੱਚ ਪੰਜਾਬੀ ਨੌਜਵਾਨ ਨਿਰਸਵਾਰਥ ਭਾਵ ਨਾਲ ਸੇਵਾ ਕਰ ਰਹੇ ਹਨ ਅਤੇ ਦਿਨ ਰਾਤ ਅੰਦੋਲਨ ਵਿੱਚ ਕੰਮ ਰਹੇ ਹਨ।

ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅਕਸਰ ਹੀ ਮੀਡੀਆ ਦੇ ਇੱਕ ਹਿੱਸੇ ਵਲੋਂ ਅਕਸਰ ਹੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਿਹਾ ਜਾਂਦਾ ਹੈ ਅਤੇ ਅਕਸਰ ਅਜਿਹੀਆਂ ਰਿਪੋਰਟਾਂ ਦਿਖਾਈਆਂ ਜਾਂ ਛਾਪੀਆਂ ਜਾਂਦੀਆਂ ਹਨ ਜਿਵੇਂ ਪੁੂਰੇ ਦੇਸ ਵਿਚੋਂ ਸਿਰਫ ਪੰਜਾਬ ਵਿੱਚ ਹੀ ਨਸ਼ਾ ਕੀਤਾ ਜਾਂਦਾ ਹੋਵੇ। ਇਸ ਗੱਲੋ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਕਾਫੀ ਜਿਆਦਾ ਹੈ, ਪਰ ਨਸ਼ੇ ਦੇ ਬਹਾਨੇ ਸਾਰੇ ਪੰਜਾਬੀ ਨੌਜਵਾਨਾਂ ਨੂੰ ਹੀ ਨਸ਼ੇੜੀ ਕਿਹਾ ਜਾਣਾ ਵੀ ਗਲਤ ਹੈ। ਪੰਜਾਬ ਵਿੱਚ ਅਜੇ ਵੀ ਵੱਡੀ ਗਿਣਤੀ ਨੌਜਵਾਨ ਅਜਿਹੇ ਹਨ ਜੋ ਕਿ ਨਸ਼ੇ ਤੋਂ ਪੂਰੀ ਤਰਾਂ ਦੂਰ ਹਨ ਪਰੰਤੂ ਅਜਿਹੇ ਨੌਜਵਾਨਾਂ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਂਦਾ।

ਇਹ ਗੱਲ ਵੀ ਅਕਸਰ ਆਖੀ ਜਾਂਦੀ ਹੈ ਕਿ ਪੰਜਾਬ ਦੇ ਸਾਰੇ ਨੌਜਵਾਨ ਜਹਾਜ਼ ਚੜ ਕੇ ਵਿਦੇਸ਼ ਚਲੇ ਗਏ ਹਨ ਅਤੇ ਪੰਜਾਬ ਵਿੱਚ ਸਿਰਫ ਬੁੱਢੇ ਲੋਕ ਹੀ ਰਹਿ ਗਏ ਹਨ ਪਰ ਕਿਸਾਨ ਅੰਦੋਲਨ ਵਿੱਚ ਦਿਖਾਈ ਦੇ ਰਹੇ ਵੱਡੀ ਗਿਣਤੀ ਨੌਜਵਾਨ ਇਸ ਗੱਲ ਨੂੰ ਵੀ ਗਲਤ ਸਾਬਿਤ ਕਰਦੇ ਹਨ। ਇਹ ਠੀਕ ਹੈ ਕਿ ਪੰਜਾਬ ਦੇ ਅਨੇਕਾਂ ਨੌਜਵਾਨ ਵਿਦੇਸ਼ ਚਲੇ ਗਏ ਹਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਨੌਜਵਾਨ ਅਜੇ ਪੰਜਾਬ ਵਿੱਚ ਹੀ ਹਨ ਜਿਹੜੇ ਖੇਤੀ ਦੇ ਆਪਣੇ ਜੱਦੀ ਪੁਸ਼ਤੀ ਧੰਦੇ ਨਾਲ ਜੁੜੇ ਹੋਏ ਹਨ।

ਹਾਲਾਂਕਿ ਪੰਜਾਬ ਦੇ ਵੱਡੀ ਗਿਣਤੀ ਲੋਕ, ਕਿਸਾਨਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਵਾਰ ਵਾਰ ਸੜਕ ਅਤੇ ਰੇਲ ਆਵਾਜਾਈ ਰੋਕੇ ਜਾਣ ਦੇ ਵਿਰੁੱਧ ਹਨ ਪਰ ਇਸ ਦੇ ਬਾਵਜੂਦ ਉਹ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹਨ। ਵੱਡੀ ਗਿਣਤੀ ਪੰਜਾਬੀ ਇਹ ਵੀ ਕਹਿੰਦੇ ਹਨ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਸੰਘਰਸ਼ ਸ਼ੁਰੂ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਾਰਗ ਦਰਸ਼ਨ ਕੀਤਾ ਹੈ ਅਤੇ ਨੌਜਵਾਨਾਂ ਨੂੰ ਹਰ ਸਥਿਤੀ ਦਾ ਮੁਕਾਬਲਾ ਕਰਨ ਦਾ ਰਾਹ ਦਿਖਾਇਆ ਹੈ। ਪੰਜਾਬ ਦੇ ਲੋਕਾਂ ਦੀ ਇੱਡੀ ਗਿਣਤੀ ਅਜਿਹੀ ਵੀ ਹੈ ਜਿਹੜੀ ਇਹ ਕਹਿੰਦੀ ਹੈ ਕਿ ਜੇਕਰ ਕਿਸਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਦੇ ਨਾਲ ਹੀ ਜੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲਹਿਰ ਵੀ ਚਲਾਉਣ ਤਾਂ ਪੰਜਾਬ ਵਿੱਚ ਨਸ਼ਾ ਬਹੁਤ ਹੱਦ ਤਕ ਖਤਮ ਕੀਤਾ ਜਾ ਸਕਦਾ ਹੈ।

ਪੰਜਾਬ ਦੇ ਵੱਡੀ ਗਿਣਤੀ ਲੋਕ ਆਸ ਭਰੀਆਂ ਨਜ਼ਰਾਂ ਨਾਲ ਕਿਸਾਨਾਂ ਵੱਲ ਵੇਖ ਰਹੇ ਹਨ, ਉਹਨਾਂ ਨੂੰ ਉਮੀਦ ਹੈ ਕਿ ਕਿਸਾਨ ਆਪਣੀਆਂ ਮੰਗਾਂ ਦੇ ਨਾਲ ਹੀ ਨਸ਼ੇ ਵਿਰੁੱਧ ਵੀ ਸੰਘਰਸ਼ ਆਰੰਭ ਕਰ ਸਕਦੇ ਹਨ ਤਾਂ ਪੰਜਾਬ ਵਿਚੋਂ ਨਸ਼ਾ ਪੂਰੀ ਤਰਾਂ ਖਤਮ ਕੀਤਾ ਜਾ ਸਕਦਾ ਹੈ। ਕਿਸਾਨ ਅੰਦੋਲਨ ਦੇ ਸਭ ਦਾ ਧਿਆਨ ਖਿੱਚਿਆ ਹੈ ਅਤੇ ਇਹ ਅੰਦੋਲਨ ਨਾਲ ਹਰ ਵਰਗ ਕਿਸੇ ਨਾ ਕਿਸੇ ਤਰੀਕੇ ਨਾਲ ਕੁਝ ਹੱਕ ਤਕ ਪ੍ਰਭਾਵਿਤ ਜਰੂਰ ਹੋਇਆ ਹੈ।

ਬਹੁਤ ਦੁੱਖ ਦੀ ਗਲ ਹੈ ਕਿ ਸਾਰੇ ਮੁਲਕ ਦਾ ਪੇਟ ਭਰਨ ਵਾਲਾ ਕਿਸਾਨ ਖੁਦ ਭੁੱਖੇ ਢਿੱਡ ਰਹਿ ਰਿਹਾ ਹੈ ਅਤੇ ਕਰਜ਼ੇ ਤੇ ਹੋਰ ਕਾਰਨਾਂ ਕਾਰਨ ਖੁਦਕਸ਼ੀਆਂ ਦੇ ਰਾਹ ਪਿਆ ਹੋਇਆ ਹੈ। ਇਸ ਦੇ ਬਾਵਜੂਦ ਮੌਜੂਦਾ ਕਿਸਾਨ ਅੰਦੋਲਨ ਨੇ ਪੰਜਾਬ ਦੇ ਨੌਜਵਾਨਾਂ ਅੰਦਰ ਭਵਿੱਖ ਪ੍ਰਤੀ ਨਵੀਂ ਸੋਚ ਪੈਦਾ ਕੀਤੀ ਹੈ ਅਤੇ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾਂ ਨੂੰ ਹਰ ਚੁਣੌਤੀ ਦਾ ਡਟ ਕੇ ਸਾਮ੍ਹਣਾ ਕਰਨ ਦਾ ਹੁਨਰ ਦਿਖਾਇਆ ਹੈ।

ਬਿਊਰੋ

Continue Reading

Editorial

ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਲੋੜੀਂਦੇ ਸਾਧਨ ਮੁਹਈਆ ਕਰਵਾ ਕੇ ਬੇਰੁਜਗਾਰੀ ਤੇ ਕਾਬੂ ਕਰੇ ਸਰਕਾਰ

Published

on

By

 

 

ਸਾਡੇ ਦੇਸ਼ ਵਿੱਚ ਬੇਰੁਜਗਾਰੀ ਦਰ ਦਾ ਅੰਕੜਾ ਆਪਣੇ ਸ਼ਿਖਰ ਤੇ ਪਹੁੰਚ ਚੁੱਕਿਆ ਹੈ ਅਤੇ ਦੇਸ਼ ਵਿੱਚ ਬੇਰੁਜਗਾਰਾਂ ਦੀ ਕਤਾਰ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ। ਕੋਰੋਨਾ ਦੀ ਮਹਾਂਮਾਰੀ ਦੇ ਨਾਲ ਨਾਲ ਆਈ ਆਰਥਿਕ ਬਦਹਾਲੀ ਨੇ ਸਾਡੀ ਅਰਥ ਵਿਵਸਥਾ ਤੇ ਜਿਹੜੀ ਮਾਰ ਮਾਰੀ ਸੀ ਉਸਤੋਂ ਇਹ ਹੁਣ ਵੀ ਸੰਭਲਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਰਥਵਿਵਸਥਾ ਦੀ ਇਸ ਬਦਹਾਲੀ ਦਾ ਸਭਤੋਂ ਵੱਡਾ ਅਸਰ ਬੇਰੁਜਗਾਰੀ ਦਰ ਤੇ ਹੀ ਪਿਆ ਹੈ। ਇਸ ਦੌਰਾਨ ਜਿੱਥੇ ਕਰੋੜਾਂ ਲੋਕਾਂ ਦਾ ਰੁਜਗਾਰ ਜਾਂਦਾ ਰਿਹਾ ਉੱਥੇ ਕੰਮ ਧੱਦੇ ਬੰਦ ਹੋ ਜਾਣ ਕਾਰਨ ਆਮ ਲੋਕਾਂ ਦੀ ਆਰਥਿਕ ਸਥਿਤੀ ਬੁਰੀ ਤਰ੍ਹਾਂ ਬਦਹਾਲ ਹੋ ਗਈ ਅਤੇ ਬੇਰੁਜਗਾਰੀ ਦੀ ਦਰ ਵਿੱਚ ਹੋਏ ਵਾਧੇ ਨੇ ਅਗਲੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ।

ਪਿਛਲੇ ਸਾਲ ਦੂਜਾ ਕਾਰਜਕਾਲ ਪੂਰਾ ਕਰਨ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਦਾਅਵਿਆਂ ਵਿੱਚ ਭਾਵੇਂ ਬੇਰੁਜਗਾਰ ਨੌਜਵਾਨਾਂ ਨੂੰ ਹਰ ਸਾਲ 2 ਕਰੋੜ ਰੁਜਗਾਰ ਮੁਹਈਆ ਕਰਵਾਏ ਜਾਂਦੇ ਰਹੇ ਹਨ ਪਰੰਤੂ ਇਹ ਨੌਕਰੀਆਂ ਕਦੋਂ, ਕਿੱਥੇ ਅਤੇ ਕਿਸ ਨੂੰ ਮਿਲਦੀਆਂ ਰਹੀਆਂ ਹਨ, ਇਸਦੀ ਜਾਣਕਾਰੀ ਸ਼ਾਇਦ ਖੁਦ ਕੇਂਦਰ ਸਰਕਾਰ ਕੋਲ ਵੀ ਨਹੀਂ ਹੈ। ਅਸਲੀਅਤ ਇਹੀ ਹੈ ਕਿ ਖੁਦ ਸਰਕਾਰਾਂ ਵਲੋਂ ਦਿੱਤੇ ਜਾਣ ਵਾਲੇ ਰੁਜਗਾਰ (ਸਰਕਾਰੀ ਨੌਕਰੀਆਂ) ਵਿੱਚ ਵੀ ਪਿਛਲੇ ਸਾਲਾਂ ਦੌਰਾਨ ਵੱਡੀ ਕਟੌਤੀ ਕੀਤੀ ਜਾਂਦੀ ਰਹੀ ਹੈ ਅਤੇ ਸਰਕਾਰ ਵੀ ਮੰਨਦੀ ਹੈ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਭਰੇ ਜਾਣ ਵਾਲੇ ਅਹੁਦਿਆਂ ਵਿੱਚੋਂ ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਅਹੁਦੇ ਖਤਮ ਕੀਤੇ ਜਾ ਚੁੱਕੇ ਹਨ ਅਤੇ ਇਸਦਾ ਵੀ ਦੇਸ਼ ਦੀ ਰੁਜਗਾਰ ਦਰ ਤੇ ਨਾਂਹਪੱਖੀ ਅਸਰ ਪਿਆ ਹੈ।

ਮੋਦੀ ਸਰਕਾਰ ਵਲੋਂ ਇਸਤੋਂ ਪਹਿਲਾਂ ਦੇਸ਼ ਵਿੱਚ ਲਾਗੂ ਕੀਤੇ ਗਏ ਨੋਟਬੰਦੀ ਅਤੇ ਜੀ ਐਸ ਟੀ ਦੇ ਫੈਸਲਿਆਂ ਦਾ ਵੀ ਅਰਥਵਿਵਸਥਾ ਤੇ ਬਹੁਤ ਮਾੜਾ ਅਸਰ ਪਿਆ ਸੀ। ਇਸ ਦੌਰਾਨ ਵੀ ਵੱਡੀ ਗਿਣਤੀ ਲੋਕਾਂ ਦਾ ਰੁਜਗਾਰ ਜਾਂਦਾ ਰਿਹਾ ਸੀ ਅਤੇ ਬਾਕੀ ਦੀ ਕਸਰ ਕੋਰੋਨਾ ਦੀ ਮਹਾਮਾਰੀ ਕਾਰਨ ਆਈ ਭਾਰੀ ਆਰਥਿਕ ਤਬਾਹੀ ਨਾਲ ਪੂਰੀ ਹੋ ਗਈ ਸੀ। ਇਸ ਦੌਰਾਨ ਦੇਸ਼ ਦੇ ਨਿੱਜੀ ਖੇਤਰ ਵਿੱਚ ਹਾਲਾਤ ਵੀ ਚੰਗੇ ਨਹੀਂ ਹਨ ਅਤੇ ਦੇਸ਼ ਦੀਆਂ ਜਿਆਦਾਤਰ ਵੱਡੀਆਂ ਕੰਪਨੀਆਂ ਵੀ ਨਵੀਂ ਭਰਤੀ ਕਰਨ ਦੀ ਥਾਂ ਉਲਟਾ ਪੁਰਾਣੇ ਕਰਮਚਾਰੀਆਂ ਦੀ ਛਾਂਟੀ ਕਰ ਰਹੀਆਂ ਹਨ।

ਮੌਜੂਦਾ ਆਧੁਨਿਕ ਯੁਗ ਵਿੱਚ ਨੌਕਰੀਆਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਾਰ ਵੀ ਪੈਣ ਲੱਗ ਗਈ ਹੈ ਅਤੇ ਕਈ ਵੱਡੀਆਂ ਕੰਪਨੀਆਂ ਇਸਦੇ ਸਹਾਰੇ ਆਪਣੇ ਕਰਮਚਾਰੀਆਂ ਦੀ ਛਾਂਟੀ ਕਰਨ ਦੇ ਰਾਹ ਤੁਰ ਪਈਆਂ ਹਨ। ਇਸ ਦੌਰਾਨ ਜਿਹਨਾਂ ਲੋਕਾਂ ਦਾ ਰੁਜਗਾਰ ਬਚਿਆ ਹੈ ਉਹਨਾਂ ਨੂੰ ਵੀ ਪਹਿਲਾਂ ਦੇ ਮੁਕਾਬਲੇ ਘੱਟ ਤਨਖਾਹ ਤੇ ਕੰਮ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਵਲੋਂ ਭਾਵੇਂ ਲਗਾਤਾਰ ਦਾਅਵਾ ਕੀਤਾ ਜਾਂਦਾ ਹੈ ਕਿ ਉਸ ਵਲੋਂ ਮੁਦਰਾ ਅਤੇ ਸਟਾਰਟਅਪ ਇੰਡੀਆ ਯੋਜਨਾ ਰਾਂਹੀ ਨੌਜਵਾਨਾਂ ਨੂੰ ਸਵੈ ਰੁਜਗਾਰ ਦੇ ਵੱਡੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਪਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਅਤੇ ਜਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਅਸਲੀਅਤ ਇਹੀ ਹੈ ਕਿ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਵਿੱਚ ਬੇਰੁਜਗਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ।

ਬੇਰੁਜਗਾਰੀ ਦੀ ਇਹ ਲਗਾਤਾਰ ਵੱਧਦੀ ਸਮਸਿਆ ਕਈ ਹੋਰ ਸਮਾਜਿਕ ਆਰਥਿਕ ਸਮੱਸਿਆਵਾਂ ਦਾ ਵੀ ਕਾਰਨ ਬਣ ਰਹੀ ਹੈ ਜਿਸ ਨਾਲ ਸਮਾਜ ਦਾ ਹਰ ਤਬਕਾ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਸਮੱਸਿਆ ਦਾ ਇੱਕੋ ਇੱਕ ਹਲ ਇਹੀ ਹੈ ਕਿ ਨੌਜਵਾਨਾਂ ਨੂੰ ਸਵੈਰੁਜਗਾਰ ਦੇ ਰਾਹ ਤੇ ਤੋਰਿਆ ਜਾਵੇ। ਇਸ ਵਾਸਤੇ ਨੌਜਵਾਨਾਂ ਨੂੰ ਉਤਸਾਹਿਤ ਕਰਕੇ ਜਿੱਥੇ ਉਹਨਾਂ ਵਾਸਤੇ ਲੋੜੀਂਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਉੱਥੇ ਉਹਨਾਂ ਨੂੰ ਲੋੜੀਂਦੀ ਪੂੰਜੀ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣੀਆ ਚਾਹੀਦੀਆਂ ਹਨ ਤਾਂ ਜੋ ਉਹ ਆਪਣਾ ਖੁਦ ਦਾ ਕੋਈ ਕੰਮ ਧੰਦਾ ਆਰੰਭ ਕਰਕੇ ਆਪਣ ਖੁਦ ਵਾਸਤੇ ਰੁਜਗਾਰ ਪੈਦਾ ਕਰਨ ਦੇ ਨਾਲ ਨਾਲ ਹੋਰਨਾਂ ਲੋਕਾਂ ਨੂੰ ਰੁਜਗਾਰ ਦੇਣ ਦੇ ਵੀ ਸਮਰਥ ਹੋਣ।

ਇਸ ਸੰਬੰਧੀ ਕੇਂਦਰ ਅਤੇ ਰਾਜ ਸਰਕਾਰਾਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਉਹਨਾਂ ਨੂੰ ਸਵੈ ਰੁਜਗਾਰ ਲਈ ਹੱਲਾਸ਼ੇਰੀ ਦੇਣ। ਇਸ ਵਾਸਤੇ ਜਿੱਥੇ ਨਵਾਂ ਕੰਮ ਆਰੰਭ ਕਰਨ ਵਾਲਿਆਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਛੋਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਉਹਨਾਂ ਵਾਸਤੇ ਲੋੜੀਂਦੀ ਪੂੰਜੀ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਾਡੇ ਨੌਜਵਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਝਾਕ ਛੱਡ ਕੇ ਆਪਣਾ ਨਿੱਜੀ ਕੰਮ ਕਾਰ ਕਰਨ ਅਤੇ ਆਪਣੇ ਨਾਲ ਹੋਰਨਾਂ ਲਈ ਵੀ ਰੁਜਗਾਰ ਪੈਦਾ ਕਰਕੇ ਬੇਰੁਜਗਾਰੀ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਵਿੱਚ ਮਦਦਗਾਰ ਹੋਣ।

 

Continue Reading

Editorial

ਪੰਜਾਬ ਵਿੱਚ ਵੱਡੇ ਮਸਲੇ ਬਣ ਰਹੇ ਹਨ ਆਵਾਸ ਅਤੇ ਪਰਵਾਸ

Published

on

By

 

ਪੰਜਾਬ ਵਿੱਚੋਂ ਪੰਜਾਬੀਆਂ ਦਾ ਵਿਦੇਸ਼ਾਂ ਨੂੰ ਪਰਵਾਸ ਹੋਣ ਕਾਰਨ ਅਨੇਕਾਂ ਪਿੰਡਾਂ ਦੇ ਖਾਲੀ ਹੋਣ ਦਾ ਖਤਰਾ ਬਣਿਆ ਹੋਇਆ ਹੈ। ਦੂਜੇ ਪਾਸੇ ਹੋਰਨਾਂ ਰਾਜਾਂ ਦੇ ਲੋਕ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆ ਰਹੇ ਹਨ ਅਤੇ ਇਸ ਤਰ੍ਹਾਂ ਪੰਜਾਬ ਵਿੱਚ ਆਵਾਸ ਅਤੇ ਪਰਵਾਸ ਵੱਡੇ ਮਸਲੇ ਬਣ ਗਏ ਹਨ, ਜਿਹਨਾਂ ਦੇ ਕਈ ਚਿੰਤਾਜਨਕ ਪਹਿਲੂ ਵੀ ਸਾਹਮਣੇ ਆ ਰਹੇ ਹਨ।

ਅੱਜ ਕੱਲ ਸੋਸਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਦੋਸ਼ ਲਗਾ ਰਹੇ ਹਨ ਕਿ ਪੰਜਾਬ ਦੇ ਇੱਕ ਸ਼ਹਿਰ ਵਿੱਚ ਇੱਕ ਢਾਬੇ ਤੇ ਖਾਣਾ ਖਾਣ ਆਏ ਸਿੱਖ ਨੌਜਵਾਨ ਦੀ ਉਸ ਦੇ ਪਰਿਵਾਰ ਦੇ ਸਾਹਮਣੇ ਕੁੱਟਮਾਰ ਕੀਤੀ ਅਤੇ ਢਾਬੇ ਦੇ ਨੌਕਰ ਪਰਵਾਸੀ ਮਜਦੂਰ ਨੇ ਉਸ ਸਿੱਖ ਨੌਜਵਾਨ ਦੀ ਪੱਗ ਵੀ ਉਤਾਰ ਦਿਤੀ ਅਤੇ ਸਿੱਖਾਂ ਪ੍ਰਤੀ ਮੰਦੀ ਸ਼ਬਦਾਵਲੀ ਬੋਲੀ। ਇਸ ਉਪਰੰਤ ਪਰਵਾਸੀ ਮਜਦੂਰ ਵੱਲੋਂ ਕਿਹਾ ਗਿਆ ਕਿ ਜਿਹੜਾ ਵੀ ਵਿਅਕਤੀ ਕਿਸੇ ਸਿੱਖ ਦੀ ਪੱਗ ਉਤਾਰੇਗਾ, ਉਸ ਨੂੰ ਉਹ ਮੁਫਤ ਵਿੱਚ ਚਿਕਨ ਖੁਆਏਗਾ।

ਇਸ ਸਿੱਖ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਉਸ ਪਰਵਾਸੀ ਮਜਦੂਰ ਨੂੰ ਲੱਭ ਕੇ ਉਸ ਦੀ ਕੁੱਟਮਾਰ ਕਰ ਦਿੱਤੀ ਗਈ ਅਤੇ ਉਸ ਤੋਂ ਮੁਆਫੀ ਮੰਗਾਈ ਗਈ। ਇਹ ਸਿੱਖ ਆਗੂ ਕਹਿ ਰਹੇ ਹਨ ਕਿ ਪੰਜਾਬ ਵਿੱਚ ਹੁਣ ਸਿੱਖਾਂ ਦੀਆਂ ਦਸਤਾਰਾਂ ਸੁਰਖਿਅਤ ਨਹੀਂ ਹਨ ਅਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਆ ਕੇ ਰਹਿ ਰਹੇ ਪਰਵਾਸੀ ਮਜਦੂਰ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰ ਰਹੇ ਹਨ। ਇਹਨਾਂ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਮਜਦੂਰਾਂ ਦੀ ਆੜ ਵਿੱਚ ਦੂਜੇ ਰਾਜਾਂ ਦੇ ਅਪਰਾਧੀ ਵੀ ਪੰਜਾਬ ਵਿੱਚ ਆ ਕੇ ਰਹਿਣ ਲੱਗ ਪਏ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਤਰਾਂ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਕੁਝ ਸਮਾਂ ਪਹਿਲਾਂ ਹੀ ਮੁਹਾਲੀ ਨੇੜੇ ਪਿੰਡ ਕੁੰਭੜਾ ਵਿੱਚ ਦੂੁਜੇ ਰਾਜਾਂ ਤੋਂ ਆਏ ਪਰਵਾਸੀ ਮੁੰਡਿਆਂ ਵੱਲੋਂ ਦੋ ਪੰਜਾਬੀ ਅੱਲੜ ਨੌਜਵਾਨਾਂ ਦਾ ਕਤਲ ਕਰ ਦਿਤਾ ਗਿਆ ਸੀ। ਉਦੋਂ ਤੋਂ ਹੀ ਸਿੱਖ ਆਗੂਆਂ ਵੱਲੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦੂਜੇ ਰਾਜਾਂ ਤੋਂ ਆਏ ਪਰਵਾਸੀ ਲੋਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਉੱਪਰ ਹਾਵੀ ਹੋਣ ਦੀ ਪ੍ਰਕਿਰਿਆ ਵਿੱਚ ਹਨ।

ਪੰਜਾਬ ਵਿੱਚ ਵੱਡੀ ਗਿਣਤੀ ਲੋਕ ਪਰਵਾਸ ਕਰਕੇ ਦੂਜੇ ਮੁਲਕਾਂ ਨੂੰ ਜਾ ਚੁੱਕੇ ਹਨ, ਦੂਜੇ ਪਾਸੇ ਵੱਖ ਵੱਖ ਰਾਜਾਂ ਤੋਂ ਪਰਵਾਸੀ ਲੋਕ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਆ ਕੇ ਰਹਿਣ ਲੱਗ ਪਏ ਹਨ। ਜਿਸ ਕਾਰਨ ਪੰਜਾਬ ਦੇ ਅਨੇਕਾਂ ਇਲਾਕਿਆਂ ਵਿੱਚ ਪੰਜਾਬੀਆਂ ਦੀ ਗਿਣਤੀ ਘੱਟ ਹੋਣ ਦਾ ਅੰਦਾਜਾ ਵੀ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਐਨ ਅਨੁਸਾਰ, 2016 ਤੋਂ 2021 ਤੱਕ ਪੰਜ ਸਾਲਾਂ ਦੌਰਾਨ ਪੰਜਾਬ ਵਿੱਚੋਂ 10 ਲੱਖ ਦੇ ਕਰੀਬ ਲੋਕ ਬਾਹਰਲੇ ਮੁਲਕਾਂ ਨੂੰ ਗਏ ਹਨ। ਵਿਦੇਸ਼ ਮਹਿਕਮੇ ਅਨੁਸਾਰ, ਇਹਨਾਂ ਵਿਚੋਂ ਤਕਰੀਬਨ 38 ਫੀਸਦੀ ਵਿਦਿਆਰਥੀ ਵੀਜੇ ਤੇ ਗਏ ਸਨ।

2011 ਦੀ ਮਰਦਮਸ਼ੁਮਾਰੀ ਦੇ ਅੰਕੜੇ ਦੱਸਦੇ ਹਨ ਕਿ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਲਗਭਗ 20.8 ਲੱਖ ਦੇ ਕਰੀਬ ਪਰਵਾਸੀ ਲੋਕ ਆ ਚੁੱਕੇ ਸਨ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਯੂਪੀ ਤੋਂ 6.5 ਲੱਖ, ਹਰਿਆਣਾ ਤੋਂ 5.5 ਲੱਖ, ਬਿਹਾਰ ਤੋਂ 3.5 ਲੱਖ, ਹਿਮਾਚਲ ਪ੍ਰਦੇਸ਼ ਤੋਂ 2.1 ਅਤੇ ਰਾਜਸਥਾਨ ਤੋਂ 2 ਲੱਖ ਸਨ। 70 ਹਜ਼ਾਰ ਜੰਮੂ ਕਸ਼ਮੀਰ ਅਤੇ 55 ਹਜ਼ਾਰ ਉੱਤਰਾਖੰਡ ਤੋਂ ਵੀ ਆਏ ਸਨ। 2011 ਵਿੱਚ ਪੰਜਾਬ ਦੀ ਆਬਾਦੀ 2 ਕਰੋੜ 77 ਲੱਖ ਸੀ। ਇਉਂ ਪੰਜਾਬ ਵਿੱਚ ਬਾਹਰਲੇ ਰਾਜਾਂ ਤੋਂ ਆਏ ਪਰਵਾਸੀ ਕੁਲ ਵਸੋਂ ਦਾ ਲਗਭਗ 7.5 ਸਨ। ਇਨ੍ਹਾਂ ਵਿੱਚੋਂ ਯੂਪੀ, ਬਿਹਾਰ ਤੋਂ ਆਏ ਲੋਕ ਪੰਜਾਬ ਦੀ ਆਬਾਦੀ ਦਾ 3.6 ਸਨ। ਬਾਕੀ 92.5 ਫੀਸਦੀ ਆਬਾਦੀ ਪੰਜਾਬ ਵਿੱਚ ਹੀ ਪੈਦਾ ਹੋਏ ਲੋਕਾਂ ਦੀ ਸੀ।

ਸਿੱਖ ਨੌਜਵਾਨ ਦੀ ਪਰਵਾਸੀ ਮਜਦੂਰਾਂ ਵੱਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਵੱਡੀ ਗਿਣਤੀ ਬੁੱਧੀਜੀਵੀ ਆਪੋ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਦੂਜੇ ਰਾਜਾਂ ਤੋਂ ਆਏ ਪਰਵਾਸੀ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬੀ ਕੈਨੇਡਾ ਤੇ ਹੋਰ ਦੇਸ਼ਾਂ ਵਿੱਚ ਜਾ ਕੇ ਉਥੇ ਐਮ ਪੀ ਅਤੇ ਵਿਧਾਇਕ ਬਣ ਸਕਦੇ ਹਨ ਤਾਂ ਉਹ ਪੰਜਾਬ ਵਿੱਚ ਪੰਚ ਸਰਪੰਚ, ਵਿਧਾਇਕ ਅਤੇ ਐਮ ਪੀ ਕਿਉਂ ਨਹੀਂ ਬਣ ਸਕਦੇ। ਪਰਵਾਸੀ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਜੇ ਪੰਜਾਬੀ ਵਿਦੇਸ਼ ਜਾ ਸਕਦੇ ਹਨ ਤਾਂ ਉਹਨਾਂ ਦੇ ਪੰਜਾਬ ਆਉਣ ਤੇ ਇਤਰਾਜ ਕਿਉਂ ਉਠਾਇਆ ਜਾ ਰਿਹਾ ਹੈ।

ਇਸ ਦੇ ਜਵਾਬ ਵਿੱਚ ਕੁਝ ਬੁਧੀਜੀਵੀ ਕਹਿੰਦੇ ਹਨ ਕਿ ਪੰਜਾਬ ਜੇ ਕੈਨੇਡਾ ਜਾਂ ਵਿਦੇਸ਼ ਜਾਂਦੇ ਹਨ ਤਾਂ ਉਹ ਪਾਸਪੋਰਟ ਬਣਾ ਕੇ ਵੀਜਾ ਲਗਵਾ ਕੇ ਜਾਂਦੇ ਹਨ ਅਤੇ ਉਹਨਾਂ ਦੀ ਪੂਰੀ ਤਰਾਂ ਪੁਲੀਸ ਜਾਂਚ ਕੀਤੀ ਜਾਂਦੀ ਹੈ। ਪਰ ਦੂਜੇ ਰਾਜਾਂ ਤੋਂ ਆਉਣ ਵਾਲੇ ਪਰਵਾਸੀ ਲੋਕਾਂ ਦੀ ਕੋਈ ਪੁਲੀਸ ਜਾਂਚ ਨਹੀਂ ਕੀਤੀ ਜਾਂਦੀ ਜਿਸ ਕਰਕੇ ਅਨੇਕਾਂ ਸਮਾਜ ਵਿਰੋਧੀ ਅਨਸਰ ਅਤੇ ਗੁੰਡਾ ਅਨਸਰ ਵੀ ਪਰਵਾਸੀ ਮਜਦੂਰਾਂ ਦੇ ਭੇਸ ਵਿੱਚ ਪੰਜਾਬ ਵਿੱਚ ਆ ਜਾਂਦੇ ਹਨ ਅਤੇ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਕੇ ਆਪਣੇ ਮੂੁਲ ਰਾਜਾਂ ਨੂੰ ਭਜ ਜਾਂਦੇ ਹਨ ਜਿਸ ਕਰਕੇ ਪੁਲੀਸ ਲਈ ਉਹਨਾਂ ਨੂੰ ਫੜਨਾ ਮੁਸ਼ਕਿਲ ਹੋ ਜਾਂਦਾ ਹੈ।

ਬੁਧੀਜੀਵੀ ਕਹਿੰਦੇ ਹਨ ਕਿ ਭਾਰਤ ਦੇ ਕਈ ਸੂਬਿਆਂ ਵਿੱਚ ਪੰਜਾਬੀਆਂ ਦੇ ਜਮੀਨ ਅਤੇ ਘਰ ਖਰੀਦਣ ਤੇ ਪਾਬੰਦੀ ਲੱਗੀ ਹੋਈ ਹੈ ਪਰ ਦੂਜੇ ਰਾਜਾਂ ਦੇ ਲੋਕ ਆ ਕੇ ਪੰਜਾਬ ਵਿੱਚ ਜਮੀਨਾਂ ਅਤੇ ਘਰਾਂ ਦੇ ਮਾਲਕ ਬਣ ਰਹੇ ਹਨ। ਇਸ ਤਰਾਂ ਦੂਜੇ ਰਾਜਾਂ ਵਿੱਚ ਪੰਜਾਬੀਆਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਬੁੱਧੀਜੀਵੀ ਇਹ ਵੀ ਕਹਿੰਦੇ ਹਨ ਕਿ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਦਫਤਰਾਂ ਵਿੱਚ ਦਰਜਾ ਚਾਰ ਤੇ ਦਰਜਾ ਤਿੰਨ ਕਰਮਚਾਰੀਆਂ ਵਿੱਚ ਅਕਸਰ ਪਰਵਾਸੀ ਲੋਕਾਂ ਦੀ ਭਰਮਾਰ ਹੁੰਦੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਸਬਜੀ ਵੇਚਣ, ਰੇਹੜੀਆਂ ਲਗਾਉਣ ਵਰਗੇ ਧੰਦੇ ਪੂਰੀ ਤਰਾਂ ਪਰਵਾਸੀ ਲੋਕਾਂ ਨੇ ਹੀ ਸੰਭਾਲੇ ਹੋਏ ਹਨ। ਉਪਰੋਕਤ ਘਟਨਾਂ ਤੋਂ ਬਾਅਦ ਪੰਜਾਬੀਆਂ ਦੇ ਪਰਵਾਸ ਕਰਨ ਦੇ ਨਾਲ ਹੀ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਪਰਵਾਸੀ ਮਜਦੂਰਾਂ ਦੀ ਆਮਦ ਦਾ ਮਾਮਲਾ ਵੀ ਵੱਡਾ ਮੁੱਦਾ ਬਣ ਗਿਆ ਹੈ।

ਬਿਊਰੋ

Continue Reading

Editorial

ਜਿਲ੍ਹੇ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਤੇ ਰੋਕ ਲਗਾਏ ਪ੍ਰਸ਼ਾਸ਼ਨ

Published

on

By

 

ਪੰਜਾਬ ਸਰਕਾਰ ਵਲੋਂ ਸਾਡੇ ਜਿਲ੍ਹੇ ਅਤੇ ਸ਼ਹਿਰ ਨੂੰ ਭਾਵੇਂ ਕਈ ਸਾਲ ਪਹਿਲਾਂ ਹੀ ਤੰਬਾਕੂ ਦੇ ਧੂਏਂ ਤੋਂ ਮੁਕਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਦੇ ਦਿੱਤਾ ਗਿਆ ਸੀ ਅਤੇ ਕਾਗਜਾਂ ਵਿੱਚ ਸਾਡਾ ਸ਼ਹਿਰ ਤੰਬਾਕੂ ਦੇ ਧੂਏਂ ਤੋਂ ਪੂਰੀ ਤਰ੍ਹਾਂ ਮੁਕਤ ਹੋ ਚੁੱਕਿਆ ਹੈ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸਿਗਰਟਨੋਸ਼ੀ ਦੇ ਸ਼ੌਕੀਨ ਵਿਅਕਤੀਆਂ ਵਲੋਂ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਧੂਆਂ ਉੜਾਉਣ ਦੀ ਕਾਰਵਾਈ ਆਮ ਨਜਰ ਆ ਜਾਂਦੀ ਹੈ। ਇਸਦੇ ਨਾਲ ਹੀ ਸਾਡੇ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ਼ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਜਿਹੀਆਂ ਅਨੇਕਾਂ ਫੜੀਆਂ ਆਮ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਜੋ ਸਾਮਾਨ ਖੁੱਲੇਆਮ ਵੇਚਿਆ ਜਾਂਦਾ ਹੈ ਪਰੰਤੂ ਇਹਨਾਂ ਫੜੀਆਂ ਤੇ ਪ੍ਰਸ਼ਾਸ਼ਨ ਦਾ ਕੋਈ ਕਾਬੂ ਨਹੀਂ ਹੈ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਆਮ ਲੋਕਾਂ ਦੀ ਭਲਾਈ ਲਈ ਕਾਨੂੰਨ ਤਾਂ ਬਣਾ ਦਿੱਤੇ ਜਾਂਦੇ ਹਨ ਪਰੰਤੂ ਇਹਨਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਪ੍ਰਸ਼ਾਸ਼ਨਿਕ ਅਮਲੇ ਫੈਲੇ ਵਲੋਂ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਅਤੇ ਪ੍ਰਸ਼ਾਸ਼ਨ ਵਲੋਂ ਕਾਨੂੰਨ ਦੀ ਉਲੰਘਣਾ ਕਰਕੇ ਕੀਤੀਆਂ ਜਾਂਦੀਆਂ ਕਾਰਵਾਈਆਂ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਇਸ ਸਾਰੇ ਕੁੱਝ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਆਮ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ। ਸਾਡੇ ਸ਼ਹਿਰ ਅਤੇ ਜਿਲ੍ਹੇ ਵਿੱਚ ਜਨਤਕ ਥਾਵਾਂ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀ ਕਾਰਵਾਈ ਵੀ ਅਜਿਹੀ ਹੀ ਹੈ ਜਿਸਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਨਾ ਹੋਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਸਾਡੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਂਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਵੀ ਕਰਦੇ ਹਨ। ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ।

ਇਸ ਤਰੀਕੇ ਨਾਲ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀ ਕਾਰਵਾਈ ਹੋਵੇ ਜਾਂ ਫੜੀਆਂ ਵਾਲਿਆਂ ਵਲੋਂ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ, ਇਹ ਦੋਵੇਂ ਹੀ ਕਾਨੂੰਨ ਅਨੁਸਾਰ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀਆਂ ਹਨ ਅਤੇ ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਵੀ ਸਾਲ ਪਹਿਲਾਂ ਤੋਂ ਪੂਰੇ ਦੇਸ਼ ਵਿੱਚ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਲਾਗੂ ਕੀਤਾ ਜਾ ਚੁੱਕਿਆ ਹੈ। ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਧੜੱਲੇ ਨਾਲ ਕੀਤੀ ਜਾਂਦੀ ਸਿਗਰਟਨੋਸ਼ੀ ਅਤੇ ਤੰਬਾਕੂ ਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਇਸ ਸੰਬੰਧੀ ਪ੍ਰਸ਼ਾਸ਼ਨ ਵਲੋਂ ਭਾਵੇਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਨਾਜ਼ਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲਿਆਂ ਦੇ ਆਸਪਾਸ ਖੜ੍ਹੇ ਸਿਰਗਰਟਨੋਸ਼ੀ ਦੇ ਸ਼ੌਕੀਨਾਂ ਨੂੰ ਧੂਆਂ ਉੜਾਉਂਦੇ ਆਮ ਵੇਖਿਆ ਜਾ ਸਕਦਾ ਹੈ।

ਕਾਨੂੰਨ ਦੀ ਉਲੰਘਣਾ ਕਰਕੇ ਖੁੱਲੇਆਮ ਕੀਤੀ ਜਾਂਦੀ ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਉੱਪਰ ਰੋਕ ਲਗਾਉਣਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਹੈ ਅਤੇ ਇਸ ਵਾਸਤੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਰਹਿਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ਼ ਕਬਜ਼ੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸਦੇ ਨਾਲ ਹੀ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾਂਦੀ ਸਿਗਰਨਨੋਸ਼ੀ ਦੀ ਕਾਰਵਾਈ ਨੂੰ ਸਖਤੀ ਨਾਲ ਰੋਕਿਆ ਜਾਵੇ। ਜਿਲ੍ਹੇ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲਗਾਤਾਰ ਵੱਧਦੀ ਇਸ ਸਸੱਸਿਆ ਨੂੰ ਹਲ ਕੀਤਾ ਜਾ ਸਕੇ।

Continue Reading

Latest News

Trending