ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮਾਲ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 9 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।