ਹਾਈ ਕੋਰਟ ਵੱਲੋਂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ

ਚੰਡੀਗੜ੍ਹ,9 ਫਰਵਰੀ(ਸ.ਬ.) ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿੱਚ ਹੋਈ ਸੁਣਵਾਈ ਉਪਰੰਤ ਮਾਣਯੋਗ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ 26 ਫਰਵਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਨ੍ਹਾਂ ਦੋਵਾਂ ਅਹੁਦਿਆਂ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਹੁਣ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਾਲ ਹੋਵੇਗੀ।

ਆਪ-ਕਾਂਗਰਸ ਗਠਜੋੜ ਦੇ ਦੋਵੇਂ ਉਮੀਦਵਾਰਾਂ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਨੇ ਆਪਣੀ ਪਟੀਸ਼ਨ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿੱਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਟੀਸ਼ਨ ਪੈਂਡਿੰਗ ਹੋਣ ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਸੇਵਾਵਾਂ ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਕਾਂਗਰਸ ਅਤੇ ਆਮ ਆਦਮੀ ਪਾਰਟੀ ਲਗਾਤਾਰ ਡੀਸੀ ਵੱਲੋਂ ਨਿਯੁਕਤ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਤੇ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਸੀਹ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਆਪ ਟਿੱਕ ਕਰਕੇ ਰੱਦ ਕਰ ਦਿੱਤਾ ਹੈ। ਇਸ ਦੇ ਲਈ ਉਨ੍ਹਾਂ ਵੱਲੋਂ ਵੀਡੀਓ ਰਿਕਾਰਡ ਵੀ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਉਨ੍ਹਾਂ ਵੱਲੋਂ ਵੀਡੀਓ ਸਬੂਤ ਵੀ ਦਿੱਤੇ ਗਏ ਹਨ, ਇਸ ਦੇ ਆਧਾਰ ਤੇ ਉਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨਾ ਚਾਹੁੰਦੇ ਹਨ।