ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 5 ਦੇ ਵਫਦ ਵਲੋਂ ਵਿਨੀਤ ਵਰਮਾ ਨਾਲ ਮੁਲਾਕਾਤ

ਐਸ ਏ ਐਸ ਨਗਰ, 12 ਫਰਵਰੀ (ਸ. ਬ.) ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 5 ਦਾ ਇੱਕ ਵਫਦ ਐਸੋਸੀਏਸ਼ਨ ਦੇ ਪ੍ਰਧਾਨ ਸz. ਰਾਜਪਾਲ ਸਿੰਘ ਚੌਧਰੀ ਦੀ ਅਗਵਾਈ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੂੰ ਮਿਲਿਆ ਅਤੇ ਉਹਨਾਂ ਨੂੰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਇਹਨਾਂ ਸਮੱਸਿਆਵਾਂ ਨੂੰ ਹਲ ਕਰਵਾਇਆ ਜਾਵੇ।

ਇਸ ਮੌਕੇ ਵਫਦ ਵਿੱਚ ਸ਼ਾਮਿਲ ਦੁਕਾਨਦਾਰਾਂ ਨੇ ਸ੍ਰੀ ਵਿਨੀਤ ਵਰਮਾ ਨੂੰ ਦੱਸਿਆ ਕਿ ਪਾਰਕਿੰਗ ਦੀ ਮਾੜੀ ਹਾਲਤ ਹੋਣ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਉਹਨਾਂ ਕਿਹਾ ਕਿ ਮਾਰਕੀਟ ਵਿੱਚ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਵੀ ਕੋਈ ਹਲ ਨਹੀਂ ਹੋਇਆ ਹੈ ਜਿਸ ਕਾਰਨ ਦੁਕਾਨਦਾਰ ਬੁਰੀ ਤਰ੍ਹਾਂ ਪਰੇਸ਼ਾਨ ਹਨ। ਉਹਨਾਂ ਮੰਗ ਕੀਤੀ ਕਿ ਇਹਨਾਂ ਸਮੱਸਿਆਵਾਂ ਦੇ ਹਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਸ੍ਰੀ ਰਾਜਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਵਰਮਾ ਵਲੋਂ ਮੌਕੇ ਤੇ ਹੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਤੇ ਸੰਪਰਕ ਕਰਨ ਤੇ ਇਹਨਾਂ ਸਮੱਸਿਆਵਾਂ ਦਾ ਸਮਾਬੱਧ ਤਰੀਕੇ ਨਾਲ ਹਲ ਕਰਨ ਲਈ ਕਿਹਾ ਗਿਆ। ਉਹਨਾਂ ਵਫਦ ਨੂੰ ਭਰੋਸਾ ਦਿੱਤਾ ਕਿ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕਰਵਾਇਆ ਜਾਵੇਗਾ।