ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ

ਨਗਰ ਨਿਗਮ ਦੇ ਦਫਤਰ ਦੇ ਪਿਛਲੇ ਪਾਸੇ ਲੱਗੇ ਹਨ ਗੰਦਗੀ ਦੇ ਢੇਰ

ਐਸ ਏ ਐਸ ਨਗਰ, 13 ਫਰਵਰੀ (ਆਰ ਪੀ ਵਾਲੀਆ) ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਦੀ ਸਫਾਈ ਵਿਵਸਥਾ ਦੀ ਹਾਲਤ ਲਗਾਤਾਰ ਬਦਹਾਲੀ ਦਾ ਸ਼ਿਕਾਰ ਹੈ ਅਤੇ ਥਾਂ ਥਾਂ ਤੇ ਪਏ ਗੰਦਗੀ ਦੇ ਢੇੇਰ ਸ਼ਹਿਰ ਦੀ ਸਫਾਈ ਵਿਵਸਥਾ ਤੇ ਸਵਾਲ ਚੁੱਕਦੇ ਹਨ। ਇਸ ਸੰਬੰਧੀ ਭਾਵੇਂ ਨਗਰ ਨਿਗਮ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਕਰਨ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਨਗਰ ਨਿਗਮ ਦੀ ਕਾਰਗੁਜਾਰੀ ਦਾ ਅੰਦਾਜਾ ਇਸ ਗੱਲ ਨਾਲ ਵੀ ਲਗਾਇਆ ਜਾ ਸਕਦਾ ਹੈ ਕਿ ਨਗਰ ਨਿਗਮ ਦੀ ਆਪਣੀ ਇਮਾਰਤ ਦੇ ਪਿਛਲੇ ਕਈ ਦਿਨਾਂ ਤੋਂ ਪਏ ਗੰਦਗੀ ਦੇ ਢੇਰ ਨੂੰ ਨਹੀਂ ਚੁਕਵਾਇਆ ਜਾ ਰਿਹਾ ਜਿਸ ਕਾਰਨ ਇਸ ਖੇਤਰ ਦੇ ਵਸਨੀਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ।

ਇਸ ਸੰਬੰਧੀ ਸਾਬਕਾ ਕੌਂਸਲਰ ਸ੍ਰੀ ਬੌਬੀ ਕੰਬੋਜ ਕਹਿੰਦੇ ਹਨ ਕਿ ਜਦੋਂ ਨਗਰ ਨਿਗਮ ਦੇ ਆਪਣੇ ਦਫਤਰ ਦੇ ਪਿੱਛੇ ਇਹ ਹਾਲਤ ਹੈ ਤਾਂ ਫਿਰ ਸ਼ਹਿਰ ਦੀ ਸਫਾਈ ਵਿਵਸਥਾ ਦਾ ਤਾਂ ਰੱਬ ਹੀ ਮਾਲਕ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਥਾਂ ਥਾਂ ਤੇ ਗੰਦਗੀ ਦੇ ਢੇਰ ਲੱਗੇ ਹਨ ਅਤੇ ਕਈ ਕਈ ਦਿਨਾਂ ਤੱਕ ਸਫਾਈ ਨਹੀਂ ਹੁੰਦੀ ਜਿਸ ਕਾਰਨ ਕੂੜੇ ਵਿੱਚੋਂ ਬਦਬੂ ਆਉਂਦੀ ਹੈ ਪਰੰਤੂ ਲੱਗਦਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਨੂੰ ਸਫਾਈ ਵਿਵਸਥਾ ਦੇ ਮਾਮਲੇ ਵਿੱਚ ਅਵਾਰਡ ਤਾਂ ਹਾਸਿਲ ਹੋ ਗਿਆ ਹੈ ਪਰੰਤੂ ਸ਼ਹਿਰ ਦੀ ਹਾਲਤ ਪਹਿਲਾਂ ਤੋਂ ਵੀ ਬਦਤਰ ਹੋ ਗਈ ਹੈ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।