ਪਾਰਟੀ ਛੱਡਣ ਦੇ ਰੌਂਅ ਵਿੱਚ ਹਨ ਅਕਾਲੀ ਦਲ ਦੇ ਕੁੱਝ ਸਥਾਨਕ ਆਗੂ?

ਐਸ ਏ ਐਸ ਨਗਰ, 17 ਅਪ੍ਰੈਲ (ਸ.ਬ.) ਇੱਕ ਪਾਸੇ ਜਿੱਥੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅੱਜ ਅਕਾਲੀ ਦਲ ਵਿੱਚ ਵਾਪਸੀ ਕਰ ਗਏ ਹਨ ਉੱਥੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਆਗੂ ਅਜਿਹੇ ਵੀ ਹਨ ਜਿਹੜੇ ਪਾਰਟੀ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਕਿਸੇ ਸਮੇਂ ਵੀ ਭਾਜਪਾ ਦੀ ਬੇੜੀ ਵਿੱਚ ਸਵਾਰ ਹੋ ਸਕਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਣ ਵਾਲੇ ਇੱਕ ਆਗੂ (ਜੋ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਵੀ ਰਿਹਾ ਹੈ) ਸਮੇਤ ਮੁਹਾਲੀ ਸ਼ਹਿਰ ਅਤੇ ਵੱਖ ਵੱਖ ਪਿੰਡਾਂ ਵਿੱਚ ਰਸੂਖ ਰੱਖਣ ਵਾਲੇ ਕੁੱਝ ਹੋਰ ਆਗੂ ਆਉਣ ਵਾਲੇ ਦਿਨਾਂ ਦੌਰਾਨ ਭਾਜਪਾ ਵਿੱਚ ਜਾ ਸਕਦੇ ਹਨ। ਆਪਣਾ ਨਾਮ ਨਾ ਛਾਪਣ ਦੀ ਸ਼ਰਤ ਤੇ ਇਹਨਾਂ ਵਿੱਚੋਂ ਇੱਕ ਆਗੂ ਨੇ ਕਿਹਾ ਕਿ ਹਲਕੇ ਦੇ ਕਈ ਆਗੂ ਪਾਰਟੀ ਛੱਡ ਰਹੇ ਹਨ ਅਤੇ ਭਾਜਪਾ ਦੇ ਸੰਪਰਕ ਵਿੱਚ ਹਨ।

ਇਸ ਸੰਬੰਧੀ ਸੰਪਰਕ ਕਰਨ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਹਲਕੇ ਦੇ ਵੱਖ ਵੱਖ ਪਾਰਟੀਆਂ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਚਾਹਵਾਨ ਹਨ ਅਤੇ ਉਹਨਾਂ ਦੇ ਸੰਪਰਕ ਵਿੱਚ ਹਨ। ਉਹਨਾਂ ਕਿਹਾ ਕਿ ਛੇਤੀ ਹੀ ਇਸ ਸੰਬੰਧੀ ਚੰਗੀ ਖਬਰ ਸਾਮ੍ਹਣੇ ਆ ਜਾਵੇਗੀ।