ਵਿਸ਼ਵ ਮਲੇਰੀਆ ਦਿਵਸ ਮੌਕੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ.) ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਹਤ ਕਾਮਿਆਂ ਨੇ ਸਕੂਲਾਂ ਵਿਚ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ।

ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਨੇ ਮਲੇਰੀਆ ਰੋਕਥਾਮ ਪੋਸਟਰ ਜਾਰੀ ਕਰਦਿਆਂ ਲੋਕਾਂ ਨੂੰ ਮਲੇਰੀਆ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਇਹ ਦਿਨ ‘ਲਿੰਗ, ਸਿਹਤ ਬਰਾਬਰੀ, ਮਨੁੱਖੀ ਅਧਿਕਾਰ’ ਵਿਸ਼ੇ ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 2030 ਤਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ।

ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਮਲੇਰੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਪੀ.ਏ. ਦਵਿੰਦਰ ਸਿੰਘ ਆਦਿ ਮੌਜੂਦ ਸਨ।