ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਚੌਥੇ ਦਿਨ ਵੀ ਹੜਤਾਲ ਜਾਰੀ, ਸਥਿਤੀ ਤਣਾਅਪੂਰਨ

ਇਸਲਾਮਾਬਾਦ, 13 ਮਈ (ਸ.ਬ.) ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕਣਕ ਦੇ ਆਟੇ ਦੀਆਂ ਉੱਚੀਆਂ ਕੀਮਤਾਂ, ਬਿਜਲੀ ਦੀਆਂ ਕੀਮਤਾਂ ਅਤੇ ਉੱਚ ਟੈਕਸਾਂ ਖਿਲਾਫ ਸ਼ੁਰੂ ਕੀਤੀ ਗਈ ਮੁਕੰਮਲ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ, ਜਿਸ ਨਾਲ ਪੂਰੇ ਖੇਤਰ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਸਥਿਤੀ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਬੀਤੇ ਸ਼ਨੀਵਾਰ ਨੂੰ ਵਿਵਾਦਿਤ ਖੇਤਰ ਵਿੱਚ ਪੁਲੀਸ ਅਤੇ ਅਧਿਕਾਰ ਕਾਰਕੁਨਾਂ ਦਰਮਿਆਨ ਝੜਪਾਂ ਹੋਈਆਂ, ਜਿਸ ਵਿੱਚ ਇੱਕ ਪੁਲੀਸ ਅਧਿਕਾਰੀ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਜ਼ਿਆਦਾਤਰ ਪੁਲੀਸ ਕਰਮਚਾਰੀ ਸਨ।

ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਮੁਕੰਮਲ ਹੜਤਾਲ ਕਾਰਨ ਜਨਜੀਵਨ ਠੱਪ ਹੋ ਗਿਆ। ਅੱਜ ਪ੍ਰਦਰਸ਼ਨਕਾਰੀਆਂ ਅਤੇ ਸੂਬਾ ਸਰਕਾਰ ਵਿਚਾਲੇ ਗੱਲਬਾਤ ਅਸਫਲ ਹੋਣ ਤੋਂ ਬਾਅਦ ਮੌਜੂਦਾ ਸਥਿਤੀ ਤੇ ਚਰਚਾ ਕਰਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਉੱਚ ਪੱਧਰੀ ਮੀਟਿੰਗ ਕਰ ਸਕਦੇ ਹਨ। ਜੰਮੂ-ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਦੇ ਮੈਂਬਰ ਖੇਤਰ ਵਿੱਚ ਪਣ-ਬਿਜਲੀ ਉਤਪਾਦਨ ਦੀ ਲਾਗਤ ਦੇ ਹਿਸਾਬ ਨਾਲ ਬਿਜਲੀ ਦੀਆਂ ਕੀਮਤਾਂ ਤੈਅ ਕਰਨ, ਕਣਕ ਦੇ ਆਟੇ ਤੇ ਸਬਸਿਡੀ ਖ਼ਤਮ ਕਰਨ ਅਤੇ ਕੁਲੀਨ ਵਰਗ ਦੇ ਵਿਸ਼ੇਸ਼ ਅਧਿਕਾਰਾਂ ਦੀ ਮੰਗ ਕਰ ਰਹੇ ਹਨ। ਜੇ.ਏ.ਏ.ਸੀ ਦੀ ਅਗਵਾਈ ਵਿੱਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ਵਿੱਚ ਇੱਕ ਲੰਮਾ ਮਾਰਚ ਕੱਢਿਆ ਗਿਆ। ਜੇ.ਏ.ਏ.ਸੀ ਕੋਰ ਕਮੇਟੀ ਅਤੇ ਖੇਤਰ ਦੇ ਮੁੱਖ ਸਕੱਤਰ ਦਾਊਦ ਬੜੈਚ ਵਿਚਕਾਰ ਗੱਲਬਾਤ ਵਿਚ ਕੋਈ ਹੱਲ ਨਾ ਨਿਕਲਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੁਜ਼ੱਫਰਾਬਾਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ।

ਰਾਵਲਕੋਟ ਦੇ ਇੱਕ ਧਰਨਾਕਾਰੀ ਆਗੂ ਨੇ ਸਰਕਾਰ ਤੇ ਟਾਲਮਟੋਲ ਦੀ ਰਣਨੀਤੀ ਅਪਣਾਉਣ ਦਾ ਦੋਸ਼ ਲਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਹੀ ਕਈ ਥਾਵਾਂ ਤੇ ਕੋਹਾਲਾ-ਮੁਜ਼ੱਫਰਾਬਾਦ ਸੜਕ ਨੂੰ ਬੰਦ ਕਰ ਦਿੱਤਾ ਹੈ ਅਤੇ ਉਥੇ ਹੜਤਾਲ ਤੇ ਬੈਠੇ ਹਨ। ਜ਼ਿਕਰਯੋਗ ਹੈ ਕਿ ਚੌਰਾਹਿਆਂ ਅਤੇ ਸੰਵੇਦਨਸ਼ੀਲ ਥਾਵਾਂ ਤੇ ਵੱਡੀ ਗਿਣਤੀ ਵਿਚ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ। ਬਾਜ਼ਾਰ, ਵਪਾਰਕ ਕੇਂਦਰ ਅਤੇ ਵਿਦਿਅਕ ਅਦਾਰੇ ਬੰਦ ਹਨ, ਜਦੋਂ ਕਿ ਆਵਾਜਾਈ ਸੇਵਾਵਾਂ ਠੱਪ ਹਨ। ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਤੇ ਚਿੰਤਾ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਬੀਤੇ ਦਿਨ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਪਾਰਟੀਆਂ ਨੂੰ ਉਨ੍ਹਾਂ ਦੇ ਹੱਲ ਲਈ ਸ਼ਾਂਤੀਪੂਰਨ ਤਰੀਕੇ ਅਪਣਾਉਣ ਦੀ ਅਪੀਲ ਕਰਦਾ ਹਾਂ ਵਿਰੋਧੀਆਂ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਉਮੀਦ ਕੀਤੀ ਜਾਂਦੀ ਹੈ ਕਿ ਇਹ ਮਾਮਲਾ ਜਲਦੀ ਹੀ ਹੱਲ ਹੋ ਜਾਵੇਗਾ।

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਸਾਰੇ ਹਿੱਸੇਦਾਰਾਂ ਨੂੰ ਧੀਰਜ ਰੱਖਣ ਅਤੇ ਗੱਲਬਾਤ ਅਤੇ ਆਪਸੀ ਸਲਾਹ-ਮਸ਼ਵਰੇ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਖੇਤਰ ਦੇ ਲੋਕਾਂ ਦੀਆਂ ਮੰਗਾਂ ਨੂੰ ਕਾਨੂੰਨ ਅਨੁਸਾਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਮੌਜੂਦਾ ਸਥਿਤੀ ਤੇ ਅਫਸੋਸ ਪ੍ਰਗਟ ਕੀਤਾ। ਪੂਰੇ ਇਲਾਕੇ ਵਿੱਚ ਬਾਜ਼ਾਰ, ਵਪਾਰਕ ਕੇਂਦਰ, ਦਫ਼ਤਰ, ਸਕੂਲ ਅਤੇ ਰੈਸਟੋਰੈਂਟ ਬੰਦ ਰਹੇ। ਮਕਬੂਜ਼ਾ ਕਸ਼ਮੀਰ ਵਿੱਚ ਵੱਖ-ਵੱਖ ਥਾਵਾਂ ਤੇ ਹਿੰਸਾ ਭੜਕਣ ਤੋਂ ਬਾਅਦ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਤੇ ਕਾਰਵਾਈ ਕੀਤੀ ਅਤੇ ਮੁਜ਼ੱਫਰਾਬਾਦ ਵਿੱਚ ਦਰਜਨਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ। ਇੱਕ ਦਿਨ ਪਹਿਲਾਂ ਸਰਕਾਰ ਨੇ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੋਬਾਈਲ ਫੋਨ ਅਤੇ ਇੰਟਰਨੈਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਸੀ।