ਡੀ ਸੀ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਲਈ ਕਿਹਾ

ਐਸ ਏ ਐਸ ਨਗਰ, 15 ਮਈ (ਸ.ਬ.) ਜ਼ਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਅਤੇ ਕਿਸੇ ਵੀ ਗਲਤ ਵਰਤੋਂ ਤੋਂ ਬਚਣ ਲਈ ਕਿਹਾ ਹੈ।

ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਸਲਾਹਕਾਰੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ਸਮੇਤ ਇੰਟਰਨੈਟ ਤੇ ਪੋਸਟ ਕੀਤੀ ਜਾ ਰਹੀ ਸਮੱਗਰੀ ਨੂੰ ਨਿਯਮਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਚੋਣ ਅਮਲ ਦੇ ਹਿੱਸੇਦਾਰਾਂ ਵਿਚਕਾਰ ਬਰਾਬਰੀ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਸੰਵਿਧਾਨਕ ਫਰਜ਼ ਅਨੁਸਾਰ ਸਿਆਸੀ ਪਾਰਟੀਆਂ, ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤਾ, ਸੂਚਨਾ ਤਕਨਾਲੋਜੀ ਐਕਟ, 2000 ਤਹਿਤ ਕਾਨੂੰਨੀ ਬੰਧਨਾਂ ਅਤੇ ਸੂਚਨਾ ਤਕਨਾਲੋਜੀ (ਇੰਟਰਮੀਡੀਅਰੀ ਦਿਸ਼ਾ ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮ 2021, ਭਾਰਤੀ ਦੰਡ ਸੰਹਿਤਾ ਅਤੇ ਲੋਕ ਪ੍ਰਤੀਨਿਧਤਾ ਐਕਟ, 1950 ਅਤੇ 1951 ਦੀ ਪਾਲਣਾ ਕਰਨੀ ਚਾਹੀਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ, ਉਮੀਦਵਾਰਾਂ ਨੂੰ ਕਿਹਾ ਕਿ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਿਸੇ ਵੀ ਗਲਤ ਜਾਣਕਾਰੀ ਜਾਂ ਸੂਚਨਾ ਨੂੰ ਫੈਲਾਉਣ ਲਈ ਨਾ ਕਰਨ ਜੋ ਸਪੱਸ਼ਟ ਤੌਰ ਤੇ ਝੂਠੀ ਜਾਂ ਗੁੰਮਰਾਹਕੁੰਨ ਹੈ।

ਉਹਨਾਂ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਦੇ ਵਿਰੁੱਧ ਕਿਸੇ ਵੀ ਰਾਜਨੀਤਿਕ ਮੁਹਿੰਮ ਵਿੱਚ ਬੱਚਿਆਂ ਦੀ ਵਰਤੋਂ ਨਹਾੀਂ ਕੀਤੀ ਜਾ ਸਕਦੀ ਅਤੇ ਅਜਿਹੀ ਕਿਸੇ ਵੀ ਸਮੱਗਰੀ ਨੂੰ ਪ੍ਰਚਾਰਨ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਸੋਸ਼ਲ ਮੀਡੀਆ ਪਲੇਟਫਾਰਮ ਤੇ ਆਪਣੀ ਕਿਸੇ ਵੀ ਸਮੱਗਰੀ ਵਿੱਚ ਜਾਨਵਰਾਂ ਨੂੰ ਨੁਕਸਾਨ ਜਾਂ ਪਰੇਸ਼ਾਨ ਕਰਨ ਜਾਂ ਹਿੰਸਾ ਬਾਰੇ ਫੋਟੋ, ਵੀਡੀਓ ਪੋਸਟ ਨਹੀਂ ਕਰੇਗਾ।

ਉਹਨਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਨੂੰ ਅਜਿਹੇ ਡੀਪ ਫੇਕ ਆਡੀਓ, ਵੀਡੀਓ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਾ ਦੇਣ ਜੋ ਮੌਜੂਦਾ ਨਿਯਮਾਂ ਦੀ ਉਲੰਘਣਾ ਕਰਦੇ ਹਨ।