Chandigarh
ਬਰਿੰਦਰ ਕੁਮਾਰ ਗੋਇਲ ਵਲੋਂ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਭਾਈਵਾਲਾਂ ਨਾਲ ਮੀਟਿੰਗ

ਚੰਡੀਗੜ੍ਹ, 11 ਮਾਰਚ (ਸ.ਬ.) ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Chandigarh
ਹਰਿਆਣਾ ਵਿੱਚ 10 ਨਗਰ ਨਿਗਮਾਂ ਵਿੱਚੋਂ 9 ਵਿੱਚ ਭਾਜਪਾ ਜੇਤੂ, 1 ਤੇ ਆਜ਼ਾਦ ਉਮੀਦਵਾਰ ਜੇਤੂ

ਚੰਡੀਗੜ੍ਹ, 12 ਮਾਰਚ (ਸ.ਬ.) ਹਰਿਆਣਾ ਦੇ 38 ਸ਼ਹਿਰਾਂ ਵਿੱਚ ਪਿਛਲੇ ਦਿਨੀ ਹੋਈਆਂ 10 ਨਗਰ ਨਿਗਮਾਂ, 4 ਨਗਰ ਕੌਂਸਲਾਂ ਅਤੇ 21 ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। 9 ਨਿਗਮਾਂ ਦੇ ਮੇਅਰਾਂ ਦੇ ਅਹੁਦੇ ਉਤੇ ਭਾਜਪਾ ਅਤੇ ਇਕ ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਨਗਰ ਨਿਗਮ ਗੁਰੂਗ੍ਰਾਮ, ਰੋਹਤਕ, ਹਿਸਾਰ, ਕਰਨਾਲ, ਅੰਬਾਲਾ, ਸੋਨੀਪਤ ਅਤੇ ਫਰੀਦਾਬਾਅਦ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਕਰਨਾਲ ਵਿੱਚ ਮੇਅਰ ਦੀ ਚੋਣ ਵਿੱਚ ਭਾਜਪਾ ਉਮੀਦਵਾਰ ਰੇਨੂੰ ਬਾਲਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੰ 25 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਹੈ। ਰੇਨੂੰ ਬਾਲਾ ਨੂੰ 83630 ਵੋਟਾਂ ਪਈਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੂੰ 58271 ਵੋਟਾਂ ਹੀ ਮਿਲੀਆਂ।
ਨਗਰ ਨਿਗਮ ਅੰਬਾਲਾ ਵਿੱਚ ਮੇਅਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਸ਼ੈਲਜਾ ਸਚਦੇਵਾ ਨੇ ਆਪਣੀ ਵਿਰੋਧੀ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20487 ਵੋਟਾਂ ਨਾਲ ਹਰਾਇਆ ਹੈ। ਸ਼ੈਲਜਾ ਸਚਦੇਵਾ ਨੂੰ 40620 ਵੋਟਾਂ ਪਈਆਂ ਅਤੇ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20133 ਵੋਟਾਂ ਪਈਆਂ।
ਸੋਨੀਪਤ ਨਗਰ ਨਿਗਮ ਵਿੱਚ ਭਾਜਪਾ ਉਮੀਦਵਾਰ ਰਾਜੀਵ ਜੈਨ ਨੇ 34749 ਵੋਟਾਂ ਦੇ ਫਰਕ ਨਾਲ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ ਹਰਾ ਦਿੱਤਾ ਹੈ। ਰਾਜੀਵ ਜੈਨ ਨੂੰ 57858 ਅਤੇ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ 23109 ਵੋਟਾਂ ਪਈਆਂ ਹਨ।
ਨਗਰ ਨਿਗਮ ਰੋਹਤਕ ਵਿੱਚ ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 45198 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੂੰ 102269 ਵੋਟਾਂ ਪਈਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 57071 ਵੋਟਾਂ ਪਈਆਂ ਹਨ।
ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਡਾ. ਇੰਦਰਜ ਯਾਦਵ ਨੇ ਭਾਜਪਾ ਉਮੀਦਵਾਰ ਸੁੰਦਰ ਲਾਲ ਤੋਂ 2293 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਜੀਤ ਯਾਦਵ ਨੂੰ 26393 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸੁੰਦਰ ਲਾਲ ਨੂੰ 24100 ਵੋਟਾਂ ਪਈਆਂ। ਫਰੀਦਾਬਾਦ ਤੋਂ ਭਾਜਪਾ ਦੀ ਪ੍ਰਵੀਨ ਜੋਸ਼ੀ ਮੇਅਰ ਚੁਣੀ ਗਈ ਹੈ।
Chandigarh
ਈ ਡੀ, ਸੀ ਬੀ ਆਈ ਅਤੇ ਆਈ ਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਕੇਂਦਰ ਸਰਕਾਰ : ਬਲਬੀਰ ਸਿੱਧੂ

ਚੰਡੀਗੜ੍ਹ, 11 ਮਾਰਚ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈ ਡੀ, ਸੀ ਬੀ ਆਈ ਅਤੇ ਆਈ ਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਦੇ ਘਰ ਤੇ ਈ ਡੀ ਦੇ ਛਾਪੇ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦੇ ਹਨ, ਪਰ ਭੁਪੇਸ਼ ਬਘੇਲ ਇੱਕ ਮਜ਼ਬੂਤ ਕਾਂਗਰਸੀ ਨੇਤਾ ਹਨ ਜਿਨ੍ਹਾਂ ਨੇ ਪਹਿਲਾਂ ਵੀ ਅਜਿਹੀਆਂ ਲੜਾਈਆਂ ਲੜੀਆਂ ਹਨ।
ਉਹਨਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਭਾਜਪਾ ਕਦੇ ਵੀ ਪੰਜਾਬ ਵਿੱਚ ਪੈਰ ਨਹੀਂ ਜਮਾ ਸਕਦੀ, ਇਸੇ ਲਈ ਉਹ ਕਾਂਗਰਸ ਨੂੰ ਰੋਕਣ ਅਤੇ ਸਾਡੇ ਆਗੂਆਂ ਦੀ ਛਵੀ ਨੂੰ ਖਰਾਬ ਕਰਨ ਲਈ ਹਰ ਚਾਲ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭੁਪੇਸ਼ ਬਘੇਲ ਦੀ ਪੰਜਾਬ ਫੇਰੀ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਟਿਕਾਣਿਆਂ ਤੇ ਕੀਤੀ ਗਈ ਛਾਪੇਮਾਰੀ ਭਾਜਪਾ ਦੀ ਪੰਜਾਬ ਦੇ ਆਗੂਆਂ ਦੀ ਸਦਭਾਵਨਾ ਨੂੰ ਖਰਾਬ ਕਰਨ ਦੀ ਨਿਰਾਸ਼ਾ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਕਾਂਗਰਸ ਨੂੰ ਦੇਸ਼ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ।
ਉਹਨਾਂ ਕਿਹਾ ਕਿ ਭੁਪੇਸ਼ ਬਘੇਲ ਦੇ ਘਰ ਤੇ ਈਡੀ ਦਾ ਛਾਪਾ ਸਿਰਫ਼ ਸੁਰਖੀਆਂ ਬਦਲਣ ਅਤੇ ਲੋਕਾਂ ਦਾ ਧਿਆਨ ਟੈਰਿਫ, ਡਿੱਗਦੀ ਆਰਥਿਕਤਾ ਅਤੇ ਵੋਟਰ ਸੂਚੀ ਦੀ ਧੋਖਾਧੜੀ ਵਰਗੇ ਮਹੱਤਵਪੂਰਨ ਮੁੱਦਿਆਂ ਤੋਂ ਹਟਾਉਣ ਲਈ ਪਹਿਲਾਂ ਤੋਂ ਇੱਕ ਯੋਜਨਾਬੱਧ ਰਣਨੀਤੀ ਸੀ।
Chandigarh
ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਤਹਿਤ ਡਿਫਾਲਟਰਾਂ ਨੂੰ 31 ਦਸੰਬਰ 2025 ਤੱਕ ਮਿਲੇਗੀ ਦੰਡ ਵਿਆਜ ਤੋਂ 100 ਫੀਸਦੀ ਛੂਟ : ਤਰੁਨਪ੍ਰੀਤ ਸਿੰਘ ਸੌਂਦ

ਪੀ. ਐਸ. ਆਈ. ਈ. ਸੀ. ਵੱਲੋਂ ਬਿਨੈਕਾਰਾਂ ਦੀ ਸਹੂਲੀਅਤ ਲਈ ਸਥਾਪਤ ਕੀਤੇ ਜਾਣਗੇ ਵਿਸ਼ੇਸ਼ ਹੈਲਪ ਡੈਕਸ
ਚੰਡੀਗੜ੍ਹ, 11 ਮਾਰਚ (ਸ.ਬ.) ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਮੰਜੂਰ ਕੀਤੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਤਹਿਤ ਡਿਫਾਲਟਰਾਂ ਨੂੰ 31 ਦਸੰਬਰ 2025 ਤੱਕ ਦੰਡ ਵਿਆਜ ਤੋਂ 100 ਫੀਸਦੀ ਛੂਟ ਦਿੱਤੀ ਜਾਵੇਗੀ।
ਸz. ਸੌਂਦ ਨੇ ਕਿਹਾ ਕਿ ਇਸ ਸਕੀਮ ਅਨੁਸਾਰ ਸਰਕਾਰ ਨੇ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ ਦੇ ਨਾਲ ਨਾਲ ਅੱਠ ਫੀਸਦੀ ਦੀ ਮਾਮੂਲੀ ਸਰਲ ਵਿਆਜ ਦਰ ਨਾਲ ਬਕਾਏ ਦੇ ਭੁਗਤਾਨ ਦੀ ਇਜਾਜ਼ਤ ਦੇ ਕੇ ਵਿੱਤੀ ਰਾਹਤ ਪ੍ਰਦਾਨ ਕੀਤੀ ਹੈ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ, 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੰਗਾ-ਖਾਸਾ ਸਮਾਂ ਮਿਲ ਸਕੇ।
ਉਦਯੋਗ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਅਸਲ ਅਲਾਟਮੈਂਟ ਪਹਿਲੀ ਜਨਵਰੀ, 2020 ਜਾਂ ਇਸ ਤੋਂ ਪਹਿਲਾਂ ਹੋਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲਗਭਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣਗੇ ਅਤੇ ਆਪਣੇ ਕਾਰੋਬਾਰਾਂ ਵਿੱਚ ਮੁੜ ਨਿਵੇਸ਼ ਕਰ ਸਕਣਗੇ।
ਉਹਨਾਂ ਕਿਹਾ ਕਿ ਇਨ੍ਹਾਂ ਸਾਰੇ ਉਦਯੋਗਪਤੀਆਂ ਨੂੰ 30 ਅਪ੍ਰੈਲ, 2025 ਤੱਕ ਨੋਟਿਸ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਉਹ 31 ਦਸੰਬਰ ਤੱਕ ਪੈਸੇ ਜਮ੍ਹਾਂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਸਹੂਲੀਅਤ ਤੇ ਸਮੁੱਚੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਨਅਤਕਾਰਾਂ ਦੇ ਸਹਿਯੋਗ ਲਈ ਪੀ ਐਸ ਆਈ ਈ ਸੀ ਵੱਲੋਂ ਵਿਸ਼ੇਸ਼ ਹੈਲਪ ਡੈਕਸ ਸਥਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪੰਜਾਬ ਭਰ ਵਿੱਚ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ ਵੱਲੋਂ ਵਿਕਸਤ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ, ਸ਼ੈੱਡਾਂ, ਕਮਰਸ਼ੀਅਲ ਪਲਾਟ ਅਤੇ ਰਿਹਾਇਸ਼ੀ ਪਲਾਟਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਲਾਟ ਧਾਰਕਾਂ ਦੀ ਅਲਾਟਮੈਂਟ ਰੱਦ ਹੋ ਗਈ ਸੀ ਪਰ ਜਿਸ ਦਾ ਕਬਜ਼ਾ ਹਾਲੇ ਪੀ. ਐਸ. ਆਈ. ਈ. ਸੀ. ਨੇ ਨਹੀਂ ਲਿਆ ਸੀ (ਜਿਹੜੇ ਅੱਗੇ ਅਲਾਟ ਨਹੀਂ ਹੋਏ ਸਨ), ਉਨ੍ਹਾਂ ਨੂੰ ਆਪਣੇ ਬਕਾਇਆ ਦੇ ਭੁਗਤਾਨ ਨਾਲ ਆਪਣਾ ਕਾਰੋਬਾਰ ਮੁੜ ਸ਼ੁਰੂ ਕਰਨ ਅਤੇ ਵਿਕਾਸ ਕਰਨ ਦਾ ਮੌਕਾ ਮਿਲੇਗਾ।
ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਕੱਤਰ ਮਾਲੀਏ ਨੂੰ ਸਨਅਤੀ ਬੁਨਿਆਦੀ ਢਾਂਚੇ ਵਿੱਚ ਮੁੜ ਨਿਵੇਸ਼ ਕੀਤਾ ਜਾਵੇਗਾ, ਜਿਸ ਨਾਲ ਫੋਕਲ ਪੁਆਇੰਟਾਂ ਦੀ ਹਾਲਤ ਸੁਧਰੇਗੀ ਅਤੇ ਨਵੇਂ ਸਨਅਤੀ ਪਾਰਕਾਂ ਦਾ ਵਿਕਾਸ ਕਰ ਕੇ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇਗਾ।
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ