Mohali
ਤਰਕਸ਼ੀਲ ਸੁਸਾਇਟੀ ਵਲੋਂ ਪਾਸਟਰ ਬਜਿੰਦਰ ਨੂੰ ਜਬਰ ਜਨਾਹ ਕੇਸ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਦਾ ਸਵਾਗਤ
ਧਾਰਮਿਕ ਆਸਥਾ ਹੇਠ ਇਲਾਜ ਕਰਨ ਦੇ ਦਾਅਵੇ ਨੂੰ ਦਿੱਤੀ ਚੁਣੌਤੀ, ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ
ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਅਖੌਤੀ ਦੈਵੀ ਸ਼ਕਤੀਆਂ ਨਾਲ ਭੋਲੇ ਭਾਲੇ ਲੋਕਾਂ ਨੂੰ ਝਾਂਸੇ ਵਿੱਚ ਫਸਾਉਣ ਵਾਲੇ ਪਾਦਰੀ ਬਜਿੰਦਰ ਨੂੰ ਇਕ ਔਰਤ ਨਾਲ ਕੀਤੇ ਜਬਰ ਜਨਾਹ ਅਤੇ ਕੁੱਟ ਮਾਰ ਦੇ ਦੋਸ਼ ਹੇਠ ਮੁਹਾਲੀ ਅਦਾਲਤ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਦਾ ਸਵਾਗਤ ਕਰਦਿਆਂ ਅਜਿਹੇ ਹੋਰਨਾਂ ਫਿਰਕਿਆਂ ਦੇ ਪੁਜਾਰੀਆਂ, ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਵੱਲੋਂ ਧਾਰਮਿਕ ਆਸਥਾ ਅਤੇ ਇਲਾਜ ਕਰਨ ਦੇ ਨਾਂ ਹੇਠ ਅੰਧ ਵਿਸ਼ਵਾਸ਼ ਫੈਲਾ ਕੇ ਅਖੌਤੀ ਭੂਤ ਪ੍ਰੇਤ ਕੱਢਣ ਦੀਆਂ ਅਪਰਾਧਿਕ ਗਤੀਵਿਧੀਆਂ ਉਤੇ ਪਾਬੰਦੀ ਲਾਉਣ ਲਈ ਠੋਸ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ ਹੈ।
ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਬਲਬੀਰ ਲੌਂਗੋਵਾਲ, ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਇਕ ਬਿਆਨ ਵਿੱਚ ਕਿਹਾ ਕਿ ਮੈਡੀਕਲ ਰਜਿਸਟ੍ਰੇਸ਼ਨ ਐਕਟ ਤਹਿਤ ਕਿਸੇ ਵੀ ਵਿਅਕਤੀ ਵੱਲੋਂ ਡਾਕਟਰੀ ਦੀ ਮਾਨਤਾ ਪ੍ਰਾਪਤ ਡਿਗਰੀ ਤੋਂ ਬਗੈਰ ਧਾਰਮਿਕ ਆਸਥਾ ਹੇਠ ਕਿਸੇ ਕਥਿਤ ਦੈਵੀ ਸ਼ਕਤੀ, ਪ੍ਰਾਰਥਨਾ ਜਾਂ ਪਾਠ -ਪੂਜਾ ਨਾਲ ਕਿਸੇ ਦੀ ਸਰੀਰਕ ਜਾਂ ਮਾਨਸਿਕ ਬਿਮਾਰੀ, ਕਥਿਤ ਬੁਰੀ ਆਤਮਾ ਦਾ ਇਲਾਜ ਕਰਨਾ ਸਰਾਸਰ ਗ਼ੈਰ ਕਾਨੂੰਨੀ ਅਤੇ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਕਿਹਾ ਕਿ ਪਾਠ-ਪੂਜਾ ਅਤੇ ਪ੍ਰਾਰਥਨਾ ਨਾਲ ਕਿਸੇ ਗੰਭੀਰ ਬਿਮਾਰੀ ਦੇ ਮਰੀਜ਼ ਨੂੰ ਕਿਸੇ ਵੀ ਤਰਾਂ ਸਿਹਤਯਾਬ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕਿਸੇ ਦੀ ਖਾਹਿਸ਼ ਦੀ ਪੂਰਤੀ ਜਾਂ ਸਮੱਸਿਆ ਹੱਲ ਕੀਤੀ ਜਾ ਸਕਦੀ ਹੈ ਪਰ ਪਾਸਟਰ ਬਜਿੰਦਰ ਅਤੇ ਗੁਰਮੀਤ ਰਾਮ ਰਹੀਮ ਵਰਗੇ ਅਖੌਤੀ ਅਧਿਆਤਮਕ ਆਗੂ ਧਾਰਮਿਕ ਆਸਥਾ ਹੇਠ ਇਲਾਜ ਕਰਨ ਦੇ ਬਹਾਨੇ ਭੋਲੀ ਭਾਲੀ ਲੜਕੀਆਂ ਅਤੇ ਔਰਤਾਂ ਨਾਲ ਜਬਰ ਜਨਾਹ ਕਰਨ ਦੇ ਇਲਾਵਾ ਪੀੜਤ ਪੈਰੋਕਾਰਾਂ ਦੀ ਅੰਨ੍ਹੀ ਆਰਥਿਕ ਲੁੱਟ ਵੀ ਕਰਦੇ ਹਨ।
ਤਰਕਸ਼ੀਲ ਆਗੂਆਂ ਨੇ ਕਿਹਾ ਕਿ ਲੋਕਾਂ ਵਿਚ ਅੰਧਵਿਸ਼ਵਾਸ ਫੈਲਣ, ਆਪਣੀਆਂ ਸਮੱਸਿਆਵਾਂ, ਬਿਮਾਰੀਆਂ ਦੇ ਖਾਤਮੇ ਲਈ ਕਿਸੇ ਅਖੌਤੀ ਦੈਵੀ ਸ਼ਕਤੀ, ਚਮਤਕਾਰ ਤੇ ਪਾਠ-ਪੂਜਾ ਉਤੇ ਟੇਕ ਰੱਖਣ ਅਤੇ ਉਨ੍ਹਾਂ ਦੇ ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਡੇਰਿਆਂ ਦੇ ਝਾਂਸੇ ਵਿਚ ਫਸਣ ਪਿੱਛੇ ਮੌਜੂਦਾ ਭ੍ਰਿਸ਼ਟ ਅਤੇ ਲੋਕ ਵਿਰੋਧੀ ਰਾਜ ਪ੍ਰਬੰਧ ਜ਼ਿੰਮੇਵਾਰ ਹੈ ਜਿਹੜਾ ਵੱਡੀ ਗਿਣਤੀ ਲੋਕਾਂ ਨੂੰ ਗਰੀਬ, ਅਨਪੜ੍ਹ, ਅੰਧ ਵਿਸ਼ਵਾਸੀ ਅਤੇ ਬਿਮਾਰ ਰੱਖਕੇ ਅਜਿਹੇ ਪਾਖੰਡੀਆਂ, ਡੇਰਿਆਂ ਅਤੇ ਵੱਡੇ ਪੂੰਜੀਪਤੀਆਂ ਦੀ ਸਰਪ੍ਰਸਤੀ ਕਰਦਾ ਹੈ।
ਇਸ ਮੌਕੇ ਸੂਬਾ ਕਮੇਟੀ ਦੇ ਆਗੂਆਂ ਰਾਜੇਸ਼ ਅਕਲੀਆ, ਜੋਗਿੰਦਰ ਕੁੱਲੇਵਾਲ, ਜਸਵੰਤ ਮੁਹਾਲੀ, ਅਜੀਤ ਪ੍ਰਦੇਸੀ, ਜਸਵਿੰਦਰ ਫਗਵਾੜਾ, ਗੁਰਪ੍ਰੀਤ ਸ਼ਹਿਣਾ, ਸੰਦੀਪ ਧਾਰੀਵਾਲ ਭੋਜਾ ਨੇ ਦੋਸ਼ ਲਾਇਆ ਕਿ ਬੀਤੇ ਅਗਸਤ ਮਹੀਨੇ ਜਿਲ੍ਹਾ ਗੁਰਦਾਸਪੁਰ ਅਧੀਨ ਥਾਣਾ ਧਾਰੀਵਾਲ ਦੇ ਪਿੰਡ ਸਿੰਘਪੁਰਾ ਦੇ ਨੌਜਵਾਨ ਸੈਮੂਅਲ ਮਸੀਹ ਨੂੰ ਇਕ ਪਾਦਰੀ ਅਤੇ ਉਸਦੇ ਸਾਥੀਆਂ ਵੱਲੋਂ ਅਖੌਤੀ ਭੂਤ ਪ੍ਰੇਤ, ਬੁਰੀ ਆਤਮਾ ਕੱਢਣ ਦੇ ਬਹਾਨੇ ਹੇਠ ਉਸਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਕੁੱਟ ਕੁੱਟ ਕੇ ਜਾਨੋਂ ਮਾਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪਿਛਲੇ ਸਮੇਂ ਵਿਚ ਪਾਖੰਡੀ ਬਾਬਿਆਂ, ਤਾਂਤਰਿਕਾਂ ਵੱਲੋਂ ਪਿੰਡ ਭਿੰਡਰ ਕਲਾਂ (ਮੋਗਾ), ਪਿੰਡ ਕੋਟ ਫੱਤਾ (ਬਠਿੰਡਾ), ਪਿੰਡ ਮੂਧਲ (ਅੰਮ੍ਰਿਤਸਰ) ਅਤੇ ਖੰਨਾ (ਲੁਧਿਆਣਾ) ਵਿਖੇ ਮਾਸੂਮ ਬੱਚਿਆਂ ਦੀ ਬਲੀ ਦੇਣ ਦੀਆਂ ਦਿਲ ਕੰਬਾਊ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਕਿਸੇ ਵੀ ਸਰਕਾਰ ਨੇ ਅਜਿਹੇ ਅਣਮਨੁੱਖੀ ਅਤੇ ਗੈਰ ਕਾਨੂੰਨੀ ਧੰਦੇ ਨੂੰ ਬੰਦ ਕਰਵਾਉਣ ਲਈ ਕੋਈ ਠੋਸ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਨ ਦੀ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਨਿਭਾਈ।
ਤਰਕਸ਼ੀਲ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ ਵਿਗਿਆਨਕ ਸੋਚ ਅਪਣਾ ਕੇ ਅਤੇ ਡਾਕਟਰੀ ਇਲਾਜ ਪ੍ਰਣਾਲੀ ਉਤੇ ਭਰੋਸਾ ਕਰਕੇ ਹੀ ਅਜਿਹੇ ਪਾਖੰਡੀਆਂ ਦੀ ਲੁੱਟ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਅਜਿਹੇ ਪਾਖੰਡੀਆਂ ਨੂੰ ਤਰਕਸ਼ੀਲ ਸੁਸਾਇਟੀ ਵੱਲੋਂ ਸ਼ਰਤਾਂ ਅਧੀਨ ਰੱਖੇ ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦੀ ਚੁਣੌਤੀ ਵੀ ਦਿੱਤੀ ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
