Connect with us

Chandigarh

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ, ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ : ਕਟਾਰੂਚੱਕ

Published

on

 

ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚੰਡੀਗੜ, 5 ਅਪ੍ਰੈਲ (ਸ.ਬ.) ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲੀਅਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਿਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਸਾਰੇ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਹੀਂ ਕਰਨਗੇ ਅਤੇ ਸੀਜ਼ਨ ਮੁਕੰਮਲ ਹੋਣ ਤੱਕ ਉਹ ਮੰਡੀਆਂ ਅਤੇ ਆਪਣੇ ਸਟੇਸ਼ਨ ਉੱਪਰ ਹਾਜ਼ਿਰ ਰਹਿਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਨਾਲ ਸਬੰਧਿਤ ਚਾਰ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਸੀਜ਼ਨ ਦੌਰਾਨ ਮਾਝਾ ਖੇਤਰ ਨਾਲ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 6.69 ਲੱਖ ਮੀਟਰਕ ਟਨ, ਅੰਮ੍ਰਿਤਸਰ ਵਿੱਚ 7.54 ਲੱਖ ਮੀਟਰਕ ਟਨ, ਤਰਨਤਾਰਨ ਵਿੱਚ 7.76 ਲੱਖ ਮੀਟਰਕ ਟਨ ਅਤੇ ਜ਼ਿਲ੍ਹਾ ਪਠਾਨਕੋਟ ਵਿੱਚ 0.73 ਲੱਖ ਮੀਟਰਕ ਟਨ ਕਣਕ ਦੀ ਫ਼ਸਲ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ, ਬਾਥਰੂਮ, ਬਿਜਲੀ ਅਤੇ ਸਾਫ਼-ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਫ਼ਸਟ-ਏਡ ਮੈਡੀਕਲ ਕਿੱਟਾਂ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਤਰਪਾਲਾਂ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਕਰ ਦਿੱਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ, ਜਲੰਧਰ ਡਵੀਜ਼ਨ, ਸ੍ਰੀ ਮਨੀਸ਼ ਨਰੂਲਾ, ਡੀ. ਐੱਫ. ਐੱਸ. ਸੀ. ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਡੀ. ਐੱਫ. ਐੱਸ. ਸੀ., ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਿਰ ਸਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending