Chandigarh
ਪੰਜਾਬ ਪੁਲੀਸ ਨੇ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ
ਸੰਖੇਪ ਗੋਲੀਬਾਰੀ ਤੋਂ ਬਾਅਦ ਕੀਤਾ ਕਾਬੂ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਐਂਟੀ-ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਪੰਜਾਬ ਨੇ ਤਰਨਤਾਰਨ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ ਉਰਫ਼ ਮਹਿਕ ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ- ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀ ਐਕਸ 30 ਸ਼ਾਮਲ ਹੈ, ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਨੂੰ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀ ਜੀ ਪੀ) ਏ ਜੀ ਟੀ ਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਹਿਕਪ੍ਰੀਤ ਅਤੇ ਯੁਵਰਾਜ, ਤਰਨਤਾਰਨ ਵਿੱਚ ਸਰਪੰਚ ਦੇ ਘਰ ਤੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ 26 ਅਤੇ 27 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਪਿੰਡ ਨੌਸ਼ਹਿਰਾ ਪੰਨੂਆਂ ਦੇ ਸਰਪੰਚ ਦੇ ਘਰ ਬਾਹਰ ਗੋਲੀਬਾਰੀ ਕੀਤੀ ਸੀ।
ਉਹਨਾਂ ਕਿਹਾ ਕਿ ਏ ਆਈ ਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏ ਜੀ ਟੀ ਐਫ ਦੀਆਂ ਟੀਮਾਂ ਅਤੇ ਐਸ ਐਸ ਪੀ ਅਭਿਮਨਿਊ ਰਾਣਾ ਦੀ ਨਿਗਰਾਨੀ ਵਿੱਚ ਤਰਨਤਾਰਨ ਪੁਲੀਸ ਦੀਆਂ ਟੀਮਾਂ, ਸਰਪੰਚ ਦੇ ਘਰ ਬਾਹਰ ਹੋਈ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦੀ ਪੈਰਵਾਈ ਕਰ ਰਹੀਆਂ ਸਨ ਤਾਂ ਪੁਲੀਸ ਨੂੰ ਨੌਸ਼ਹਿਰਾ ਪੰਨੂਆਂ ਦੇ ਖੇਤਰ ਵਿੱਚ ਘੁੰਮ ਰਹੇ ਦੋਵਾਂ ਮੁਲਜ਼ਮਾਂ ਸਬੰਧੀ ਖੁਫੀਆ ਇਤਲਾਹ ਮਿਲੀ। ਇਸ ਮੌਕੇ ਏ ਆਈ ਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲੀਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ। ਉਹਨਾਂ ਕਿਹਾ ਕਿ ਜਦੋਂ ਪੁਲੀਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲੀਸ ਪਾਰਟੀ ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲੀਸ ਟੀਮਾਂ ਨੇ ਸਵੈ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਐਸ ਐਸ ਪੀ ਅਭਿਮਨਿਊ ਰਾਣਾਂ ਨੇ ਕਿਹਾ ਕਿ ਮੁਲਜ਼ਮ ਮਹਿਕਪ੍ਰੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਸਰਪੰਚ ਦੇ ਘਰ ਤੇ ਗੋਲੀਬਾਰੀ ਦੇ ਮਾਮਲੇ ਵਿੱਚ ਉਸਦੀ ਸ਼ਮੂਲੀਅਤ ਤੋਂ ਇਲਾਵਾ, ਮੁਲਜ਼ਮ ਵਿਸਫੋਟਕ ਪਦਾਰਥ ਐਕਟ ਤਹਿਤ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ, ਜਿਸ ਵਿੱਚ ਦੋ ਹੱਥਗੋਲੇ ਅਤੇ ਹਥਿਆਰ-ਗੋਲੀ ਸਿੱਕਾ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
