Mohali
ਮੋਨਾਲੀਸਾ ਦੀ ਪੇਂਟਿੰਗ ਨੂੰ ਟੱਕਰ ਦਿੰਦੀ ਹੈ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਘਾਹ ਨਾਲ ਬਣੀ ਅਦਭੁਤ ਮੂਰਤੀ
ਰਾਜਪੁਰਾ, 24ਜੁਲਾਈ (ਜਤਿੰਦਰ ਲੱਕੀ) ਰਾਜਪੁਰਾ ਨੂੰ ਗੇਟ ਆਫ ਪੰਜਾਬ ਦਾ ਦਰਜਾ ਹਾਸਿਲ ਹੈ ਅਤੇ ਜੀ ਟੀ ਰੋਡ ਰਾਂਹੀ ਪੰਜਾਬ ਆਉਣ ਵਾਲੇ ਲੋਕ ਰਾਜਪੁਰਾ ਤੋਂ ਹੀ ਪੰਜਾਬ ਵਿੱਚ ਦਾਖਿਲ ਹੁੰਦੇ ਹਨ। ਰਾਜਪੁਰੇ ਦੀਆਂ ਕਈ ਹਸਤੀਆਂ ਨੇ ਨਾ ਸਿਰਫ ਵਿਸ਼ਵ ਪੱਧਰ ਤੇ ਆਪਣੀ ਪਹਿਚਾਨ ਬਣਾਈ ਹੈ ਬਲਕਿ ਦੁਨੀਆ ਭਰ ਵਿੱਚ ਰਾਜਪੁਰਾ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਰਾਜਪੁਰਾ ਦੇ ਮਸ਼ਹੂਰ ਗ੍ਰਾਸ ਆਰਟਿਸਟ (ਘਾਹ ਕਲਾਕਾਰ) ਅਭਿਸ਼ੇਕ ਕੁਮਾਰ ਚੌਹਾਨ ਪਿਛਲੇ ਇੱਕ ਦਹਾਕੇ ਤੋਂ ਇਤਿਹਾਸਿਕ ਗ੍ਰਾਸ ਕਲਾ ਦੀ ਵਿਰਾਸਤ ਸੰਭਾਲ ਰਹੇ ਹਨ। ਉਹਨਾਂ ਵਲੋਂ ਘਾਹ ਨਾਲ ਬਣਾਈ ਗਈ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਰਹੀ ਹੈ। ਇਸ ਸਾਲ ਪੂਰਾ ਭਾਰਤ ਸ਼ਿਵਾਜੀ ਮਹਾਰਾਜ ਦੀ ਤਾਜਪੋਸ਼ੀ ਦਾ 350 ਸਾਲਾ ਜਸ਼ਨ ਮਨਾ ਰਿਹਾ ਹੈ ਅਤੇ ਰਾਜਪੁਰਾ ਦੇ ਅਭਿਸ਼ੇਕ ਕੁਮਾਰ ਚੌਹਾਨ ਵਲੋਂ ਘਾਹ ਨਾਲ ਬਣਾਈ ਸ਼ਿਵਾਜੀ ਮਹਾਰਾਜ ਦੀ ਇਹ ਵਿਲੱਖਣ ਮੂਰਤੀ 350 ਸਾਲਾ ਤਾਜਪੋਸ਼ੀ ਦੀਆਂ ਖੁਸ਼ੀਆਂ ਨੂੰ ਦੁੱਗਣਾ ਕਰ ਰਹੀ ਹੈ।
ਇਸ ਵਿਲੱਖਣ ਮੂਰਤੀ ਦੇ ਚਿਹਰੇ ਦੇ ਹਾਵ-ਭਾਵ ਵੀ ਬਦਲਦੇ ਹਨ। ਹਾਵ-ਭਾਵ ਕਿਉਂ ਅਤੇ ਕਿਵੇਂ ਬਦਲਦੇ ਹਨ ਇਹ ਆਪਣੇ ਆਪ ਵਿੱਚ ਇੱਕ ਰਾਜ ਹੈ। ਪਾਠਕਾਂ ਨੇ ਮੋਨਾਲਿਸਾ ਦੀ ਪੇਂਟਿੰਗ ਬਾਰੇ ਸੁਣਿਆ ਹੋਵੇਗਾ, ਜਿਸਨੂੰ ਇਸ ਵੇਲੇ ਦੁਨੀਆ ਦੀ ਸਭਤੋਂ ਮਹਿੰਗੀ ਪੇਂਟਿੰਗ ਦੱਸਿਆ ਜਾਂਦਾ ਹੈ। ਇਸ ਰਹੱਸਮਈ ਪੇਂਟਿੰਗ ਬਾਰੇ ਕਿਹਾ ਜਾਂਦਾ ਹੈ ਕਿ ਇਸ ਦੇ ਚਿਹਰੇ ਦੇ ਹਾਵ-ਭਾਵ ਬਦਲ ਜਾਂਦੇ ਹਨ। ਇਸੇ ਤਰ੍ਹਾਂ ਹੀ ਘਾਹ ਕਲਾਕਾਰ ਨੇ ਸਾਲਾਂ ਦੀ ਖੋਜ ਤੋਂ ਬਾਅਦ, ਬੁਣਾਈ ਦੇ ਪੈਟਰਨ ਨਾਲ ਸ਼ਿਵਾਜੀ ਮਹਾਰਾਜ ਦਾ ਚਿਹਰਾ ਅਜਿਹਾ ਬਣਾਇਆ ਹੈ ਜੋ ਭਾਵਨਾਵਾਂ ਨੂੰ ਬਦਲਣ ਦੇ ਸਮਰੱਥ ਹੈ ਅਤੇ ਚਿਹਰੇ ਦੇ ਹਾਵ ਭਾਵ ਬਦਲਣ ਨਾਲ ਮੂਲ ਚੇਹਰੇ ਦੀ ਬਣਾਵਟ ਵਿਚ ਕੋਈ ਫਰਕ ਨਹੀਂ ਪੈਂਦਾ।
ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹ ਦੁਨੀਆ ਦੀ ਪਹਿਲੀ ਅਜਿਹੀ ਮੂਰਤੀ ਹੈ ਜੋ ਤਿੰਨ ਤਰ੍ਹਾਂ ਦੇ ਭਾਵਾਂ ਨੂੰ ਦਰਸਾਉਂਦੀ ਹੈ। ਜਦੋਂ ਮੂਰਤੀ ਦੇ ਸਾਹਮਣੇ ਤੋਂ ਆਮ ਰੌਸ਼ਨੀ ਵਿਚ ਦੇਖਿਆ ਜਾਂਦਾ ਹੈ, ਤਾਂ ਇਕ ਸ਼ਾਂਤ ਚਿਹਰਾ ਦਿਖਦਾ ਹੁੰਦਾ ਹੈ ਅਤੇ ਜਦੋਂ ਉਸ ਬੁੱਤ ਤੇ ਰੌਸ਼ਨੀ ਪਾਈ ਜਾਂਦੀ ਹੈ, ਤਾਂ ਗੁੱਸੇ ਦੀ ਭਾਵਨਾ ਦਿਖਾਈ ਦਿੰਦੀ ਹੈ। ਮੂਰਤੀ ਨੂੰ ਮੋਢਿਆਂ ਦੇ ਪਾਸਿਆਂ ਤੋਂ ਦੇਖਣ ਤੇ ਮੂਰਤੀ ਨਰਮੀ ਨਾਲ ਹੱਸਦੀ ਜਾਪਦੀ ਹੈ।
ਗ੍ਰਾਸ ਆਰਟਿਸਟ ਅਭਿਸ਼ੇਕ ਦਾ ਕਹਿਣਾ ਹੈ ਕਿ 11 ਸਾਲ ਪਹਿਲਾਂ ਕਿਸੇ ਨੇ ਗ੍ਰਾਸ ਆਰਟਿਸਟ ਨੂੰ ਟੋਕਰੀ ਜੁਲਾਹੇ ਵਜੋਂ ਸੰਬੋਧਨ ਕੀਤਾ ਸੀ ਜਿਸ ਨਾਲ ਉਸ ਦੇ ਮੰਨ ਨੂੰ ਸੱਟ ਲੱਗੀ ਅਤੇ ਉਸਨੇ 11 ਸਾਲਾਂ ਦੀ ਮਿਹਨਤ ਤੋਂ ਬਾਅਦ ਘਾਹ ਕਲਾ ਨੂੰ ਇਸ ਕਦਰ ਵਿਕਸਤ ਕਰ ਲਿਆ ਹੈ ਕਿ ਉਸਨੇ ਘਾਹ ਦੀ ਮੂਰਤੀ ਤਕ ਬਣਾਉਣਾ ਸੰਭਵ ਕਰ ਵਿਖਾਇਆ ਹੈ।
ਕਲਾਕਾਰ ਵਲੋਂ ਇਸ ਮੂਰਤੀ ਦੀ ਤਾਜਪੋਸ਼ੀ ਲਈ ਤਿਲਕ ਤੇ ਹਲਕੇ ਲਾਲ ਰੰਗ ਦੀ ਵਰਤੋਂ ਕੀਤੀ ਗਈ ਹੈ, ਪਰ ਪੂਰੀ ਮੂਰਤੀ ਤੇ ਕਿਸੇ ਵੀ ਰੰਗ ਦੀ ਵਰਤੋਂ ਨਹੀਂ ਕੀਤੀ ਗਈ ਹੈ, ਅੱਖਾਂ, ਦਾੜ੍ਹੀ ਅਤੇ ਸਿਰ ਦੇ ਵਾਲਾਂ ਤੇ ਬਰੀਕ ਕਾਲੇ ਘਾਹ ਦੇ ਰੇਸ਼ਿਆਂ ਨਾਲ ਬੁਣਤੀ ਕੀਤੀ ਗਈ ਹੈ ਅਤੇ ਮੂਰਤੀ ਦੀਆਂ ਬਾਰੀਕੀਆਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇੱਥੋਂ ਤੱਕ ਕਿ ਉਂਗਲਾਂ ਦੇ ਨਹੁੰ ਵੀ ਘਾਹ ਦੇ ਬਣੇ ਹੋਏ ਹਨ। ਮੂਰਤੀ ਦੇ ਗਲੇ ਵਿੱਚ ਮਾਲਾ ਵੀ ਘਾਹ ਦੀ ਬਣੀ ਹੋਈ ਹੈ ਅਤੇ ਇਸ ਵਿੱਚ ਵਰਤਿਆ ਗਿਆ ਧਾਗਾ ਵੀ ਘਾਹ ਦਾ ਬਣਿਆ ਹੋਇਆ ਹੈ। ਦਸਤਾਰ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਕਿ ਕਿਸੇ ਵੀ ਕੋਣ ਤੋਂ ਪੈਂਦੀ ਤੇਜ ਰੌਸ਼ਨੀ ਪੂਰੀ ਪੱਗ ਨੂੰ ਰੌਸ਼ਨ ਕਰ ਦਿੰਦੀ ਹੈ।
ਗੁੰਝਲਦਾਰ ਗਣਿਤ ਦੀ ਗਲ ਕਰੀਏ ਤਾਂ ਮੂਰਤੀ ਬਣਾਉਣ ਲਈ 1678 ਘਾਹ ਦੇ ਤਿਨਕਿਆ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ ਚਿਹਰੇ ਅਤੇ ਸਿਰ ਤੇ ਬੁਣਾਈ ਦੀ ਗਣਨਾ ਅਲੱਗ ਕੀਤੀ ਗਈ ਹੈ, ਜਿਸ ਵਿਚ 8245 ਤਿਨਕਿਆ ਦੇ ਬਰੀਕ ਫਾਈਬਰ ਦੀ ਵਰਤੋਂ ਕੀਤੀ ਗਈ ਹੈ ਜਿਸ ਨੂੰ 27921 ਵਾਰ ਮੋੜਿਆ ਗਿਆ ਹੈ। ਇਸ ਦੀ ਉਚਾਈ 13 ਇੰਚ ਅਤੇ ਚੌੜਾਈ 7 ਇੰਚ ਹੈ।
ਚੌਹਾਨ ਨੇ ਦੱਸਿਆ ਕਿ ਉਸ ਦੀ ਮਾਂ ਨੇ ਉਸ ਨੂੰ ਕਲਾ ਕਰਨ ਅਤੇ ਇਸ ਨੂੰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ ਹੈ , ਜਿਸ ਕਾਰਨ ਉਸ ਨੇ ਕਈ ਵਿਸ਼ਵ ਰਿਕਾਰਡ ਬਣਾਏ ਹਨ। ਜਿਸ ਵਿੱਚ ਅੱਖਾਂ ਉੱਤੇ ਪੱਟੀ ਬੰਨ੍ਹਕੇ ਘਾਹ ਕਲਾ ਦੇ ਕਈ ਵਿਸ਼ਵ ਰਿਕਾਰਡ ਸ਼ਾਮਲ ਹਨ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
Mohali
ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।
ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
