Connect with us

Editorial

ਰਿਹਾਇਸ਼ੀ ਖੇਤਰਾਂ ਵਿੱਚ ਪੀ ਜੀ ਦੇ ਨਾਮ ਤੇ ਚਲਦੇ ਕਾਰੋਬਾਰ ਤੇ ਸਖਤੀ ਨਾਲ ਕਾਬੂ ਕਰੇ ਪ੍ਰਸ਼ਾਸ਼ਨ

Published

on

 

ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਪੀ ਜੀ ਕੇਂਦਰ ਚਲਾਉਣ ਦੇ ਨਾਮ ਤੇ ਹੋਰਨਾਂ ਖੇਤਰਾਂ ਤੋਂ ਇੱਥੇ ਰਹਿਣ ਲਈ ਆਉਣ ਵਾਲੇ ਮੁੰਡੇ ਕੁੜੀਆਂ ਨੂੰ ਰਿਹਾਇਸ਼ ਦੀ ਸੁਵਿਧਾ ਮੁਹਈਆ ਕਰਵਾਉਣ ਦਾ ਕਾਰੋਬਾਰ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਰਿਹਾਇਸ਼ੀ ਖੇਤਰ ਵਿੱਚ ਚਲਦੇ ਪੀ ਜੀ ਕੇਂਦਰਾਂ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨ ਹੋਣਾ ਪੈਂਦਾ ਹੈ। ਚਾਰ ਪਹਿਲਾਂ ਪਹਿਲਾਂ ਜਦੋਂ ਕੋਰੋਨਾ ਦੀ ਮਹਾਮਾਰੀ ਕਾਰਨ ਸਭ ਕੁੱਝ ਬੰਦ ਹੋ ਗਿਆ ਸੀ, ਸ਼ਹਿਰ ਵਿੱਚ ਚਲਦੇ ਪੀ ਜੀ ਦੇ ਇਸ ਕਾਰੋਬਾਰ ਤੇ ਵੀ ਕਾਫੀ ਹੱਦ ਤਕ ਰੋਕ ਲੱਗ ਗਈ ਸੀ ਅਤੇ ਅਜਿਹੇ ਜਿਆਦਾਤਰ ਕੇਂਦਰ ਬੰਦ ਵੀ ਹੋ ਗਏ ਸਨ ਪਰੰਤੂ ਬਾਅਦ ਵਿੱਚ ਜਨਜੀਵਨ ਆਮ ਵਾਂਗ ਹੋ ਗਿਆ ਅਤੇ ਇਸਦੇ ਨਾਲ ਹੀ ਇਹਨਾਂ ਪੀ ਜੀ ਕੇਂਦਰਾਂ ਦਾ ਕਾਰੋਬਾਰ ਵੀ ਮੁੜ ਜੋਰ ਫੜ ਗਿਆ।

ਰਿਹਾਇਸ਼ੀ ਖੇਤਰਾਂ ਵਿੱਚ ਪੀ ਜੀ ਕੇਂਦਰ ਚਲਾਉਣ ਵਾਲੇ ਲੋਕਾਂ ਵਲੋਂ ਪੀ ਜੀ ਦੇ ਨਾਮ ਤੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਕੋਠੀਆਂ ਕਿਰਾਏ ਤੇ ਲੈ ਕੇ ਇਹਨਾਂ ਕੋਠੀਆਂ ਵਿਚਲੇ ਕਮਰਿਆਂ ਦੀ ਸਮਰਥਾ ਅਨੁਸਾਰ ਉਹਨਾਂ ਵਿੱਚ ਬੈਡ ਆਦਿ ਲਗਾ ਕੇ ਸ਼ਹਿਰ ਵਿੱਚ ਬਾਹਰੋਂ ਆ ਕੇ ਰਹਿਣ ਵਾਲੇ ਲੋਕਾਂ ਨੂੰ ਸਸਤੀ ਰਿਹਾਇਸ਼ ਮੁਹਈਆ ਕਰਵਾਉਣ ਦਾ ਕਾਰੋਬਾਰ ਚਲਾਇਆ ਜਾਂਦਾ ਹੈ, ਜਿਹੜਾ ਅਸੂਲਨ ਰਿਹਾਇਸ਼ੀ ਘਰਾਂ ਵਿੱਚ ਚਲਾਇਆ ਹੀ ਨਹੀਂ ਜਾ ਸਕਦਾ। ਇਹਨਾਂ ਲੋਕਾਂ ਵਲੋਂ ਪੀ ਜੀ ਨਾਮ ਤੇ ਸ਼ਹਿਰ ਵਿੱਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਠਾਹਰ ਦਾ ਜਿਹੜਾ ਕਾਰੋਬਾਰ ਚਲਾਇਆ ਜਾਂਦਾ ਹੈ, ਉਸ ਵਿੱਚ ਬਾਹਰੋਂ ਆ ਕੇ ਠਹਿਰਨ ਵਾਲੇ ਵਿਅਕਤੀਆਂ ਲਈ ਨਾ ਤਾਂ ਕੋਈ ਨਿਯਮ ਕਾਇਦਾ ਤੈਅ ਕੀਤਾ ਜਾਂਦਾ ਹੈ ਅਤੇ ਨਾ ਹੀ ਆਸ ਪੜੌਸ ਦੇ ਲੋਕਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਵੱਲ ਕੋਈ ਧਿਆਨ ਦਿੱਤਾ ਜਾਂਦਾ ਹੈ। ਇਸ ਵਿੱਚ ਫਰਕ ਸਿਰਫ ਇੰਨਾ ਹੈ ਕਿ ਜਿੱਥੇ ਕਿਸੇ ਆਮ ਲਾਜ ਜਾਂ ਹੋਟਲ ਵਿੱਚ ਕੋਈ ਵਿਅਕਤੀ ਦੋ ਚਾਰ ਦਿਨ ਲਈ ਠਹਿਰਦਾ ਹੈ ਉੱਥੇ ਇਹਨਾਂ ਪੀ ਜੀ ਘਰਾਂ ਵਿੱਚ ਲੋਕ ਮਹੀਨਿਆਂ ਜਾਂ ਸਾਲਾਂ ਬੱਧੀ ਰਹਿਣ ਲਈ ਆਉਂਦੇ ਹਨ ਅਤੇ ਇਸ ਕਾਰਨ ਇਹਨਾਂ ਕੇਂਦਰਾਂ ਦੇ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਲਗਾਤਾਰ ਪਰੇਸ਼ਾਨੀ ਸਹਿਣ ਲਈ ਮਜਬੂਰ ਹੋਣਾ ਪੈਂਦਾ ਹੈ।

ਇਹਨਾਂ ਪੀ ਜੀ ਕੇਂਦਰਾਂ ਦੇ ਸੰਚਾਲਕਾਂ ਵਲੋਂ ਕੋਠੀਆਂ ਕਿਰਾਏ ਤੇ ਲੈਣ ਵੇਲੇ ਜਾਇਦਾਦ ਮਾਲਕ ਨੂੰ ਆਮ ਨਾਲੋਂ ਕਾਫੀ ਜਿਆਦਾ ਵੱਧ ਕਿਰਾਇਆ ਅਦਾ ਕਰਨ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਅਤੇ ਉਹ ਲੋਕ ਜਿਹਨਾਂ ਨੇ ਸਿਰਫ ਕਿਰਾਏ ਦੀ ਆਮਦਨ ਵਾਸਤੇ ਹੀ ਜਾਇਦਾਦ ਬਣਾਈ ਹੁੰਦੀ ਹੈ, ਬੜੀ ਆਸਾਨੀ ਨਾਲ ਪੀ ਜੀ ਚਲਾਉਣ ਵਾਸਤੇ ਆਪਣੀ ਜਾਇਦਾਦ ਕਿਰਾਏ ਤੇ ਦੇਣ ਲਈ ਤਿਆਰ ਹੋ ਜਾਂਦੇ ਹਨ ਅਤੇ ਪੀ ਜੀ ਚਲਾਉਣ ਵਾਲਿਆਂ ਨੂੰ ਬੜੀ ਆਸਾਨੀ ਨਾਲ ਆਪਣੀਆਂ ਮਨਪਸੰਦ ਕੋਠੀਆਂ ਹਾਸਿਲ ਹੋ ਜਾਂਦੀਆਂ ਹਨ। ਪੀ ਜੀ ਕੇਂਦਰਾਂ ਦੇ ਸੰਚਾਲਕਾਂ ਤੇ ਇਹ ਇਲਜਾਮ ਵੀ ਲੱਗਦਾ ਹੈ ਕਿ ਉਹ ਆਪਣੇ ਕੇਂਦਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹਈਆ ਨਹੀਂ ਕਰਵਾਉਂਦੇ ਅਤੇ ਵੱਧ ਕਮਾਈ ਦੇ ਲਾਲਚ ਵਿੱਚ ਇੱਕ ਕਮਰੇ ਵਿੱਚ ਤਿੰਨ ਤੋਂ ਚਾਰ ਤਕ ਮੰਜੇ ਲਗਾ ਕੇ ਉੱਥੇ ਸਮਰਥਾ ਤੋਂ ਵੱਧ ਵਿਅਕਤੀਆਂ ਨੂੰ ਰੱਖਿਆ ਜਾਂਦਾ ਹੈ। ਇਹਨਾਂ ਪੀ ਜੀ ਕੇਂਦਰਾਂ ਵਿੱਚ ਰਹਿਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਦੇ ਵਾਹਨਾਂ ਦੀ ਪਾਰਕਿੰਗ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ ਜਿਸ ਕਾਰਨ ਆਸ ਪੜੌਸ ਦੇ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ।

ਇਸ ਸੰਬੰਧੀ ਜੇਕਰ ਸਥਾਨਕ ਪ੍ਰਸ਼ਾਸ਼ਨ ਦੀ ਗੱਲ ਕਰੀਏ ਤਾਂ ਪ੍ਰਸ਼ਾਸ਼ਨ, ਸ਼ਹਿਰ ਵਿੱਚ ਅਧਿਕਾਰਤ ਢੰਗ ਨਾਲ ਚਲਾਏ ਜਾਂਦੇ ਪੀ ਜੀ ਦੇ ਇਸ ਕਾਰੋਬਾਰ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ ਅਤੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਕਿਰਾਏ ਤੇ ਕੋਠੀਆਂ ਲੈ ਕੇ ਆਪਣੇ ਪੀ ਜੀ ਕੇਂਦਰ ਚਲਾਉਣ ਵਾਲੇ ਲੋਕਾਂ ਉੱਪਰ ਪ੍ਰਸ਼ਾਸ਼ਨ ਦਾ ਕੋਈ ਕਾਬੂ ਨਹੀਂ ਹੈ। ਪ੍ਰਸ਼ਾਸ਼ਨ ਕੋਲ ਇਸ ਗੱਲ ਦੀ ਪੂਰੀ ਜਾਣਕਾਰੀ ਤਕ ਨਹੀਂ ਹੈ ਕਿ ਸ਼ਹਿਰ ਵਿੱਚ ਅਜਿਹੇ ਕਿੰਨੇ ਵਿਅਕਤੀਆਂ ਵਲੋਂ ਇਸ ਤਰੀਕੇ ਨਾਲ ਕੋਠੀਆਂ ਕਿਰਾਏ ਤੇ ਲੈ ਕੇ ਪੀ ਜੀ ਚਲਾਉਣ ਦਾ ਇਹ ਕਾਰੋਬਾਰ ਕੀਤਾ ਜਾ ਰਿਹਾ ਹੈ ਜਦੋਂਕਿ ਪੀ ਜੀ ਘਰਾਂ ਦੇ ਸੰਚਾਲਕਾਂ ਵਲੋਂ ਕੀਤੀਆਂ ਜਾਂਦੀਆਂ ਮਨਮਾਨੀਆਂ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਸਹਿਣੀਆਂ ਪੈਂਦੀਆਂ ਹਨ।

ਰਿਹਾਇਸ਼ੀ ਖੇਤਰਾਂ ਵਿੱਚ ਖੁੰਬਾਂ ਵਾਂਗ ਪੁੰਗਰੇ ਇਹਨਾਂ ਪੀ ਜੀ ਕੇਂਦਰਾਂ ਦੀ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਅਣਅਧਿਕਾਰਤ ਤੌਰ ਤੇ ਚਲਦੇ ਇਹਨਾਂ ਪੀ ਜੀ ਘਰਾਂ ਤੇ ਲਗਾਮ ਕਸੀ ਜਾਵੇ ਅਤੇ ਇਹਨਾਂ ਨੂੰ ਸਖਤੀ ਨਾਲ ਬੰਦ ਕਰਵਾਇਆ ਜਾਵੇ। ਇਹਨਾਂ ਪੀ ਜੀ ਕੇਂਦਰਾਂ ਕਾਰਨ ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਹਾਲਤ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਇਸਤੇ ਕਾਬੂ ਕੀਤਾ ਜਾਣਾ ਬਹੁਤ ਜਰੂਰੀ ਹੈ ਇਸ ਲਈ ਪ੍ਰਸ਼ਾਸ਼ਨ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਇਸ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਹਾਸਿਲ ਹੋਵੇ।

 

Continue Reading

Editorial

ਲਗਾਤਾਰ ਬਦਹਾਲ ਹੁੰਦੀ ਟ੍ਰੈਫਿਕ ਵਿਵਸਥਾ ਦੇ ਹਲ ਲਈ ਲੋੜੀਂਦੀ ਕਾਰਵਾਈ ਕਰੇ ਪ੍ਰਸ਼ਾਸਨ

Published

on

By

 

ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਲਗਾਤਾਰ ਬਦਹਾਲ ਹੁੰਦੀ ਜਾ ਰਹੀ ਹੈ ਅਤੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਵਾਹਨ ਚਾਲਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ। ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਦਾ ਇੱਕ ਕਾਰਨ ਇਹ ਵੀ ਹੈ ਕਿ ਸ਼ਹਿਰ ਦੀਆਂ ਸੜਕਾਂ ਦੀ ਸਮਰਥਾ ਦੇ ਮੁਕਾਬਲੇ ਸੜਕਾਂ ਤੇ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਬਹੁਤ ਵੱਧ ਗਈ ਹੈ ਅਤੇ ਸੜਕਾਂ ਤੇ ਲਗਾਤਾਰ ਵੱਧਦੀ ਵਾਹਨਾਂ ਦੀ ਇਸ ਭੀੜ ਕਾਰਨ ਆਵਾਜਾਈ ਦੀ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ।

ਅੱਜ ਕੱਲ ਨਵਾਂ ਵਾਹਨ ਲੈਣਾ ਤਾਂ ਆਸਾਨ ਹੋ ਗਿਆ ਹੈ, ਪਰ ਸੜਕ ਤੇ ਭਾਰੀ ਆਵਾਜਾਈ ਹੋਣ ਕਾਰਨ ਵਾਹਨ ਚਲਾਉਣਾ ਕਾਫੀ ਔਖਾ ਹੋ ਗਿਆ ਹੈ। ਟ੍ਰੈਫਿਕ ਵਿਵਸਥਾ ਵਿੱਚ ਸਭ ਤੋਂ ਵੱਡੀ ਸਮੱਸਿਆ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ਿਆਂ ਕਾਰਨ ਆਉਂਂਦੀ ਹੈ ਜਿਹੜੇ ਟ੍ਰੈਫਿਕ ਨਿਯਮਾਂ ਦੀ ਖੁੱਲੀ ਉਲੰਘਣਾ ਕਰਦੇ ਹਨ। ਇਹਨਾਂ ਆਟੋ ਚਾਲਕਾਂ ਵਲੋਂ ਸ਼ਹਿਰ ਵਿੱਚ ਕਈ ਥਾਵਾਂ ਤੇ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਪੱਕੇ ਅੱਡੇ ਬਣਾਏ ਹੋਏ ਹਨ, ਜਿਥੇ ਕਾਫੀ ਗਿਣਤੀ ਵਿੱਚ ਆਟੋ ਸਾਰਾ ਦਿਨ ਖੜੇ ਰਹਿੰਦੇ ਹਨ। ਸੜਕ ਕਿੜਾਰੇ ਖੜ੍ਹੇ ਹੋਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਕਾਰਨ ਵੀ ਸੜਕ ਦਾ ਕਾਫੀ ਹਿੱਸਾ ਘੇਰਿਆ ਜਾਂਦਾ ਹੈੈ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ।

ਇਹ ਆਟੋ ਚਾਲਕ ਇਕ ਦੂਜੇ ਤੋਂ ਅੱਗੇ ਨਿਕਲਣ ਅਤੇ ਸਵਾਰੀਆਂ ਚੁਕਣ ਲਈ ਤੇਜ ਰਫਤਾਰ ਨਾਲ ਆਟੋ ਚਲਾਉਂਦੇ ਹਨ ਜਿਸ ਕਾਰਨ ਸੜਕ ਤੇ ਚਲਦੇ ਹੋਰਨਾਂ ਵਾਹਨਾਂ ਦੇ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ। ਸਵਾਰੀ ਨੂੰ ਵੇਖ ਕੇ ਸੜਕ ਤੇ ਚਲਦੇ ਚਲਦੇ ਕੋਈ ਆਟੋ ਚਾਲਕ ਕਦੋਂ ਆਪਣੇ ਵਾਹਨ ਨੂੰ ਅਚਾਨਕ ਬ੍ਰੇਕ ਲਗਾ ਦੇਵੇਗਾ ਕੁੱਝ ਕਿਹਾ ਨਹੀਂ ਜਾ ਸਕਦਾ ਅਤੇ ਇਸ ਕਾਰਨ ਕਈ ਵਾਰ ਸੜਕ ਹਾਦਸੇ ਵੀ ਵਾਪਰਦੇ ਹਨ ਅਤੇ ਇਸ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਕਾਰ ਲੜਾਈ ਝਗੜੇ ਦੀ ਨੌਬਤ ਵੀ ਬਣ ਜਾਂਦੀ ਹੈ।

ਸ਼ਹਿਰ ਦੀਆਂ ਸੜਕਾਂ ਤੇ ਹਰ ਵੇਲੇ ਰਹਿਣ ਵਾਲੀ ਭਾਰੀ ਭੀੜ ਦਾ ਇੱਕ ਕਾਰਨ ਇਹ ਵੀ ਹੈ ਕਿ ਸ਼ਹਿਰ ਵਿੱਚ ਰੋਜਾਨਾ ਵੱਡੀ ਗਿਣਤੀ ਲੋਕ ਆਪਣੇ ਕੰਮ ਕਾਰ ਲਈ ਨੇੜਲੇ ਖੇਤਰਾਂ ਤੋਂ ਆਉਂਦੇ ਹਨ। ਸਾਡੇ ਸ਼ਹਿਰ ਨੂੰ ਨਾ ਸਿਰਫ ਜਿਲ੍ਹਾ ਹੈਡਕੁਆਟਰ ਦਾ ਦਰਜਾ ਹਾਸਿਲ ਹੈ ਬਲਕਿ ਪੰਜਾਬ ਸਰਕਾਰ ਦੇ ਜਿਆਦਾਤਰ ਮੁੱਖ ਦਫਤਰ ਵੀ ਚੰਡੀਗੜ੍ਹ ਤੋਂ ਬਦਲ ਕੇ ਮੁਹਾਲੀ ਆ ਗਏ ਹਨ ਅਤੇ ਇਹਨਾਂ ਦਫਤਰਾਂ ਵਿੱਚ ਕੰਮ ਕਰਦੇ ਮੁਲਾਜਮ ਅਤੇ ਇਹਨਾਂ ਦਫਤਰਾਂ ਵਿੱਚ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕ ਵੀ ਆਪਣੇ ਵਾਹਨਾਂ ਰਾਂਹੀ ਹੀ ਸ਼ਹਿਰ ਵਿੱਚ ਆਉਂਦੇ ਜਾਂਦੇ ਹਨ।

ਗੇੜੀਆਂ ਮਾਰਨ ਦੇ ਸ਼ੌਕੀਨ ਪੂਰੇ ਜਿਲੇ ਦੇ ਨੌਜਵਾਨ ਵੀ ਆਪਣੇ ਵਾਹਨਾਂ ਵਿੱਚ ਸਵਾਰ ਹੋ ਕੇ ਸਾਰਾ ਦਿਨ ਸਾਡੇ ਸ਼ਹਿਰ ਵਿੱਚ ਇਧਰੋਂ ਉਧਰ ਘੁੰਮਦੇ ਰਹਿੰਦੇ ਹਨ। ਚੰਡੀਗੜ੍ਹ ਵਿੱਚ ਪੁਲੀਸ ਦੀ ਸਖਤੀ ਕਾਰਨ ਨੌਜਵਾਨਾ ਦੇ ਇਹ ਟੋਲੇ ਸਾਡੇ ਸ਼ਹਿਰ ਨੂੰ ਵੱਧ ਸੁਰਖਿਅਤ ਟਿਕਾਣਾ ਸਮਝਦੇ ਹਨ ਅਤੇ ਆਪਣੇ ਸਾਰਾ ਦਿਨ ਸੜਕਾਂ ਤੇ ਖੜਦੂੰਗ ਪਾਉਂਦੇ ਦਿਖਦੇ ਹਨ। ਹਾਲਾਂਕਿ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਨੂੰ ਕਾਬੂ ਕਰਨ ਲਈ ਇੱਥੇ ਟ੍ਰੈਫਿਕ ਪੁਲੀਸ ਵੀ ਤੈਨਾਤ ਹੈ ਪਰੰਤੂ ਸ਼ਹਿਰ ਵਿੱਚ ਤੈਨਾਤ ਟੈ੍ਰਫਿਕ ਪੁਲੀਸ ਦਾ ਧਿਆਨ ਵੀ ਆਵਾਜਾਈ ਨੂੰ ਸੁਚਾਰੂਰੂਪ ਨਾਲ ਚਲਦਾ ਰੱਖਣ ਦੀ ਥਾਂ ਵਾਹਨ ਚਾਲਕਾਂ ਦੇ ਚਾਲਾਨ ਕਰਨ ਵੱਲ ਵਧੇਰੇ ਰਹਿੰਦਾ ਹੈ।

ਸੜਕਾਂ ਤੇ ਚਲਦੇ ਵਾਹਨਾਂ ਦੇ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ ਵੀ ਆਮ ਦਿਖਦੀ ਹੈ ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਅਕਸਰ ਜਾਮ ਦੀ ਹਾਲਤ ਬਣ ਜਾਂਦੀ ਹੈ। ਲੋਕਾਂ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਕਾਰਨ ਵੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸੜਕਾਂ ਦੇ ਕਿਨਾਰੇ ਤੇ ਵਾਹਨਾਂ ਦੀ ਕਤਾਰ ਲੱਗ ਜਾਣ ਕਾਰਨ ਪਹਿਲਾਂ ਹੀ ਤੰਗ ਸੜਕਾਂ ਹੋਰ ਵੀ ਤੰਗ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕਈ ਥਾਵਾਂ ਤੇ ਸੜਕਾਂ ਕਿਨਾਰੇ ਫਲ ਫਰੂਟ ਅਤੇ ਹੋਰ ਸਮਾਨ ਵੇਚਣ ਵਾਲੀਆਂ ਰੇਹੜ੍ਹੀਆਂ ਵੀ ਖੜੀਆਂ ਹੁੰਦੀਆਂ ਹਨ, ਜਿਹਨਾਂ ਕਾਰਨ ਸੜਕ ਦਾ ਕਾਫੀ ਹਿੱਸਾ ਰੁਕ ਜਾਂਦਾ ਹੈ। ਇਹਨਾਂ ਰੇਹੜੀਆਂ ਫੜੀਆਂ ਤੋਂ ਸਮਾਨ ਖਰੀਦਣ ਵਾਲੇ ਲੋਕਾਂ ਦੇ ਵਾਹਨ ਵੀ ਸੜਕ ਉਪਰ ਹੀ ਖੜ੍ਹਾਂ ਦਿੱਤੇ ਜਾਂੰਦੇ ਹਨ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਖੜੀ ਹੋ ਜਾਂਦੀ ਹੈ।

ਸਥਾਨਕ ਪ੍ਰਸ਼ਾਸਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਸ ਵਲੋਂ ਆਵਾਜਾਈ ਦੀ ਸਮੱਸਿਆ ਦੇ ਹਲ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਸ਼ਹਿਰ ਵਿੱਚ ਤੇਜ ਰਫਤਾਰ ਨਾਲ ਚਲਦੇ ਵਾਹਨਾਂ ਅਤੇ ਲੋਕਾਂ ਵਲੋਂ ਸੜਕਾਂ ਕਿਨਾਰੇ ਵਾਹਨ ਖੜ੍ਹਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਹਲ ਹੋਣ।

 

Continue Reading

Editorial

ਪਰਵਾਸੀ ਪੰਛੀਆਂ ਦੀ ਉਡੀਕ ਕਰਨ ਲੱਗੇ ਪੰਜਾਬੀ

Published

on

By

 

 

ਕੱਤਕ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬੀਆਂ ਨੂੰ ਪਰਵਾਸੀ ਪੰਛੀਆਂ ਦੀ ਉਡੀਕ ਸ਼ੁਰੂ ਹੋ ਗਈ ਹੈ। ਹਰ ਸਾਲ ਹੀ ਕੱਤਕ ਮਹੀਨੇ ਹਲਕੀ ਠੰਡ ਸ਼ੁਰੂ ਹੋਣ ਦੇ ਨਾਲ ਹੀ ਦੂਰ ਦੇ ਦੇਸ਼ਾਂ ਤੋਂ ਕਈ ਤਰ੍ਹਾਂ ਦੇ ਪਰਵਾਸੀ ਪੰਛੀ ਪੰਜਾਬ ਅਤੇ ਦੇਸ਼ ਦੇ ਹੋਰਨਾਂ ਇਲਾਕਿਆਂ ਵਿੱਚ ਆਉਂਦੇ ਹਨ ਜੋ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਵਾਪਸ ਚਲੇ ਜਾਂਦੇ ਹਨ।

ਇਹਨਾਂ ਪਰਵਾਸੀ ਪੰਛੀਆਂ ਵਿੱਚ ਕੂੰਜਾਂ ਵੀ ਹੁੰਦੀਆਂ ਹਨ। ਪੰਜਾਬੀ ਸਭਿਆਚਾਰ ਵਿੱਚ ਕੂੰਜਾਂ ਨੂੰ ਵਿਸ਼ੇਸ ਥਾਂ ਦਿੱਤੀ ਹੋਈ ਹੈ ਅਤੇ ਪੰਜਾਬੀ ਲੋਕ ਗੀਤਾਂ ਵਿੱਚ ਵੀ ਕੂੰਜਾਂ ਦਾ ਜ਼ਿਕਰ ਮਿਲਦਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਕੱਤਕ ਮਹੀਨੇ ਵਿੱਚ ਵੱਡੀ ਗਿਣਤੀ ਪਰਵਾਸੀ ਪੰਜਾਬੀ ਵੀ ਪੰਜਾਬ ਆਉਂਦੇ ਹਨ ਅਤੇ ਇੱਥੇ ਆ ਕੇ ਵੱਡੇ ਪੱਧਰ ਤੇ ਖਰੀਦਦਾਰੀ ਕਰਦੇ ਹਨ, ਜਿਸ ਕਾਰਨ ਪੰਜਾਬ ਦੀ ਆਰਥਿਕਤਾ ਮਜਬੂਤ ਹੁੰਦੀ ਹੈ ਅਤੇ ਦੁਕਾਨਦਾਰਾਂ ਨੂੰ ਚੰਗੀ ਆਮਦਨੀ ਹੁੰਦੀ ਹੈ। ਇਸਦੇ ਨਾਲ ਹੀ ਪੰਜਾਬ ਦੇ ਅਸਮਾਨ ਵਿੱਚ ਉਡਾਰੀਆਂ ਮਾਰਦੇ ਪਰਵਾਸੀ ਪੰਛੀ ਵੀ ਆਪਣੀਆਂ ਮਧੁਰ ਆਵਾਜ਼ਾਂ ਵਿੱਚ ਬੋਲਦੇ ਪੰਜਾਬ ਦੇ ਵਾਤਾਵਰਣ ਵਿੱਚ ਰੰਗ ਲਾਉਂਦੇ ਹਨ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸੁਖਨਾ ਝੀਲ ਨੇੜੇ ਵੀ ਹਰ ਸਾਲ ਸਿਆਲ ਰੁੱਤ ਦੀ ਆਮਦ ਦੇ ਨਾਲ ਹੀ ਅਨੇਕਾਂ ਤਰ੍ਹਾਂ ਦੇ ਪਰਵਾਸੀ ਪੰਛੀ ਆ ਕੇ ਆਪਣਾ ਡੇਰਾ ਲਗਾ ਲੈਂਦੇ ਹਨ ਅਤੇ ਪੰਜਾਬ, ਹਰਿਆਣਾ ਅਤੇ ਹੋਰਨਾਂ ਰਾਜਾਂ ਦੇ ਲੋਕ ਦੂਰ ਦੂਰ ਤੋਂ ਇਹਨਾਂ ਪਰਵਾਸੀ ਪੰਛੀਆਂ ਨੂੰ ਵੇਖਣ ਅਤੇ ਸੁਖਨਾ ਝੀਲ ਦਾ ਆਨੰਦ ਮਾਨਣ ਲਈ ਆਉਂਦੇ ਹਨ। ਇਸੇ ਤਰ੍ਹਾਂ ਪੰਜਾਬ ਦੇ ਹਰੀਕੇ ਪੱਤਣ ਵਿਖੇ ਵੀ ਹਜਾਰਾਂ ਦੀ ਗਿਣਤੀ ਵਿੱਚ ਪਰਵਾਸੀ ਪੰਛੀ ਆਉਂਦੇ ਹਨ। ਪੰਜਾਬ ਵਿੱਚ ਹੋਰ ਵੀ ਕਈ ਜਲਗਾਹਾਂ ਅਤੇ ਪੱਤਣ ਹਨ, ਜਿਥੇ ਕਿ ਪਰਵਾਸੀ ਪੰਛੀ ਆਪਣਾ ਡੇਰਾ ਲਗਾਉਂਦੇ ਹਨ। ਪਟਿਆਲਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਰੱਖੜਾ ਨੇੜੇ ਵਸੇ ਪਿੰਡ ਹਿਆਣਾ ਕਲਾਂ ਦੇ ਵੱਡੇ ਟੋਭੇ ਵਿੱਚ ਵੀ ਹਰ ਸਾਲ ਪਰਵਾਸੀ ਪੰਛੀ ਆ ਕੇ ਆਪਣਾ ਡੇਰਾ ਲਗਾਉਂਦੇ ਹਨ।

ਇਹ ਪਰਵਾਸੀ ਪੰਛੀ ਪੰਜਾਬੀ ਜਨ ਜੀਵਨ ਦਾ ਅੰਗ ਬਣੇ ਹੋਏ ਹਨ ਅਤੇ ਹਰ ਸਾਲ ਇਹ ਪਰਵਾਸੀ ਪੰਛੀ ਪੰਜਾਬੀਆਂ ਦੀ ਪ੍ਰਾਹੁਣਾਚਾਰੀ ਦਾ ਆਨੰਦ ਮਾਣਦੇ ਹਨ। ਇਸ ਸਮੇਂ ਪੰਛੀ ਪ੍ਰੇਮੀ ਇਹਨਾਂ ਪਰਵਾਸੀ ਪੰਛੀਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਬਿਊਰੋ

Continue Reading

Editorial

ਪਹਿਲਾਂ ਦੇ ਮੁਕਾਬਲੇ ਪੰਜਾਬੀਆਂ ਦਾ ਕੈਨੇਡਾ ਪ੍ਰਤੀ ਮੋਹ ਘਟਿਆ

Published

on

By

 

ਪੰਜਾਬੀਆਂ ਵਿੱਚ ਨਿਊਜ਼ੀਲੈਂਡ ਅਤੇ ਹੋਰਨਾਂ ਦੇਸ਼ਾਂ ਵੱਲ ਪ੍ਰਵਾਸ ਦਾ ਵਧਿਆ ਰੁਝਾਨ

ਪਿਛਲੇ ਸਮੇਂ ਦੌਰਾਨ ਕੈਨੇਡਾ ਵੱਲੋਂ ਵੀਜ਼ਾ ਨਿਯਮ ਸਖ਼ਤ ਕੀਤੇ ਜਾਣ ਅਤੇ ਉਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਨਾਓ ਪੈਦਾ ਹੋਣ ਕਾਰਨ ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀ ਹੁਣ ਕੈਨੇਡਾ ਜਾਣ ਦੀ ਥਾਂ ਨਿਊਜ਼ੀਲੈਂਡ ਅਤੇ ਹੋਰਨਾਂ ਦੇਸ਼ਾਂ ਵਿੱਚ ਜਾਣ ਨੂੰ ਤਰਜੀਹ ਦੇਣ ਲੱਗੇ ਹਨ। ਕੈਨੇਡਾ ਤੋਂ ਇਲਾਵਾ ਅਮਰੀਕਾ ਅਤੇ ਆਸਟ੍ਰੇਲੀਆ ਵੱਲੋਂ ਵੀ ਵੀਜ਼ਾ ਨਿਯਮ ਸਖ਼ਤ ਕਰਨ, ਗ਼ੈਰਕਾਨੂੰਨੀ ਪਰਵਾਸੀਆਂ ਨੂੰ ਪਨਾਹ ਨਾ ਦੇਣ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜਾਈ ਪੂਰੀ ਕਰਨ ਤੋਂ ਬਾਅਦ ਉਹਨਾਂ ਦੇ ਮੂਲ ਦੇਸ਼ਾਂ ਵਿੱਚ ਵਾਪਸ ਭੇਜਣ ਦੇ ਨਵੇਂ ਨਿਯਮਾਂ ਕਾਰਨ ਪਰਵਾਸੀਆਂ ਲਈ ਹੁਣ ਇਹਨਾਂ ਦੇਸ਼ਾਂ ਦੇ ਪੱਕੇ ਵਸਨੀਕ ਬਣਨਾ ਬਹੁਤ ਔਖਾ ਹੋ ਗਿਆ ਹੈ। ਇਸੇ ਕਾਰਨ ਵੱਡੀ ਗਿਣਤੀ ਪੰਜਾਬੀ ਹੁਣ ਨਿਊਜ਼ੀਲੈਂਡ ਅਤੇ ਹੋਰਨਾਂ ਦੇਸ਼ਾਂ ਵੱਲ ਜਾਣ ਦੀ ਤਿਆਰੀ ਕਰਨ ਲੱਗ ਪਏ ਹਨ।

ਹਾਲਾਂਕਿ ਨਿਊਜ਼ੀਲੈਂਡ ਵਿੱਚ ਪਹਿਲਾਂ ਤੋਂ ਹੀ ਵੱਡੀ ਗਿਣਤੀ ਪੰਜਾਬੀ ਅਤੇ ਭਾਰਤੀ ਰਹਿ ਰਹੇ ਹਨ। ਨਿਊਜ਼ੀਲੈਂਡ ਵਿੱਚ ਸਾਲ 2023 ਵਿੱਚ ਹੋਈ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਨਿਊਜ਼ੀਲੈਂਡ ਵਿੱਚ ਵਸਦੇ ਭਾਰਤੀ ਹੁਣ ਤੀਜੇ ਨੰਬਰ ਤੇ ਪਹੁੰਚ ਗਏ ਹਨ। ਇੰਨਾਂ ਦੀ ਗਿਣਤੀ 5.8 ਫੀਸਦੀ ਯਾਨੀ 2,92,092 ਹੈ। ਜਦਕਿ ਪਹਿਲੀ ਥਾਂ ਤੇ ਯੂਰਪੀਅਨ ਲੋਕ (62.1 ਫੀਸਦੀ) ਹਨ, ਜਿਨ੍ਹਾਂ ਦੀ ਗਿਣਤੀ 30,99,858 ਹੈ। ਦੂਜੇ ਨੰਬਰ ਤੇ ਮੂਲ ਨਿਵਾਸੀ ਮਾਓਰੀ ਲੋਕ 17.8 ਫ਼ੀਸਦੀ ਹਨ, ਇਨ੍ਹਾਂ ਦੀ 8,87,493 ਅਬਾਦੀ ਹੈ।

ਨਿਊਜ਼ੀਲੈਂਡ ਵਿੱਚ ਪੰਜਾਬੀ ਭਾਸ਼ਾ ਪਹਿਲੀਆਂ 10 ਸਭਤੋਂ ਵੱਧ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਆ ਗਈ ਹੈ। ਉਥੇ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿੱਚ 45.1 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 9ਵੇਂ ਨੰਬਰ ਉੱਤੇ ਹੈ। ਉਧਰ ਦੂਜੇ ਪਾਸੇ ਹਿੰਦੀ ਬੋਲਣ ਵਾਲਿਆਂ ਦੀ ਗਿਣਤੀ 5ਵੇਂ ਨੰਬਰ ਉੱਤੇ ਹੈ।

ਦੂਜੇ ਪਾਸੇ ਨਿਊਜ਼ੀਲੈਂਡ ਵਿੱਚ ਪਰਵਾਸੀ ਲੋਕਾਂ ਦੀ ਵੱਧਦੀ ਗਿਣਤੀ ਤੋਂ ਉਥੋਂ ਦੀ ਸਰਕਾਰ ਚਿੰਤਤ ਹੋ ਗਈ ਹੈ। ਸਪੁਟਨਿਕ ਦੀ ਰਿਪੋਰਟ ਅਨੁਸਾਰ ਇਕੱਲੇ ਸਾਲ 2023 ਵਿੱਚ 173,000 ਪ੍ਰਵਾਸੀ ਮਜ਼ਦੂਰ ਨਿਊਜ਼ੀਲੈਂਡ ਪਹੁੰਚੇ ਸਨ, ਜਿਨ੍ਹਾਂ ਵਿਚੋਂ 35 ਫੀਸਦੀ ਭਾਰਤੀ ਸਨ। ਨਿਊਜ਼ੀਲੈਂਡ ਸਰਕਾਰ ਨੇ 7 ਅਪ੍ਰੈਲ 2024 ਨੂੰ ਦੇਸ਼ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਲਈ ਵੀਜ਼ਾ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਸੀ। ਨਿਊਜ਼ੀਲੈਂਡ ਦੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਭਾਰਤੀ ਕਾਮਿਆਂ ਲਈ ਵੱਡਾ ਝਟਕਾ ਮੰਨਿਆ ਗਿਆ ਹੈ। ਜਾਰੀ ਕੀਤੇ ਗਏ ਬਦਲਾਅ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਨਿਊਜ਼ੀਲੈਂਡ ਦੀ ਤਰਜੀਹ ਸਥਾਨਕ ਲੋਕਾਂ ਨੂੰ ਰੁਜ਼ਗਾਰ ਦੇ ਵੱਧ ਮੌਕੇ ਪ੍ਰਦਾਨ ਕਰਨਾ ਹੈ। ਇਸਦੇ ਬਾਵਜੂਦ ਪੰਜਾਬੀਆਂ ਦਾ ਨਿਊਜ਼ੀਲੈਂਡ ਜਾਣ ਦਾ ਰੁਝਾਨ ਵੱਧ ਰਿਹਾ ਹੈ ਅਤੇ ਨਿਊਜ਼ੀਲੈਂਡ ਦੇ ਕਈ ਇਲਾਕਿਆਂ ਵਿੱਚ ਪੰਜਾਬੀ ਵੱਡੀ ਗਿਣਤੀ ਵਿੱਚ ਵੇਖੇ ਜਾ ਰਹੇ ਹਨ।

ਅੰਤਰਰਾਸ਼ਟਰੀ ਪਰਵਾਸ ਦੇ ਮਾਹਿਰ ਕਹਿੰਦੇ ਹਨ ਕਿ ਵੱਖ- ਵੱਖ ਦੇਸ਼ਾਂ ਵੱਲੋਂ ਵੀਜ਼ਾਂ ਨਿਯਮਾਂ ਭਾਵੇਂ ਜਿੰਨੇ ਮਰਜ਼ੀ ਸਖ਼ਤ ਕਰ ਲਏ ਜਾਣ ਪਰ ਪੰਜਾਬੀਆਂ ਦੇ ਪਰਵਾਸ ਨੂੰ ਇਹ ਸਖ਼ਤ ਨਿਯਮ ਵੀ ਰੋਕ ਨਹੀਂ ਸਕਦੇ। ਅਸਲ ਵਿੱਚ ਪੰਜਾਬੀਆਂ ਸਮੇਤ ਪੂਰੇ ਦੇਸ਼ ਦੇ ਨਾਗਰਿਕਾਂ ਦਾ ਵਿਦੇਸ਼ਾਂ ਵਿੱਚ ਵਸਣ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਮਹੀਨੇ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਭਾਰਤੀਆਂ ਦੇ ਪਰਵਾਸ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ। ਵਿਦੇਸ਼ ਰਾਜ ਮੰਤਰੀ ਵਲੋਂ ਨਾਗਰਿਕਤਾ ਤਿਆਗਣ ਵਾਲੇ ਭਾਰਤੀਆਂ ਦੀ ਗਿਣਤੀ ਬਾਰੇ ਦਿੱਤੀ ਜਾਣਕਾਰੀ ਅਨੁਸਾਰ ਪਿਛਲੇ ਪੰਜ ਸਾਲਾਂ ਵਿੱਚ 834,000 ਭਾਰਤੀਆਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਹੈ। ਰਾਜ ਸਭਾ ਵਿੱਚ ਉਨ੍ਹਾਂ ਵੱਲੋਂ ਪੇਸ਼ ਕੀਤੇ ਅੰਕੜਿਆਂ ਅਨੁਸਾਰ 2023 ਵਿੱਚ ਦੋ ਲੱਖ 16 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਸੀ, ਜਿਹਨਾਂ ਵਿੱਚ ਪੰਜਾਬੀਆਂ ਦੀ ਵੱਡੀ ਗਿਣਤੀ ਸੀ। ਇਹ ਬਹੁਤ ਵੱਡੀ ਗਿਣਤੀ ਹੈ ਅਤੇ ਇਹ ਸਵਾਲ ਉੱਠਦਾ ਹੈ ਕਿ ਇੰਨੇ ਸਾਰੇ ਲੋਕ ਭਾਰਤ ਛੱਡ ਕੇ ਵਿਦੇਸ਼ਾਂ ਵਿੱਚ ਕਿਉਂ ਜਾ ਰਹੇ ਹਨ।

ਪਿਛਲੇ ਸਾਲ ਸਤੰਬਰ ਮਹੀਨੇ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਪੈਦਾ ਹੋਇਆ ਤਣਾਅ ਕਦੋਂ ਖਤਮ ਹੋਵੇਗਾ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਪਰ ਵੱਡੀ ਗਿਣਤੀ ਪੰਜਾਬੀ ਹੁਣ ਕੈਨੇਡਾ ਦੀ ਥਾਂ ਨਿਊਜ਼ੀਲੈਂਡ ਅਤੇ ਹੋਰਨਾਂ ਦੇਸ਼ਾਂ ਵਿੱਚ ਜਾ ਰਹੇ ਹਨ। ਇਸ ਤੋਂ ਇਲਾਵਾ ਕੈਨੇਡਾ ਵਿੱਚ ਰੁਜ਼ਗਾਰ ਦੀ ਘਾਟ, ਵੱਧ ਰਹੀ ਮਹਿੰਗਾਈ, ਰਿਹਾਇਸ਼ ਲਈ ਆ ਰਹੀ ਵੱਡੀ ਸਮੱਸਿਆ ਅਤੇ ਹੋਰਨਾਂ ਕਾਰਨਾਂ ਕਾਰਨ ਪੰਜਾਬੀਆਂ ਦਾ ਕੈਨੇਡਾ ਤੋਂ ਮੋਹ ਕੁਝ ਘੱਟ ਹੋ ਰਿਹਾ ਹੈ ਤੇ ਪੰਜਾਬੀ ਹੋਰਨਾਂ ਦੇਸ਼ਾਂ ਵੱਲ ਉਡਾਰੀਆਂ ਮਾਰਨ ਲੱਗ ਪਏ ਹਨ।

ਬਿਊਰੋ

Continue Reading

Trending