Connect with us

Mohali

ਆਮ ਆਦਮੀ ਪਾਰਟੀ ਦੇ ਕੁੱਝ ਵਿਧਾਇਕਾਂ ਅਤੇ ਵਜੀਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਦੀ ਉੱਚ ਪੱਧਰੀ ਜਾਂਚ ਹੋਵੇ : ਕਾਮਰੇਡ ਸੁਖਵਿੰਦਰ ਸਿੰਘ ਸੇਖੋ

Published

on

 

ਐਸ ਏ ਐਸ ਨਗਰ, 26 ਜੁਲਾਈ (ਸ.ਬ.) ਪ੍ਰੋਗਰੈਸਿਵ ਫਰੰਟ ਪੰਜਾਬ ਅਤੇ ਸੀ ਪੀ ਆਈ (ਐਮ) ਨੇ ਮੰਗ ਕੀਤੀ ਹੈ ਕਿ ਪੰਜਾਬ ਦੀ ਲੈਂਡ ਪੁਲਿੰਗ ਸਕੀਮ ਨੂੰ ਤੁਰੰਤ ਖਤਮ ਕੀਤਾ ਜਾਵੇ ਅਤੇ ਸੂਬੇ ਵਿੱਚ ਕਥਿਤ ਗੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਕੇ ਸਰਕਾਰ ਵੱਲੋਂ ਪਿੰਡਾਂ ਦੀਆਂ ਲਾਲ ਲਕੀਰ ਅੰਦਰ ਅਤੇ ਇਹਨਾਂ ਕਲੋਨੀਆਂ ਦੀਆਂ ਬੰਦ ਕੀਤੀਆਂ ਰਜਿਸਟਰੀਆਂ ਉੱਤੇ ਲਗਾਈ ਪਾਬੰਦੀ ਹਟਾਈ ਜਾਵੇ।

ਫਰੰਟ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਲੈਂਡ ਪੁਲਿੰਗ ਸਕੀਮ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਇੱਕ ਸਾਂਝਾ ਫਰੰਟ ਬਣਾਉਣ ਲਈ ਯਤਨਸ਼ੀਲ ਹੈ ਅਤੇ ਜਲਦੀ ਹੀ ਇਹ ਫਰੰਟ ਹੋਂਦ ਵਿੱਚ ਆ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਪੰਜਾਬੀਆਂ ਤੋਂ ਜਮੀਨਾਂ ਖੋਹ ਕੇ ਪੂੰਜੀਪਤੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਅਤੇ ਇਹਨਾਂ ਅਮੀਰ ਲੋਕਾਂ ਤੋਂ ਪਾਰਟੀ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਮਕਾਨਾਂ ਦੀ ਕੋਈ ਮੰਗ ਨਹੀਂ ਹੈ ਅਤੇ ਜੇਕਰ ਨਵੀਆਂ ਉਸਾਰੀਆਂ ਦੀ ਜਰੂਰਤ ਪਵੇ ਤਾਂ ਬੰਜਰ ਅਤੇ ਬੇਕਾਰ ਜਮੀਨਾਂ ਤੇ ਸ਼ਹਿਰ ਵਸਾਉਣੇ ਚਾਹੀਦੇ ਹਨ। ਉਹਨਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ਤੇ ਸੂਬੇ ਦੇ ਦਰਿਆਵਾਂ ਦਾ ਪਾਣੀ ਦਿੱਲੀ ਅਤੇ ਹਰਿਆਣਾ ਨੂੰ ਦੇਣ ਦਾ ਫੈਸਲਾ ਕਰ ਚੁੱਕੇ ਹਨ, ਜਿਸ ਨੂੰ ਸੀ. ਪੀ. ਆਈ. (ਐਮ) ਅਤੇ ਸਾਰੇ ਪੰਜਾਬੀ ਮਿਲ ਕੇ ਕਦੇ ਪੂਰਾ ਨਹੀਂ ਹੋਣ ਦੇਣਗੇ।

ਉਹਨਾਂ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ, ਕਿਉਂਕਿ ਪੁਲੀਸ ਥਾਣਿਆਂ ਅਤੇ ਚੌਂਕੀਆਂ ਵਿੱਚ ਮੁਲਾਜ਼ਮ ਨਹੀਂ ਹਨ ਅਤੇ ਸਾਰੀ ਪੁਲੀਸ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਤੈਨਾਤ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਕਿਉਰਟੀ ਵਿੱਚ 1200 ਦੇ ਕਰੀਬ ਮੁਲਾਜ਼ਮ ਹਨ, ਜਿਨ੍ਹਾਂ ਦੀ ਗਿਣਤੀ ਪੰਜਾਬ ਦੇ ਦੋ ਜਿਲ੍ਹਿਆਂ ਦੀ ਪੁਲੀਸ ਦੇ ਬਰਾਬਰ ਹੈ। ਇਸਤੋਂ ਇਲਾਵਾ ਭਗਵੰਤ ਮਾਨ ਦੇ ਰਿਸ਼ਤੇਦਾਰਾਂ ਨਾਲ ਵੀ ਭਾਰੀ ਗਿਣਤੀ ਵਿੱਚ ਪੁਲੀਸ ਤਾਇਨਾਤ ਹੈ।

ਭਰਿਸ਼ਟਾਚਾਰ ਸਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਗੱਲ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿ ਆਮ ਆਦਮੀ ਪਾਰਟੀ ਦੇ ਕੁੱਝ ਵਿਧਾਇਕਾਂ ਅਤੇ ਵਜੀਰਾਂ ਕੋਲ ਹੁਣ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕਿੱਥੋਂ ਆ ਰਹੀਆਂ ਹਨ। ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਰਿਸ਼ਵਤ ਦੇ ਰੇਟ ਵੱਧ ਰਹੇ ਹਨ, ਮੁੱਖ ਮੰਤਰੀ ਦੇ ਦਫਤਰ ਤੋਂ ਲੈ ਕੇ ਕਾਰਪੋਰੇਸ਼ਨਾਂ ਆਦਿ ਦੇ ਚੇਅਰਮੈਨ ਦਿੱਲੀ ਤੋਂ ਆਏ ਵਿਅਕਤੀ ਚਲਾ ਰਹੇ ਹਨ, ਜੋ ਅੱਜ ਤੀਕ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਨਹੀਂ ਹੋਇਆ।

ਇਸ ਮੌਕੇ ਬੋਲਦਿਆਂ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਕਥਿਤ ਗੈਰ ਕਾਨੂੰਨੀ ਕਲੋਨੀਆਂ ਵਿੱਚ ਰਹਿ ਰਹੇ ਇੱਕ ਕਰੋੜ 90 ਲੱਖ ਦੇ ਕਰੀਬ ਲੋਕਾਂ ਦੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ ਬੰਦ ਕਰਕੇ ਗਰੀਬ ਲੋਕਾਂ ਨਾਲ ਸ਼ਰੇਆਮ ਧੱਕਾ ਅਤੇ ਧੋਖਾ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ, ਸਮਾਜਿਕ, ਧਾਰਮਿਕ, ਕਿਸਾਨ, ਮਜ਼ਦੂਰ ਅਤੇ ਹੋਰ ਸਾਰੀਆਂ ਜਥੇਬੰਦੀਆਂ ਵੱਲੋਂ ਇੱਕ ਜੁੱਟ ਹੋ ਕੇ ਲੜਾਈ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬੀਆਂ ਨੂੰ ਜਲਦੀ ਇਨਸਾਫ ਮਿਲ ਸਕੇ।

ਉਹਨਾਂ ਕਿਹਾ ਕਿ ਸਰਕਾਰ ਨੇ ਵੱਡੇ ਵੱਡੇ ਬਿਲਡਰਾਂ ਅਤੇ ਧਨਾਢਾ ਨਾਲ ਮਿਲ ਕੇ ਇਹ ਪਾਬੰਦੀਆਂ ਲਗਾਈਆਂ ਹਨ ਤਾਂ ਕਿ ਇਹਨਾਂ ਕਾਰਪੋਰੇਟਾਂ ਦੇ ਪਲਾਟ ਅਤੇ ਫਲੈਟ ਆਦਿ ਜਲਦੀ ਵਿਕ ਜਾਣ, ਜਿਨ੍ਹਾਂ ਤੋਂ ਚੋਣਾ ਵਿੱਚ ਫੰਡ ਲਿਆ ਜਾ ਸਕੇ। ਉਹਨਾਂ ਕਿਹਾ ਕਿ ਸੂਬੇ ਦੇ ਮਾਲ ਅਧਿਕਾਰੀ ਪਿੰਡਾਂ ਦੀਆਂ ਲਾਲ ਲਕੀਰਾਂ ਅੰਦਰ ਸਥਿਤ ਮਕਾਨਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ਨਹੀਂ ਕਰ ਰਹੇ ਹਨ ਜਦ ਕਿ ਸਰਕਾਰ ਵੱਲੋਂ ਇਹਨਾਂ ਤੇ ਕੋਈ ਪਾਬੰਦੀ ਨਹੀਂ ਲਗਾਈ ਗਈ।

ਉਹਨਾਂ ਕਿਹਾ ਕਿ ਸੂਬੇ ਦੇ ਅਧਿਕਾਰੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੇ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਕਾਨੂੰਨ ਤੋਂ ਉਲਟ ਕੰਮ ਕਰ ਰਹੇ ਹਨ ਜੋ ਪੰਜਾਬ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਹੈ। ਉਹਨਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਫਰੰਟ ਦੇ ਅਹੁਦੇਦਾਰਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਮੁੱਖ ਮੰਤਰੀ, ਮੁੱਖ ਸਕੱਤਰ ਤੋਂ ਇਲਾਵਾ ਦਰਜਨਾਂ ਵਾਰ ਰਜਿਸਟਰਡ ਪੱਤਰ ਜਾਰੀ ਕੀਤੇ ਗਏ ਹਨ ਪਰ ਅੱਜ ਤੀਕ ਕਿਸੇ ਇੱਕ ਦਾ ਜਵਾਬ ਨਹੀਂ ਆਇਆ। ਉਹਨਾਂ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਮੌਜੂਦਾ ਸਰਕਾਰ ਨੂੰ ਲੋਕਾਂ ਵਿੱਚ ਬਦਨਾਮ ਕਰਨ ਦੀ ਨੀਤੀ ਤੇ ਚੱਲ ਰਹੀ ਹੈ, ਪਰੰਤੂ ਮੁੱਖ ਮੰਤਰੀ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਇਹ ਗੱਲ ਸਮਝ ਨਹੀਂ ਆ ਰਹੀ।

ਫਰੰਟ ਦੇ ਪ੍ਰਧਾਨ ਸ੍ਰੀ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਮੁਹਾਲੀ ਹਲਕੇ ਦੀਆਂ ਸੜਕਾਂ ਦਾ ਬਹੁਤ ਮਾੜਾ ਹਾਲ ਹੈ ਅਤੇ ਮੌਜੂਦਾ ਸਰਕਾਰ ਨੇ ਅਜੇ ਤੀਕ ਕਿਸੇ ਵੀ ਸੜਕ ਤੇ ਇੱਕ ਖੱਡਾ ਵੀ ਭਰਨ ਦੀ ਖੇਚਲ ਨਹੀਂ ਕੀਤੀ। ਸੜਕਾਂ ਟੁੱਟੀਆਂ ਹੋਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਲੋਕ ਨਰਕ ਦੀ ਜ਼ਿੰਦਗੀ ਜੀ ਰਹੇ ਹਨ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਵਿੱਚ 4 ਲੱਖ ਕਰੋੜ ਦਾ ਕਰਜ਼ਾ ਲੈ ਲਿਆ ਹੈ ਜੋ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਕੁੱਲ ਕਰਜ਼ੇ ਦੇ ਬਰਾਬਰ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਫਰੰਟ ਦੇ ਜਨਰਲ ਸਕੱਤਰ ਸz ਮਹਿੰਦਰ ਸਿੰਘ ਮਨੌਲੀ ਸੂਰਤ, ਸਲਾਹਕਾਰ ਸ੍ਰੀ ਰਜਨੀਸ਼ ਖੰਨਾ, ਕੈਸ਼ੀਅਰ ਐਡਵੋਕੇਟ ਰੋਹਿਤ ਕੁਮਾਰ, ਐਡਵੋਕੇਟ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

 

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending