Connect with us

Punjab

ਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ

Published

on

 

ਅੰਮ੍ਰਿਤਸਰ, 6 ਅਗਸਤ (ਸ.ਬ.) ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਗਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ। ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ (ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ) ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ ਅਤੇ ਇਨ੍ਹਾਂ ਅਸਥਾਨਾਂ ਤੇ ਵੀ ਮੁਰੰਮਤ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੂੰ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਵੀ ਕਿਹਾ ਗਿਆ ਹੈ।

ਇਸਦੇ ਨਾਲ ਹੀ ਇੱਕ ਵੱਖਰੇ ਆਦੇਸ਼ ਰਾਹੀਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਦੌਰਾਨ ਸੈਮੀਨਾਰ, ਗੋਸ਼ਟੀਆਂ ਤੇ ਹੋਰ ਅਜਿਹੇ ਪ੍ਰੋਗਰਾਮ ਕਰਵਾ ਸਕਦੀ ਹੈ, ਪਰ ਇਨ੍ਹਾਂ ਲਈ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਲਿਆ ਜਾਵੇ। ਅਕਾਲ ਤਖ਼ਤ ਦੀ ਫ਼ਸੀਲ ਤੋਂ ਸਰਕਾਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਧਾਰਮਿਕ ਸਮਾਗਮ, ਜਿਨ੍ਹਾਂ ਵਿੱਚ ਨਗਰ ਕੀਰਤਨ ਸਜਾਉਣੇ ਅਤੇ ਗੁਰਮਤਿ ਸਮਾਗਮ ਸ਼ਾਮਲ ਹਨ, ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਸਰਕਾਰ ਇਨ੍ਹਾਂ ਵਿੱਚ ਸਹਿਯੋਗ ਦੇਵੇ। ਸਿੰਘ ਸਾਹਿਬਾਨ ਨੇ ਸਿੱਖ ਸੰਸਥਾਵਾਂ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਵਿੱਚ ਸਰਕਾਰ ਦੇ ਪ੍ਰਤੀਨਿਧਾਂ ਨੂੰ ਪੂਰਨ ਮਾਣ ਸਨਮਾਨ ਦੇਣ।

ਇੱਕ ਹੋਰ ਫੈਸਲੇ ਤਹਿਤ ਜੰਮੂ ਤੋਂ ਆਏ ਤਿੰਨ ਸਿੱਖਾਂ ਰਣਜੀਤ ਸਿੰਘ, ਜਗਪਾਲ ਸਿੰਘ ਅਤੇ ਸੋਮਨਾਥ ਸਿੰਘ ਨੂੰ ਵੀ ਤਨਖਾਹ ਲਾਈ ਗਈ ਹੈ। ਉਨ੍ਹਾਂ ਖਿਲਾਫ ਦੋਸ਼ ਹੈ ਕਿ ਉਨ੍ਹਾਂ ਨੇ ਸਿੱਖ ਪੰਥ ਵਿੱਚੋਂ ਛੇਕੇ ਹੋਏ ਵਿਅਕਤੀ ਪ੍ਰੋਫੈਸਰ ਦਰਸ਼ਨ ਸਿੰਘ ਦੇ ਹੱਕ ਵਿੱਚ ਸਮਾਗਮ ਕਰਵਾਇਆ ਹੈ।

ਇੱਥੇ ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ। ਅਕਾਲ ਤਖ਼ਤ ਸਕੱਤਰੇਤ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਤੇ ਹੋਰ ਸ਼ਾਮਲ ਸਨ।

ਅਕਾਲ ਤਖ਼ਤ ਦੇ ਫ਼ੈਸਲੇ ਦੀ ਇਨ ਬਿਨ ਪਾਲਣਾ ਕਰਾਂਗਾ: ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਆਦੇਸ਼ ਕੀਤੇ ਗਏ ਹਨ, ਉਹ ਇਨ ਬਿਨ ਉਨ੍ਹਾਂ ਦੀ ਪਾਲਣਾ ਕਰਨਗੇ। ਬੈਂਸ ਨੇ ਕਿਹਾ ਕਿ ਉਹ ਅਕਾਲ ਤਖ਼ਤ ਨੂੰ ਪੂਰਨ ਰੂਪ ਵਿੱਚ ਸਮਰਪਿਤ ਹਨ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending