Connect with us

Mohali

ਦਾਊਂ ਦੀ ਜ਼ਮੀਨ ਬਿਲਡਰ ਨੂੰ ਦੇਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ

Published

on

ਐਸ ਏ ਐਸ ਨਗਰ, 20 ਅਗਸਤ (ਸ.ਬ.) ਪਿੰਡ ਦਾਊਂ ਦੀ ਮਹਿੰਗੀ ਜ਼ਮੀਨ ਨੂੰ ਨਗਰ ਕੌਂਸਲ ਖਰੜ ਰਾਹੀਂ ਸ਼ਿਆਮ ਬਿਲਡਰ ਨੂੰ ਦੇਣ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਮੁਹਾਲੀ ਤੋਂ ਵਿਧਾਇਕ ਰਹਿ ਚੁੱਕੇ ਬਲਬੀਰ ਸਿੰਘ ਸਿੱਧੂ ਨੇ ਇਸ ਨੂੰ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਕਰਾਰ ਦਿੰਦਿਆਂ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਗ੍ਰਾਮ ਪੰਚਾਇਤ ਤੋਂ ਲੈ ਕੇ ਨਗਰ ਕੌਂਸਲ ਖਰੜ ਤਕ, ਅਧਿਕਾਰੀ ਅਤੇ ਸਿਆਸੀ ਤਾਕਤਾਂ ਦੀ ਗੰਢਤੁੱਪ ਦੇ ਦੋਸ਼ ਲੱਗ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਿਲਡਰ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਜ਼ਮੀਨ ਦੀ ਤਬਦੀਲੀ ਜ਼ਬਰਦਸਤੀ ਕਰਵਾਈ ਗਈ। ਮਾਮਲੇ ਦਾ ਰੌਲਾ ਪੈਣ ਤੋਂ ਬਾਅਦ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਵੱਲੋਂ ਆਪਣੀਆਂ ਸਿਫ਼ਾਰਸ਼ਾਂ ਵਾਪਸ ਲੈਣ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਸਾਰੀ ਪ੍ਰਕਿਰਿਆ ਰੋਕਣ ਦੇ ਹੁਕਮਾਂ ਦੇ ਬਾਵਜੂਦ ਨਗਰ ਕੌਂਸਲ ਖਰੜ ਨੇ ਮਤਾ ਪਾਸ ਕਰਕੇ ਇਹ ਜ਼ਮੀਨ ਸ਼ਿਆਮ ਬਿਲਡਰ ਦੇ ਹੱਕ ਵਿੱਚ ਪਾਸ ਕਰ ਦਿੱਤੀ। ਉਹਨਾਂ ਕਿਹਾ ਕਿ ਦਾਊਂ ਪਿੰਡ ਦੇ ਵੋਟਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਗ੍ਰਾਮ ਪੰਚਾਇਤ ਅਤੇ ਨਗਰ ਕੌਂਸਲ ਖਰੜ ਵੱਲੋਂ ਬਿਨਾਂ ਲੋਕਾਂ ਦੀ ਰਾਏ ਲਏ ਜ਼ਮੀਨ ਨੂੰ ਬਿਲਡਰ ਦੇ ਹੱਕ ਵਿੱਚ ਪਾਸ ਕਰਨ ਦੀ ਨਿੰਦਾ ਕੀਤੀ ਅਤੇ ਖਰੜ ਕੌਂਸਲ ਦੇ ਬਾਹਰ ਇਕੱਠ ਵੀ ਕੀਤਾ ਪਰ ਇਸ ਮਤੇ ਨੂੰ ਖਰੜ ਕੌਂਸਲ ਵੱਲੋਂ ਪਾਸ ਕਰ ਦਿੱਤਾ ਗਿਆ।

ਸz. ਸਿੱਧੂ ਨੇ ਕਿਹਾ ਕਿ, ਭਾਵੇਂ ਸਰਕਾਰ ਨੇ ਹੁਣ ਇਸ ਮਤੇ ਨੂੰ ਰੱਦ ਕਰ ਦਿੱਤਾ ਹੈ, ਪਰ ਇਹ ਗੱਲ ਸਪੱਸ਼ਟ ਕਰਦੀ ਹੈ ਕਿ ਮਾਮਲੇ ਵਿੱਚ ਸ਼ੁਰੂ ਤੋਂ ਹੀ ਕੁਝ ਗ਼ਲਤ ਹੋ ਰਿਹਾ ਸੀ। ਪਹਿਲਾਂ ਗ੍ਰਾਮ ਪੰਚਾਇਤ ਵੱਲੋਂ ਅਤੇ ਫਿਰ ਤੁਰੰਤ ਨਗਰ ਕੌਂਸਲ ਵੱਲੋਂ ਇਹ ਮਤਾ ਪਾਸ ਕੀਤਾ ਜਾਣਾ, ਆਪਣੇ ਆਪ ਵਿੱਚ ਸਵਾਲ ਖੜ੍ਹਾ ਕਰਦਾ ਹੈ। ਇਸ ਪੂਰੀ ਪ੍ਰਕਿਰਿਆ ਉੱਤੇ ਸਵਾਲ ਚੁਕਦਿਆਂ ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹ ਦਾਅਵੇ ਕਰਦੇ ਨਹੀਂ ਥੱਕਦੀ ਕਿ ਉਸ ਨੇ ਸੈਂਕੜੇ ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ ਤੇ ਦੂਜੇ ਪਾਸੇ ਇਸ ਤਰ੍ਹਾਂ ਸਾਜ਼ਿਸ਼ਾਂ ਕਰਕੇ ਹੇਠਲੇ ਪੱਧਰ ਦੇ ਅਧਿਕਾਰੀ ਹੀ ਪੰਚਾਇਤੀ ਜ਼ਮੀਨਾਂ ਦੇ ਮਾਮਲੇ ਵਿੱਚ ਘਪਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਉੱਤੇ ਲਗਾਮ ਕੱਸੀ ਜਾਣੀ ਬੇਹੱਦ ਜ਼ਰੂਰੀ ਹੈ।

ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਦੇ ਸਮੇਂ 2021 ਵਿੱਚ ਸਮੁੱਚੀ ਗ੍ਰਾਮ ਸਭਾ ਵੱਲੋਂ ਇਹ ਸਪਸ਼ਟ ਮਤਾ ਪਾਸ ਕੀਤਾ ਗਿਆ ਸੀ ਕਿ ਦਾਊਂ ਦੀ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ, ਫਿਰ ਹੁਣ ਕਾਹਲੀ ਵਿੱਚ ਇਹ ਕਦਮ ਕਿਉਂ ਚੁੱਕੇ ਗਏ। ਉਹਨਾਂ ਕਿਹਾ ਕਿ ਇਸ ਮਤੇ ਰਾਹੀਂ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਸਿਰਫ਼ ਮਤਾ ਰੱਦ ਕਰਨਾ ਹੀ ਕਾਫ਼ੀ ਨਹੀਂ ਹੈ ਬਲਕਿ ਪਰਦੇ ਦੇ ਪਿੱਛੇ ਇਸ ਜ਼ਮੀਨ ਦਾ ਘਪਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਖੁਦ ਨੂੰ ਇਮਾਨਦਾਰ ਦੱਸਦੀ ਹੈ ਤਾਂ ਇਸ ਦੀ ਉੱਚ ਪੱਧਰੀ ਜਾਂਚ ਕਰਾਵੇ ਅਤੇ ਜ਼ਿੰਮੇਵਾਰ ਲੋਕਾਂ ਅਤੇ ਉਨਾਂ ਨੇਤਾਵਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ ਜੋ ਇਸ ਘਪਲੇ ਵਿੱਚ ਸ਼ਾਮਿਲ ਹਨ। ਉਹਨਾਂ ਕਿਹਾ ਕਿ ਜੇ ਸਰਕਾਰ ਪਾਰਦਰਸ਼ਤਾ ਵਿੱਚ ਵਿਸ਼ਵਾਸ ਕਰਦੀ ਹੈ ਤਾਂ ਇਸ ਮਾਮਲੇ ਦੀ ਜਾਂਚ ਸਿਰਫ਼ ਵਿਜੀਲੈਂਸ ਵਿਭਾਗ ਹੀ ਨਹੀਂ ਬਲਕਿ ਕਿਸੇ ਸੁਤੰਤਰ ਏਜੰਸੀ ਤੋਂ ਵੀ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲ ਸਕੇ।

 

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending