Connect with us

Chandigarh

ਹੜ੍ਹਾਂ ਦੌਰਾਨ ਹੁਣ ਤਕ ਪੰਜਾਬ ਵਿੱਚ 29 ਮਨੁੱਖੀ ਜਾਨਾਂ ਗਈਆਂ, 3 ਵਿਅਕਤੀ ਲਾਪਤਾ

Published

on

 

ਸਰਕਾਰ ਵਲੋਂ ਜਾਰੀ ਹੜ੍ਹਾਂ ਦੇ ਅੰਕੜਿਆਂ ਅਨੁਸਾਰ 12 ਜਿਲ੍ਹਿਆਂ ਦੇ ਕੁਲ 1044 ਪਿੰਡ ਪ੍ਰਭਾਵਿਤ

ਚੰਡੀਗੜ੍ਹ, 1 ਸਤੰਬਰ (ਸ.ਬ.) ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਦੌਰਾਨ ਹੁਣ ਤਕ 29 ਮਨੁੱਖੀ ਜਾਨਾਂ ਗਈਆਂ ਹਨ। ਇਸਦੇ ਨਾਲ ਹੀ ਪਠਾਨਕੋਟ ਦੇ ਤਿੰਨ ਵਿਅਕਤੀ ਲਾਪਤਾ ਹਨ। ਪੰਜਾਬ ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਕੁੱਲ-12 ਜਿਲ੍ਹੇ (ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਠਾਨਕੋਟ ਅਤੇ ਐਸ.ਏ.ਐਸ.ਨਗਰ) ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।

ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕੁਲ 29 ਵਿਅਕਤੀਆਂ ਦੀ ਮੌਤ ਹੋਈ ਹੈ ਜਿਹਨਾਂ ਵਿੱਚ ਅੰਮ੍ਰਿਤਸਰ ਦੇ 3, ਬਰਨਾਲਾ ਦੇ 3, ਬਠਿੰਡਾ ਦਾ 1, ਗੁਰਦਾਸਪੁਰ ਦਾ 1, ਹੁਸ਼ਿਆਰਪੁਰ ਦੇ 3, ਲੁਧਿਆਣਾ ਦੇ 3, ਮਾਨਸਾ ਦੇ 3, ਪਠਾਨਕੋਟ ਦੇ 6, ਪਟਿਆਲਾ ਦਾ 1, ਰੂਪਨਗਰ ਦੇ 3, ਐਸ ਏ ਐਸ ਨਗਰ ਅਤੇ ਸੰਗਰੂਰ ਦੇ 1-1 ਵਿਅਕਤੀ ਸ਼ਾਮਿਲ ਹਨ। ਇਸ ਦੌਰਾਨ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹੋਏ ਹਨ।

ਇਸ ਦੌਰਾਨ ਇਹਨਾਂ 2 ਜਿਲ੍ਹਿਆਂ ਦੇ ਕੁਲ 1044 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਸਹਿਣੀ ਪਈ ਹੈ। ਇਹਨਾਂ ਵਿੱਚ ਗੁਰਦਾਸਪੁਰ ਦੇ 321, ਕਪੂਰਥਲਾ ਦੇ 115, ਹੁਸ਼ਿਆਰਪੁਰ ਦੇ 94, ਅੰਮ੍ਰਿਤਸਰ ਦੇ 88, ਪਠਾਨਕੋਟ ਦੇ 82, ਮਾਨਸਾ ਦੇ 77, ਫਿਰੋਜ਼ਪੁਰ ਦੇ 76, ਫਾਜ਼ਿਲਕਾ ਦੇ 72, ਜਲੰਧਰ ਦੇ 55, ਮੋਗਾ ਦੇ 39, ਬਰਨਾਲਾ ਦੇ 24, ਅਤੇ ਐਸ ਏ ਐਸ ਨਗਰ ਦਾ 1 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।

ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਹੜ੍ਹਾਂ ਕਾਰਨ ਕੁੱਲ 2,56,107 ਆਬਾਦੀ ਪ੍ਰਭਾਵਿਤ ਹੋਈ ਹੈ ਜਿਸ ਵਿੱਚ ਅੰਮ੍ਰਿਤਸਰ (35000), ਬਰਨਾਲਾ (59), ਫਾਜ਼ਿਲਕਾ (21562), ਫਿਰੋਜ਼ਪੁਰ (24015), ਗੁਰਦਾਸਪੁਰ (145000), ਹੁਸ਼ਿਆਰਪੁਰ (1152), ਜਲੰਧਰ (653), ਕਪੂਰਥਲਾ (5650), ਮਾਨਸਾ (163), ਮੋਗਾ (800), ਪਠਾਨਕੋਟ (7100), ਸ਼ਾਮਿਲ ਹਨ।

ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦੌਰਾਨ 15688 ਵਿਅਕਤੀਆਂ ਨੂੰ ਸੁਰਖਿਅਤ ਥਾਵਾਂ ਤੇ ਲਿਜਾਇਆ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ 1700, ਬਰਨਾਲਾ ਦੇ 25, ਫਾਜ਼ਿਲਕਾ ਦੇ 2049, ਫਿਰੋਜ਼ਪੁਰ ਦੇ 3321, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 515, ਮਾਨਸਾ ਦੇ 163, ਮੋਗਾ ਦੇ 115, ਪਠਾਨਕੋਟ ਦੇ 1139, ਤਰਨਤਾਰਨ ਦੇ 60 ਵਿਅਕਤੀ ਸ਼ਾਮਿਲ ਹਨ।

ਪੰਜਾਬ ਸਰਕਾਰ ਵਲੋਂ ਹੜ੍ਹਾਂ ਤੋਂ ਰਾਹਤ ਦੇਣ ਲਈ ਕੁੱਲ 129 ਰਾਹਤ ਕੈਂਪ ਖੋਲ੍ਹੇ ਗਏ ਹਨ ਜਿਹਨਾਂ ਵਿੱਚੋਂ ਅੰਮ੍ਰਿਤਸਰ ਵਿੱਚ 16, ਬਰਨਾਲਾ ਵਿੱਚ 1, ਫਾਜ਼ਿਲਕਾ ਵਿੱਚ10, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 9, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਦੇ 20 ਕੈਂਪ ਸ਼ਾਮਿਲ ਹਨ। ਇਹਨਾਂ ਰਾਹਤ ਕੈਂਪਾਂ ਵਿੱਚ ਕੁੱਲ-7144 ਵਿਅਕਤੀਆਂ ਨੇ ਸ਼ਰਨ ਲਈ ਹੈ। ਜਿਹਨਾਂ ਵਿੱਚ ਅੰਮ੍ਰਿਤਸਰ ਦੇ 170, ਬਰਨਾਲਾ ਦੇ 25, ਫਾਜ਼ਿਲਕਾ ਦੇ 1201, ਫਿਰੋਜ਼ਪੁਰ ਦੇ 3987, ਗੁਰਦਾਸਪੁਰ ਦੇ 424, ਹੁਸ਼ਿਆਰਪੁਰ ਦੇ 478, ਕਪੂਰਥਲਾ ਦੇ 110, ਮਾਨਸਾ ਦੇ 163, ਮੋਗਾ ਦੇ 115, ਪਠਾਨਕੋਟ ਦੇ 411 ਅਤੇ ਸੰਗਰੂਰ ਦੇ 60 ਵਿਅਕਤੀਆਂ ਨੇ ਸ਼ਰਣ ਲਈ ਹੈ।

ਸਰਕਾਰ ਦੇ ਅੰਕੜਿਆਂ ਅਨੁਸਾਰ ਹੜ੍ਹਾਂ ਕਾਰਨ ਕੁੱਲ 94,061 ਹੈਕਟੇਅਰ ਜਮੀਨ ਦੀ ਫਸਲ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਐਨ ਡੀ ਆਰ ਐਫ ਦੀਆਂ ਕੁੱਲ 20 ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸਦੇ ਨਾਲ ਹੀ ਹਵਾਈ ਸੈਨਾ, ਜਲ ਸੈਨਾ ਅਤੇ ਫੌਜ ਦੇ ਕੁੱਲ 10 ਕਾਲਮ ਤਾਇਨਾਤ (8 ਸਟੈਂਡਬਾਏ ਤੇ 2 ਇੰਜੀਨੀਅਰ ਕਾਲਮ ਤਾਇਨਾਤ), 30-35 ਹੈਲੀਕਾਪਟਰ, ਬੀ ਐਸ ਐਫ, 114 ਕਿਸ਼ਤੀਆਂ ਅਤੇ ਰਾਜ ਦਾ 1 ਹੈਲੀਕਾਪਟਰ ਵੀ ਤੈਨਾਤ ਕੀਤਾ ਗਿਆ ਹੈ।

Chandigarh

ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ : ਡਾ. ਬਲਬੀਰ ਸਿੰਘ

Published

on

By

ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਤੇਜ਼

ਚੰਡੀਗੜ੍ਹ, 21 ਸਤੰਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਬਾਰ ਵਿੱਚ ਨਕਲੀ ਅਤੇ ਮਾੜੀ ਗੁਣਵਤਾ ਵਾਲੇ ਸਾਮਾਨ ਦੀ ਸਪਲਾਈ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ।

ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸੰਬੰਧੀ ਜ਼ਮੀਨੀ ਪੱਧਰ ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੌਰਾਨ 216 ਨਮੂਨੇ ਲਏ ਗਏ ਜਿਹੜੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਫ.ਡੀ. ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ਤੇ ਹੀ 20 ਚਲਾਨ ਕੱਟੇ ਗਏ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਅਪੀਲ ਕੀਤੀ ਹੈ।

Continue Reading

Chandigarh

ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ : ਕੇਂਦਰੀ ਪੰਜਾਬੀ ਲੇਖਕ ਸਭਾ

Published

on

By

ਚੰਡੀਗੜ੍ਹ, 21 ਸਤੰਬਰ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਸੀਨੀਅਰ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਦੇ ਸੀਨੀਅਰ ਆਗੂ ਚੰਦ ਫ਼ਤਿਹਪੁਰੀ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ। ‘ਨਵਾਂ ਜ਼ਮਾਨਾ’ ਨਾਲ ਉਨ੍ਹਾਂ ਦਾ ਲੰਮਾ ਅਤੇ ਗਹਿਰਾ ਸਬੰਧ ਰਿਹਾ ਅਤੇ ਸੰਪਾਦਕ ਵਜੋਂ ਉਨ੍ਹਾਂ ਨੇ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ। ਆਪਣੀ ਲੇਖਣੀ ਰਾਹੀਂ ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ, ਸਮਾਜਕ ਸਰੋਕਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਆਵਾਜ਼ ਦਿੱਤੀ। ਖੱਬੀ ਲਹਿਰ ਨਾਲ ਜੁੜੇ ਇੱਕ ਸਰਗਰਮ ਆਗੂ ਵਜੋਂ ਵੀ ਉਨ੍ਹਾਂ ਦੀ ਲੰਮੀ ਭੂਮਿਕਾ ਰਹੀ।

ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਹੀ ਨਹੀਂ, ਸਗੋਂ ਲੋਕ-ਪੱਖੀ ਸੋਚ ਅਤੇ ਸਮਾਜਕ ਸਰੋਕਾਰਾਂ ਲਈ ਵੀ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਪੱਤਰਕਾਰੀ ਨੂੰ ਸਿਰਫ਼ ਰੋਜ਼ਾਨਾ ਘਟਨਾਵਾਂ ਦੀ ਰਿਪੋਰਟਿੰਗ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਸ ਨੂੰ ਲੋਕਾਂ ਦੇ ਸਵਾਲਾਂ ਅਤੇ ਸਮਾਜ ਦੀਆਂ ਹਕੀਕਤਾਂ ਨਾਲ ਜੋੜ ਕੇ ਦੇਖਿਆ। ਉਹ ਆਪਣੇ ਵਿਚਾਰਾਂ ਪ੍ਰਤੀ ਵਚਨਬੱਧ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਸਨ।

ਸਭਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲਿਖਤ, ਉਨ੍ਹਾਂ ਦੀ ਸੋਚ ਅਤੇ ਲੋਕ-ਪੱਖੀ ਪੱਤਰਕਾਰੀ ਦੀ ਰਵਾਇਤ ਉਨ੍ਹਾਂ ਦੀ ਯਾਦ ਨੂੰ ਜਿਊਂਦਾ ਰੱਖੇਗੀ। ਉਨ੍ਹਾਂ ਕਾਮਰੇਡ ਚੰਦ ਫ਼ਤਿਹਪੁਰੀ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

Continue Reading

Chandigarh

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ‘ਆਪ’ ਵਿੱਚ ਸ਼ਾਮਲ

Published

on

By

ਚੰਡੀਗੜ੍ਹ, 19 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।

ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ।

ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Continue Reading

Latest News

Trending