Connect with us

Chandigarh

ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਜਨਜੀਵਨ ਨੂੰ ਲੀਹ ਤੇ ਲਿਆਉਣ ਲਈ 2300 ਪਿੰਡਾਂ ਵਿੱਚ ਸਫਾਈ ਮੁਹਿੰਮ ਚਲਾਏਗੀ ਪੰਜਾਬ ਸਰਕਾਰ : ਭਗਵੰਤ ਮਾਨ

Published

on

 

ਚੰਡੀਗੜ੍ਹ, 13 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਜਨਜੀਵਨ ਨੂੰ ਲੀਹ ਤੇ ਲਿਆਉਣ ਲਈ 2300 ਪਿੰਡਾਂ ਵਿੱਚ ਸਫਾਈ ਮੁਹਿੰਮ ਚਲਾਈ ਜਾਵੇਗੀ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਅਤੇ ਜਨ-ਜੀਵਨ ਨੂੰ ਲੀਹ ਤੇ ਲਿਆਉਣ ਲਈ ਅਸੀਂ ਵੱਡੇ ਪੱਧਰ ਤੇ ਸਫ਼ਾਈ ਮੁਹਿੰਮ ਸ਼ੁਰੂ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰੇਕ ਪਿੰਡ ਵਿੱਚ ਇਕ ਜੇ. ਸੀ. ਬੀ., ਟਰੈਕਟਰ-ਟਰਾਲੀ ਅਤੇ ਲੇਬਰ ਦਾ ਪ੍ਰਬੰਧ ਕੀਤਾ ਜਾਵੇਗਾ। ਹੜ੍ਹਾਂ ਨਾਲ ਜੋ ਵੀ ਰੁੜ੍ਹ ਕੇ ਆਇਆ ਹੈ, ਉਸ ਮਲਬੇ ਨੂੰ ਸਾਫ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹਰੇਕ ਪਿੰਡ ਵਿੱਚ ਫੌਗਿੰਗ ਕਰਵਾਈ ਜਾਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਉਹਨਾਂ ਕਿਹਾ ਕਿ ਇਸ ਮੁਹਿੰਮ ਲਈ ਸਰਕਾਰ ਨੇ 100 ਕਰੋੜ ਰੁਪਿਆ ਰੱਖਿਆ ਹੈ, ਜਿਹਦੇ ਵਿੱਚੋਂ ਇਕ-ਇਕ ਲੱਖ ਪਿੰਡਾਂ ਨੂੰ ਟੋਕਨ ਦੇ ਤੌਰ ਤੇ ਦਿੱਤਾ ਜਾਵੇਗਾ ਅਤੇ ਜਿਵੇਂ-ਜਿਵੇਂ ਲੋੜ ਪਵੇਗੀ, ਪਿੰਡਾਂ ਨੂੰ ਪੈਸੇ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ ਅਤੇ 24-25 ਸਤੰਬਰ ਤੱਕ ਮਿੱਟੀ ਅਤੇ ਮਲਬੇ ਨੂੰ ਸਾਫ਼ ਕਰਨ ਦਾ ਕੰਮ ਨਿਬੇੜ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 15 ਅਕਤੂਬਰ ਤੱਕ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਨੂੰ ਸਾਫ਼ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਸੀਂ ਇਕਜੁੱਟ ਹੋ ਕੇ ਕੁਦਰਤੀ ਆਫ਼ਤ ਦੇ ਖ਼ਿਲਾਫ਼ ਲੜੇ ਹਾਂ ਅਤੇ ਹੁਣ ਵੀ ਮੁੜ ਕੇ ਪੰਜਾਬ ਨੂੰ ਖੜ੍ਹਾ ਕਰਨਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਸਾਰੇ ਪ੍ਰਭਾਵਿਤ 2300 ਪਿੰਡਾਂ ਵਿੱਚ ਮੈਡੀਕਲ ਕੈਂਪ ਲਾਏ ਜਾਣਗੇ। 1707 ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ (ਜਿੱਥੇ ਪਿੰਡ ਵਾਲੇ ਕਹਿਣਗੇ) ਉੱਥੇ ਮੈਡੀਕਲ ਸਟਾਫ਼ ਅਤੇ ਡਾਕਟਰ ਹਰ ਸਮੇਂ ਮੁਹੱਈਆ ਰਹਿਣਗੇ। ਸਰਕਾਰ ਵਲੋਂ 550 ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ 713 ਪਿੰਡਾਂ ਵਿੱਚ ਕਰੀਬ ਢਾਈ ਲੱਖ ਦੇ ਆਸ-ਪਾਸ ਪਸ਼ੂ ਹੜ੍ਹਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਸਰਕਾਰ ਨੇ ਹਰੇਕ ਪਿੰਡ ਵਿੱਚ ਵੈਟਰਨਰੀ ਡਾਕਟਰਾਂ ਦੀ ਟੀਮ ਤਾਇਨਾਤ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਝੋਨਾ 15 ਦਿਨ ਪਹਿਲਾਂ ਹੀ ਮੰਡੀਆਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਅਸੀਂ ਇਸ ਸੰਕਟ ਵਿੱਚੋਂ ਬੜੀ ਜਲਦੀ ਨਿਕਲ ਕੇ ਆਪਣੇ ਆਮ ਹਾਲਾਤਾਂ ਵਿੱਚ ਆ ਜਾਵਾਂਗੇ।

ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਦਾ ਜਿਹੜਾ ਨੁਕਸਾਨ ਹੋਇਆ ਹੈ, ਉਸ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪਸ਼ੂਆਂ ਅਤੇ ਇਨਸਾਨਾਂ ਵਿੱਚ ਕਿਸੇ ਤਰ੍ਹਾਂ ਦੀ ਬੀਮਾਰੀ ਨਾ ਫੈਲੇ, ਇਸ ਲਈ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਮੈਡੀਕਲ ਕੈਂਪ ਸ਼ੁਰੂ ਹੋ ਚੁੱਕੇ ਹਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending