Punjab
ਚੌਟਾਲਾ ਡਿਸਟਰੀਬਿਊਟਰੀ ਵਿੱਚ ਪਾੜ ਪੈਣ ਕਾਰਨ 90 ਏਕੜ ਫਸਲਾਂ ਡੁੱਬੀਆਂ
ਡੱਬਵਾਲੀ, 10 ਅਕਤੂਬਰ (ਸ.ਬ.) ਚੌਟਾਲਾ ਡਿਸਟਰੀਬਿਊਟਰੀ (ਮਾਈਨਰ) ਵਿੱਚ ਮੱਧ ਖੇਤਰ ਦੇ ਕਿਸਾਨਾਂ ਵਿਚਕਾਰ ਮੋਘਿਆਂ ਦੇ ਫੇਰਬਦਲ ਦਾ ਮਾਮਲਾ ਪਾਣੀ ਦੀ ਪਹਿਲੀ ਆਮਦ ਨਾਲ ਹੋਰ ਗੰਭੀਰ ਹੋ ਗਿਆ। ਬੀਤੀ ਰਾਤ ਡਿਸਟਰੀਬਿਊਟਰੀ ਪਿੰਡ ਚੌਟਾਲਾ ਦੇ ਰਕਬੇ ਵਿੱਚ ਬੁਰਜੀ ਨੰਬਰ 60 ਦੇ ਨੇੜੇ ਟੁੱਟ ਗਈ, ਜਿਸ ਨਾਲ ਲਗਭਗ 80 ਤੋਂ 90 ਏਕੜ ਝੋਨੇ, ਗੁਆਰੇ ਅਤੇ ਨਰਮੇ ਦੀਆਂ ਫਸਲਾਂ ਤੋਂ ਇਲਾਵਾ ਕਈ ਏਕੜ ਕਿੰਨੂ ਦੇ ਬਾਗਾਂ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਭਰ ਗਿਆ। ਇਸ ਨਾਲ ਪੱਕੀਆਂ ਹੋਈਆਂ ਫ਼ਸਲਾਂ ਬਰਬਾਦ ਹੋ ਗਈਆਂ। ਦਰਜਨ ਭਰ ਕਿਸਾਨਾਂ ਦੀ ਛੇ ਮਹੀਨੇ ਦੀ ਮਿਹਨਤ ਤੇ ਪਾਣੀ ਫਿਰ ਗਿਆ।
ਜ਼ਿਕਰਯੋਗ ਹੈ ਕਿ ਚੌਟਾਲਾ ਖੇਤਰ ਦੇ ਕਿਸਾਨਾਂ ਨੇ ਟੇਲ ਤੱਕ ਸਿੰਜਾਈ ਅਤੇ ਘਰੇਲੂ ਵਰਤੋਂ ਲਈ ਪਾਣੀ ਨਾ ਪੁੱਜਣ ਦੇ ਵਿਰੋਧ ਵਿੱਚ 11 ਦਿਨ ਧਰਨਾ ਦਿੱਤਾ ਸੀ। ਕਿਸਾਨਾਂ ਦੀ ਮੰਗ ਤੇ ਸਿੰਜਾਈ ਮੰਤਰੀ ਸ਼ਰੂਤੀ ਚੌਧਰੀ ਦੇ ਸਖ਼ਤ ਨਿਰਦੇਸ਼ਾਂ ਤਹਿਤ ਹਫ਼ਤਾ ਪਹਿਲਾਂ ਚੌਟਾਲਾ ਡਿਸਟਰੀਬਿਊਟਰੀ ਦੇ ਲਗਪਗ 24 ਮੋਘਿਆਂ ਦੇ ਆਕਾਰ ਵਿੱਚ ਫੇਰਬਦਲ ਕੀਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਹੁਣ ਮੱਧ ਖੇਤਰ ਦੇ ਦੱਸ ਪਿੰਡਾਂ ਦੇ ਕਿਸਾਨ ਛੇ ਦਿਨਾਂ ਤੋਂ ਜੰਡਵਾਲਾ ਪੁਲੀ ਨੇੜੇ ਅਣਮਿੱਥੇ ਸਮੇਂ ਦੇ ਧਰਨੇ ਤੇ ਬੈਠੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਮਾਈਨਰ ਬੀਤੀ ਰਾਤ ਲਗਪਗ 10 ਵਜੇ ਟੇਲ ਬੁਰਜੀ ਨੰਬਰ 80 ਤੋਂ ਲਗਪਗ 20 ਬੁਰਜੀ ਪਹਿਲਾਂ ਟੁੱਟ ਗਈ। ਵਿਭਾਗੀ ਸੂਤਰਾਂ ਅਨੁਸਾਰ ਟੁੱਟਣ ਦਾ ਕਾਰਨ ਕਿਨਾਰੇ ਖੜ੍ਹੇ ਰੁੱਖ ਦੀਆਂ ਜੜਾਂ ਵਿੱਚ ਪਾਣੀ ਦਾ ਰਿਸਾਅ ਹੈ। ਪਿੰਡ ਚੌਟਾਲਾ ਦੇ ਕਿਸਾਨ ਆਗੂ ਦਯਾ ਰਾਮ ਉਲਾਨੀਆ ਨੇ ਕਿਹਾ ਕਿ ਵਿਭਾਗ ਨੇ ਬੀਤੀ ਸਵੇਰੇ 7 ਵਜੇ ਮੌਜਗੜ੍ਹ ਹੈਡ ਤੋਂ ਪਾਣੀ ਛੱਡਿਆ, ਜੋ ਰਾਤ 9 ਵਜੇ ਚੌਟਾਲਾ ਪਹੁੰਚਿਆ। ਜੇਕਰ ਪਾਣੀ 4-5 ਘੰਟੇ ਪਹਿਲਾਂ ਛੱਡਿਆ ਜਾਂਦਾ ਤਾਂ ਕਿਸਾਨ ਤੇ ਵਿਭਾਗ ਮਿਲ ਕੇ ਪੈਟਰੋਲਿੰਗ ਕਰ ਸਕਦੇ ਸਨ ਅਤੇ ਇਹ ਸਥਿਤੀ ਟਲ ਸਕਦੀ ਸੀ।
ਕਿਸਾਨਾਂ ਦਾ ਦੋਸ਼ ਹੈ ਕਿ ਮੋਘਿਆਂ ਵਿੱਚ ਤਬਦੀਲੀ ਤੋਂ ਬਾਅਦ ਸਿੰਜਾਈ ਵਿਭਾਗ ਨੇ ਬਿਨਾਂ ਸਥਿਤੀ ਦਾ ਅੰਦਾਜ਼ਾ ਲਗਾਏ ਪਾਣੀ ਛੱਡ ਦਿੱਤਾ, ਜਿਸ ਨਾਲ ਮਾੜੀ ਹਾਲਤ ਮਾਈਨਰ ਦਬਾਅ ਨਹੀਂ ਝੱਲ ਸਕੀ। ਵਿਭਾਗੀ ਕਰਮਚਾਰੀ ਮਾਈਨਰ ਦੇ ਪਾੜ ਨੂੰ ਦਰੁਸਤ ਕਰਨ ਵਿਚ ਜੁਟੇ ਹੋਏ ਹਨ। ਮਾਈਨਰ ਵਿਚ ਪਾੜ ਕਰਕੇ ਪੀੜਤ ਕਿਸਾਨ ਅਤੁਲ ਸਹਾਰਣ ਨੇ ਦੱਸਿਆ ਕਿ ਉਸ ਦੇ ਖੇਤ ਵਿਚ 10 ਏਕੜ ਝੋਨਾ ਅਤੇ 2 ਏਕੜ ਕਿੰਨੂ ਬਾਗ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਭਰ ਗਿਆ। ਉਸ ਦਾ ਕਹਿਣਾ ਹੈ ਕਿ ਵਿਭਾਗ ਮੋਘਿਆਂ ਵਿੱਚ ਤਬਦੀਲੀ ਤੋਂ ਬਾਅਦ ਪਾਣੀ ਦੇ ਦਬਾਅ ਦਾ ਸਹੀ ਅੰਦਾਜ਼ਾ ਨਹੀਂ ਲਗਾ ਸਕਿਆ। ਜਦ ਤੱਕ ਪਾਣੀ ਘਟਾਇਆ ਗਿਆ, ਤਦ ਤੱਕ ਮਾਈਨਰ ਮਾੜੀ ਹਾਲਤ ਕਰਕੇ ਟੁੱਟ ਚੁੱਕੀ ਸੀ।
ਕਿਸਾਨ ਹਨੂੰਮਾਨ ਛਿੰਪਾ ਨੰਬਰਦਾਰ ਨੇ ਦੱਸਿਆ ਕਿ ਸਿੰਜਾਈ ਵਿਭਾਗ ਦੀ ਲਾਪਰਵਾਹੀ ਕਾਰਨ ਉਸ ਦਾ 12 ਏਕੜ ਝੋਨਾ ਅਤੇ ਸਾਢੇ ਸੱਤ ਏਕੜ ਪੱਕੀ ਹੋਈ ਗੁਆਰੇ ਦੀ ਫਸਲ ਬਰਬਾਦ ਹੋ ਗਈ। ਇਸ ਤੋਂ ਇਲਾਵਾ ਕਿਸਾਨ ਸੁਰਜੀਤ ਸਿੰਘ ਭਾਰੂਖੇੜਾ, ਰਾਮ ਸਿੰਘ ਭਾਰੂਖੇੜਾ, ਮਨੋਜ ਸੋਨੀ, ਸੁਭਾਸ਼ ਖਦਰੀਆ, ਬੰਸੀ ਲਾਲ, ਸੁਭਾਸ਼ ਤੇ ਹੋਰ ਕਿਸਾਨਾਂ ਦੀਆਂ ਫਸਲਾਂ ਵੀ ਡੁੱਬ ਗਈਆਂ। ਕਿਸਾਨਾਂ ਨੇ ਕਿਹਾ ਕਿ ਵਿਭਾਗ ਦੀ ਨਲਾਇਕੀ ਨਾਲ ਡਿਸਟਰੀਬਿਊਟਰੀ (ਮਾਈਨਰ) ਟੁੱਟਣ ਕਾਰਨ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਸਿੰਜਾਈ ਵਿਭਾਗ ਅਤੇ ਸਰਕਾਰ ਤੁਰੰਤ ਬਰਬਾਦ ਫਸਲਾਂ ਦਾ ਮੁਆਵਜ਼ਾ ਦੇਵੇ।
ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਧਰਨਾਕਾਰੀ ਕਿਸਾਨਾਂ ਵੱਲੋਂ ਮੋਘੇ ਬੰਦ ਕੀਤੇ ਜਾਣ ਕਾਰਨ ਮਾਈਨਰ ਵਿੱਚ 65 ਦੀ ਥਾਂ ਸਿਰਫ਼ 40 ਕਿਊਸਿਕ ਪਾਣੀ ਛੱਡਿਆ ਗਿਆ ਸੀ। ਪਾਣੀ ਨੂੰ ਰਾਜਸਥਾਨ ਕੈਨਾਲ ਹੇਠਲੇ ਲਗਪਗ 500 ਫੁੱਟ ਲੰਬੇ ਸਾਇਫਨ ਰਾਹੀਂ ਘੱਟ ਦਬਾਅ ਵਿੱਚ ਕੱਢਣਾ ਤਕਨੀਕੀ ਤੌਰ ਤੇ ਸੰਭਵ ਨਹੀਂ ਸੀ। ਲਗਪਗ 25 ਕਿਲੋਮੀਟਰ ਲੰਬੀ ਚੌਟਾਲਾ ਡਿਸਟਰੀਬਿਊਟਰੀ (ਮਾਈਨਰ) ਦੀ ਉਸਾਰੀ ਕਰੀਬ 50 ਸਾਲ ਪਹਿਲਾਂ ਹੋਈ ਸੀ, ਹੁਣ ਇਹ ਬਹੁਤ ਮਾੜੀ ਹਾਲਤ ਵਿੱਚ ਹੈ।
ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮਨਦੀਪ ਬੇਨੀਵਾਲ ਨੇ ਦੱਸਿਆ ਕਿ ਡਿਸਟਰੀਬਿਊਟਰੀ ਦੇ ਪਾੜ ਨੂੰ ਛੇਤੀ ਦਰੁਸਤ ਕਰਕੇ ਪਾਣੀ ਛੱਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਮੁੜ ਉਸਾਰੀ ਲਈ ਲਗਪਗ 9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਐਸਟੀਮੇਟ ਤਕਨੀਕੀ ਮਨਜ਼ੂਰੀ ਲਈ ਚੀਫ਼ ਇੰਜਨੀਅਰ ਨੂੰ ਭੇਜਿਆ ਗਿਆ ਹੈ। ਉਮੀਦ ਹੈ ਕਿ ਆਗਾਮੀ ਦੋ-ਤਿੰਨ ਮਹੀਨਿਆਂ ਵਿੱਚ ਇਸ ਦੇ ਟੈਂਡਰ ਮੰਗੇ ਜਾ ਸਕਣਗੇ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
