Connect with us

Chandigarh

ਮਰਹੂਮ ਆਈ ਪੀ ਐਸ ਅਧਿਕਾਰੀ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ, ਕੇਂਦਰ ਅਤੇ ਸੂਬਾ ਸਰਕਾਰ ਕੋਲੋਂ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਦੀ ਕੀਤੀ ਮੰਗ

Published

on

ਚੰਡੀਗੜ੍ਹ, 14 ਅਕਤੂਬਰ (ਸ.ਬ.) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਦੇ ਆਈਪੀਐਸ ਅਧਿਕਾਰੀ ਮਰਹੂਮ ਵਾਈ. ਪੂਰਨ ਕੁਮਾਰ ਦੀ ਆਈਏਐਸ ਪਤਨੀ ਅਮਨੀਤ ਪੀ.ਕੁਮਾਰ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।

ਇਸ ਮੁਲਾਕਾਤ ਮਗਰੋਂ ਆਈਏਐਸ ਅਧਿਕਾਰੀ ਦੀ ਰਿਹਾਇਸ਼ ਦੇ ਬਾਹਰ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਦਲਿਤਾਂ ਤੇ ਅੱਤਿਆਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਨਹੀਂ ਬਲਕਿ ਦੇਸ਼ ਦੇ ਕਰੋੜਾਂ ਦਲਿਤਾਂ ਨਾਲ ਜੁੜਿਆ ਹੋਇਆ ਮਸਲਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਤੋਂ ਸਾਫ਼ ਹੈ ਕਿ ਕਿਵੇਂ ਇੱਕ ਅਧਿਕਾਰੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪ੍ਰੇਸ਼ਾਨੀ ਦੇ ਇਸੇ ਦਬਾਅ ਵਿਚ ਆ ਕੇ ਆਈਪੀਐਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ।

ਰਾਹੁਲ ਗਾਂਧੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰ ਨਾਲ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਵਾਈ. ਪੂਰਨ ਕੁਮਾਰ ਦਾ ਸਸਕਾਰ ਕਰਵਾਇਆ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਵੀ ਇਹੀ ਮੰਗ ਹੈ ਕਿ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ ਅਤੇ ਉਕਤ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਤੇ ਹਰਿਆਣਾ ਕਾਂਗਰਸ ਨਾਲ ਸਬੰਧਤ ਹੋਰ ਆਗੂ ਵੀ ਮੌਜੂਦ ਸਨ। ਆਈਪੀਐਸ ਅਧਿਕਾਰੀ ਵਾਈ.ਪੂਰਨ ਕੁਮਾਰ ਨੇ ਪਿਛਲੇ ਹਫ਼ਤੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਖ਼ੁਦਕੁਸ਼ੀ ਕਰ ਲਈ ਸੀ।

ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਅਮਨੀਤ ਪੀ.ਕੁਮਾਰ ਨਾਲ ਗੱਲ ਕੀਤੀ ਤਾਂ ਮਹਿਸੂਸ ਕੀਤਾ ਕਿ ਪਰਿਵਾਰ ਕਿਸ ਦਰਦ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਭੈਣ ਨੇ ਆਪਣੇ ਪਤੀ ਨੂੰ ਤੇ ਦੋ ਧੀਆਂ ਨੇ ਆਪਣੇ ਪਿਤਾ ਨੂੰ ਗੁਆਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸਿਰਫ਼ ਖੁਦਕੁਸ਼ੀ ਨਹੀਂ ਹੈ, ਇਹ ਇੱਕ ਅਸੰਵੇਦਨਸ਼ੀਲ ਪ੍ਰਣਾਲੀ ਅਤੇ ਜਾਤੀ ਭੇਦਭਾਵ ਦੀ ਅਸਫਲਤਾ ਦਾ ਸਿੱਟਾ ਹੈ। ਇੱਕ ਇਮਾਨਦਾਰ ਅਧਿਕਾਰੀ, ਜਿਸ ਨੇ ਸਾਰੀ ਉਮਰ ਕਾਨੂੰਨ ਅਤੇ ਨਿਆਂ ਲਈ ਕੰਮ ਕੀਤਾ, ਉਸੇ ਪ੍ਰਣਾਲੀ ਦੁਆਰਾ ਟੁੱਟ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਲੜਾਈ ਨੂੰ ਰਾਸ਼ਟਰੀ ਪੱਧਰ ਤੇ ਲੈ ਜਾਵੇਗੀ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

ਰਾਹੁਲ ਗਾਂਧੀ ਨੇ ਕਿਹਾ ਕਿ ਇਸ ਘਟਨਾ ਨੇ ਦੇਸ਼ ਭਰ ਦੇ ਦਲਿਤਾਂ ਨੂੰ ਬਹੁਤ ਗਲਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦਲਿਤ ਭਾਈਚਾਰੇ ਦੇ ਹਰ ਮੈਂਬਰ ਨੂੰ ਦੁੱਖ ਹੋ ਰਿਹਾ ਹੈ। ਇਸ ਘਟਨਾ ਨਾਲ ਇਹ ਸੁਨੇਹਾ ਗਿਆ ਹੈ ਕਿ ਭਾਵੇਂ ਉਹ ਕਿੰਨੇ ਵੀ ਸਮਰੱਥ, ਬੁੱਧੀਮਾਨ ਜਾਂ ਮਿਹਨਤੀ ਕਿਉਂ ਨਾ ਹੋਣ, ਜੇਕਰ ਉਹ ਦਲਿਤ ਹਨ, ਤਾਂ ਉਨ੍ਹਾਂ ਨੂੰ ਦਬਾਇਆ ਅਤੇ ਕੁਚਲਿਆ ਜਾ ਸਕਦਾ ਹੈ। ਇਹ ਕਿਸੇ ਵੀ ਹਾਲਾਤ ਵਿੱਚ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਇੱਕ ਅਧਿਕਾਰੀ ਦੀ ਜਾਨ ਲੈਂਦੀਆਂ ਹਨ ਸਗੋਂ ਸਮਾਜ ਦੇ ਇੱਕ ਵੱਡੇ ਵਰਗ ਦੇ ਵਿਸ਼ਵਾਸ ਨੂੰ ਵੀ ਤੋੜਦੀਆਂ ਹਨ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਹਵਾਈ ਅੱਡੇ ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰ ਕਈ ਕਾਂਗਰਸੀ ਆਗੂ ਵੀ ਮੌਜੂਦ ਸਨ। ਰਾਹੁਲ ਗਾਂਧੀ ਦੀ ਚੰਡੀਗੜ੍ਹ ਆਮਦ ਨੂੰ ਲੈ ਕੇ ਸਥਾਨਕ ਪੁਲੀਸ ਵੱਲੋਂ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending