Editorial
ਪੈਰਿਸ ਉਲੰਪਿਕ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੇ ਹਨ ਭਾਰਤੀ ਨਿਸ਼ਾਨੇਬਾਜ
ਹੁਣ ਤੱਕ ਤਿੰਨ ਮੈਡਲ ਜਿੱਤਣ ਕਾਰਨ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ
ਫਰਾਂਸ ਦੇ ਪੈਰਿਸ ਵਿੱਚ ਚਲ ਰਹੀਆਂ ਉਲੰਪਿਕ ਖੇਡਾਂ ਵਿੱਚ ਭਾਰਤੀ ਟੀਮ ਦੇ ਨਿਸ਼ਾਨੇਬਾਜਾਂ ਨੇ ਹੁਣ ਤਕ ਕਾਂਸੇ ਦੇ ਤਿੰਨ ਮੈਡਲ ਜਿੱਤ ਲਏ ਹਨ ਅਤੇ ਭਾਰਤੀ ਖਿਡਾਰੀਆਂ ਦੇ ਇਸ ਪ੍ਰਦਰਸ਼ਨ ਨਾਲ ਦੇਸ਼ਵਾਸੀਆਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ।
ਇਹਨਾਂ ਨਿਸ਼ਾਨੇਬਾਜਾਂ ਵਲੋਂ ਮੈਡਲ ਜਿੱਤਣ ਨਾਲ ਉਲੰਪਿਕ ਖੇਡਾਂ ਵਿੱਚ ਹਿੱਸਾ ਲੈ ਰਹੇ ਹੋਰਨਾਂ ਭਾਰਤੀ ਖਿਡਾਰੀਆਂ ਵਿੱਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਿਸ਼ਾਨੇਬਾਜੀ ਵਿੱਚ ਭਾਰਤ ਲਈ ਪਹਿਲਾ ਮੈਡਲ ਮਨੂੰ ਭਾਕਰ ਨੇ ਜਿੱਤਿਆ ਅਤੇ ਦੂਜਾ ਮੈਡਲ ਮਨੂੰ ਭਾਕਰ ਅਤੇ ਸਰਬਜੀਤ ਸਿੰਘ ਦੀ ਜੋੜੀ ਵਲੋਂ ਜਿੱਤਿਆ ਗਿਆ। ਤੀਜਾ ਮੈਡਲ ਸਵਪਨਿਲ ਕੁਸਾਲੇ ਨੇ ਜਿਤਿਆ ਹੈ।
ਇਹ ਵੀ ਇਤਫਾਕ ਹੈ ਕਿ ਤਿੰਨੇ ਖਿਡਾਰੀਆਂ ਨੇ ਕਾਂਸੇ ਦੇ ਮੈਡਲ ਹੀ ਜਿੱਤੇ ਹਨ। ਮਨੂੰ ਭਾਕਰ ਇਕ ਹੀ ਉਲੰਪਿਕ ਵਿੱਚ ਦੋ ਮੈਡਲ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ। ਸਰਬਜੀਤ ਸਿੰਘ ਬਾਰੇ ਕਿਹਾ ਜਾ ਰਿਹਾ ਹੈ ਕਿ ਉਸਦੇ ਪਿਤਾ ਆਮ ਕਿਸਾਨ ਹਨ ਅਤੇ ਆਮ ਕਿਸਾਨ ਪਰਿਵਾਰ ਵਿਚੋਂ ਉਠ ਕੇ ਉਲੰਪਿਕ ਵਿਚ ਮੈਡਲ ਜਿੱਤਣਾ ਬਹੁਤ ਮਾਣ ਵਾਲੀ ਗੱਲ ਹੈ।
ਇਸ ਤੋਂ ਇਲਾਵਾ ਭਾਰਤੀ ਹਾਕੀ ਟੀਮ ਨੇ ਵੀ ਕੁਆਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਭਾਵੇਂ ਕਿ ਭਾਰਤੀ ਟੀਮ ਬੀਤੇ ਦਿਨ ਬੈਲਜੀਅਮ ਦੀ ਟੀਮ ਕੋਲੋਂ ਹਾਰ ਗਈ ਸੀ ਪਰ ਭਾਰਤੀ ਟੀਮ ਤੋਂ ਅਜੇ ਵੀ ਮੈਡਲ ਜਿੱਤਣ ਦੀਆਂ ਆਸਾਂ ਦੇਸ਼ ਵਾਸੀਆਂ ਨੂੰ ਹਨ। ਭਾਰਤੀ ਹਾਕੀ ਟੀਮ ਵਿੱਚ ਵੱਡੀ ਗਿਣਤੀ ਖਿਡਾਰੀ ਪੰਜਾਬ ਦੇ ਹੋਣ ਕਰਕੇ ਪੂਰੇ ਪੰਜਾਬ ਦੀਆਂ ਨਜਰਾਂ ਭਾਰਤੀ ਹਾਕੀ ਟੀਮ ਤੇ ਲੱਗੀਆਂ ਹੋਈਆਂ ਹਨ ਅਤੇ ਪੰਜਾਬੀ ਹਾਕੀ ਟੀਮ ਦੇ ਮੈਚ ਉਤਸ਼ਾਹ ਨਾਲ ਵੇਖਦੇ ਹਨ।
ਉਲੰਪਿਕ ਖੇਡਾਂ ਵਿੱਚ ਹੁਣ ਤਕ ਤਿੰਨ ਮੈਡਲ ਜਿੱਤ ਕੇ ਭਾਰਤੀ ਖਿਡਾਰੀਆਂ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿਤੇ ਹਨ ਅਤੇ ਜਿਹੜੇ ਦੇਸ਼ ਭਾਰਤ ਦੇ ਖਿਡਾਰੀਆਂ ਨੂੰ ਕਿਸੇ ਗਿਣਤੀ ਵਿਚ ਨਹੀਂ ਗਿਣਦੇ ਸੀ, ਹੁਣ ਉਹਨਾਂ ਦੇਸ਼ਾਂ ਨੂੰ ਵੀ ਭਾਰਤੀ ਖਿਡਾਰੀਆਂ ਦੀ ਖੇਡ ਕੁਸ਼ਲਤਾ ਦਾ ਲੋਹਾ ਮੰਨਣਾ ਪਿਆ ਹੈ।
ਖੇਡ ਮਾਹਿਰ ਕਹਿੰਦੇ ਹਨ ਕਿ ਭਾਰਤ ਵਿੱਚ ਖੇਡ ਯੋਗਤਾ ਦੀ ਘਾਟ ਨਹੀਂ ਹੈ ਬਲਕਿ ਖੇਡ ਯੋਗਤਾ ਨੂੰ ਚੰਗੀ ਤਰ੍ਹਾਂ ਨਿਖਾਰਨ ਦੀ ਲੋੜ ਹੈ। ਪਿਛਲੇ ਸਮੇਂ ਦੌਰਾਨ ਭਾਰਤ ਦੇ ਖੇਡ ਖੇਤਰ ਵਿੱਚ ਚੰਗਾ ਸੁਧਾਰ ਵੇਖਣ ਵਿੱਚ ਆਇਆ ਹੈ। ਇਸ ਦੌਰਾਨ ਸਰਕਾਰ ਨੇ ਵੀ ਖਿਡਾਰੀਆਂ ਲਈ ਸਹੂਲਤਾਂ ਅਤੇ ਉਹਨਾਂ ਨੂੰ ਦਿੱਤੀ ਜਾਂਦੇ ਪੈਸੇ ਵਿੱਚ ਵਾਧਾ ਕੀਤਾ ਹੈ ਅਤੇ ਖਿਡਾਰੀਆਂ ਵੱਲੋਂ ਵੀ ਮੈਡਲ ਜਿੱਤਣ ਤੇ ਦੇਸ਼ ਦਾ ਨਾਮ ਚਮਕਾਉਣ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ।
ਉਲੰਪਿਕ ਖੇਡਾਂ ਵਿੱਚ ਅਜੇ ਹੋਰ ਵੀ ਅਨੇਕਾਂ ਖਿਡਾਰੀ ਮੈਡਲਾਂ ਦੀ ਦੌੜ ਵਿੱਚ ਹਨ ਅਤੇ ਇਹਨਾਂ ਖਿਡਾਰੀਆਂ ਤੋਂ ਭਾਰਤ ਲਈ ਹੋਰ ਮੈਡਲ ਜਿੱਤਣ ਦੀ ਉਮੀਦ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਸਾਡੇ ਖਿਡਾਰੀ ਦੇਸ਼ ਦੀ ਝੋਲੀ ਵਿੱਚ ਹੋਰ ਵੀ ਮੈਡਲ ਪਾ ਸਕਦੇ ਹਨ।
Editorial
ਵੱਡੇ ਪੱਧਰ ਤੇ ਹੁੰਦੀ ਨਕਲੀ ਅਤੇ ਮਿਲਾਵਟੀ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਾਰਵਾਈ ਜਰੂਰੀ
ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸਾਡੇ ਦੇਸ਼ ਵਿੱਚ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਦਾ ਧੰਦਾ ਖੁੱਲੇਆਮ ਚਲਦਾ ਹੈ ਅਤੇ ਜਿੱਥੇ ਵੀ ਵੇਖੋ ਅਜਿਹਾ ਸਾਮਾਨ ਆਮ ਵੇਚਿਆ ਜਾਂਦਾ ਹੈ। ਮਿਲਾਵਟੀ ਸਾਮਾਨ ਵੇਚਣ ਵਾਲਿਆਂ ਵਲੋਂ ਸਭ ਤੋਂ ਜ਼ਿਆਦਾ ਮਿਲਾਵਟ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਹੀ ਕੀਤੀ ਜਾਂਦੀ ਹੈ ਅਤੇ ਅਤੇ ਬਾਜਾਰਾਂ ਵਿੱਚ ਵਿਕਦਾ ਖਾਣ ਪੀਣ ਦਾ ਇਹ ਮਿਲਾਵਟੀ ਸਾਮਾਨ ਲੋਕਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਂਦਾ ਹੈ।
ਹਾਲਾਤ ਇਹ ਹਨ ਕਿ ਬਾਜ਼ਾਰ ਵਿੱਚ ਵਿਕਣ ਵਾਲੀ ਹਰ ਚੀਜ਼ ਵਿੱਚ ਵੱਡੇ ਪੱਧਰ ਤੇ ਮਿਲਾਵਟ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਸਭ ਤੋਂ ਜਿਆਦਾ ਮਿਲਾਵਟ ਦੁੱਧ ਅਤੇ ਉਸ ਤੋਂ ਬਣਨ ਵਾਲੀਆਂ ਵਸਤੂਆਂ ਵਿੱਚ ਹੀ ਹੁੰਦੀ ਹੈ। ਅਸਲੀਅਤ ਇਹ ਹੈ ਕਿ ਸਾਡੇ ਦੇਸ਼ ਵਿੱਚ ਦੁੱਧ ਦੀ ਜਿੰਨੀ ਖਪਤ ਹੁੰਦੀ ਹੈ ਉਸਦੇ ਮੁਕਾਬਲੇ ਉਸਦਾ ਉਤਪਾਦਨ ਅੱਧੇ ਤੋਂ ਵੀ ਘੱਟ ਹੈ ਅਤੇ ਦੁੱਧ ਦੀ ਖਪਤ ਵਿੱਚ ਹੋਣ ਵਾਲੇ ਵਾਧੇ ਨਾਲ ਉਤਪਾਦਨ ਅਤੇ ਮੰਗ ਵਿਚਲਾ ਇਹ ਪਾੜਾ ਹੋਰ ਵੀ ਵੱਧ ਜਾਂਦਾ ਹੈ। ਇਸਦੇ ਨਾਲ ਹੀ ਦੁੱਧ ਤੋਂ ਬਣਨ ਵਾਲੀਆਂ ਮਿਠਾਈਆਂ ਅਤੇ ਹੋਰ ਪਦਾਰਥ ਵੀ ਬਹੁਤ ਜ਼ਿਆਦਾ ਖਰੀਦੇ ਵੇਚੇ ਜਾਂਦੇ ਹਨ ਅਤੇ ਇਹੀ ਕਾਰਨ ਹੈ ਕਿ ਖਪਤ ਜ਼ਿਆਦਾ ਹੋਣ ਕਾਰਨ ਨਕਲੀ ਦੁੱਧ, ਖੋਆ ਅਤੇ ਪਨੀਰ ਦਾ ਕਾਰੋਬਾਰ ਧੜੱਲੇ ਨਾਲ ਚਲਦਾ ਹੈ।
ਬਾਜਾਰਾਂ ਵਿੱਚ ਹੋਣ ਵਾਲੀ ਵਿਕਰੀ ਵਿੱਚ ਜਿਵੇਂ ਜਿਵੇਂ ਵਾਧਾ ਹੁੰਦਾ ਹੈ, ਮਿਲਾਵਟੀ ਅਤੇ ਨਕਲੀ ਸਾਮਾਨ ਵੇਚਣ ਵਲਿਆਂ ਦਾ ਮੁਨਾਫਾ ਵੀ ਵੱਧਦਾ ਹੈ ਜਿਸ ਕਾਰਨ ਹਰ ਤਰ੍ਹਾਂ ਦੇ ਸਾਮਾਨ ਵਿੱਚ ਮਿਲਾਵਟ ਕਰਨ ਵਾਲੇ ਕੁੱਝ ਜਿਆਦਾ ਹੀ ਸਰਗਰਮ ਹੋ ਜਾਂਦੇ ਹਨ। ਇਸ ਸੰਬੰਧੀ ਟੀ ਵੀ ਚੈਨਲਾਂ ਵਲੋਂ ਸਮੇਂ ਸਮੇਂ ਤੇ ਦੇਸ਼ ਭਰ ਵਿੱਚ ਨਕਲੀ ਦੁੱਧ, ਖੋਆ, ਪਨੀਰ ਅਤੇ ਨਕਲੀ ਮਿਠਾਈਆਂ ਤਿਆਰ ਕਰਕੇ ਵੇਚੇ ਜਾਣ ਸੰਬੰਧੀ ਜਿਹੜੀਆਂ ਰਿਪੋਰਟਾਂ ਨਸ਼ਰ ਕੀਤੀਆਂ ਜਾਂਦੀਆਂ ਹਨ ਉਹ ਲੂ ਕੰਢੇ ਖੜ੍ਹੇ ਕਰਨ ਵਾਲੀਆਂ ਹੁੰਦੀਆਂ ਹਨ।
ਮਿਲਾਵਟ ਦਾ ਇਹ ਕਾਰੋਬਾਰ ਸਿਰਫ ਦੁੱਧ ਅਤੇ ਉਸਤੋਂ ਬਣਨ ਵਾਲੇ ਸਾਮਾਨ ਤਕ ਹੀ ਸੀਮਿਤ ਨਹੀਂ ਹੈ ਬਲਕਿ ਅੱਜ ਕੱਲ ਤਾਂ ਬਾਜਾਰਾਂ ਵਿੱਚ ਵਿਕਦੇ ਹਰ ਤਰ੍ਹਾਂ ਦੇ ਖਾਣ ਪੀਣ ਦੇ ਸਾਮਾਨ (ਅਨਾਜ, ਦਾਲਾਂ, ਮਸਾਲੇ ਅਤੇ ਖੁਰਾਕੀ ਤੇਲ ਸਮੇਤ ਖਾਣ ਪੀਣ ਦੇ ਹਰ ਤਰ੍ਹਾਂ ਦੇ ਸਾਮਾਨ) ਵਿੱਚ ਵੱਡੇ ਪੱਧਰ ਉਪਰ ਮਿਲਾਵਟ ਕੀਤੀ ਜਾਂਦੀ ਹੈ। ਇਸ ਸੰਬੰਧੀ ਸਮੇਂ ਸਮੇਂ ਤੇ ਸ਼ਿਕਾਇਤਾਂ ਵੀ ਸਾਮ੍ਹਣੇ ਆਉਂਦੀਆਂ ਹਨ ਪਰੰਤੂ ਹਾਲਾਤ ਵਿੱਚ ਕੋਈ ਫਰਕ ਨਹੀਂ ਪੈਂਦਾ। ਇਸ ਦੌਰਾਨ ਵਪਾਰੀ ਅਤੇ ਦੁਕਾਨਦਾਰ ਆਪਣਾ ਮੁਨਾਫਾ ਵਧਾਉਣ ਲਈ ਮਿਲਾਵਟੀ ਸਾਮਾਨ ਵੇਚ ਕੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ ਪਰੰਤੂ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਵਾਲਾ ਤੰਤਰ ਜਿਵੇਂ ਡੂੰਘੀ ਨੀਂਦ ਸੁੱਤਾ ਰਹਿੰਦਾ ਹੈ। ਆਮ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਜਿਹੜੀ ਚੀਜ਼ ਖਾ ਰਹੇ ਹਨ, ਉਹ ਨਾ ਸਿਰਫ ਮਿਲਾਵਟੀ ਹੈ ਬਲਕਿ ਉਹਨਾਂ ਦੀ ਸਿਹਤ ਲਈ ਨੁਕਸਾਨਦੇਹ ਵੀ ਹੈ।
ਦੇਸ਼ ਵਿੱਚ ਖੁੱਲੇਆਮ ਚਲਦੀ ਮਿਲਾਵਟੀ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਦੇਸ਼ ਦੇ ਖਜਾਨੇ ਨੂੰ ਵੀ ਖੋਰਾ ਲਗਾਉਂਦੀ ਹੈ ਕਿਉਂਕਿ ਮਿਲਾਵਟੀ ਸਾਮਾਨ ਦਾ ਇਹ ਸਾਰਾ ਕਾਰੋਬਾਰ ਦੋ ਨੰਬਰ ਵਿੱਚ ਹੀ ਹੁੰਦਾ ਹੈ। ਇਸ ਸੰਬੰਧੀ ਆਮ ਲੋਕ ਇਹ ਇਲਜਾਮ ਵੀ ਲਗਾਉਂਦੇ ਹਨ ਕਿ ਨਕਲੀ ਅਤੇ ਮਿਲਾਵਟੀ ਸਾਮਾਨ ਦਾ ਇਹ ਕਾਲਾ ਕਾਰੋਬਾਰ ਵੱਡੇ ਰਾਜਨੇਤਾਵਾਂ ਅਤੇ ਨੌਕਰਸ਼ਾਹਾਂ ਦੀ ਸਰਪਰਸਤੀ ਵਿੱਚ ਹੀ ਚਲਦਾ ਹੈ ਜਿਸਦੀ ਕਮਾਈ ਦਾ ਹਿੱਸਾ ਵੀ ਉੱਪਰ ਤਕ ਜਾਂਦਾ ਹੈ। ਇਸ ਤਰੀਕੇ ਨਾਲ ਸ਼ਰੇਆਮ ਹੁੰਦੀ ਮਿਲਾਵਟੀ ਅਤੇ ਨਕਲੀ ਸਾਮਾਨ ਦੀ ਵਿਕਰੀ ਸਰਕਾਰ ਦੀ ਕਾਰਗੁਜਾਰੀ ਤੇ ਵੀ ਸਵਾਲੀਆ ਨਿਸ਼ਾਨ ਚੁੱਕਦੀ ਹੈ।
ਨਕਲੀ ਅਤੇ ਮਿਲਾਵਟੀ ਸਾਮਾਨ ਦੀ ਖੁੱਲੇਆਮ ਵਿਕਰੀ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਦੇਸ਼ ਭਰ ਵਿਚ ਇਸਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਕਾਲੇ ਕਾਰੋਬਾਰ ਤੇ ਸਖਤੀ ਨਾਲ ਰੋਕ ਲਗਾਈ ਜਾਵੇ। ਪਰੰਤੂ ਇਸ ਸੰਬੰਧੀ ਸਰਕਾਰੀ ਪੱਧਰ ਤੇ ਹੋਣ ਵਾਲੀ ਕਾਰਵਾਈ ਦੀ ਅਣਹੋਂਦ ਕਾਰਨ ਮਿਲਾਵਟੀ ਸਾਮਾਨ ਦੀ ਇਸ ਵਿਕਰੀ ਦਾ ਅਮਲ ਲਗਾਤਾਰ ਵੱਧਦਾ ਜਾ ਰਿਹਾ ਹੈ। ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਇਸ ਤਰੀਕੇ ਨਾਲ ਮਿਲਾਵਟੀ ਸਾਮਾਨ ਵੇਚ ਕੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਤਰੀਕੇ ਨਾਲ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਤੇ ਰੋਕ ਲੱਗੇ।
Editorial
ਕੀ ਭਾਰਤ ਦੀ ਸਿਆਸਤ ਵਿੱਚ ਪਹਿਲਾਂ ਵਾਂਗ ਤਾਕਤਵਰ ਬਣ ਕੇ ਉਭਰ ਸਕਣਗੀਆਂ ਕਮਿਊਨਿਸਟ ਪਾਰਟੀਆਂ?
ਸਮਾਜ ਵਿੱਚ ਬਦਲਾਓ ਦੇ ਅਨੁਸਾਰ ਖੁਦ ਨੂੰ ਬਦਲ ਨਹੀਂ ਸਕੀਆਂ ਕਮਿਊਨਿਸਟ ਪਾਰਟੀਆਂ
ਭਾਰਤ ਦੇ ਆਜਾਦ ਹੋਣ ਤੋਂ ਪਹਿਲਾਂ ਤੋਂ ਹੀ ਭਾਰਤ ਦੀ ਸਿਆਸਤ ਤੇ ਭਾਰਤ ਦੀਆਂ ਕਮਿਊਨਿਸਟ ਪਾਰਟੀਆਂ ਦਾ ਕਾਫੀ ਪ੍ਰਭਾਵ ਰਿਹਾ ਹੈ। ਇਕ ਸਮਾਂ ਤਾਂ ਅਜਿਹਾ ਵੀ ਸੀ ਜਦੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਦੀ ਚੋਣ ਵਿੱਚ ਕਮਿਉਨਿਸਟ ਪਾਰਟੀਆਂ ਅਹਿਮ ਭੂਮਿਕਾ ਨਿਭਾਉਂਦੀਆਂ ਹੁੰਦੀਆਂ ਸਨ, ਪਰ ਅੱਜ ਭਾਰਤ ਦੀ ਸਿਆਸਤ ਵਿੱਚ ਕਮਿਉਨਿਸਟ ਪਾਰਟੀਆਂ ਦੀ ਜੋ ਸਥਿਤੀ ਹੈ, ਉਹ ਸਭ ਦੇ ਸਾਹਮਣੇ ਹੈ। ਭਾਰਤ ਦੀਆਂ ਵੱਖ ਵੱਖ ਕਮਿਊਨਿਸਟ ਜਾਂ ਖੱਬੇ ਪੱਖੀ ਪਾਰਟੀਆਂ ਇਸ ਸਮੇਂ ਭਾਰਤ ਦੀ ਸਿਆਸਤ ਵਿੱਚ ਮੁੜ ਆਪਣਾ ਦਬਦਬਾ ਕਾਇਮ ਕਰਨ ਦੇ ਯਤਨ ਕਰ ਰਹੀਆਂ ਹਨ, ਪਰੰਤੂ ਉਹਨਾਂ ਨੂੰ ਇਸ ਵਿੱਚ ਖਾਸ ਸਫਲਤਾ ਨਹੀਂ ਮਿਲ ਪਾਈ ਹੈ।
ਭਾਰਤ ਦੀ ਸਿਆਸਤ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਇਕ ਸਦੀ ਦਾ ਸਿਆਸੀ ਸਫਰ ਕਰ ਚੁੱਕੀ ਹੈ, ਇਸ ਦੇ ਬਾਵਜੂਦ ਇਸ ਸਮੇਂ ਭਾਰਤ ਦੀ ਸਿਆਸਤ ਵਿੱਚ ਕਮਿਊਨਿਸਟ ਪਾਰਟੀ ਦੀ ਭੂਮਿਕਾ ਦਿਨੋਂ ਦਿਨ ਘਟਦੀ ਜਾ ਰਹੀ ਹੈ। ਕਮਿਊਨਿਸਟ ਪਾਰਟੀ ਪੱਛਮੀ ਬੰਗਾਲ ਵਿੱਚ ਆਪਣੀ ਸੱਤਾ ਗਵਾ ਚੁੱਕੀ ਹੈ ਅਤੇ ਉਹ ਹੋਰ ਕਿਸੇ ਸੂਬੇ ਵਿੱਚ ਜਾਂ ਕੇਂਦਰ ਵਿੱਚ ਆਪਣੀ ਸਰਕਾਰ ਬਣਾਉਣ ਦੇ ਯੋਗ ਨਹੀਂ ਹੋ ਸਕੀ।
ਕਮਿਊਨਿਸਟ ਪਾਰਟੀਆਂ ਨੇ ਆਪਣਾ ਸਿਆਸੀ ਸਫਰ ਸਹਿਰਾਂ ਤੋਂ ਸ਼ੁਰੂ ਕੀਤਾ ਸੀ ਅਤੇ ਫਿਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਸੀ। ਇਸ ਪਾਰਟੀ ਦੀ ਮੌਜੂਦਾ ਸਥਿਤੀ ਵੇਖ ਕੇ ਕਮਿਊਨਿਸਟ ਪਾਰਟੀਆਂ ਦੇ ਵਿਰੋਧੀ ਆਗੂ ਕਹਿੰਦੇ ਹਨ ਕਿ ਭਾਰਤ ਪਿੰਡਾਂ ਤੋਂ ਸ਼ਹਿਰਾਂ ਵੱਲ ਜਾ ਰਿਹਾ ਹੈ। ਪਰ ਕਮਿਊਨਿਸਟ ਪਾਰਟੀਆਂ ਪਹਿਲਾਂ ਸ਼ਹਿਰਾਂ ਤੋਂ ਪਿੰਡਾਂ ਵਿੱਚ ਗਈਆਂ ਅਤੇ ਹੁਣ ਇਹ ਪਾਰਟੀਆਂ ਪਿੰਡਾਂ ਤੋਂ ਜੰਗਲਾਂ ਤੱਕ ਪਹੁੰਚ ਗਈਆਂ ਹਨ। ਕਮਿਊਨਿਸਟ ਪਾਰਟੀਆਂ ਦੇ ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਕਮਿਊਨਿਸਟ ਪਾਰਟੀਆਂ ਦਾ ਪ੍ਰਭਾਵ ਭਾਰਤ ਦੇ ਜੰਗਲਾਂ ਦੇ ਕੁਝ ਹਿੱਸੇ (ਨਕਸਲਵਾਦ ਪ੍ਰਭਾਵਿਤ) ਤਕ ਸੀਮਿਤ ਹੋ ਕੇ ਰਹਿ ਗਿਆ ਹੈ।
ਕਮਿਊਨਿਸਟ ਵਿਚਾਰਧਾਰਾ ਨੂੰ ਪ੍ਰਣਾਏ ਲੋਕ ਅਕਸਰ ਦਾਅਵਾ ਕਰਦੇ ਹਨ ਕਿ ਭਾਰਤ ਵਿੱਚ ਬੰਧੂਆ ਮਜਦੂਰੀ ਤੋਂ ਮੁਕਤੀ ਅਤੇ ਕਿਰਤ ਕਾਨੂੰਨ ਕਮਿਉਨਿਸਟ ਪਾਰਟੀਆਂ ਦੇ ਸੰਘਰਸ਼ ਕਾਰਨ ਸੰਭਵ ਹੋਏ ਹਨ, ਇਸ ਕਰਕੇ ਭਾਰਤ ਦੀ ਸਿਆਸਤ ਵਿੱਚ ਕਮਿਊਨਿਸਟ ਪਾਰਟੀਆਂ ਦੀ ਅਹਿਮ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇੱਕ ਵਾਰ ਕਮਿਉਨਿਸਟ ਆਗੂ ਸੀਤਾ ਰਾਮ ਯੇਚੁਰੀ ਨੇ ਕਿਹਾ ਸੀ ਕਿ ਲੋਕ ਸਭਾ ਵਿੱਚ ਕਮਿਊਨਿਸਟ ਪਾਰਟੀ ਦੇ ਮਂੈਬਰਾਂ ਦੀ ਗਿਣਤੀ ਤੋਂ ਇਸ ਪਾਰਟੀ ਦੀ ਤਾਕਤ ਦਾ ਪਤਾ ਨਹੀਂ ਲਗਾਇਆ ਜਾ ਸਕਦਾ। ਉਹਨਾਂ ਦਾਅਵਾ ਕੀਤਾ ਸੀ ਕਿ ਕਮਿਉਨਿਸਟ ਪਾਰਟੀ ਅਜੇ ਵੀ ਭਾਰਤ ਦੀ ਸਿਆਸਤ ਵਿੱਚ ਅਹਿਮ ਪ੍ਰਭਾਵ ਪਾਉਣ ਦੇ ਸਮਰਥ ਹੈ।
ਕੁਝ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤੀ ਕਮਿਊਨਿਸਟ ਪਾਰਟੀ ਭਾਰਤ ਦੀ ਜਾਤੀ ਪ੍ਰਣਾਲੀ ਨੂੰ ਸਮਝ ਨਹੀਂ ਸਕੀ ਤੇ ਨਾ ਹੀ ਇਹ ਪਾਰਟੀ ਜਾਤੀ ਪ੍ਰਣਾਲੀ ਦਾ ਸਿਆਸਤ ਤੇ ਪੈਣ ਵਾਲਾ ਪ੍ਰਭਾਵ ਮਹਿਸੂਸ ਕਰ ਸਕੀ। ਅਸਲ ਵਿਚ ਇਹ ਪਾਰਟੀ ਜਾਤੀਵਾਦ ਤੋਂ ਦੂਰ ਰਹੀ, ਜਦੋਂਕਿ ਭਾਰਤ ਦੀ ਸਿਆਸਤ ਵਿਚ ਜਾਤੀਵਾਦ ਅਤੇ ਖੇਤਰਵਾਦ ਦਾ ਬਹੁਤ ਪ੍ਰਭਾਵ ਹੈ। ਸਿਆਸੀ ਮਾਹਿਰਾਂ ਅਨੁਸਾਰ ਜਦੋਂ ਭਾਰਤ ਵਿੱਚ ਜਾਤੀ ਸਮਾਜਿਕ ਪੂੰਜੀ ਬਣ ਗਈ ਤਾਂ ਕਮਿਊਨਿਸਟ ਪਾਰਟੀ ਕੋਲ ਦੂਰ ਬੈਠ ਕੇ ਸਭ ਕੁਝ ਵੇਖਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਸੀ ਰਹਿ ਗਿਆ। ਸਮਾਜ ਵਿਚ ਬਦਲਾਓ ਦੇ ਅਨੁਸਾਰ ਕਮਿਊਨਿਸਟ ਪਾਰਟੀ ਆਪਣੇ ਆਪ ਨੂੰ ਬਦਲ ਨਹੀਂ ਸਕੀ।
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਕਮਿਊਨਿਸਟ ਪਾਰਟੀਆਂ ਦੇ ਆਗੂ ਏਕਤਾ ਕਰ ਲੈਣ ਅਤੇ ਰਲ ਮਿਲ ਕੇ ਸਿਆਸਤ ਵਿੱਚ ਸਰਗਰਮ ਹੋਣ ਤਾਂ ਭਾਰਤ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕਮਿਉਨਿਸਟ ਪਾਰਟੀਆਂ ਦਾ ਪ੍ਰਭਾਵ ਵੱਧ ਸਕਦਾ ਹੈ ਵਰਨਾ ਇਹਨਾਂ ਪਾਰਟੀਆਂ ਦਾ ਹਾਲ ਹੁਣ ਵਰਗਾ ਹੀ ਰਹਿਣਾ ਹੈ।
ਬਿਊਰੋ
Editorial
ਅਡਾਨੀ ਮਾਮਲੇ ਨੇ ਭਖਾਈ ਭਾਰਤ ਦੀ ਸਿਆਸਤ
ਭਾਰਤ ਦੇ ਸਭ ਤੋਂ ਵੱਡੇ ਕਾਰੋਬਾਰੀ ਗੌਤਮ ਅਡਾਨੀ ਅਤੇ ਉਸ ਦੇ ਸਹਿਯੋਗੀਆਂ ਦੇ ਖਿਲਾਫ ਅਮਰੀਕਾ ਦੀ ਇੱਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਭਾਰਤ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਨੇ ਭਾਰਤ ਸਰਕਾਰ ਤੋਂ ਅਡਾਨੀ ਨੂੰ ਗ੍ਰਿਫਤਾਰ ਕਰਕੇ ਜਾਂਚ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਡਾਨੀ ਨੇ ਅਮਰੀਕਾ ਦੀ ਅਦਾਲਤ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਅਮਰੀਕੀ ਅਦਾਲਤ ਵੱਲੋਂ ਅਡਾਨੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਖ਼ਬਰ ਜਿਵੇਂ ਹੀ ਭਾਰਤ ਪਹੁੰਚੀ ਤਾਂ ਭਾਰਤ ਦੇ ਆਰਥਿਕ ਅਤੇ ਸਿਆਸੀ ਹਲਕਿਆਂ ਵਿੱਚ ਇੱਕਦਮ ਭੂਚਾਲ ਜਿਹਾ ਆ ਗਿਆ ਸੀ। ਇਹ ਖ਼ਬਰ ਆਉਣ ਦੇ ਕੁਝ ਸਮੇਂ ਬਾਅਦ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਰਫਰੰਸ ਕਰਕੇ ਅਡਾਨੀ ਦੀ ਗ੍ਰਿਫਤਾਰੀ ਦੀ ਮੰਗ ਕਰ ਦਿੱਤੀ। ਇਸ ਤੋਂ ਇਲਾਵਾ ਲਾਲੂ ਯਾਦਵ ਅਤੇ ਹੋਰ ਨੇਤਾ ਵੀ ਰਾਹੁਲ ਗਾਂਧੀ ਦੀ ਮੰਗ ਦਾ ਸਮਰਥਣ ਕਰ ਚੁੱਕੇ ਹਨ।
ਅਡਾਨੀ ਮਾਮਲੇ ਵਿੱਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ। ਕਾਂਗਰਸ ਆਗੂ ਦਾਅਵਾ ਕਰ ਰਹੇ ਹਨ ਕਿ ਮੋਦੀ ਸਰਕਾਰ ਅਤੇ ਭਾਰਤ ਦੇ ਵੱਡੇ ਕਾਰੋਬਾਰੀਆਂ ਵਿਚਾਲੇ ਗਠਜੋੜ ਬਣਿਆ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਅਡਾਨੀ ਨਾਲ ਨੇੜਲੇ ਸੰਬੰਧਾਂ ਦਾ ਅਡਾਨੀ ਵਲੋਂ ਹਮੇਸ਼ਾ ਨਾਜਾਇਜ ਫਾਇਦਾ ਚੁੱਕਿਆ ਜਾਂਦਾ ਰਿਹਾ ਹੈ। ਰਾਹੁਲ ਗਾਂਧੀ ਤਾਂ ਇਹ ਵੀ ਦਾਅਵਾ ਕਰ ਰਹੇ ਹਨ ਕਿ ਮੋਦੀ ਪਹਿਲਾਂ ਵਾਂਗ ਇਸ ਵਾਰ ਵੀ ਅਡਾਨੀ ਨੂੰ ਬਚਾਅ ਲੈਣਗੇ। ਦੂਜੇ ਪਾਸੇ ਭਾਜਪਾ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਇਸ ਮਾਮਲੇ ਵਿੱਚ ਛਤੀਸਗੜ੍ਹ, ਤਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਦਾ ਵੀ ਜ਼ਿਕਰ ਹੈ ਅਤੇ ਇਹਨਾਂ ਰਾਜਾਂ ਵਿੱਚ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੀਆਂ ਸਰਕਾਰਾਂ ਸਨ, ਇਸ ਕਾਰਨ ਇਹ ਪੂੁਰਾ ਮਾਮਲਾ ਕਾਂਗਰਸ ਅਤੇ ਉਸ ਦੀਆਂ ਸਰਕਾਰਾਂ ਨਾਲ ਜੁੜਿਆ ਹੋਇਆ ਹੈ। ਇਸ ਤਰ੍ਹਾਂ ਭਾਰਤ ਦੀ ਰਾਜਨੀਤੀ ਵਿੱਚ ਦੋਸ਼ ਅਤੇ ਪ੍ਰਤੀਦੋਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਆਉਣ ਵਾਲੇ ਦਿਨਾਂ ਦੌਰਾਨ ਭਾਰਤ ਦੀ ਸਿਆਸਤ ਵਿੱਚ ਇਹ ਮੁੱਦਾ ਹੋਰ ਭੜਕਣ ਦੀ ਸੰਭਾਵਨਾ ਹੈ ਅਤੇ ਅੱਜ ਆਰੰਭ ਹੋਏ ਸੰਸਦ ਦੇ ਸ਼ੈਸਨ ਲਈ ਵੀ ਵਿਰੋਧੀਆਂ ਹੱਥ ਵੱਡਾ ਮੁੱਦਾ ਆ ਗਿਆ ਹੈ।
ਬਿਊਰੋ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ