Connect with us

National

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ

Published

on

 

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਅਰਦਾਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ”ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।

ਮੰਤਰੀਆਂ ਨੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ। 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ ”ਸਰਬੱਤ ਦਾ ਭਲਾ ਇਕੱਤਰਤਾ” ਤਹਿਤ ਵੱਡੇ ਪੱਧਰ ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ।

National

ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50

Published

on

By

ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।

ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।

ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।

ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।

Continue Reading

National

ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ

Published

on

By

ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

Continue Reading

National

ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ

Published

on

By

ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।

ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।

ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

Continue Reading

Latest News

Trending