Connect with us

Punjab

1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ : ਜਥੇਦਾਰ ਗੜਗੱਜ

Published

on

ਅੰਮ੍ਰਿਤਸਰ, 1 ਨਵੰਬਰ (ਸ.ਬ.) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿਚ ਕੀਤੇ ਗਏ ਕਤਲ-ਏ-ਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਾਂਗਰਸ ਦੇ ਵੱਡੇ ਆਗੂ ਅੱਜ ਵੀ ਅਜ਼ਾਦ ਹਨ ਜਦਕਿ ਪੀੜਤ ਸਿੱਖ ਪਰਿਵਾਰ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ ਜੋ ਕਿ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ ਇਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਜਾਂ ਕਾਂਗਰਸੀ ਆਗੂਆਂ ਉੱਤੇ ਦੋਸ਼ ਲੱਗੇ, ਸਰਕਾਰਾਂ ਤੇ ਏਜੰਸੀਆਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੰਜੀਦਗੀ ਤੇ ਇਮਾਨਦਾਰੀ ਨਾਲ ਜਾਂਚ ਕਰਨ ਦੀ ਸੀ, ਜੋ ਕਿ ਨਹੀਂ ਹੋਈ ਲੇਕਿਨ ਸਿੱਖ ਚੇਤਨਾ ਅਜਿਹੇ ਸਾਰੇ ਲੋਕਾਂ ਨੂੰ ਅੰਦਰੋਂ ਦੋਸ਼ੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਿਹੜੇ ਵੀ ਲੋਕਾਂ ਤੇ ਕਾਂਗਰਸ ਦੇ ਆਗੂਆਂ ਦਾ ਸਿੱਖ ਨਸਲਕੁਸ਼ੀ ਵਿਚ ਨਾਮ ਆਇਆ ਹੈ, ਸਿੱਖਾਂ ਤੇ ਸਿੱਖ ਅਦਾਕਾਰਾਂ ਨੂੰ ਉਨ੍ਹਾਂ ਨਾਲ ਮੇਲ ਮਿਲਾਪ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਨਹੀਂ ਤਾ ਇਹ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮਾਂ ਤੇ ਲੂਣ ਛਿੜਕਣ ਵਾਲੀ ਗੱਲ ਹੈ। ਬੀਤੇ ਦਿਨੀਂ ਦਿਲਜੀਤ ਦੋਸਾਂਝ ਵਲੋਂ ਫ਼ਿਲਮ ਅਦਾਕਾਰ ਅਤੇ ਕਾਂਗਰਸੀ ਆਗੂ ਰਹੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਅਮਿਤਾਭ ਬੱਚਨ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਆਪਣੇ ਪੱਤਰ ਰਾਹੀਂ ਭੱਜਦਾ ਹੈ, ਲੇਕਿਨ ਉਸ ਵਿਰੁੱਧ ਚਸ਼ਮਦੀਦ ਗਵਾਹ ਸ. ਮਨਜੀਤ ਸਿੰਘ ਸੈਣੀ ਦੀ ਦਿੱਤੀ ਗਈ ਗਵਾਹੀ ਦੀ ਜਾਂਚ ਸਰਕਾਰ ਤੇ ਏਜੰਸੀਆਂ ਵਲੋਂ ਨਹੀਂ ਕੀਤੀ ਗਈ, ਇਸ ਲਈ ਸਿੱਖ ਚੇਤਨਾ ਅੰਦਰ ਅਜੇ ਤੱਕ ਉਹ ਸੁਰਖਰੂ ਨਹੀਂ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ, ਨਾ ਬਖ਼ਸ਼ਣਯੋਗ ਅਤੇ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਪਹਿਲਾਂ ਵੀ ਘੱਲੂਘਾਰਿਆਂ ਵਿਚੋਂ ਲੰਘੇ ਹਨ, ਇਸ ਦੇ ਬਾਵਜੂਦ ਸਿੱਖ ਚੜ੍ਹਦੀ ਕਲਾ ਵਿਚ ਹਨ। ਅੱਜ ਸਿੱਖ ਕੌਮ ਚੜ੍ਹਦੀ ਕਲਾ ਨਾਲ ਵਿਸ਼ਵ ਭਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਹੈ ਅਤੇ ਆਪਣੀ ਇਮਾਨਦਾਰੀ ਤੇ ਲਿਆਕਤ ਨਾਲ ਚੰਗੇ ਰੁਤਬੇ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕਾਤਲਾਂ ਅਤੇ ਸਿੱਖ ਪਛਾਣ ਨੂੰ ਜਜ਼ਬ ਕਰਨ ਵਾਲੀਆਂ ਸ਼ਕਤੀਆਂ ਨੂੰ ਇਸ ਗੱਲ ਦਾ ਭਰਮ ਹੈ ਕਿ ਉਹ ਸਿੱਖਾਂ ਨੂੰ ਮੁਕਾ ਦੇਣਗੇ ਪਰ ਸਿੱਖਾਂ ਨੂੰ ਗੁਰੂ ਦਾ ਥਾਪੜਾ ਹੈ। ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ 1984 ਸਿੱਖ ਨਸਲਕੁਸ਼ੀ ਦਾ ਸੇਕ ਝੱਲਣ ਵਾਲੇ ਸਮੂਹ ਪਰਿਵਾਰ ਚੜ੍ਹਦੀ ਕਲਾ ਵਿਚ ਰਹਿਣ ਅਤੇ ਚੰਗਾ ਜੀਵਨ ਬਤੀਤ ਕਰਨ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Chandigarh

ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ : ਡਾ. ਬਲਬੀਰ ਸਿੰਘ

Published

on

By

ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਤੇਜ਼

ਚੰਡੀਗੜ੍ਹ, 21 ਸਤੰਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਬਾਰ ਵਿੱਚ ਨਕਲੀ ਅਤੇ ਮਾੜੀ ਗੁਣਵਤਾ ਵਾਲੇ ਸਾਮਾਨ ਦੀ ਸਪਲਾਈ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ।

ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸੰਬੰਧੀ ਜ਼ਮੀਨੀ ਪੱਧਰ ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੌਰਾਨ 216 ਨਮੂਨੇ ਲਏ ਗਏ ਜਿਹੜੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਫ.ਡੀ. ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ਤੇ ਹੀ 20 ਚਲਾਨ ਕੱਟੇ ਗਏ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਅਪੀਲ ਕੀਤੀ ਹੈ।

Continue Reading

Latest News

Trending