Mohali
ਸਰਕਾਰੀ ਹਸਪਤਾਲਾਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਲੋਕ ਵਿਰੋਧੀ ਰਾਹ ਉਤੇ ਤੁਰੀ ਭਗਵੰਤ ਮਾਨ ਸਰਕਾਰ : ਬਲਬੀਰ ਸਿੰਘ ਸਿੱਧੂ
ਸਰਕਾਰ ਦੀ ਕਾਰਵਾਈ ਨਾਲ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ ਆਮ ਆਦਮੀ
ਐਸ.ਏ.ਐਸ ਨਗਰ, 7 ਨਵੰਬਰ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਕੇ ਸਿਹਤ ਵਿਭਾਗ ਦੇ ਬਣੇ ਬਣਾਏ ਸਮੁੱਚੇ ਢਾਂਚੇ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਲੋਕ-ਵਿਰੋਧੀ ਰਾਹ ਉਤੇ ਤੁਰ ਪਈ ਹੈ।
ਉਹਨਾਂ ਕਿਹਾ ਕਿ ‘ਆਮ ਆਦਮੀ ਕਲਿਨਕਾਂ’ ਰਾਹੀ ਲੋਕਾਂ ਦੇ ਦਰਾਂ ਉਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਗਰੰਟੀ ਦੇਣ ਵਾਲੀ ਭਗਵੰਤ ਮਾਨ ਸਰਕਾਰ ਨੇ ਪਹਿਲੇ ਗੇੜ ਵਿਚ ਰਾਜਪੁਰਾ, ਮੋਗਾ, ਫਿਰੋਜ਼ਪੁਰ ਅਤੇ ਮੂਨਕ ਦੇ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦਾ ਮੁੱਢਲਾ ਅਮਲ ਪੂਰਾ ਕਰ ਲਿਆ ਹੈ। ਉਹਨਾਂ ਕਿਹਾ ਕਿ ਉਸ ਤੋਂ ਬਾਅਦ ਹੌਲੀ ਹੌਲੀ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਕੰਪਨੀਆਂ ਨੂੰ ਦੇ ਦਿਤਾ ਜਾਵੇਗਾ।
ਸ. ਸਿੱਧੂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਮਾਜ ਦਾ ਗਰੀਬ ਤਬਕਾ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਵਾਂਗ ਇਹ ਹਸਪਤਾਲ ਵੀ ਸਿਰਫ਼ ਅਮੀਰ ਲੋਕਾਂ ਲਈ ਹੀ ਰਹਿ ਜਾਣਗੇ।
ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਹਸਪਤਾਲਾਂ ਦੇ ਨਿੱਜੀਕਰਨ ਦਾ ਅਮਲ ਇਹਨਾਂ ਹਸਪਤਾਲਾਂ ਵਿਚ ਪ੍ਰਾਈਵੇਟ ਲੈਬਾਰਟਰੀਆਂ ਨੂੰ ਲਿਆ ਕੇ ਸ਼ੁਰੂ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਉਸ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿਚ ਵੱਖ ਵੱਖ ਬਿਮਾਰੀਆਂ ਦੇ ਸਪੈਸ਼ਲਿਸਟ ਡਾਕਟਰਾਂ ਦੀ ਖੁਦ ਭਰਤੀ ਕਰਨ ਦੀ ਥਾਂ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਪੈਸ਼ਲਿਸਟ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ ਵੇਖਣ ਦੀ ਸਕੀਮ ਬਣਾਈ। ਉਹਨਾਂ ਹੋਰ ਕਿਹਾ ਕਿ ਹੁਣ ਤਾਂ ਸਰਕਾਰੀ ਹਸਪਤਾਲਾਂ ਨੂੰ ਹੀ ਨਿੱਜੀ ਕੰਪਨੀਆਂ ਨੂੰ ਸੌਂਪ ਕੇ ਲੋਕਾਂ ਨੂੰ ਸਸਤੇ ਰੇਟਾਂ ਉਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਦੇ ਆਪਣੇ ਮੁੱਢਲੇ ਫ਼ਰਜ਼ ਅਤੇ ਦਾਅਵਿਆਂ ਤੋਂ ਭੱਜ ਰਹੀ ਹੈ।
ਉਹਨਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਇਸ ਦਾਅਵੇ ਵਿਚ ਕੋਈ ਦਮ ਨਹੀਂ ਹੈ ਕਿ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਸਰਕਾਰੀ ਹਸਪਤਾਲਾਂ ਵਿਚ ਵੀ ਲੋਕਾਂ ਨੂੰ ਪਹਿਲਾਂ ਵਾਲੀਆਂ ਸਹੂਲਤਾਂ ਮਿਲਦੀਆਂ ਰਹਿਣਗੀਆਂ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਨੇ ਮੈਕਸ ਕੰਪਨੀ ਨੂੰ ਮੁਹਾਲੀ ਅਤੇ ਬਠਿੰਡਾ ਵਿਚ ਇਹ ਕਹਿ ਕੇ ਹੀ ਸਰਕਾਰੀ ਜ਼ਮੀਨਾਂ ਕੌਡੀਆਂ ਦੇ ਭਾਅ ਦਿੱਤੀਆਂ ਸਨ ਕਿ ਇਹਨਾਂ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਸਸਤੇ ਰੇਟਾਂ ਉਤੇ ਮਿਲਣਗੀਆਂ, ਪਰ ਇਹ ਕੋਰਾ ਫਰਾਡ ਸਿੱਧ ਹੋਇਆ ਸੀ ਅਤੇ ਆਮ ਅਦਮੀ ਪਾਰਟੀ ਦਾ ਦਾਅਵਾ ਵੀ ਫਰਾਡ ਹੀ ਸਿੱਧ ਹੋਵੇਗਾ। ਉਹਨਾਂ ਕਿਹਾ ਕਿ ਜੇ ਮੈਕਸ ਹਸਪਤਾਲ ਨੂੰ ਮੁਹਾਲੀ ਹਸਪਤਾਲ ਦੀ ਜਗ੍ਹਾ ਨਾ ਦਿੱਤੀ ਹੁੰਦੀ ਤਾਂ ਇਥੇ ਬਣ ਰਹੇ ਸਰਕਾਰੀ ਮੈਡੀਕਲ ਕਾਲਜ ਲਈ ਜ਼ਮੀਨ ਲਈ ਸਰਕਾਰ ਨੂੰ ਇਧਰ ਉਧਰ ਨਾ ਵੇਖਣਾ ਪੈਂਦਾ।
ਸz. ਸਿੱਧੂ ਨੇ ਕਿਹਾ ਕਿ ਸੂਬੇ ਵਿਚ 16 ਮੈਡੀਕਲ ਕਾਲਜ ਬਣਾਉਣ ਦੀ ‘ਸ਼ੇਖਚਿੱਲੀ ਗਰੰਟੀ’ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਕਰੀਬਨ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇੱਕ ਵੀ ਕਾਲਜ ਹੋਂਦ ਵਿਚ ਨਹੀਂ ਆਇਆ। ਉਹਨਾਂ ਦਸਿਆ ਕਿ ਸੰਗਰੂਰ ਤੇ ਨਵਾਂ ਸ਼ਹਿਰ ਵਿਖੇ ਜਿਹੜੇ ਮੈਡੀਕਲ ਕਾਲਜ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਉਹ ਵੀ ਪੀ.ਪੀ.ਪੀ. ਮਾਡਲ ਤਹਿਤ ਨਿੱਜੀ ਕੰਪਨੀਆਂ ਦੀ ਭਾਈਵਾਲੀ ਨਾਲ ਹੀ ਬਣਾਏ ਜਾਣ ਦੀ ਸਕੀਮ ਬਣਾਈ ਗਈ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਪੰਜਾਬ ਦੀ ਆਰਥਿਕਤਾ ਤਬਾਹ ਕੀਤੀ ਅਤੇ ਹੁਣ ਇਸ ਦਾ ਬੁਨਿਆਦੀ ਢਾਂਚਾ ਵੀ ਵੇਚਣ ਦੇ ਰਾਹ ਤੁਰ ਪਈ ਹੈ ਜੋ ਸੂਬੇ ਅਤੇ ਇਸ ਦੇ ਲੋਕਾਂ ਦੀ ਤਬਾਹੀ ਦਾ ਕਾਰਨ ਬਣੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
