Connect with us

Mohali

ਗੰਨੇ ਦੀ ਫਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫਸਲੀ ਪ੍ਰਣਾਲੀ ਅਪਣਾਉਣ ਦੀ ਲੋੜ : ਡਾਕਟਰ ਅਮਰੀਕ ਸਿੰਘ

Published

on

ਐਸ ਏ ਐਸ ਨਗਰ, 6 ਫਰਵਰੀ (ਸ.ਬ.) ਗੰਨਾ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਨੇ ਕਿਹਾ ਹੈ ਕਿ ਗੰਨੇ ਦੀ ਬਹਾਰ ਰੁੱਤ ਦੀ ਬਿਜਾਈ ਲਈ ਫਰਵਰੀ ਮਾਰਚ ਮਹੀਨਾ ਬਹੁਤ ਹੀ ਢੁਕਵਾਂ ਹੈ ਅਤੇ ਬਿਜਾਈ ਲਈ ਸਿਫਾਰਸ਼ ਸ਼ੁਦਾ ਕਿਸਮਾਂ ਦੀ ਚੋਣ ਕਰਕੇ ਰੋਗ ਰਹਿਤ ਬੀਜ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋ ਵਧੇਰੇ ਪੈਦਾਵਾਰ ਲੈ ਕੇ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਇਸ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲਈ ਅੰਤਰ ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਬਿਜਾਈ ਕਰਨ ਸਮੇਂ ਪੰਜ ਤਕਨੀਕੀ ਨੁਕਤਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ, ਜਿਸ ਵਿੱਚ ਸਮੇਂ ਸਿਰ ਬਿਜਾਈ ਕਰਨੀ, ਚੌੜੀ ਵਿੱਥ (ਫਰੈਂਚ) ਵਿਧੀ ਅਪਣਾਉਣੀ, ਬਿਜਾਈ ਤੋਂ ਪਹਿਲਾਂ ਬੀਜ ਨੂੰ ਸੋਧਣਾ, ਬੀਜ ਲਈ ਗੰਨੇ ਦਾ ਉਪਰਲਾ ਇੱਕ ਤਿਹਾਈ ਹਿੱਸਾ ਵਰਤਣਾ ਅਤੇ ਅੰਤਰ ਫ਼ਸਲੀ ਪ੍ਰਣਾਲੀ ਤਹਿਤ ਦਾਲਾਂ ਦੀ ਕਾਸ਼ਤ ਕਰਨੀ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਦਾਲਾਂ ਦੀ ਪੈਦਾਵਾਰ ਵਿੱਚ ਆਈ ਖੜੋਤ ਕਾਰਨ ਪ੍ਰਤੀ ਵਿਅਕਤੀ ਦਾਲਾਂ ਦੀ ਖਪਤ 70 ਗ੍ਰਾਮ ਤੋਂ ਘਟ ਕੇ 27 ਗ੍ਰਾਮ ਰਹਿ ਗਈ ਹੈ ਜੋ ਕਿ ਵਿਸ਼ਵ ਸਿਹਤ ਸੰਸਥਾ ਦੇ ਮਾਪਦੰਡ ਅਨੁਸਾਰ, ਰੋਜ਼ਾਨਾ ਪ੍ਰਤੀ ਵਿਅਕਤੀ ਖਪਤ 80 ਗ੍ਰਾਮ ਪ੍ਰਤੀ ਵਿਅਕਤੀ ਤੋਂ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿੱਚ ਕਿਸੇ ਸਮੇਂ ਰਿਆੜਕੀ ਦੇ ਇਲਾਕੇ ਦੇ ਮਾਂਹ ਮਸ਼ਹੂਰ ਹੁੰਦੇ ਸਨ ਪ੍ਰੰਤੂ ਕਣਕ ਝੋਨੇ ਦੇ ਫ਼ਸਲੀ ਚੱਕਰ ਅਪਣਾਉਣ ਕਾਰਨ ਇਹ ਫ਼ਸਲ ਅਲੋਪ ਹੋ ਗਈ ਹੈ। ਰਿਆੜਕੀ ਦੇ ਇਸ ਇਲਾਕੇ ਵਿੱਚ 12-15 ਪਿੰਡ ਅਜਿਹੇ ਹਨ ਜਿੱਥੋਂ ਦੀ ਮਿੱਟੀ ਅਤੇ ਪੌਣਪਾਣੀ ਮਾਂਹ ਦੀ ਖੇਤੀ ਲਈ ਬਹੁਤ ਉਮਦਾ ਸੀ। ਉਹਨਾਂ ਕਿਹਾ ਕਿ ਮਾਂਹਾਂ ਦੀ ਦਾਲ ਦੀ ਮੰਗ ਨੂੰ ਮੁੱਖ ਰੱਖਦਿਆਂ ਗੰਨੇ ਦੀ ਫ਼ਸਲ ਵਿਚ ਬਤੌਰ ਅੰਤਰ ਫ਼ਸਲ ਪ੍ਰਣਾਲੀ ਅਪਣਾ ਕੇ ਰਕਬਾ ਵਧਾਇਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਫਰਵਰੀ ਮਾਰਚ ਵਿੱਚ ਬਿਜਾਈ ਕੀਤੀ ਜਾਣ ਵਾਲੀ ਗੰਨੇ ਦੀ ਫ਼ਸਲ ਦੀਆਂ ਦੋ ਕਤਾਰਾਂ ਵਿੱਚ ਦੋ ਲਾਈਨਾਂ ਮਾਂਹ 1008 ਕਿਸਮ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਕਿਸਮ ਨੂੰ ਭਰਪੂਰ ਫਲੀਆਂ ਲੱਗਦੀਆਂ ਹਨ, ਇਕਸਾਰ ਪੱਕਦੀਆਂ ਹਨ ਅਤੇ ਇਹ ਤਕਰੀਬਨ 72 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਨੂੰ ਪੀਲੀ ਚਿਤਕਬਰੀ ਅਤੇ ਪੱਤਿਆਂ ਦਾ ਝੁਰੜ ਮੁਰੜ ਵਿਸਾਣੂ ਰੋਗ ਘੱਟ ਲੱਗਦਾ ਹੈ। ਇਸ ਦੀ ਔਸਤਨ ਪੈਦਾਵਾਰ 4.5 ਕੁਇੰਟਲ ਪ੍ਰਤੀ ਏਕੜ ਹੈ।

ਉਨ੍ਹਾਂ ਦੱਸਿਆ ਕਿ ਗੰਨੇ ਦੀ ਕਟਾਈ ਕਰਨ ਵਾਲੀਆਂ ਮਸ਼ੀਨਾਂ ਦੀ ਆਮਦ ਨਾਲ, ਚੌੜੀ ਵਿੱਥ ਵਿਧੀ ਅਪਣਾ ਕੇ ਗੰਨੇ ਦੀ ਬਿਜਾਈ ਦਾ ਪ੍ਰਚਲਨ ਲਗਾਤਾਰ ਵਧ ਰਿਹਾ ਹੈ ਅਤੇ ਇਸ ਵਿਧੀ ਵਿੱਚ ਗੰਨੇ ਦੀ ਬਿਜਾਈ 4-5 ਫੁੱਟ ਦੂਰੀ ਦੀਆਂ 20-25 ਸੈਂਟੀ ਮੀਟਰ ਡੂੰਘੀਆਂ ਖਾਲੀਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਬਤੌਰ ਅੰਤਰ ਫ਼ਸਲ ਬੀਜਣ ਲਈ 5 ਕਿਲੋ ਬੀਜ ਪ੍ਰਤੀ ਏਕੜ ਲੋੜੀਂਦਾ ਹੈ ਅਤੇ ਫਰਵਰੀ ਦੇ ਅਖੀਰ ਵਿੱਚ ਬਿਜਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਗੰਨੇ ਦੀਆਂ ਲਾਈਨਾਂ ਵਿਚ ਬਚੀ ਥਾਂ ਦੀ ਸੁਚੱਜੀ ਵਰਤੋਂ ਲਈ ਗਰਮੀ ਰੁੱਤ ਦੇ ਮਾਂਹ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰਕੇ ਪ੍ਰਤੀ ਏਕੜ 2-3 ਕੁਇੰਟਲ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਗੰਨਾ ਕਾਸ਼ਤਕਾਰਾਂ ਦੀਆਂ ਘਰੇਲੂ ਜ਼ਰੂਰਤਾਂ ਲਈ ਲੋੜੀਂਦੀ ਮਾਹਾਂ ਦੀ ਦਾਲ ਦੀ ਪੂਰਤੀ ਹੋ ਜਾਂਦੀ ਹੈ ਅਤੇ ਵਾਧੂ ਆਮਦਨ ਵੀ ਹੁੰਦੀ ਹੈ। ਮਾਂਹ ਦੀ ਫ਼ਸਲ ਇੱਕ ਫਲੀਦਾਰ ਫ਼ਸਲ ਹੋਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਗੰਨੇ ਦੇ ਝਾੜ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਮਾਂਹ ਦੀ ਫ਼ਸਲ ਨੂੰ ਬਹੁਤੇ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ ਜਿਸ ਕਾਰਨ ਗੰਨੇ ਦੀ ਫ਼ਸਲ ਨੂੰ ਪਾਣੀ ਬਹੁਤ ਹੀ ਸਾਵਧਾਨੀ ਨਾਲ ਲਗਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਾਂਹ ਦੀ ਫ਼ਸਲ ਦਾ ਬੀਜ ਲੈਣ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਾਂ ਖੇਤਰੀ ਖੋਜ ਕੇਂਦਰ ਪੀ ਏ ਯੂ, ਕ੍ਰਿਸ਼ੀ ਵਿਗਿਆਨ ਕੇਂਦਰਾਂ ਜਾਂ ਪੀ ਏ ਯੂ ਲੁਧਿਆਣਾ ਦੀ ਬੀਜਾਂ ਦੀ ਦੁਕਾਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending