Chandigarh
ਪੁਲੀਸ ਨਾਲ ਝੜਪ ਮਾਮਲੇ ਵਿੱਚ ਬਿਕਰਮ ਮਜੀਠੀਆ ਖਿਲਾਫ ਚੰਡੀਗੜ੍ਹ ਕੋਰਟ ਵਿੱਚ ਚੱਲੇਗਾ ਕੇਸ
ਮਾਮਲੇ ਦੀ ਅਗਲੀ ਸੁਣਵਾਈ 23 ਫਰਵਰੀ ਨੂੰ
ਚੰਡੀਗੜ੍ਹ, 14 ਫਰਵਰੀ (ਸ.ਬ.) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਪੁਲੀਸ ਨਾਲ ਝੜਪ ਦੇ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਚੱਲੇਗਾ। ਪੰਜ ਸਾਲ ਪੁਰਾਣੇ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਸਾਲ 2021 ਵਿੱਚ ਮਜੀਠੀਆ ਸਮੇਤ ਅਕਾਲੀ ਦਲ ਦੇ 20 ਤੋਂ ਵੱਧ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-3 ਥਾਣੇ ਦੀ ਪੁਲੀਸ ਨੇ ਆਈ ਪੀ ਸੀ ਦੀ ਧਾਰਾ 188, 186, 353, 332 ਅਤੇ 34 ਤਹਿਤ ਕੇਸ ਦਰਜ ਕੀਤਾ ਸੀ। ਅਕਾਲੀ ਦਲ ਦੇ ਆਗੂ ਪੰਜਾਬ ਵਿੱਚ ਮਹਿੰਗਾਈ ਅਤੇ 1984 ਦੇ ਦੰਗਿਆਂ ਦੇ ਵਿਰੋਧ ਵਿੱਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਯੂਟੀ ਪੁਲੀਸ ਨੇ ਬੈਰੀਕੇਡ ਲਗਾ ਕੇ ਨਾਕਾਬੰਦੀ ਕੀਤੀ ਸੀ, ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ। ਦੋਸ਼ਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਝੜਪ ਵੀ ਹੋਈ ਸੀ, ਜਿਸ ਵਿੱਚ ਕੁਝ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲੀਸ ਨੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰ ਲਈ ਸੀ।
ਇਸ ਕੇਸ ਤੇ ਪਿਛਲੇ ਕਰੀਬ ਡੇਢ ਸਾਲ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾਈ ਹੋਈ ਸੀ। ਹੁਣ ਹਾਈ ਕੋਰਟ ਦੀ ਰੋਕ ਹਟ ਗਈ ਹੈ ਅਤੇ ਕੇਸ ਵਿੱਚ ਸ਼ਾਮਲ ਆਗੂਆਂ ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋਵੇਗੀ। ਡੇਢ ਸਾਲ ਪਹਿਲਾਂ ਇਸ ਕੇਸ ਵਿੱਚ ਮੁਲਜ਼ਮ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਖ਼ਿਲਾਫ਼ ਦਰਜ ਐਫ ਆਈ ਆਰ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਪਟੀਸ਼ਨ ਤੋਂ ਬਾਅਦ ਹਾਈ ਕੋਰਟ ਨੇ ਫ਼ੈਸਲਾ ਆਉਣ ਤੱਕ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਦੋਸ਼ ਤੈਅ ਕਰਨ ਤੇ ਰੋਕ ਲਗਾ ਦਿੱਤੀ ਸੀ।
ਹਾਈ ਕੋਰਟ ਨੇ ਡਾ: ਚੀਮਾ ਅਤੇ ਗਰੇਵਾਲ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ 29 ਨਵੰਬਰ 2025 ਨੂੰ ਉਨ੍ਹਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਮਾਮਲੇ ਤੇ ਲੱਗੀ ਰੋਕ ਵੀ ਹਟ ਗਈ ਹੈ। ਹੁਣ ਚੀਮਾ ਅਤੇ ਗਰੇਵਾਲ ਦਾ ਨਾਂ ਤਾਂ ਕੇਸ ਵਿੱਚੋਂ ਬਾਹਰ ਹੋ ਗਿਆ ਹੈ, ਪਰ ਬਾਕੀ ਮੁਲਜ਼ਮਾਂ ਖ਼ਿਲਾਫ਼ ਕੇਸ ਚੱਲੇਗਾ। ਇਸ ਮਾਮਲੇ ਵਿੱਚ ਬਾਕੀ ਬਚੇ ਆਗੂਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਤੇ ਬਹਿਸ ਹੋਵੇਗੀ।
ਇਸ ਮਾਮਲੇ ਦੀ ਸੁਣਵਾਈ 23 ਫਰਵਰੀ ਨੂੰ ਹੋਵੇਗੀ। ਇਸ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਵੀ ਸੁਣਵਾਈ ਸੀ, ਪਰ ਮਜੀਠੀਆ ਸਮੇਤ ਕਈ ਆਗੂ ਪੇਸ਼ ਨਹੀਂ ਹੋਏ। ਉਨ੍ਹਾਂ ਵਲੋਂ ਐਡਵੋਕੇਟ ਰਾਜੇਸ਼ ਕੁਮਾਰ ਨੇ ਪੇਸ਼ੀ ਤੋਂ ਛੋਟ ਦਿੱਤੇ ਜਾਣ ਦੀ ਅਰਜ਼ੀ ਦਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਲਈ ਉਨ੍ਹਾਂ ਨੂੰ ਅੰਮ੍ਰਿਤਸਰ ਜਾਣਾ ਪੈ ਰਿਹਾ ਹੈ, ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਉਹ ਅਗਲੀ ਤਰੀਕ ਤੇ ਪੇਸ਼ ਹੋਣਗੇ। ਜੱਜ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਲਈ ਪੇਸ਼ੀ ਤੋਂ ਛੋਟ ਦੇ ਦਿੱਤੀ ਸੀ।
Chandigarh
ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ
ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਵੀ ਸੋਧ ਨੂੰ ਮੰਜੂਰੀ ਦਿੱਤੀ
ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚੋਂ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ਵਿੱਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਇਹ ਕਦਮ ਹੜ੍ਹਾਂ ਤੋਂ ਬਚਾਓ ਅਤੇ ਅਗਾਊਂ ਪ੍ਰਬੰਧ ਕਰਨ ਲਈ ਚੁੱਕਿਆ ਗਿਆ ਹੈ।
ਕੈਬਨਿਟ ਦੇ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ਵਿੱਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ। ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ਵਿੱਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ਵਿੱਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ਵਿੱਚ ਅਦਲਾ ਬਦਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਅਦਲਾ ਬਦਲੀ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਵਿੱਚ ਵੀ ਤਬਦੀਲੀ ਆਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀਆਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।
Chandigarh
ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਲਈ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ ਪੰਜਾਬੀ ਲੋਕ ਰਾਜ ਪਾਰਟੀ : ਕਿਰਨਬੀਰ ਸਿੰਘ ਕੰਗ
ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ, 2027 ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਪੰਜਾਬੀ ਲੋਕ ਰਾਜ ਪਾਰਟੀ
ਚੰਡੀਗੜ੍ਹ, 17 ਅਪ੍ਰੈਲ (ਭਗਵੰਤ ਸਿੰਘ ਬੇਦੀ) ਸਾਬਕਾ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਵਲੋਂ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਲੋਕ ਰਾਜ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ ਦਾ ਗਠਨ ਪੰਜਾਬ ਨੂੰ ਮੁੜ ਹਿੰਦੁਸਤਾਨ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਹਾਕਿਆਂ ਤੋਂ ਪੰਜਾਬ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ ਅਤੇ ਸਰਕਾਰਾਂ ਦਾ ਧਿਆਨ ਵਿਕਾਸ ਦੀ ਥਾਂ ਤੇ ਲੁੱਟ ਖਸੁੱਟ ਵੱਲ ਜਿਆਦਾ ਹੈ, ਜਿਸ ਕਾਰਨ ਹਿੰਦੁਸਤਾਨ ਦਾ ਇੱਕ ਨੰਬਰ ਸੂਬਾ ਵਿਕਾਸ ਪੱਖੋਂ ਪੱਛੜ ਕੇ 18ਵੇਂ ਨੰਬਰ ਤੇ ਪਹੁੰਚ ਚੁੱਕਾ ਹੈ।
ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰਦੀਆਂ ਬਲਕਿ ਉਹ ਪੰਜਾਬ ਨੂੰ ਲਗਾਤਾਰ ਲੁੱਟ ਰਹੀਆਂ ਹਨ, ਜਿਸ ਕਾਰਨ ਪੰਜਾਬ ਅੱਜ 4 ਲੱਖ ਕਰੋੜ ਦਾ ਕਰਜਾਈ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਜਨਤਾ ਨੂੰ ਮੁਫਤ ਦੀਆਂ ਸਕੀਮਾਂ ਦੇਣ ਦੀ ਦੀ ਥਾਂ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇ। ਪੰਜਾਬੀਆਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਹਰ ਪੱਖੋਂ ਕਦਮ ਚੁੱਕੇ ਜਾਣ।
ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਹੈ ਬਲਕਿ ਪੰਜਾਬ ਦੇ ਇਮਾਨਦਾਰ ਤੇ ਨੇਕ ਲੋਕਾਂ ਨੂੰ ਚੋਣਾਂ ਲੜਾ ਕੇ ਪੰਜਾਬ ਨੂੰ ਇੱਕ ਚੰਗੀ ਸਰਕਾਰ ਦੇਣਾ ਹੈ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ 2027 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਅਤੇ ਮੌਜੂਦਾ ਸਿਆਸੀ ਪਾਰਟੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਦੌਰਾਨ ਉਹਨਾਂ ਦਾ ਖੁਦ ਲੜਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਪਾਰਟੀ ਉਹਨਾਂ ਨੂੰ ਦੀ ਡਿਊਟੀ ਲਾਏਗੀ ਤਾਂ ਇਸ ਬਾਰੇ ਵਿਚਾਰ ਵੀ ਹੋ ਸਕਦਾ ਹੈ।
ਇਸ ਮੌਕੇ ਜਸਪ੍ਰੀਤ ਸਿੰਘ ਦਹੀਆ ਨੇ ਕਿਹਾ ਕਿ ਅੱਜ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਪਰ ਲੁਟੇਰਿਆਂ ਵੱਲੋਂ ਸਾਰੇ ਪਾਸਿਉਂ ਲਗਾਤਾਰ ਲੁੱਟ ਕੀਤੇ ਜਾਣ ਨਾਲ ਪੰਜਾਬ ਆਰਥਿਕ ਪੱਖੋਂ ਪਛੜ ਰਿਹਾ ਹੈ।
ਇਸ ਮੌਕੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬ ਸਿੰਘ ਦੀ ਪਰਿਵਾਰਿਕ ਮੈਂਬਰ ਡਾਕਟਰ ਸਿਮਰਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਨੂੰ ਅੱਗੇ ਹੋ ਕੇ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਹੋਣ ਅਤੇ ਪੰਜਾਬ ਨੂੰ ਭ੍ਰਿਸ਼ਟਚਾਰ, ਨਸ਼ਿਆਂ ਅਤੇ ਭਾਈ ਭਤੀਜਾਵਾਦ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਬ੍ਰਿਗੇਡੀਅਰ ਸੰਜੀਵ ਕੁਮਾਰ, ਤਬਲੀਨ ਜਪਰਾ, ਪਰਮਿੰਦਰ ਸੰਧੂ, ਰਜੀਵ ਜੌੜਾ, ਐਡਵੋਕੇਟ ਬਖਸ਼ਿੰਦਰ ਪਾਲ ਸਿੰਘ, ਹਰਮਿੰਦਰ ਸਿੰਘ ਲਾਲੀ, ਵਰਿੰਦਰ ਸਿੰਘ ਸੰਧੂ, ਗਗਨਦੀਪ ਸਿੰਘ ਬੈਂਸ ਸਮੇਤ ਪੰਜਾਬੀ ਲੋਕ ਰਾਜ ਪਾਰਟੀ ਦੇ ਹੋਰ ਆਗੂ ਮੌਜੂਦ ਸਨ।
Chandigarh
ਪੰਜਾਬ ਪੁਲੀਸ ਵਲੋਂ 4 ਹੈਂਡ ਗ੍ਰਨੇਡਾਂ ਸਮੇਤ ਇਕ ਮੁਲਜ਼ਮ ਕਾਬੂ
ਮੁਲਜ਼ਮ ਕੋਲੋਂ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ
ਚੰਡੀਗੜ੍ਹ, 16 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਵਲੋਂ 4 ਹੈਂਡ ਗ੍ਰਨੇਡਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸ ਐਸ ਓ ਸੀ ਮੁਹਾਲੀ ਦੀਆਂ ਟੀਮਾਂ ਵਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਦੇ ਨਿਰਦੇਸ਼ਾਂ ਤੇ ਕੰਮ ਕਰਦਾ ਸੀ। ਪੁਲੀਸ ਅਨੁਸਾਰ, ਚੰਡੀਗੜ੍ਹ ਬੰਬ ਧਮਾਕੇ ਨਾਲ ਵੀ ਇਸ ਦੇ ਤਾਰ ਜੁੜੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਪੁਲੀਸ ਸਟੇਸ਼ਨ, ਅੰਮ੍ਰਿਤਸਰ ਵਿਖੇ ਇੱਕ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲੀਸ ਹੁਣ ਇਸ ਨੈਟਵਰਕ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਟਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਕਰ ਰਹੀ ਹੈ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Mohali4 weeks agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
