Punjab
ਪੰਜਾਬ ਸਿਰ ਕਰਜੇ ਵਿੱਚ ਵਾਧਾ ਅਤੇ ਘਾਟੇ ਵਿੱਚ ਚੱਲ ਰਹੇ ਬੋਰਡ ਅਤੇ ਕਾਰਪੋਰੇਸ਼ਨਾਂ ਹਨ ਸਰਕਾਰ ਦੀ ਚਾਰ ਸਾਲ ਦੇ ਕਾਰਜਕਾਲ ਦੀ ਪ੍ਰਾਪਤੀ : ਅਰਵਿੰਦ ਖੰਨਾ
ਸੰਗਰੂਰ, 18 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਨੂੰ ਆਰਥਿਕ ਮੋਰਚੇ ਤੇ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦਾ ਲਗਾਤਾਰ ਵਧਦਾ ਕਰਜ਼ਾ ਅਤੇ ਘਾਟੇ ਵਿੱਚ ਚੱਲ ਰਹੇ ਬੋਰਡ ਅਤੇ ਕਾਰਪੋਰੇਸ਼ਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਹਨ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਵਿੱਚ ਮਾਰਚ 2027 ਤੱਕ ਕੁੱਲ ਕਰਜ਼ਾ ਲਗਭਗ 4.47 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ।
ਪੰਜਾਬ ਬਚਾਓ ਯਾਤਰਾ ਦੇ ਸਬੰਧ ਵਿੱਚ ਪਿੰਡ ਭਿੰਡਰਾਂ, ਗੇਹਿਲਾਂ, ਫਤਿਹਗੜ੍ਹ ਭਾਦਸੋਂ ਸਮੇਤ ਕਈ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਮੌਕੇ ਉਹਨਾਂ ਕਿਹਾ ਕਿ ਕੈਗ ਦੀ ਰਿਪੋਰਟ ਸਪੱਸ਼ਟ ਤੌਰ ਤੇ ਦਰਸਾਉਂਦੀ ਹੈ ਕਿ ਜਨਤਕ ਖੇਤਰ ਦੇ ਅਦਾਰੇ 4809.76 ਕਰੋੜ ਰੁਪਏ ਦੇ ਘਾਟੇ ਵਿੱਚ ਹਨ। ਖੰਨਾ ਨੇ ਕਿਹਾ ਕਿ ਪੀ ਐਸ ਪੀ ਸੀ ਐਲ ਦੀ ਵਿੱਤੀ ਹਾਲਤ ਬਹੁਤ ਮਾੜੀ ਹੈ। ਪੰਜਾਬ ਦੇ ਹੋਰ ਅਦਾਰਿਆਂ ਦੇ ਮੁਕਾਬਲੇ, ਇਸਨੂੰ 4775.93 ਕਰੋੜ ਰੁਪਏ ਦਾ ਘਾਟਾ ਹੋਇਆ ਹੈ।
ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਚਾਰ ਸਾਲਾਂ ਤੋਂ ਗਲਤ ਨੀਤੀਆਂ ਕਾਰਨ ਪੰਜਾਬ ਤੇ ਕਰਜ਼ੇ ਦਾ ਬੋਝ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪਿਛਲੇ ਚਾਰ ਸਾਲਾਂ ਦੀਆਂ ਝੂਠੀਆਂ ਅਤੇ ਕਾਗਜ਼ੀ ਪ੍ਰਾਪਤੀਆਂ ਨੂੰ ਸੂਚੀਬੱਧ ਕਰਨ ਦੀ ਬਜਾਏ ਕੈਗ ਰਿਪੋਰਟ ਤੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਹਾਲਾਤ ਇਹ ਹਨ ਕਿ ਪੰਜਾਬ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਧ ਕਰਜ਼ਦਾਰ ਸੂਬਿਆਂ ਵਿੱਚੋਂ ਇੱਕ ਹੈ ਅਤੇ ਇਸ ਸਾਲ ਹੀ ਸਰਕਾਰ ਵੱਲੋਂ ਲਗਭਗ 40,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਪੰਜਾਬ ਨੂੰ ਹੋਰ ਕਰਜ਼ੇ ਵਿੱਚ ਡੁਬੋ ਰਹੀ ਹੈ।
ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਵਿੱਤੀ ਸੰਕਟ ਇਸ ਹੱਦ ਤੱਕ ਡੂੰਘਾ ਹੋ ਗਿਆ ਹੈ ਕਿ ਸਰਕਾਰ ਕਰਜ਼ੇ ਦਾ ਵਿਆਜ ਅਦਾ ਕਰਨ ਲਈ ਵੀ ਕਰਜ਼ਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰ ਸਕਦੀ ਹੈ। ਇਸ ਮੌਕੇ ਅਕਾਲੀ ਆਗੂ ਗੁਰਜੀਤ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਗੋਗੀ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ।
Chandigarh
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
Punjab
ਕੈਬਿਨਟ ਮੰਤਰੀ ਸੰਜੀਵ ਅੋਰੜਾ ਦੇ ਘਰ ਈ ਡੀ ਦੀ ਕਾਰਵਾਈ ਮੁੱਕੀ
ਗੁਰੂਗ੍ਰਾਮ ਦੇ ਦਫ਼ਤਰਾਂ ਵਿੱਚ ਤਲਾਸ਼ੀ ਜਾਰੀ
ਲੁਧਿਆਣਾ, 18 ਅਪ੍ਰੈਲ (ਸ.ਬ.) ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਤੇ ਚਲ ਰਹੀ ਈਡੀ ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ਤੇ ਕਾਰਵਾਈ ਅਜੇ ਵੀ ਜਾਰੀ ਹੈ। ਈ ਡੀ ਦੀ ਟੀਮ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਤੋਂ ਰਵਾਨਾ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ 6 ਵਜੇ ਸ਼ੁਰੂ ਹੋਈ ਈਡੀ ਦੀ ਛਾਪੇਮਾਰੀ ਦੌਰਾਨ ਸੰਜੀਵ ਅਰੋੜਾ, ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਦੋ ਕਾਰੋਬਾਰੀ ਭਾਈਵਾਲਾਂ ਹੇਮੰਤ ਸੂਦ ਅਤੇ ਚੰਦਰਸ਼ੇਖਰ ਅਗਰਵਾਲ ਦੇ ਰਿਹਾਇਸ਼ੀ ਅਤੇ ਕਾਰੋਬਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਈ ਡੀ ਵਲੋਂ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਫੈਲੀਆਂ 13 ਥਾਵਾਂ ਤੇ ਇਕੋ ਸਮੇਂ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਕਾਰਵਾਈ ਦੌਰਾਨ ਮੰਤਰੀ ਅਰੋੜਾ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼, ਉਨ੍ਹਾਂ ਦੇ ਨਿੱਜੀ ਘਰ, ਉਨ੍ਹਾਂ ਦੇ ਕੰਪਨੀ ਦਫ਼ਤਰਾਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਕਰੀਬੀ ਸਾਥੀਆਂ ਦੇ ਘਰਾਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਲੁਧਿਆਣਾ ਵਿੱਚ ਅਰੋੜਾ ਅਤੇ ਹੇਮੰਤ ਸੂਦ ਦੋਵਾਂ ਦੇ ਟਿਕਾਣਿਆਂ ਤੇ ਤਲਾਸ਼ੀ ਪੂਰੀ ਕਰਨ ਤੋਂ ਬਾਅਦ ਈਡੀ ਦੀਆਂ ਟੀਮਾਂ ਨੇ ਆਪਣਾ ਧਿਆਨ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਦਫ਼ਤਰਾਂ ਵੱਲ ਮੋੜ ਲਿਆ ਹੈ। ਕੇਂਦਰੀ ਸੁਰੱਖਿਆ ਬਲਾਂ ਦੀਆਂ ਟੀਮਾਂ ਜੋ ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਅਰੋੜਾ ਦੀ ਰਿਹਾਇਸ਼ ਤੇ ਤਾਇਨਾਤ ਸਨ, ਹੁਣ ਉਥੋਂ ਹਟ ਗਈਆਂ ਹਨ। ਮੰਤਰੀ ਖੁਦ ‘ਇਨਵੈਸਟ ਸਮਿਟ’ ਦੇ ਸਿਲਸਿਲੇ ਵਿੱਚ ਯੂਰਪ ਦੌਰੇ ਤੇ ਹਨ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
