Connect with us

Editorial

ਲਗਾਤਾਰ ਵੱਧਦੇ ਨਾਜਾਇਜ਼ ਕਬਜ਼ਿਆਂ ਤੇ ਕਾਬੂ ਕਰਨ ਲਈ ਕਬਜਾਕਾਰਾਂ ਦੇ ਚਾਲਾਨ ਕੱਟੇ ਨਗਰ ਨਿਗਮ

Published

on

ਸਾਡੇ ਸ਼ਹਿਰ ਵਿੱਚਲੀਆਂ ਜਨਤਕ ਥਾਵਾਂ ਤੇ ਹੋਣ ਵਾਲੇ ਨਾਜਾਇਜ ਕਬਜ਼ਿਆਂ ਦੀ ਸਮੱਸਿਆ ਵਿੱਚ ਪਿਛਲੇ ਸਮੇਂ ਦੌਰਾਨ ਲਗਾਤਾਰ ਵਾਧਾ ਹੁੰਦਾ ਰਿਹਾ ਹੈ ਅਤੇ ਹਾਲਾਤ ਇਹ ਹਨ ਕਿ ਸ਼ਹਿਰ ਵਿੱਚ ਜਿਸ ਪਾਸੇ ਵੀ ਨਜਰ ਮਾਰੋ, ਰੇਹੜੀਆਂ ਫੜੀਆਂ ਵਾਲੇ ਨਾਜਾਇਜ਼ ਕਬਜ਼ੇ ਕਰਕੇ ਆਪਣਾ ਸਾਮਾਨ ਵੇਚਦੇ ਆਮ ਦਿਖ ਜਾਂਦੇ ਹਨ। ਸ਼ਹਿਰ ਦੀਆਂ ਮਾਰਕੀਟਾਂ ਹੋਣ ਜਾਂ ਮੁੱਖ ਸੜਕਾਂ ਕਿਨਾਰੇ ਦੀ ਖਾਲੀ ਥਾਂ, ਹਰ ਪਾਸੇ ਇਹਨਾਂ ਰੇਹੜੀਆਂ ਫੜੀਆਂ ਦੀ ਭਰਮਾਰ ਦਿਖਦੀ ਹੈ। ਇਸਦੇ ਨਾਲ ਹੀ ਸ਼ਹਿਰ ਦੀਆਂ ਮਾਰਕੀਟਾਂ ਵਿਚਲੇ ਦੁਕਾਨਦਾਰਾਂ ਵਲੋਂ ਵੀ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਲੋਕਾਂ ਦੇ ਲਾਂਘੇ ਵਾਲੀ ਥਾਂ ਤੇ ਨਾਜਾਇਜ਼ ਕਬਜਾ ਕਰਕੇ ਉੱਥੇ ਆਪਣਾ ਤਾਮ ਝਾਮ ਖਿਲਾਰ ਦਿੱਤਾ ਜਾਂਦਾ ਹੈ। ਹੁਣ ਤਾਂ ਮਾਰਕੀਟਾਂ ਵਿਚਲੇ ਦੁਕਾਨਦਾਰ ਖੁਦ ਹੀ ਆਪਣੇ ਸ਼ੋਰੂਮਾਂ ਦੇ ਬਾਹਰ ਫੜੀਆਂ ਵਾਲਿਆਂ ਨੂੰ ਬਿਠਾਉਣ ਲੱਗ ਗਏ ਹਨ ਜਿਹਨਾਂ ਤੋਂ ਉਹ ਰੋਜਾਨਾ ਦੇ ਹਿਸਾਬ ਨਾਲ ਇੱਕ ਮਿੱਥੀ ਰਕਮ ਵਸੂਲਦੇ ਹਨ।

ਸ਼ਹਿਰ ਦੀਆਂ ਜਨਤਕ ਥਾਵਾਂ ਤੇ ਇਸ ਤਰੀਕੇ ਨਾਲ ਕੀਤੀ ਜਾਂਦੀ ਨਾਜਾਇਜ਼ ਕਬਜ਼ਿਆਂ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ ਪਰੰਤੂ ਇਹਨਾਂ ਲੋਕਾਂ ਦੇ ਖਿਲਾਫ ਬਣਦੀ ਕਾਰਵਾਈ ਨਾ ਹੋਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਲਗਾਤਾਰ ਵੱਧਦੇ ਇਹਨਾਂ ਨਾਜਾਇਜ਼ ਕਬਜਿਆਂ ਤੇ ਕਾਬੂ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਦੇ ਅਧੀਨ ਆਉਂਦੀ ਹੈ ਪਰੰਤੂ ਨਗਰ ਨਿਗਮ ਇਹਨਾਂ ਨਾਜਾਇਜ਼ ਕਬਜ਼ਿਆਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਿਹਾ ਹੈ। ਇਸ ਸੰਬੰਧੀ ਨਗਰ ਨਿਗਮ ਦੇ ਨਾਜਾਇਜ਼ ਕਬਜੇ ਹਟਾਉਣ ਵਾਲੇ ਸਟਾਫ ਤੇ ਭ੍ਰਿਸ਼ਟਾਚਾਰ ਦੇ ਇਲਜਾਮ ਤਾਂ ਲੱਗਦੇ ਹੀ ਹਨ, ਇਹਨਾਂ ਕਬਜ਼ਿਆਂ ਦੇ ਪਿੱਛੇ ਪੈਣ ਵਾਲੇ ਸਿਆਸੀ ਅਤੇ ਪ੍ਰਸ਼ਾਸ਼ਨਿਕ ਦਬਾਉ ਦੀ ਗੱਲ ਵੀ ਸਮੇਂ ਸਮੇਂ ਤੇ ਸਾਮ੍ਹਣੇ ਆਉਂਦੀ ਰਹਿੰਦੀ ਹੈ। ਹਾਲਾਂਕਿ ਨਗਰ ਨਿਗਮ ਨੂੰ ਇਹ ਕਾਨੂੰਨੀ ਅਧਿਕਾਰ ਹਾਸਿਲ ਹੈ ਕਿ ਉਹ ਨਾਜਾਇਜ਼ ਕਬਜ਼ਿਆਂ ਦੀ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਚਾਲਾਨ ਕਰਕੇ ਉਹਨਾਂ ਨੂੰ ਜੁਰਮਾਨਾ ਭਰਨ ਲਈ ਅਦਾਲਤ ਵਿੱਚ ਭੇਜ ਸਕਦੀ ਹੈ।

ਇਸ ਸੰਬੰਧੀ 17 ਸਾਲ ਪਹਿਲਾਂ (2009 ਵਿੱਚ) ਉਸ ਵੇਲੇ ਦੀ ਮਿਉਂਸਪਲ ਕੌਂਸਲ ਵਲੋਂ ਬਾਕਾਇਦਾ ਮਤਾ ਪਾਸ ਕਰਕੇ ਇਹ ਫੈਸਲਾ ਕੀਤਾ ਗਿਆ ਸੀ ਕਿ ਸ਼ਹਿਰ ਵਿੱਚ ਹੋਣ ਵਾਲੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਦੇ ਪੱਕੇ ਹਲ ਲਈ ਅਜਿਹੇ ਲੋਕਾਂ ਦੇ ਚਾਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਜਿਨ੍ਹਾਂ ਵਲੋਂ ਇਹ ਕਬਜੇ ਕੀਤੇ ਜਾਂਦੇ ਹਨ। ਉਸ ਵੇਲੇ ਇਹ ਫੈਸਲਾ ਕੀਤਾ ਗਿਆ ਸੀ ਕਿ ਪਹਿਲਾਂ ਨਾਜਾਇਜ਼ ਕਬਜੇ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜ ਕੇ ਦੋ ਜਾਂ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਜਿਹੜੇ ਵਿਅਕਤੀ ਇਸ ਸਮਾਂ ਸੀਮਾਂ ਦੇ ਅੰਦਰ ਆਪਣੇ ਕਬਜੇ ਨੂੰ ਖਤਮ ਨਹੀਂ ਕਰਣਗੇ ਉਹਨਾਂ ਦੇ ਚਾਲਾਨ ਕੱਟੇ ਜਾਣਗੇ। ਇਹ ਗੱਲ ਹੋਰ ਹੈ ਕਿ ਇਸਦੇ ਬਾਵਜੂਦ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ਼ ਕਬਜੇ ਕਰਨ ਵਾਲੇ ਇਹਨਾਂ ਵਿਅਕਤੀਆਂ ਦੇ ਚਾਲਾਨ ਕੱਟਣ ਦੀ ਇਹ ਕਾਰਵਾਈ ਕਦੇ ਵੀ ਅਮਲ ਵਿੱਚ ਨਹੀਂ ਲਿਆਂਦੀ ਗਈ। ਬਾਅਦ ਵਿੱਚ ਸਰਕਾਰ ਵਲੋਂ ਮਿਉਂਸਪਲ ਕੌਂਸਲ ਨੂੰ ਭੰਗ ਕਰਕੇ ਇੱਥੇ ਕਾਰਪੋਰੇਸ਼ਨ ਬਣਾ ਦਿੱਤੀ ਗਈ ਅਤੇ ਇਹ ਮਾਮਲਾ ਵਿੱਚ ਵਿਚਾਲੇ ਹੀ ਰੁਲ ਗਿਆ।

ਇਸ ਐਕਟ ਅਧੀਨ ਇਸ ਸੰਬੰਧੀ ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਚਾਲਾਨ ਦਾ ਜੁਰਮਾਨਾ (ਐਕਟ ਦੇ ਪੁਰਾਣਾ ਹੋਣ ਕਾਰਨ) ਭਾਵੇਂ ਨਿਗੂਣਾ ਜਿਹਾ ਹੀ ਹੈ ਪਰੰਤੂ ਨਗਰ ਨਿਗਮ ਚਾਹੇ ਤਾਂ ਉਹ ਨਾਜਾਇਜ਼ ਕਬਜਾ ਕਰਨ ਵਾਲੇ ਲੋਕਾਂ ਨੂੰ ਕੀਤੇ ਜਾਣ ਵਾਲੇ ਜੁਰਮਾਨੇ ਦੀ ਰਕਮ ਵਧਾ ਵੀ ਸਕਦੀ ਹੈ। ਉਂਝ ਵੀ ਜਿਸ ਵਿਅਕਤੀ ਦਾ ਚਾਲਾਨ ਕੀਤਾ ਜਾਂਦਾ ਹੈ ਉਸਨੂੰ ਅਦਾਲਤ ਵਿੱਚ ਲੱਗਣ ਵਾਲੀਆਂ ਵਾਰ ਵਾਰ ਦੀਆਂ ਤਰੀਕਾਂ ਤਾਂ ਭੁਗਤਣੀਆਂ ਹੀ ਪੈਂਦੀਆਂ ਹਨ। ਅਜਿਹੇ ਕੇਸਾਂ ਵਿੱਚ ਜਦੋਂ ਸੰਮਨ ਆਉਣ ਤੋਂ ਬਾਅਦ ਤਰੀਕ ਤੇ ਸਵੇਰੇ ਸਵੇਰੇ ਅਦਾਲਤ ਪਹੁੰਚ ਕੇ ਕਈ ਘੰਟੇ ਤੱਕ ਬਾਹਰ ਬੈਠ ਕੇ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ ਅਤੇ ਹਰ ਵਾਰ ਹਾਜਰੀ ਯਕੀਨੀ ਬਣਾਉਣੀ ਪੈਂਦੀ ਹੈ ਉਦੋਂ ਤਰੀਕ ਭੁਗਤਣ ਵਾਲੇ ਨੂੰ ਜਿਹੜੀ ਪਰੇਸ਼ਾਨੀ ਝੱਲਣੀ ਪੈਂਦੀ ਹੈ ਉਹ ਉਸਦੀ ਤੌਬਾ ਕਰਵਾ ਦਿੰਦੀ ਹੈ।

ਜੇਕਰ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜੇ ਕਰਨ ਵਾਲੇ ਵਿਅਕਤੀਆਂ ਦੇ ਚਾਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਅਜਿਹੇ ਕਬਜ਼ਾਕਾਰਾਂ ਨੂੰ ਅਦਾਲਤ ਵਿੱਚ ਪਹੁੰਚ ਕੇ, ਲਾਈਨ ਵਿੱਚ ਲੱਗ ਕੇ ਅਤੇ ਆਪਣੀ ਵਾਰੀ ਦੀ ਉਡੀਕ ਕਰਕੇ ਜੁਰਮਾਨਾ ਭਰਨ ਲਈ ਮਜਬੂਰ ਹੋਣਾ ਪੈਣਾ ਹੈ ਅਤੇ ਇਹ ਕਾਰਵਾਈ ਅਜਿਹੇ ਵਿਅਕਤੀਆਂ ਵਿਚਲੀ ਨਾਜਾਇਜ਼ ਕਬਜੇ ਕਰਨ ਦੀ ਮਾਨਸਿਕਤਾ ਤੇ ਕਾਬੂ ਕਰਨ ਵਿੱਚ ਕਾਫੀ ਹੱਦ ਤਕ ਸਮਰਥ ਹੋ ਸਕਦੀ ਹੈ। ਨਗਰ ਨਿਗਮ ਦੇ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਨਾਜਾਇਜ ਕਬਜੇ ਕਰਨ ਵਾਲਿਆਂ ਦੇ ਚਾਲਾਨ ਕੱਟਣ ਦੀ ਕਾਰਵਾਈ ਆਰੰਭ ਕਰਵਾਉਣ ਤਾਂ ਜੋ ਇਸ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇ।

Continue Reading

Editorial

ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਸਮੱਸਿਆ ਤੇ ਕਾਬੂ ਕਰਨ ਲਈ ਜੰਗੀ ਪੱਧਰ ਤੇ ਕੰਮ ਕਰਨ ਦੀ ਲੋੜ

Published

on

By

ਪਿਛਲੇ ਦਹਾਕਿਆਂ ਦੌਰਾਨ ਧਰਤੀ ਦੇ ਵਾਤਾਵਰਨ ਵਿਚਲੇ ਤਾਪਮਾਨ ਵਿੱਚ ਹੋਣ ਵਾਲੇ ਲਗਾਤਾਰ ਵਾਧੇ ਦੇ ਖਤਰਨਾਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦਾ ਮੁੱਦਾ ਇਸ ਵੇਲੇ ਪੂਰੀ ਦੁਨੀਆ ਲਈ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਗਲੋਬਲ ਵਾਰਮਿੰਗ ਕਾਰਨ ਜਿੱਥੇ ਪੂਰੀ ਦੁਨੀਆਂ ਵਿੱਚ ਰੁੱਤਾਂ ਅਤੇ ਮੌਸਮ ਆਪਣਾ ਸਮਾਂ ਬਦਲ ਰਹੇ ਹਨ ਉੱਥੇ ਕਈ ਤਰ੍ਹਾਂ ਦੇ ਵਾਤਾਵਰਨ ਵਿਗਾੜ ਵੀ ਸਾਹਮਣੇ ਆ ਰਹੇ ਹਨ। ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਇਸ ਸਮੱਸਿਆ ਕਾਰਨ ਜਿੱਥੇ ਧਰਤੀ ਦੀ ਸਤਹਿ ਦਾ ਤਾਪਮਾਨ ਵਧ ਰਿਹਾ ਹੈ ਉੱਥੇ ਇਸ ਕਾਰਨ ਪੂਰੀ ਦੁਨੀਆ ਦਾ ਮੌਸਮ ਪ੍ਰਭਾਵਿਤ ਹੋਇਆ ਹੈ।

ਇਸ ਦੌਰਾਨ ਜਿੱਥੇ ਗਰਮੀਆਂ ਦੇ ਮੌਸਮ ਦੌਰਾਨ ਇੰਤਹਾ ਗਰਮੀ ਪੈਣ ਲੱਗ ਗਈ ਹੈ ਉੱਥੇ ਸਰਦੀ ਦੇ ਮੌਸਮ ਵਿੱਚ ਪਹਿਲਾਂ ਦੇ ਮੁਕਾਬਲੇ ਠੰਡ ਵੀ ਜਿਆਦਾ ਪੈਂਦੀ ਹੈ। ਇਸੇ ਤਰ੍ਹਾਂ ਕਦੇ ਬਹੁਤ ਜਿਆਦਾ ਬਰਸਾਤ ਹੋ ਜਾਂਦੀ ਹੈ ਅਤੇ ਕਦੇ ਸੋਕੇ ਦੀ ਨੌਬਤ ਆ ਜਾਂਦੀ ਹੈ। ਵਿਗਿਆਨੀ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਗਲੋਬਲ ਵਾਰਮਿੰਗ ਵਿੱਚ ਇਸੇ ਤਰ੍ਹਾਂ ਵਾਧਾ ਹੁੰਦਾ ਰਿਹਾ ਤਾਂ ਸਮੁੰਦਰ ਦੇ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸਮੁੰਦਰ ਨੇੜਲੇ ਇਲਾਕੇ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਜਾਣਗੇ ਅਤੇ ਅਜਿਹਾ ਹੋਣਾ ਸ਼ੁਰੂ ਵੀ ਹੋ ਚੁੱਕਿਆ ਹੈ। ਜਾਹਿਰ ਹੈ ਕਿ ਜੇਕਰ ਅਸੀਂ ਹੁਣੇ ਵੀ ਨਾ ਸੰਭਲੇ ਤਾਂ ਲਗਾਤਾਰ ਵੱਧਦੀ ਇਸ ਗਲੋਬਲ ਵਾਰਮਿੰਗ ਨੇ ਦੁਨੀਆ ਦੇ ਜੀਵਨ ਚੱਕਰ ਨੂੰ ਹੀ ਖਤਮ ਕਰ ਦੇਣਾ ਹੈ।

ਹਾਲਾਂਕਿ ਇਹ ਵੀ ਅਸਲੀਅਤ ਹੈ ਕਿ ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਇਸ ਸਮੱਸਿਆ ਲਈ ਅੱਜ ਦਾ ਇਨਸਾਨ ਹੀ ਸਭ ਤੋਂ ਵੱਧ ਜਿੰਮੇਵਾਰ ਹੈ ਜਿਸਨੇ ਆਪਣੇ ਨਿਜੀ ਲਾਲਚ ਅਤੇ ੁਸਵਾਰਥ ਦੀ ਪੂਰਤੀ ਲਈ ਕੁਦਰਤ ਨਾਲ ਬੁਰੀ ਤਰ੍ਹਾਂ ਖਿਲਵਾੜ ਕੀਤਾ ਹੈ। ਸਾਡੀਆਂ ਇਹਨਾਂ ਕਾਰਵਾਈਆਂ ਨੇ ਧਰਤੀ ਤੋਂ ਦਰਖਤਾਂ ਦੇ ਪੂਰੇ ਦੇ ਪੂਰੇ ਜੰਗਲ ਗਾਇਬ ਕਰ ਦਿਤੇ ਹਨ ਅਤੇ ਹਾਲਾਤ ਇਹ ਹਨ ਕਿ ਜਿੱਥੇ ਇੱਕ ਪਾਸੇ ਸੰਸਾਰ ਭਰ ਵਿੱਚ ਜੰਗਲਾਂ ਹੇਠਲਾ ਰਕਬਾ ਲਗਾਤਾਰ ਘੱਟ ਰਿਹਾ ਹੈ ਉੱਥੇ ਦੂਜੇ ਪਾਸੇ ਮਨੁੱਖ ਵਲੋਂ ਚਲਾਏ ਜਾ ਰਹੇ ਉਦਯੋਗਾਂ ਅਤੇ ਸੜਕਾਂ ਤੇ ਚਲਦੇ ਵਾਹਨਾਂ ਵਿੱਚੋਂ ਨਿਕਲਣ ਵਾਲਾ ਜਹਿਰੀਲਾ ਧੂੰਆਂ ਸਾਡੇ ਵਾਤਾਵਰਨ ਵਿੱਚ ਫੈਲ ਕੇ ਪੂਰੇ ਵਾਤਾਵਰਨ ਨੂੰ ਗੰਧਲਾ ਕਰ ਰਿਹਾ ਹੈ।

ਇਸੇ ਦਾ ਨਤੀਜਾ ਹੈ ਕਿ ਸੂਰਜ ਦੀਆਂ ਪਰਾਬੈਂਗਨੀ ਕਿਰਨਾਂ ਤੋਂ ਧਰਤੀ ਦੇ ਵਾਤਾਵਰਨ ਵਿੱਚ ਆਉਣ ਤੋਂ ਰੋਕਣ ਵਾਲੀ ਓਜੋਨ ਪਰਤ ਦਾ ਛੇਦ ਵੀ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਸਾਡੇ ਆਲੇ ਦੁਆਲੇ ਪ੍ਰਦੂਸ਼ਨ ਇੰਨਾ ਜਿਆਦਾ ਵੱਧ ਚੁੱਕਿਆ ਹੈ ਕਿ ਕੁਝ ਦੂਰੀ ਤੋਂ ਬਾਅਦ ਅਕਸਰ ਧੂੰਦਲਾ ਦਿਖਾਈ ਦਿੰਦਾ ਹੈ। ਪਾਠਕਾਂ ਨੂੰ ਯਾਦ ਹੋਵੇਗਾ ਕਿ 2020 ਵਿੱਚ ਆਈ ਕੋਰੋਨਾ ਦੀ ਮਹਾਮਾਰੀ ਤੇ ਕਾਬੂ ਕਰਨ ਲਈ ਜਦੋਂ ਦੇਸ਼ ਭਰ ਵਿੱਚ ਲਾਕਡਾਊਨ ਅਤੇ ਕਰਫਿਊ ਲਗਾਇਆ ਗਿਆ ਸੀ ਅਤੇ ਸਭ ਕੁਝ ਬੰਦ ਹੋ ਗਿਆ ਸੀ ਉਸ ਵੇਲੇ ਵਾਤਾਵਰਨ ਵਿੱਚ ਕਾਫੀ ਸੁਧਾਰ ਹੋਇਆ ਸੀ ਅਤੇ ਪੰਜਾਬ ਵਾਸੀਆਂ ਨੂੰ ਦੂਰ ਦੇ ਪਹਾੜ ਵੀ ਬਹੁਤ ਸਾਫ ਸੁਥਰੇ ਨਜਰ ਆਉਣ ਲੱਗ ਪਏ ਸਨ। ਪਰੰਤੂ ਬਾਅਦ ਵਿੱਚ ਜਿਵੇਂ ਜਿਵੇਂ ਜੀਵਨ ਆਮ ਵਾਂਗ ਹੁੰਦਾ ਗਿਆ, ਪ੍ਰਦੂਸ਼ਨ ਦਾ ਪੱਧਰ ਵੀ ਲਗਾਤਾਰ ਵੱਧਦਾ ਗਿਆ ਅਤੇ ਹੁਣ ਫਿਰ ਹਾਲ ਹੋ ਗਿਆ ਹੈ ਕਿ ਹਰ ਪਾਸੇ ਸਾਨੂੰ ਧੂੰਆਂ ਅਤੇ ਧੂੜ ਮਿੱਟੀ ਉੱਡਦੀ ਦਿਖਦੀ ਹੈ।

ਵਾਤਾਵਰਨ ਵਿੱਚ ਲਗਾਤਾਰ ਵੱਧਦੇ ਇਸ ਪ੍ਰਦੂਸ਼ਣ ਵਾਸਤੇ ਖੁਦ ਮਨੁੱਖ ਹੀ ਜਿੰਮੇਵਾਰ ਹੈ ਜਿਸਨੇ ਆਪਣੇ ਲਾਲਚ ਅਤੇ ਦੁਨੀਆਵੀ ਸੁਖਾਂ ਲਈ ਕੁਦਰਤੀ ਸਰੋਤਾਂ ਦਾ ਦੋਹਨ ਕਰਕੇ ਵਾਤਾਵਰਨ ਨੂੰ ਤਬਾਹ ਕਰਨ ਦਾ ਕੰਮ ਕੀਤਾ ਹੈ। ਮੈਦਾਨੀ ਇਲਾਕਿਆਂ ਵਿੱਚ ਜਿਥੇ ਮਨੁੱਖ ਵਲੋਂ ਫੈਕਟਰੀਆਂ ਅਤੇ ਵਾਹਨਾਂ ਰਾਹੀਂ ਵਾਤਾਵਰਨ ਵਿੱਚ ਜਹਿਰੀਲਾ ਧੂਆਂ ਅਤੇ ਕਈ ਤਰ੍ਹਾਂ ਦੇ ਕੈਮੀਕਲ ਛੱਡ ਕੇ ਵਾਤਾਵਰਨ ਵਿੱਚ ਜਹਿਰ ਘੋਲਿਆ ਜਾ ਰਿਹਾ ਹੈ, ਉਥੇ ਪਹਾੜੀ ਇਲਾਕਿਆਂ ਵਿੱਚ ਪਹਾੜਾਂ ਦੀਆਂ ਜੜਾਂ ਵਿਚੋਂ ਖਣਿਜ ਪਦਾਰਥਾਂ ਦਾ ਦੋਹਨ ਕਰਕੇ ਪਹਾੜ ਵੀ ਖੋਖਲੇ ਕਰ ਦਿੱਤੇ ਗਏ ਹਨ, ਜਿਸ ਕਰਕੇ ਅਕਸਰ ਪਹਾੜ ਟੁੱਟ ਕੇ ਡਿੱਗਣ ਲੱਗ ਪਏ ਹਨ ਅਤੇ ਇਸ ਕਾਰਨ ਵੀ ਭਾਰੀ ਨੁਕਸਾਨ ਹੋ ਰਿਹਾ ਹੈ।

ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਪੂਰੇ ਸੰਸਾਰ ਵਿੱਚ ਪ੍ਰਦੂਸ਼ਨ ਨੂੰ ਰੋਕਣ ਲਈ ਸਾਂਝੇ ਉਪਰਾਲੇ ਤਹਿਤ ਵੱਧ ਤੋਂ ਵੱਧ ਦਰਖਤ ਲਗਾਏ ਜਾਣ ਅਤੇ ਇਹਨਾਂ ਦਰਖਤਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਵੇ ਅਤੇ ਇਸ ਵਾਸਤੇ ਜੰਗੀ ਪੱਧਰ ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਪ੍ਰਦੂਸ਼ਨ ਦੇ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਗਲੋਬਲ ਵਾਰਮਿੰਗ ਤੋਂ ਬਚਣ ਲਈ ਹਰ ਮਨੁੱਖ ਨੂੰ ਅੱਗੇ ਆ ਕੇ ਪਹਿਲ ਕਰਨੀ ਪੈਣੀ ਹੈ ਤਾਂ ਹੀ ਅਸੀਂ ਆਪਣੀ ਇਸ ਦੁਨੀਆ ਨੂੰ ਬਚਾ ਸਕਦੇ ਹਾਂ।

Continue Reading

Editorial

ਸਿਆਸੀ ਪਾਰਟੀਆਂ ਦੀ ਕਾਰਗੁਜਾਰੀ ਨੂੰ ਚੰਗੀ ਤਰ੍ਹਾਂ ਘੋਖ ਰਹੇ ਹਨ ਪੰਜਾਬੀ

Published

on

By

ਪੰਜਾਬੀਆਂ ਦੀ ਕਸੌਟੀ ਤੇ ਖਰੀ ਨਹੀਂ ਉਤਰ ਰਹੀ ਕੋਈ ਵੀ ਸਿਆਸੀ ਪਾਰਟੀ

ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ ਦੇ ਵੱਖ ਵੱਖ ਧੜੇ ਅਤੇ ਬਸਪਾ ਸਰਗਰਮ ਹਨ ਜੋ ਕਿ ਸਿਆਸੀ ਸਰਗਰਮੀਆਂ ਕਰ ਰਹੇ ਹਨ। ਸੱਤਾਧਾਰੀ ਹੋਣ ਕਰਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਭ ਤੋਂ ਵਧੇਰੇ ਸਰਗਰਮ ਹੈ। ਦੂਜੇ ਪਾਸੇ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਕੋਲ ਇਸ ਸਮੇਂ ਬਿਲਕੁਲ ਵੀ ਵਿਹਲ ਨਹੀਂ ਹੈ ਕਿਉਂਕਿ ਵੱਡੀ ਗਿਣਤੀ ਪੰਜਾਬੀਆਂ ਦਾ ਮੁੱਖ ਕਿੱਤਾ ਖੇਤੀਬਾੜੀ ਅਤੇ ਇਸ ਦੇ ਸਹਾਇਕ ਧੰਦੇ ਹਨ। ਜਿਸ ਕਰਕੇ ਇਹਨਾਂ ਲੋਕਾਂ ਦਾ ਹਾੜੀ ਦਾ ਸੀਜਨ ਚੱਲ ਰਿਹਾ ਹੈ। ਕਿਸਾਨ ਇਸ ਸਮੇਂ ਕਣਕ ਦੀ ਫਸਲ ਦੀ ਕਟਾਈ ਅਤੇ ਫਸਲ ਵੇਚਣ ਲਈ ਮੰਡੀਆਂ ਵਿੱਚ ਬੈਠੇ ਹਨ ਅਤੇ ਇਹਨਾਂ ਲੋਕਾਂ ਕੋਲ ਖਾਣ ਪੀਣ ਲਈ ਵੀ ਵਿਹਲ ਨਹੀਂ ਹੈ, ਫਿਰ ਉਹ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਕਿਸ ਤਰ੍ਹਾਂ ਜਾ ਸਕਦੇ ਹਨ। ਇਸ ਕਰਕੇ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੇ ਵੀ ਸਵਾਲ ਉਠ ਰਹੇ ਹਨ ਅਤੇ ਸਿਆਸੀ ਆਗੂ ਇਕ ਦੂਜੇ ਤੇ ਕਿਰਾਏ ਤੇ ਜਾਂ ਦਿਹਾੜੀ ਤੇ ਮਜਦੂਰ ਲਿਆ ਕੇ ਰੈਲੀਆਂ ਵਿੱਚ ਇਕੱਠ ਕਰਨ ਦਾ ਦੋਸ਼ ਲਗਾ ਰਹੇ ਹਨ।

ਪੰਜਾਬ ਦੇ ਆਮ ਲੋਕਾਂ ਨਾਲ ਕੀਤੀ ਗਈ ਗੱਲਬਾਤ ਤੋਂ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਪੰਜਾਬੀ ਇਸ ਸਮੇਂ ਕਿਸੇ ਵੀ ਸਿਆਸੀ ਪਾਰਟੀ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਹਨ। ਭਾਵੇਂ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਨਾਲ ਜਿਤਾਇਆ ਸੀ ਪਰ ਇਸ ਪਾਰਟੀ ਵੱਲੋਂ ਦਿੱਲੀ ਦੇ ਆਗੂਆਂ ਨੂੰ ਅੱਗੇ ਰੱਖਣ ਕਾਰਨ ਅਨੇਕਾਂ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ।

ਇਸ ਸਮੇਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਖ ਵੱਖ ਇਲਾਕਿਆਂ ਵਿੱਚ ਵਿਚਰ ਰਹੇ ਹਨ, ਜਿਸ ਦਾ ਕਿ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕੁਝ ਲੋਕ ਕੇਜਰੀਵਾਲ ਦੇ ਪੰਜਾਬ ਵਿੱਚ ਸਰਗਰਮ ਹੋਣ ਨੂੰ ਸਹੀ ਨਹੀਂ ਸਮਝ ਰਹੇ। ਉਹਨਾਂ ਦਾ ਕਹਿਣਾ ਹੈ ਕਿ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਵਖਰੇਵਾਂ ਹੈ। ਦਿੱਲੀ ਦੇ ਆਗੂਆਂ ਨੂੰ ਦਿੱਲੀ ਤਕ ਸੀਮਿਤ ਰਹਿਣਾ ਚਾਹੀਦਾ ਹੈ ਅਤੇ ਦਿੱਲੀ ਦੀਆਂ ਨੀਤੀਆਂ ਪੰਜਾਬ ਵਿੱਚ ਲਾਗੂ ਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ।

ਦੂਜੇ ਪਾਸੇ ਕਾਂਗਰਸੀ ਆਗੂਆਂ ਦੀ ਕਾਰਗੁਜਾਰੀ ਨੂੰ ਵੀ ਪੰਜਾਬ ਦੇ ਲੋਕ ਧਿਆਨ ਨਾਲ ਵੇਖ ਰਹੇ ਹਨ। ਕਾਂਗਰਸ ਦੇ ਕੁਝ ਆਗੂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਕਾਹਲੇ ਪਏ ਹੋਏ ਹਨ ਅਤੇ ਉਹ ਅਕਸਰ ਖੁਦ ਨੂੰ ਆਪਣੀ ਪਾਰਟੀ ਦਾ ਅਗਲਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੋਣ ਦਾਅਵਾ ਕਰਨ ਦਾ ਯਤਨ ਕਰਦੇ ਹਨ ਅਤੇ ਇਸ ਤਰ੍ਹਾਂ ਪ੍ਰਭਾਵ ਦਿੰਦੇਹਨ ਕਿ ਕਾਂਗਰਸ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਜਾਵੇਗਾ। ਕਾਂਗਰਸ ਵਿੱਚ ਇਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਆਗੂਆਂ ਦੀ ਗਿਣਤੀ ਕਾਫੀ ਹੈ। ਕਾਂਗਰਸ ਦੇ ਕਈ ਆਗੂ ਤਾਂ ਹਰ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਨ ਤੋਂ ਹੀ ਆਪਣੇ ਦਿਨ ਦੀ ਸ਼ੁਰੂਆਤ ਕਰਦੇ ਹਨ।

ਇਸ ਦੌਰਾਨ ਭਾਜਪਾ ਵੀ ਆਪਣੀਆਂ ਸਰਗਰਮੀਆਂ ਚਲਾ ਰਹੀ ਹੈ ਅਤੇ ਆਪਣੇ ਆਧਾਰ ਨੂੰ ਮਜਬੂਤ ਕਰਨ ਦੇ ਯਤਨ ਕਰ ਰਹੀ ਹੈ। ਜੇ ਹੁਣ ਅਕਾਲੀ ਦਲ ਬਾਦਲ ਦੀ ਗੱਲ ਕੀਤੀ ਜਾਵੇ ਤਾਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਖੇਧੀ ਕਰਨ ਲੱਗਿਆਂ ਉਹਨਾਂ ਉਪਰ ਨਿੱਜੀ ਦੂਸ਼ਣਬਾਜੀ ਕਰਨ ਲੱਗ ਜਾਂਦੇ ਹਨ। ਜਿਸ ਨੂੰ ਪੰਜਾਬ ਦੇ ਲੋਕ ਚੰਗਾ ਨਹੀਂ ਸਮਝਦੇ। ਸੁਖਬੀਰ ਬਾਦਲ ਕਈ ਵਾਰ ਜਨਤਕ ਤੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਾਬੀ ਵੀ ਕਹਿ ਚੁੱਕੇ ਹਨ ਅਤੇ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਆਹ ਕਰਵਾਉਣ ਤੇ ਵੀ ਕਿੰਤੂ ਪ੍ਰੰਤੂ ਕਰ ਚੁੱਕੇ ਹਨ। ਜਿਸ ਦਾ ਜਵਾਬ ਆਮ ਆਦਮੀ ਪਾਰਟੀ ਦੇ ਆਗੂੁ ਤਾਂ ਦਿੰਦੇ ਹੀ ਹਨ ਪਰ ਸੁਖਬੀਰ ਬਾਦਲ ਦੀ ਅਜਿਹੀ ਬਿਆਨਬਾਜੀ ਨੂੰ ਪੰਜਾਬ ਦੇ ਵੱਡੀ ਗਿਣਤੀ ਲੋਕ ਚੰਗਾ ਨਹੀਂ ਸਮਝ ਰਹੇ।

ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੀ ਸਰਗਰਮ ਹੈ, ਜਿਸ ਦੇ ਦੋ ਸਾਂਸਦ ਹਨ। ਇਹ ਜਥੇਬੰਦੀ ਵੀ ਆਪਣੇ ਆਧਾਰ ਨੂੰ ਮਜਬੂਤ ਕਰਨ ਦਾ ਯਤਨ ਕਰ ਰਹੀ ਹੈ। ਇਸੇ ਤਰ੍ਹਾਂ ਬਸਪਾ ਵੱਲੋਂ ਵੀ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਦੇ ਵੱਡੀ ਗਿਣਤੀ ਲੋਕ ਹੁਣ ਸਿਆਸੀ ਤੌਰ ਤੇ ਸੁਚੇਤ ਹੋ ਗਏ ਹਨ ਅਤੇ ਉਹਨਾਂ ਨਾਲ ਗੱਲਬਾਤ ਕਰਨ ਤੇ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਇਸ ਸਮੇਂ ਕੋਈ ਵੀ ਸਿਆਸੀ ਪਾਰਟੀ ਪੰਜਾਬੀਆਂ ਦੀ ਕਸੌਟੀ ਤੇ ਖਰੀ ਨਹੀਂ ਉਤਰ ਰਹੀ।

ਬਿਊਰੋ

Continue Reading

Editorial

ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਯਤਨ ਕਰਨ ਮਾਪੇ

Published

on

By

ਪਿਛਲੇ ਦਿਨੀਂ ਸੀ ਬੀ ਐਸ ਈ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਹੈ। ਜਿਹੜੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ, ਉਹ ਖੁਸ਼ੀ ਵਿੱਚ ਫੁੱਲੇ ਨਹੀਂ ਸਮਾ ਰਹੇ। ਸੀ ਬੀ ਐਸ ਈ ਵਾਂਗ ਹੀ ਪੰਜਾਬ ਸਕੂਲ ਸਿੱਖਿਆ ਬੋਰਡ, ਅਨੇਕਾਂ ਹੋਰ ਸਿੱਖਿਆ ਬੋਰਡ ਅਤੇ ਯੂਨੀਵਰਸਿਟੀਆਂ ਵੱਲੋਂ ਵੱਖ ਵੱਖ ਜਮਾਤਾਂ ਦੇ ਨਤੀਜੇ ਵੀ ਐਲਾਨੇ ਜਾ ਰਹੇ ਹਨ। ਵੱਡੀ ਗਿਣਤੀ ਵਿਦਿਆਰਥੀ ਇਹਨਾਂ ਨਤੀਜਿਆਂ ਵਿੱਚ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਪਰ ਇਹਨਾਂ ਪਾਸ ਹੋਏ ਵਿਦਿਆਰਥੀਆਂ ਖਾਸ ਕਰਕੇ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਅੱਗੇ ਹੁਣ ਉਲਝਣ ਇਹ ਆਣ ਖੜੀ ਹੋਈ ਹੈ ਕਿ ਉਹ ਦਸਵੀਂ ਤੋਂ ਬਾਅਦ ਕੀ ਕਰਨ ਅਤੇ ਕਿਹੜੇ ਵਿਸ਼ਿਆਂ ਦੀ ਪੜਾਈ ਕਰਨ।

ਕਈ ਹੁਸ਼ਿਆਰ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰਨਾ ਚਾਹੁੰਦੇ ਹਨ ਪਰ ਉਹਨਾਂ ਦੇ ਘਰੇਲੂ ਆਰਥਿਕ ਹਾਲਾਤ ਇਸ ਦੀ ਇਜਾਜਤ ਨਹੀਂ ਦਿੰਦੇ, ਕਿਉਂਕਿ ਭਾਰਤ ਵਿੱਚ ਮੈਡੀਕਲ ਦੀ ਪੜਾਈ ਬਹੁਤ ਮਹਿੰਗੀ ਹੈ। ਦੂਜੇ ਪਾਸੇ ਕਈ ਵਿਦਿਆਰਥੀ ਕਾਮਰਸ ਅਤੇ ਹੋਰ ਵਿਸ਼ਿਆਂ ਦੀ ਪੜਾਈ ਕਰਨ ਨੂੰ ਤਰਜੀਹ ਦੇ ਰਹੇ ਹਨ।

ਹਰ ਇਨਸਾਨ ਦੀ ਜ਼ਿੰਦਗੀ ਵਿੱਚ ਵਿਦਿਆਰਥੀ ਜੀਵਨ ਬਹੁਤ ਮਹੱਤਵਪੂਰਨ ਹੁੰਦਾ ਹੈ। ਵਿਦਿਆਰਥੀਆਂ ਨੇ ਹੀ ਵੱਡੇ ਹੋ ਕੇ ਇੰਜਨੀਅਰ, ਡਾਕਟਰ, ਅਧਿਆਪਕ, ਨੇਤਾ ਅਤੇ ਹੋਰ ਬਹੁਤ ਕੁਝ ਬਣਨਾ ਹੁੰਦਾ ਹੈ। ਸਾਰੇ ਵਿਦਿਆਰਥੀ ਹੀ ਬਹੁਤ ਮਿਹਨਤ ਕਰਦੇ ਹਨ ਪਰ ਕਈ ਵਾਰ ਸਫਲਤਾ ਸਾਰੇ ਵਿਦਿਆਰਥੀਆਂ ਨੂੰ ਨਹੀਂ ਮਿਲਦੀ। ਇਸ ਦਾ ਕਾਰਨ ਇਹ ਵੀ ਹੈ ਕਿ ਕੁਝ ਵਿਦਿਆਰਥੀ ਪੜਾਈ ਵੱਲ ਧਿਆਨ ਦਿੰਦੇ ਹਨ। ਦੂਜੇ ਪਾਸੇ ਕਈ ਵਿਦਿਆਰਥੀ ਮਿਹਨਤ ਤਾਂ ਸਖਤ ਕਰਦੇ ਹਨ ਪਰ ਉਹਨਾਂ ਨੂੰ ਸਫਲਤਾ ਇਸ ਕਾਰਨ ਨਹੀਂ ਮਿਲਦੀ ਕਿਉਂਕਿ ਉਹਨਾਂ ਨੂੰ ਸਹੀ ਮਾਰਗ ਦਰਸ਼ਨ ਨਹੀਂ ਮਿਲਦਾ। ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਕਈ ਵਾਰ ਹੁਸ਼ਿਆਰ ਵਿਦਿਆਰਥੀ ਵੀ ਪੜਾਈ ਅੱਧ ਵਿਚਾਲੇ ਜਾਂ ਦਸਵੀਂ ਤੋਂ ਬਾਅਦ ਛੱਡ ਜਾਂਦੇ ਹਨ।

ਦਸਵੀਂ ਤੋਂ ਬਾਅਦ ਵਿਦਿਆਰਥੀਆਂ ਅੱਗੇ ਇਹ ਮੁਸ਼ਕਿਲ ਪੈਦਾ ਹੁੰਦੀ ਹੈ ਕਿ ਉਹ ਅਗਲੀ ਪੜਾਈ ਕਿਹੜੇ ਵਿਸ਼ਿਆਂ ਵਿੱਚ ਕਰਨ। ਇਸ ਸਮੇਂ ਵਿਦਿਆਰਥੀਆਂ ਨੂੰ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਤਾਂ ਅੱਜ ਕੱਲ੍ਹ ਦਸਵੀਂ ਜਾਂ ਬਾਰਵੀਂ ਕਰਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਰੁਝਾਨ ਹੈ। ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ। ਪੜਾਈ ਕਰਨ ਲਈ ਕਿਹੜੇ ਦੇਸ਼ ਜਾਣਾ ਚਾਹੀਦਾ ਹੈ ਅਤੇ ਉਥੇ ਕਿਹੜੇ ਕਾਲਜ ਵਿੱਚ ਪੜਾਈ ਕਰਨੀ ਚਾਹੀਦੀ ਹੈ। ਇਸ ਲਈ ਵੀ ਵਿਦਿਆਰਥੀਆਂ ਨੂੰ ਚੰਗੇ ਮਾਰਗ ਦਰਸ਼ਨ ਦੀ ਲੋੜ ਪੈਂਦੀ ਹੈ।

ਵਿਦਿਆਰਥੀਆਂ ਲਈ ਭਾਵੇਂ ਕਿ ਸਿੱਖਿਆ ਪ੍ਰਾਪਤ ਕਰਨ ਦੇ ਸਾਰੇ ਵਰ੍ਹੇ ਹੀ ਮਹੱਤਵਪੂਰਨ ਹੁੰਦੇ ਹਨ ਪਰ ਇਹਨਾਂ ਲਈ ਸਭ ਤੋਂ ਮਹੱਤਵਪੂਰਨ ਦਸਵੀਂ ਅਤੇ ਉਸ ਤੋਂ ਬਾਅਦ ਕਾਲਜ/ਯੂਨੀਵਰਸਿਟੀ ਦੀ ਪੜ੍ਹਾਈ ਦੇ ਸਾਲ ਹੁੰਦੇ ਹਨ। ਜਿਹੜੇ ਵਿਦਿਆਰਥੀ ਦਸਵੀਂ ਅਤੇ ਕਾਲਜ/ਯੂਨੀਵਰਸਿਟੀ ਦੀ ਪੜ੍ਹਾਈ ਦੇ ਪੰਜ ਸਾਲਾਂ ਵਿੱਚ ਸਖ਼ਤ ਮਿਹਨਤ ਕਰ ਲੈਂਦੇ ਹਨ, ਉਹ ਅਗਲੇ ਪੰਜਾਹ ਸਾਲ ਜ਼ਿੰਦਗੀ ਦਾ ਹਰ ਆਨੰਦ ਮਾਣਦੇ ਹਨ ਕਿਉਂਕਿ ਪੜ੍ਹਾਈ ਵੇਲੇ ਪੰਜ ਸਾਲ ਕੀਤੀ ਸਖ਼ਤ ਮਿਹਨਤ ਨਾਲ ਉਹਨਾਂ ਨੂੰ ਚੰਗੀ ਨੌਕਰੀ/ਚੰਗਾ ਰੁਜ਼ਗਾਰ ਅਤੇ ਚੰਗਾ ਕਾਰੋਬਾਰ ਮਿਲ ਜਾਂਦੇ ਹਨ ਜਿਸ ਕਰਕੇ ਉਹ ਜ਼ਿੰਦਗੀ ਵਿੱਚ ਸਫ਼ਲ ਮਨੁੱਖ ਕਹਾਉਣ ਦੇ ਹੱਕਦਾਰ ਹੋ ਜਾਂਦੇ ਹਨ। ਦੂਜੇ ਪਾਸੇ ਜਿਹੜੇ ਵਿਦਿਆਰਥੀ ਕਾਲਜ/ਯੂਨੀਵਰਸਿਟੀ ਦੇ ਪੜ੍ਹਾਈ ਦੇ ਪੰਜ ਸਾਲਾਂ ਦੌਰਾਨ ਮਿਹਨਤ ਕਰਨ ਦੀ ਥਾਂ ਕਾਲਜ/ਯੂਨੀਵਰਸਿਟੀ ਦੀਆਂ ਕੰਟੀਨਾਂ ਵਿੱਚ, ਘੁੰਮਣ ਵਿੱਚ, ਗੱਲਾਂ ਬਾਤਾਂ ਕਰਨ ਵਿੱਚ, ਫ਼ਿਲਮਾਂ ਵੇਖਣ ਵਿੱਚ, ਨਸ਼ੇ ਕਰਨ ਵਿੱਚ ਜਾਂ ਵਿਦਿਆਰਥੀ ਰਾਜਨੀਤੀ ਵਿੱਚ ਵਧੇਰੇ ਸਮਾਂ ਬਤੀਤ ਕਰਦੇ ਹਨ, ਉਹ ਪੜ੍ਹਾਈ ਵਿੱਚ ਅਕਸਰ ਪਿੱਛੜ ਜਾਂਦੇ ਹਨ ਅਤੇ ਅਜਿਹੇ ਵਿਦਿਆਰਥੀ ਉਚੇਰੀਆਂ ਜਮਾਤਾਂ ਦੀ ਪੜ੍ਹਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਇਹਨਾਂ ਨੂੰ ਚੰਗੀਆਂ ਨੌਕਰੀਆਂ ਅਤੇ ਚੰਗੇ ਰੁਜ਼ਗਾਰ ਨਹੀਂ ਮਿਲਦੇ।

ਅਜਿਹੇ ਵਿਦਿਆਰਥੀਆਂ ਨੂੰ ਆਪਣੇ ਘਰ ਚਲਾਉਣ ਲਈ ਅਗਲੇ ਪੰਜਾਹ ਸਾਲ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸੇ ਕਰਕੇ ਸਿਆਣੇ ਕਹਿੰਦੇ ਹਨ ਕਿ ਵਿਦਿਆਰਥੀ ਜੀਵਨ ਦੌਰਾਨ ਪੰਜ ਸਾਲ ਕੀਤੀ ਗਈ ਸਖ਼ਤ ਮਿਹਨਤ ਵਿਦਿਆਰਥੀਆਂ ਦੀ ਜ਼ਿੰਦਗੀ ਬਣਾ ਦਿੰਦੀ ਹੈ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਹਰ ਸੁੱਖ ਸਹੂਲਤ ਨੂੰ ਮਾਣਦੇ ਹਨ। ਜਿਹੜੇ ਵਿਦਿਆਰਥੀਆਂ ਨੂੰ ਚੰਗੇ ‘ਰਾਹ ਦਸੇਰੇ’ ਮਿਲ ਜਾਂਦੇ ਹਨ, ਉਹ ਵਿਦਿਆਰਥੀ ਜ਼ਿੰਦਗੀ ਵਿੱਚ ਵਧੇਰੇ ਸਫ਼ਲ ਹੋ ਜਾਂਦੇ ਹਨ। ਦੂਜੇ ਪਾਸੇ ਕੁਝ ਵਿਦਿਆਰਥੀਆਂ ਨੂੰ ਉਹਨਾਂ ਦੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਵੱਲੋਂ ਪੜ੍ਹਾਈ ਤੋਂ ਹਟਾਉਣ ਅਤੇ ਉਹਨਾਂ ਦਾ ਧਿਆਨ ਹੋਰ ਪਾਸੇ ਲਗਾਉਣ ਦੇ ਯਤਨ ਵੀ ਕੀਤੇ ਜਾਂਦੇ ਹਨ।

ਵਿਦਿਆਰਥੀ ਅਕਸਰ ਭੋਲੇ ਹੁੰਦੇ ਹਨ ਅਤੇ ਉਹਨਾਂ ਨੂੰ ਆਪਣੇ ਭਲੇ ਬੁਰੇ ਦੀ ਸਮਝ ਨਹੀਂ ਹੁੰਦੀ। ਕਈ ਚੁਸਤ ਚਲਾਕ ਕਿਸਮ ਦੇ ਆਦਮੀ ਮੂੰਹ ਦੇ ਮਿੱਠੇ ਬਣ ਕੇ ਵਿਦਿਆਰਥੀਆਂ ਨਾਲ ਨੇੜਤਾ ਬਣਾ ਲੈਂਦੇ ਹਨ ਅਤੇ ਉਹਨਾਂ ਨੂੰ ਪੜ੍ਹਾਈ ਦੀ ਥਾਂ ਨਕਲ ਮਾਰਨ ਜਾਂ ਗਲਤ ਪਾਸੇ ਪਾਉਣ ਦਾ ਯਤਨ ਕਰਦੇ ਹਨ। ਅਜਿਹੇ ਲੋਕਾਂ ਤੋਂ ਵਿਦਿਆਰਥੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਧੋਖਾ ਨਾ ਖਾਣ। ਕਈ ਵਿਦਿਆਰਥੀ ਅਜਿਹੇ ਵੀ ਹੁੰਦੇ ਹਨ ਜੋ ਕਿ ਸਖ਼ਤ ਮਿਹਨਤ ਕਰਦੇ ਹਨ ਪਰ ਹਾਲਾਤ ਉਹਨਾਂ ਨੂੰ ਅੱਗੇ ਨਹੀਂ ਵਧਣ ਦਿੰਦੇ। ਕਿਸੇ ਨਾ ਕਿਸੇ ਕਾਰਨ ਉਹਨਾਂ ਦੀ ਪੜ੍ਹਾਈ ਅੱਧ ਵਿਚਾਲੇ ਰਹਿ ਜਾਂਦੀ ਹੈ ਅਤੇ ਉਹ ਪੜ੍ਹਾਈ ਵਿੱਚ ਹੁਸ਼ਿਆਰ ਹੋਣ ਦੇ ਬਾਵਜੂਦ ਪਿੱਛੇ ਰਹਿ ਜਾਂਦੇ ਹਨ।

ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੜਾਈ ਸਬੰਧੀ ਸਹੀ ਮਾਰਗ ਦਰਸ਼ਨ ਦੇਣ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਮਨ ਮਰਜੀ ਨਾਲ ਪੜਾਈ ਕਰਨ ਦੀ ਥਾਂ ਆਪਣੇ ਮਾਪਿਆਂ ਦੀ ਸਲਾਹ ਨਾਲ ਪੜਾਈ ਕਰਨ। ਮਾਪੇ ਹਮੇਸ਼ਾ ਆਪਣੇ ਬੱਚਿਆਂ ਦਾ ਭਲਾ ਚਾਹੁੰਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਤੋਂ ਵੀ ਸੇਧ ਲੈ ਲੈਣੀ ਚਾਹੀਦੀ ਹੈ।

ਬਿਊਰੋ

Continue Reading

Latest News

Trending