Editorial
ਜਿਹੜੀਆਂ ਮਾਵਾਂ ਦੇ ਪੁੱਤਰ ਨਸ਼ੇ ਕਾਰਨ ਮਰੇ……..
ਅੱਜਕੱਲ੍ਹ ਮੀਡੀਆ ਵਿੱਚ ਪੰਜਾਬ ਦੇ ਇੱਕ ਇਲਾਕੇ ਦੀ ਉਸ ਮਾਂ ਦੀ ਖਬਰ ਆ ਰਹੀ ਹੈ, ਜਿਸ ਦੇ ਪੰਜ ਨੌਜਵਾਨ ਪੁੱਤਰ ਨਸ਼ੇ ਕਾਰਨ ਮਾਰੇ ਗਏ ਹਨ। ਇਸ ਮਾਂ ਨੇ ਹੁਣ ਆਪਣੀ ਨੂੰਹ ਅਤੇ ਪੋਤੇ ਲਈ ਸਰਕਾਰ ਤੋਂ ਨੌਕਰੀ ਮੰਗੀ ਹੈ ਤਾਂ ਜੋ ਘਰ ਦਾ ਗੁਜਾਰਾ ਚਲਾਇਆ ਜਾ ਸਕੇ। ਇਸ ਤੋਂ ਕੁਝ ਸਮਾਂ ਪਹਿਲਾਂ ਵੀ ਇੱਕ ਅਜਿਹੀ ਮਾਂ ਦੀ ਖਬਰ ਅਖਬਾਰਾਂ ਦੀਆਂ ਸੁਰਖ਼ੀਆਂ ਬਣੀ ਸੀ, ਜਿਸ ਦਾ ਪਤੀ ਅਤੇ ਛੇ ਪੁੱਤਰ ਨਸ਼ੇ ਨੇ ਖਾ ਲਏ ਸਨ ਅਤੇ ਹੁਣ ਉਹ ਮਾਂ ਦਰ ਦਰ ਦੀਆਂ ਠੋਕਰਾਂ ਖਾ ਰਹੀ ਸੀ।
ਕਿਹਾ ਤਾਂ ਇਹ ਵੀ ਜਾਂਦਾ ਹੈ ਕਿ ਪੰਜਾਬ ਵਿੱਚ ਵੱਡੀ ਗਿਣਤੀ ਮਾਪੇ ਅਜਿਹੇ ਹਨ ਜਿਹਨਾਂ ਦੇ ਨੌਜਵਾਨ ਪੁੱਤਰ ਨਸ਼ਿਆਂ ਨੇ ਖਾ ਲਏ ਹਨ। ਕੁਝ ਸਮਾਂ ਪਹਿਲਾਂ ਇੱਕ ਪਿੰਡ ਦੇ ਗ੍ਰੰਥੀ ਸਿੰਘ ਨੇ ਵੀ ਪੰਜਾਬੀਆਂ ਨੂੰ ਆਪਣੇ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਅਪੀਲ ਕੀਤੀ ਸੀ। ਉਹ ਗ੍ਰੰਥੀ ਦਾ ਕਹਿਣਾ ਸੀ ਕਿ ਉਹ ਆਪਣੇ ਪਿੰਡ ਵਿੱਚ ਨਸ਼ੇ ਕਾਰਨ ਮਰੇ 15 ਨੌਜਵਾਨਾਂ ਦੀ ਅੰਤਿਮ ਅਰਦਾਸ ਕਰ ਚੁੱਕਿਆ ਹੈ, ਜਿਸ ਕਾਰਨ ਉਸ ਦਾ ਮਨ ਬਹੁਤ ਦੁਖੀ ਹੈ ਅਤੇ ਉਹ ਚਾਹੁੰਦਾ ਹੈ ਕਿ ਪੰਜਾਬੀ ਆਪਣੇ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾ ਲੈਣ ਅਤੇ ਇਹ ਨੌਜਵਾਨ ਭਰ ਜਵਾਨੀ ਵਿੱਚ ਮੌਤ ਦੇ ਮੂੰਹ ਵਿੱਚ ਨਾ ਜਾਣ।
ਇਹ ਸਾਰਾ ਕੁਝ ਉਸੇ ਪੰਜਾਬ ਵਿੱਚ ਵਾਪਰ ਰਿਹਾ ਹੈ, ਜਿਸ ਪੰਜਾਬ ਵਿੱਚ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਮੁਹਿੰਮ ਭਾਵ ਯੁੱਧ ਚਲਾਇਆ ਹੋਇਆ ਹੈ। ਸਰਕਾਰ ਅਤੇ ਉਸ ਦੀ ਪੁਲੀਸ ਵੱਲੋਂ ਹਰ ਦਿਨ ਦਾਅਵਾ ਕੀਤਾ ਜਾਂਦਾ ਹੈ ਕਿ ਪੰਜਾਬ ਦੇ ਵੱਡੀ ਗਿਣਤੀ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਜੇਲ੍ਹਾਂ ਵਿੱਚ ਭੇਜੇ ਜਾ ਚੁੱਕੇ ਹਨ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇ ਸਰਕਾਰ ਅਤੇ ਪੁਲੀਸ ਨੇ ਵੱਡੀ ਗਿਣਤੀ ਨਸ਼ਾ ਤਸਕਰ ਗ੍ਰਿਫ਼ਤਾਰ ਕਰ ਲਏ ਹਨ ਤਾਂ ਫਿਰ ਪੰਜਾਬ ਵਿੱਚ ਨਸ਼ਾ ਕਿੱਥੋਂ ਆ ਰਿਹਾ ਹੈ। ਅਸਲ ਵਿੱਚ ਪੰਜਾਬ ਪੁਲੀਸ ਨਸ਼ੇੜੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਗਜ਼ਾਂ ਦੀ ਢਿੱਡ ਭਰ ਰਹੀ ਹੈ ਅਤੇ ਆਪਣੀ ਬੱਲੇ ਬੱਲੇ ਕਰਵਾ ਰਹੀ ਹੈ, ਜਦੋਂ ਕਿ ਨਸ਼ੇ ਦੇ ਵੱਡੇ ਤਸਕਰ ਪੁਲੀਸ ਦੀ ਗ੍ਰਿਫ਼ਤ ਤੋਂ ਦੂਰ ਹਨ।
ਕਿਹਾ ਜਾ ਰਿਹਾ ਹੈ ਕਿ ਨਸ਼ੇ ਲਈ ਨਸ਼ਾ ਤਸਕਰ, ਪੁਲੀਸ ਅਤੇ ਸਿਆਸੀ ਆਗੂਆਂ ਦਾ ਗਠਜੋੜ ਜ਼ਿੰਮੇਵਾਰ ਹੈ। ਲੋਕਾਂ ਵਿੱਚ ਆਮ ਚਰਚਾ ਹੁੰਦੀ ਹੈ ਕਿ ਵੱਡੀ ਗਿਣਤੀ ਨਸ਼ਾ ਤਸਕਰ ਕੁਝ ਪੁਲੀਸ ਵਾਲਿਆਂ ਅਤੇ ਸਿਆਸੀ ਆਗੂਆਂ ਨਾਲ ਮਿਲੇ ਹੁੰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਕਹਿ ਚੁੱਕੇ ਹਨ ਕਿ ਪੰਜਾਬ ਪੁਲੀਸ ਵਿੱਚ ਵੀ ਕੁਝ ਕਾਲੀਆਂ ਭੇਡਾਂ ਹਨ। ਜਿਸ ਤੋਂ ਪਤਾ ਚਲ ਜਾਂਦਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸ ਦੀ ਸ਼ਹਿ ਪ੍ਰਾਪਤ ਹੈ।
ਪਿਛਲੀਆਂ ਚੋਣਾਂ ਵੇਲੇ ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਇਹ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਉਹ ਸੱਤਾ ਵਿੱਚ ਆ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰ ਦੇਵੇਗੀ, ਪਰ ਪੰਜਾਬ ਵਿੱਚ ਨਸ਼ਾ ਪਹਿਲਾਂ ਵਾਂਗ ਹੀ ਵਿਕ ਰਿਹਾ ਹੈ ਅਤੇ ਨਸ਼ੇ ਕਾਰਨ ਪੰਜਾਬ ਦੇ ਨੌਜਵਾਨ ਮਰ ਰਹੇ ਹਨ। ਵਿਰੋਧੀ ਸਿਆਸੀ ਆਗੂ ਕਹਿ ਰਹੇ ਹਨ ਕਿ ਸੱਤਾਧਾਰੀ ਧਿਰ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਹੋ ਗਈ ਹੈ। ਨਸ਼ੇ ਵਿਰੁੱਧ ਸਿਰਫ਼ ਖਾਨਾਪੂਰਤੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦਾ ਨੈਟਵਰਕ ਇੰਨਾ ਮਜਬੂਤ ਹੈ ਕਿ ਜਦੋਂ ਵੀ ਕਿਸੇ ਨਸ਼ਾ ਤਸਕਰ ਵਿਰੁੱਧ ਕਾਰਵਾਈ ਸ਼ੁਰੂ ਹੋਣ ਲੱਗਦੀ ਹੈ ਤਾਂ ਉਸ ਨੂੰ ਤੁਰੰਤ ਇਸ ਦੀ ਅਗਾਂਊਂ ਸੂਚਨਾ ਮਿਲ ਜਾਂਦੀ ਹੈ ਅਤੇ ਉਹ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਹੁਣ ਤਾਂ ਸਕੂਲਾਂ ਦੇ ਮੁੰਡੇ ਕੁੜੀਆਂ ਵੀ ਨਸ਼ੇ ਦੇ ਸ਼ਿਕਾਰ ਹੋ ਰਹੇ ਹਨ, ਜਿੱਥੋਂ ਪਤਾ ਚਲ ਜਾਂਦਾ ਹੈ ਕਿ ਨਸ਼ਾ ਕਿੰਨਾ ਭਿਆਨਕ ਰੂਪ ਅਖਤਿਆਰ ਕਰ ਚੁੱਕਿਆ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਸਹੀ ਤਰੀਕੇ ਨਾਲ ਮੁਹਿੰਮ ਚਲਾਵੇ। ਇਹ ਵੀ ਸੋਚਣ ਵਾਲੀ ਗੱਲ ਹੈ ਕਿ ਉਹਨਾਂ ਮਾਵਾਂ ਦੀ ਹੁਣ ਕੌਣ ਸਾਰ ਲਵੇਗਾ, ਜਿਹਨਾਂ ਦੇ ਨੌਜਵਾਨ ਪੁੱਤ ਨਸ਼ੇ ਕਾਰਨ ਮਾਰੇ ਗਏ ਹਨ।
ਬਿਊਰੋ
Editorial
ਦੇਸ਼ ਦੀਆਂ ਅਦਾਲਤਾਂ ਵਿੱਚ ਜੜ੍ਹਾਂ ਮਜਬੂਤ ਕਰਦੇ ਭ੍ਰਿਸ਼ਟਾਚਾਰ ਨੂੰ ਕਾਬੂ ਕੀਤਾ ਜਾਣਾ ਜਰੂਰੀ
ਸਾਡੇ ਦੇਸ਼ ਵਿੱਚ ਅਦਾਲਤਾਂ ਨੂੰ ਇਨਸਾਫ ਦੇ ਮੰਦਰਾਂ ਦਾ ਦਰਜਾ ਹਾਸਿਲ ਹੈ ਪਰੰਤੂ ਇਸ ਵੇਲੇ ਹਾਲਤ ਕਮੋਬੇਸ਼ ਅਜਿਹੇ ਹੀ ਹਨ ਕਿ ਅਦਾਲਤਾਂ ਵਿੱਚ ਵੀ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਲਗਾਤਾਰ ਪੱਕੀਆਂ ਹੋ ਰਹੀਆਂ ਹਨ ਅਤੇ ਅਦਾਲਤਾਂ ਵਿੱਚ ਕੰਮ ਕਰਨ ਵਾਲੇ ਜਿਆਦਾਤਰ ਅਧਿਕਾਰੀ, ਕਰਮਚਾਰੀ ਸਮੇਤ ਵਕੀਲ ਅਤੇ ਉਹਨਾਂ ਦੇ ਸਹਿਯੋਗੀ ਕਰਮਚਾਰੀ ਭ੍ਰਿਸ਼ਟਾਚਾਰ ਦੀ ਇਸ ਨਦੀ ਵਿੱਚ ਗੋਤੇ ਲਗਾਉਂਦੇ ਦਿਖਦੇ ਹਨ ਜਿਸ ਕਾਰਨ ਆਮ ਜਨਤਾ ਬੁਰੀ ਤਰ੍ਹਾਂ ਤ੍ਰਸਤ ਹੈ। ਲੋਕਾਂ ਦੀ ਸਭਤੋਂ ਵੱਡੀ ਸਮੱਸਿਆ ਇਹ ਹੈ ਕਿ ਜੇਕਰ ਇਨਸਾਫ ਦੇ ਇਹਨਾਂ ਮੰਦਰਾਂ ਵਿੱਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋ ਜਾਵੇ ਤਾਂ ਉਹ ਕਿੱਥੇ ਜਾ ਕੇ ਫਰਿਆਦ ਕਰਨ। ਹਾਲਾਂਕਿ ਅਦਾਲਤਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤਾਂ ਬਹੁਤ ਪੁਰਾਣੀਆਂ ਹਨ ਪਰੰਤੂ ਹੁਣ ਇਹਨਾਂ ਵਿੱਚ ਵਾਧਾ ਹੋਣ ਕਾਰਨ ਲੋਕ ਇਸਦੀ ਖੁੱਲ੍ਹੇਆਮ ਸ਼ਿਕਾਇਤ ਕਰਨ ਲੱਗ ਗਏ ਹਨ।
ਜੇਕਰ ਅਦਾਲਤਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਗੱਲ ਕੀਤੀ ਜਾਵੇ ਤਾਂ ਇਸਦੀ ਸ਼ੁਰੂਆਤ ਅਰਜੀ ਨਵੀਸਾਂ, ਅਸਟਾਮ ਫਰੋਸਾਂ ਅਤੇ ਟਾਈਪਿਸਟਾਂ ਤੋਂ ਹੁੰਦੀ ਹੈ, ਜਿਹੜਾ ਵਕੀਲਾਂ ਦੇ ਕੈਬਿਨ ਤੋਂ ਹੁੰਦਾ ਹੋਇਆ ਹੌਲੀ ਹੌਲੀ ਜੱਜ ਸਾਹਿਬ ਦੇ ਅਦਾਲਤੀ ਕਮਰੇ ਤਕ ਜਾ ਪਹੁੰਚਦਾ ਹੈ। ਅਰਜੀ ਨਵੀਸ, ਅਸਟਾਮ ਫਰੋਸ ਅਤੇ ਟਾਈਪਿਸਟ ਜਿੱਥੇ ਲੋਕਾਂ ਤੋਂ ਆਮ ਕਾਗਜ ਤਕ ਟਾਈਪ ਕਰਨ ਅਤੇ ਉਸਨੂੰ ਫੋਟੋਸਟੇਟ ਕਰਨ ਦੇ ਮੂੰਹ ਮੰਗੇ ਪੈਸੇ ਵਸੂਲਦੇ ਹਨ ਉੱਥੇ ਮਹਿੰਗੇ ਰੇਟ ਤੇ ਅਸ਼ਟਾਮ ਵੇਚੇ ਜਾਣ ਦੀਆਂ ਖਬਰਾਂ ਵੀ ਆਮ ਹਨ। ਇਸੇ ਤਰ੍ਹਾਂ ਜਿਆਦਾਤਾਰ ਵਕੀਲਾਂ ਦੇ ਮੁਨਸ਼ੀ, ਚਪੜਾਸੀ, ਟੇ੍ਰਨਿੰਗ ਕਰ ਰਹੇ ਛੋਟੇ ਵਕੀਲ ਵੀ ਹਰ ਵਾਰ ਮੁਕਦਮੇ ਦੀ ਪੇਸ਼ੀ ਭੁਗਤਣ ਆਏ ਵਿਅਕਤੀ ਤੋਂ ਆਪਣਾ ਚਾਹ ਪਾਣੀ ਵੱਖਰਾ ਵਸੂਲਦੇ ਹਨ। ਇਹਨਾਂ ਸਾਰੇ ਪੜਾਵਾਂ ਨੂੰ ਪਾਰ ਕਰਨ ਤੋਂ ਬਾਅਦ ਜਦੋਂ ਮੁਕਦਮਾ ਲੜ ਰਿਹਾ ਵਿਅਕਤੀ ਅਦਾਲਤ ਦੇ ਕਮਰੇ ਤਕ ਪਹੁੰਚਦਾ ਹੈ ਤਾਂ ਉੱਥੇ ਪੇਸ਼ੀ ਲਈ ‘ਹਾਜਰ ਹੋ’ ਦੀਆਂ ਆਵਾਜਾਂ ਮਾਰਨ ਵਾਲਾ ਵਿਅਕਤੀ ਹੋਵੇ ਜਾਂ ਅਦਾਲਤ ਵਿੱਚ ਜੱਜ ਸਾਹਿਬ ਦੇ ਕਮਰੇ ਵਿੱਚ ਬੈਠੇ ਜਿਆਦਾਤਰ ਕਰਮਚਾਰੀ (ਟਾਈਪਿਸਟ, ਨਾਇਬ ਕੋਰਟ ਅਤੇ ਹੋਰ ਮੁਲਾਜਮ), ਮੌਕਾ ਮਿਲਣ ਤੇ ਪੇਸ਼ੀ ਭੁਗਤਣ ਆਏ ਲੋਕਾਂ ਤੋਂ ਕੁਝ ਨਾ ਕੁਝ ਝਾੜ ਲੈਂਦੇ ਹਨ।
ਇਸ ਦੌਰਾਨ ਅਦਾਲਤ ਦੇ ਹੀ ਕਿਸੇ ਕਰਮਚਾਰੀ ਵਲੋਂ ਜੱਜ ਸਾਹਿਬ ਦੇ ਨਾਮ ਤੇ ਮੁਕਦਮਾ ਲੜ ਰਹੇ ਵਿਅਕਤੀਆਂ ਨੂੰ ਫੈਸਲਾ ਉਹਨਾਂ ਦੇ ਪੱਖ ਵਿੱਚ ਕਰਵਾਉਣ ਦੇ ਨਾਮ ਹੇਠ ਮੋਟੀ ਰਕਮ ਲੈਣ ਦੇ ਮਾਮਲੇ ਵੀ ਅਕਸਰ ਸਾਮ੍ਹਣੇ ਆਉਂਦੇ ਹਨ। ਸਿਰਫ ਸਰਕਾਰੀ ਕਰਮਚਾਰੀ ਹੀ ਨਹੀਂ ਬਲਕਿ ਮੁਕਦਮਾ ਲੜ ਰਹੇ ਵਕੀਲਾਂ ਤੇ ਵੀ ਜੱਜ ਨਾਲ ਸਿੱਧੀ ਗੱਲ ਹੋਣ ਅਤੇ ਮੁਕਦਮੇ ਦਾ ਫੈਸਲਾ ਆਪਣੇ ਪੱਖ ਵਿੱਚ ਕਰਵਾਉਣ ਦਾ ਦਾਅਵਾ ਕਰਨ ਦੇ ਇਲਜਾਮ ਲੱਗਦੇ ਹਨ, ਜਿਹੜੇ ਆਪਣੇ ਮੁਵੱਕਿਲ ਤੋਂ ਮੋਟੀ ਫੀਸ ਤਾਂ ਵਸੂਲਦੇ ਹੀ ਹਨ, ਜੱਜ ਨੂੰ ਦੇਣ ਦੇ ਨਾਮ ਤੇ ਵੀ ਮੋਟੀ ਰਕਮ ਲੈਂਦੇ ਹਨ। ਗਨੀਮਤ ਇਹ ਹੈ ਕਿ ਹੁਣ ਵੀ ਸਾਡੀਆਂ ਅਦਾਲਤਾਂ ਦੇ ਮਾਣਯੋਗ ਜੱਜ ਆਮ ਤੌਰ ਤੇ ਇਮਾਨਦਾਰ ਹਨ। ਹਾਲਾਂਕਿ ਸਮੇਂ ਸਮੇਂ ਤੇ ਜੱਜਾਂ ਉਪਰ ਵੀ ਰਿਸ਼ਵਤ ਲੈਣ ਦੇ ਦੋਸ਼ ਲੱਗਦੇ ਹਨ ਪਰੰਤੂ ਫਿਰ ਵੀ ਕਿਹਾ ਜਾ ਸਕਦਾ ਹੈ ਕਿ ਇੱਕਾ ਦੁੱਕਾ ਮਾਮਲਿਆਂ ਨੂੰ ਛੱਡ ਕੇ ਸਾਡੇ ਦੇਸ਼ ਦੀਆਂ ਅਦਾਲਤਾਂ ਦੇ ਵੱਡੀ ਗਿਣਤੀ ਜੱਜ ਇਮਾਨਦਾਰ ਹਨ।
ਦੇਸ਼ ਦੀਆਂ ਅਦਾਲਤਾਂ ਵਿੱਚ ਆਪਣੀਆਂ ਜੜ੍ਹਾਂ ਮਜਬੂਤ ਕਰ ਰਹੇ ਭ੍ਰਿਸ਼ਟਾਚਾਰ ਕਾਰਨ ਲੋਕਾਂ ਦਾ ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਉਠਦਾ ਹੈ ਅਤੇ ਇਹ ਵੀ ਇੱਕ ਕਾਰਨ ਹੈ ਕਿ ਲੋਕ ਕਿਸੇ ਮੁਕੱਦਮੇਬਾਜੀ ਵਿੱਚ ਉਲਝਣ ਦੀ ਥਾਂ ਵਿਰੋਧੀਆਂ ਨਾਲ ਸਮਝੌਤਾ ਕਰਨ ਦਾ ਰਾਹ ਅਪਣਾਉਂਦੇ ਹਨ ਤਾਂ ਜੋ ਅਦਾਲਤਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਕੁੱਝ ਠੱਗ ਕਿਸਮ ਦੇ ਲੋਕ ਆਮ ਲੋਕਾਂ ਦੇ ਇਸ ਡਰ ਦਾ ਪੂਰਾ ਫਾਇਦਾ ਚੁੱਕਦੇ ਹਨ ਅਤੇ ਕਈ ਵਾਰ ਅਜਿਹਾ ਵੀ ਵੇਖਣ ਵਿੱਚ ਆਉਂਦਾ ਹੈ ਕਿ ਅਜਿਹੇ ਲੋਕ ਕਿਸੇ ਨਾ ਕਿਸੇ ਸ਼ਰੀਫ ਵਿਅਕਤੀ ਨੂੰ ਮੁਕਦਮੇਬਾਜੀ ਵਿੱਚ ਉਲਝਾ ਲੈਂਦੇ ਹਨ ਅਤੇ ਫਿਰ ਉਸ ਵਿਅਕਤੀ ਵਲੋਂ ਅਦਾਲਤ ਵਿੱਚ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਣ ਲਈ ਮੁਕਦਮਾ ਭੁਗਤਣ ਦੀ ਥਾਂ, ਕੁਝ ਲੈ ਦੇ ਕੇ ਸਮਝੌਤਾ ਕਰਨ ਦਾ ਰਾਹ ਅਖਤਿਆਰ ਕਰਦਾ ਹੈ।
ਦੇਸ਼ ਦੀਆਂ ਅਦਾਲਤਾਂ ਵਿੱਚ ਲਗਾਤਾਰ ਵੱਧਦੇ ਭ੍ਰਿਸ਼ਟਾਚਾਰ ਦੇ ਇਸ ਕੋਹੜ ਤੇ ਕਾਬੂ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸੰਬੰਧੀ ਅਦਾਲਤਾਂ ਵਿੱਚ ਤੈਨਾਤ ਮਾਣਯੋਗ ਜੱਜਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੋਲ ਆਉਣ ਵਾਲੇ ਮੁਕੱਦਮਿਆਂ ਦੀ ਸੁਣਵਾਈ ਦੇ ਨਾਲ ਨਾਲ ਆਪਣੇ ਦਫਤਰੀ ਅਮਲੇ ਫੈਲੇ ਵਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕਣ ਅਤੇ ਅਜਿਹੇ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਜਾਵੇ, ਜਿਹੜੇ ਰਿਸ਼ਵਤ ਦੇ ਨਾਮ ਤੇ ਇਨਸਾਫ ਦੀ ਆਸ ਵਿੱਚ ਅਦਾਲਤ ਵਿੱਚ ਪਹੁੰਚਣ ਵਾਲੇ ਮਜਲੂਮਾਂ ਦੀ ਹੀ ਲੁੱਟ ਕਰਦੇ ਹਨ। ਸਾਡੀ ਨਿਆਂ ਵਿਵਸਥਾ ਵਿੱਚ ਆਮ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਅਜਿਹਾ ਕੀਤਾ ਜਾਣਾ ਜਰੂਰੀ ਹੈ ਅਤੇ ਇਸ ਲਈ ਤੁਰੰਤ ਕਾਰਵਾਈ ਜਰੂਰੀ ਹੈ ਅਤੇ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਪੰਜਾਬ ਬੰਦ ਦਾ ਸੱਦਾ ਦੇਣ ਲਈ ਕਿਉਂ ਮਜਬੂਰ ਹੁੰਦੀਆਂ ਹਨ ਸੰਘਰਸ਼ਸ਼ੀਲ ਜਥੇਬੰਦੀਆਂ
ਪਿਛਲੇ ਦਿਨੀਂ ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਰਿਹਾ। ਇਸ ਬੰਦ ਦਾ ਸੱਦਾ ਪਰਵਿੰਦਰ ਸਿੰਘ ਦੇ ਪਰਿਵਾਰ ਅਤੇ ਵੱਖ- ਵੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ। ਇਸ ਦੌਰਾਨ ਕਈ ਥਾਵਾਂ ਤੇ ਧਰਨਾਕਾਰੀਆਂ ਵੱਲੋਂ ਮੁੱਖ ਸੜਕਾਂ ਤੇ ਧਰਨੇ ਲਗਾ ਕੇ ਕਈ ਘੰਟੇ ਆਵਾਜਾਈ ਵੀ ਠੱਪ ਕੀਤੀ ਗਈ, ਜਿਸ ਕਾਰਨ ਜਿੱਥੇ ਆਮ ਲੋਕ ਖੱਜਲ ਖੁਆਰ ਹੋਏ, ਉਥੇ ਅਨੇਕਾਂ ਥਾਵਾਂ ਤੇ ਆਵਾਜਾਈ ਠੱਪ ਕਰਨ ਵਾਲਿਆਂ ਅਤੇ ਰਾਹਗੀਰਾਂ, ਵਾਹਨ ਚਾਲਕਾਂ ਵਿਚਾਲੇ ਬਹਿਸ ਵੀ ਹੋਈ।
ਇਸ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਬੰਦ ਦਾ ਅਸਰ ਘੱਟ ਰਿਹਾ। ਪਟਿਆਲਾ ਜ਼ਿਲ੍ਹੇ ਦੀ ਵਪਾਰ ਜਥੇਬੰਦੀ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਅਤੇ ਟੀ. ਵੀ. ਚੈਨਲਾਂ ਤੇ ਲਾਈਵ ਹੋ ਕੇ ਕਿਹਾ ਸੀ ਕਿ ਉਹ ਪੰਜਾਬ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦੇ ਹਨ ਅਤੇ ਪੀੜਤ ਪਰਿਵਾਰ ਦਾ ਦੁੱਖ ਸਮਝਦੇ ਹਨ ਪਰ ਪਟਿਆਲਾ ਜ਼ਿਲ੍ਹੇ ਦੇ ਵਪਾਰੀ ਅਤੇ ਦੁਕਾਨਦਾਰ ਦੁਕਾਨਾਂ ਬੰਦ ਨਹੀਂ ਕਰਨਗੇ ਕਿਉਂਕਿ ਇਸ ਵੇਲੇ ਤਿਉਹਾਰੀ ਸੀਜਨ ਚੱਲ ਰਿਹਾ ਹੈ ਅਤੇ ਦੁਕਾਨਦਾਰਾਂ ਨੇ ਆਪਣੀ ਰੋਜ਼ੀ ਰੋਟੀ ਦੁਕਾਨਾਂ ਖੋਲ੍ਹ ਕੇ ਹੀ ਕਮਾਉਣੀ ਹੁੰਦੀ ਹੈ।
ਬੰਦ ਦੌਰਾਨ ਕਈ ਥਾਵਾਂ ਨੇ ਸੰਘਰਸ਼ ਸ਼ੀਲ ਜਥੇਬੰਦੀਆਂ ਵੱਲੋਂ ਜਬਰਦਸਤੀ ਦੁਕਾਨਾਂ ਬੰਦ ਕਰਵਾਈਆਂ ਗਈਆਂ, ਜਿਸ ਕਾਰਨ ਮਾਹੌਲ ਤਨਾਓ ਪੂਰਨ ਰਿਹਾ। ਵੱਡੀ ਗਿਣਤੀ ਲੋਕਾਂ ਨੇ ਡਰ ਅਤੇ ਸਹਿਮ ਕਾਰਨ ਆਪਣੀਆਂ ਦੁਕਾਨਾਂ ਬੰਦ ਰਖੀਆਂ ਤਾਂ ਕਿ ਸ਼ਰਾਰਤੀ ਅਨਸਰ ਉਹਨਾਂ ਨਾਲ ਕੋਈ ਅਣਸੁਖਾਂਵੀ ਘਟਨਾ ਨੂੰ ਅੰਜਾਮ ਨਾ ਦੇਣ।
ਕਿਸੇ ਜਥੇਬੰਦੀ ਜਾਂ ਜਥੇਬੰਦੀਆਂ ਵੱਲੋਂ ‘ਪੰਜਾਬ ਬੰਦ’ ਦਾ ਦਿੱਤਾ ਗਿਆ ਇਹ ਸੱਦਾ ਪਹਿਲੀ ਵਾਰ ਨਹੀਂ ਸੀ ਬਲਕਿ ਇਸ ਤੋਂ ਪਹਿਲਾਂ ਵੀ ਵੱਖ- ਵੱਖ ਜਥੇਬੰਦੀਆਂ ‘ਪੰਜਾਬ ਬੰਦ’ ਦਾ ਸੱਦਾ ਦੇ ਚੁੱਕੀਆਂ ਹਨ ਅਤੇ ਉਹਨਾਂ ਦੇ ਬੰਦ ਦੇ ਸੱਦੇ ਨੂੰ ਹੁੰਗਾਰਾ ਵੀ ਮਿਲਦਾ ਰਿਹਾ ਹੈ। ਪਿਛਲੇ ਮਹੀਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ਤੇ ਅਥਰੂ ਗੈਸ ਦੇ ਗੋਲੇ ਵਰ੍ਹਾਉਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਖ਼ਿਲਾਫ਼ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਵੱਖ- ਵੱਖ ਥਾਵਾਂ ਤੇ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਕਰਵਾਉਣ ਦਾ ਯਤਨ ਕੀਤਾ ਗਿਆ। ਇਸ ਤੋਂ ਵੀ ਕੁਝ ਦਿਨ ਪਹਿਲਾਂ ਦਲਿਤ ਜਥੇਬੰਦੀਆਂ ਵੱਲੋਂ ਵੀ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੀ ਪਿਛਲੇ ਸਮੇਂ ਦੌਰਾਨ ‘ਪੰਜਾਬ ਬੰਦ’ ਕਰ ਚੁੱਕੀਆਂ ਹਨ। ਜਿਸ ਕਰਕੇ ਇਹ ਮਹਿਸੂਸ ਹੋ ਰਿਹਾ ਹੈ ਕਿ ਸੂਬੇ ਵਿੱਚ ‘ਪੰਜਾਬ ਬੰਦ’ ਦੀ ਰਾਜਨੀਤੀ ਇੱਕ ਵਾਰ ਮੁੜ ਸ਼ੁਰੂ ਹੋ ਗਈ ਹੈ।
ਪੰਜਾਬੀਆਂ ਨੂੰ ਉਹ ਲੰਘਿਆ ਸਮਾਂ ਅਜੇ ਵੀ ਚੰਗੀ ਤਰ੍ਹਾਂ ਯਾਦ ਹੈ, ਜਦੋਂ ਸੂਬੇ ਵਿੱਚ ਹਰ ਤੀਜੇ ਦਿਨ ‘ਪੰਜਾਬ ਬੰਦ’ ਦਾ ਸੱਦਾ ਦੇ ਦਿੱਤਾ ਜਾਂਦਾ ਸੀ। ਉਸ ਸਮੇਂ ਪੰਜਾਬ ਦਾ ਮਾਹੌਲ ਠੀਕ ਨਹੀਂ ਸੀ ਅਤੇ ਡਰਦੇ ਹੋਏ ਲੋਕ ਕੁਝ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਦਿੱਤੇ ਜਾਂਦੇ ‘ਪੰਜਾਬ ਬੰਦ’ ਦੇ ਸੱਦੇ ਦੌਰਾਨ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਦੇ ਸਨ। ਇਸ ਦੇ ਨਾਲ ਹੀ ਵਿਦਿਅਕ ਅਦਾਰੇ ਵੀ ਅਕਸਰ ਬੰਦ ਰਹਿੰਦੇ ਸਨ। ਉਸ ਸਮੇਂ ਅਕਸਰ ਰੇਲ ਅਤੇ ਬੱਸ ਆਵਾਜਾਈ ਵੀ ਠੱਪ ਕਰ ਦਿੱਤੀ ਜਾਂਦੀ ਸੀ। ਪੰਜਾਬ ਵਿੱਚ ਅਮਨ-ਸ਼ਾਂਤੀ ਪਰਤ ਆਉਣ ਤੋਂ ਬਾਅਦ ਇਹ ‘ਬੰਦ ਦੀ ਰਾਜਨੀਤੀ’ ਵੀ ਇੱਕ ਤਰ੍ਹਾਂ ਸਮਾਪਤ ਹੋ ਗਈ ਸੀ।
ਪਰੰਤੂ ਹੁਣ ਪੰਜਾਬ ਵਿੱਚ ਮੁੜ ‘ਬੰਦ’ ਦੀ ਰਾਜਨੀਤੀ ਦੀ ਸ਼ੁਰੂੁਆਤ ਹੋ ਚੁੱਕੀ ਹੈ। ਇਸ ਤਰੀਕੇ ਦੀ ਸਿਆਸਤ ਦੀ ਸ਼ੁਰੂਆਤ ਭਾਵੇਂ ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਂਦੀ ਮੰਨੀ ਜਾਂਦੀ ਹੈ ਪਰ ਕਿਸਾਨ ਜਥੇਬੰਦੀਆਂ ਜਦੋਂ ਵੀ ਕਿਸੇ ਥਾਂ ਧਰਨਾ ਲਗਾਉਂਦੀਆਂ ਹਨ ਤਾਂ ਪੂਰੇ ਅਨੁਸ਼ਾਸਨ ਵਿੱਚ ਰਹਿੰਦੀਆਂ ਹਨ ਅਤੇ ਉਥੇ ਇਹਨਾਂ ਜਥੇਬੰਦੀਆਂ ਵੱਲੋਂ ‘ਲੰਗਰ’ ਵੀ ਲਗਾਏ ਜਾਂਦੇ ਹਨ। ਇਹਨਾਂ ‘ਲੰਗਰਾਂ’ ਵਿੱਚ ਕੋਈ ਵੀ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਖਾਣਾ ਖਾ ਸਕਦਾ ਹੈ। ਕੁਝ ਕਿਸਾਨ ਆਗੂ ਕਹਿੰਦੇ ਹਨ ਕਿ ਉਹਨਾਂ ਦੀ ਲੜਾਈ ਸਰਕਾਰਾਂ ਨਾਲ ਹੈ ਅਤੇ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਸਮਝਦੇ ਹਨ।
ਪੰਜਾਬ ਵਿੱਚ ਵੱਡੀ ਗਿਣਤੀ ਲੋਕ ਅਜਿਹੇ ਹਨ, ਜੋਕਿ ਹਰ ਦਿਨ ਦਿਹਾੜੀ ਲਗਾਉਂਦੇ ਹਨ ਜਾਂ ਰੇਹੜੀਆਂ ਫੜੀਆਂ ਲਗਾਉਂਦੇ ਹਨ। ਇਸ ਤੋਂ ਇਲਾਵਾ ਦੁਕਾਨਦਾਰਾਂ ਨੇ ਵੀ ਹਰ ਦਿਨ ਕਮਾਈ ਕਰਨੀ ਹੁੰਦੀ ਹੈ, ਕਿਉਂਕਿ ਹਰ ਦੁਕਾਨ ਦਾ ਹਰ ਦਿਨ ਖਰਚਾ ਪੈਂਦਾ ਰਹਿੰਦਾ ਹੈ। ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜਮ ਵੀ ਇੱਕ ਤਰ੍ਹਾਂ ਦਿਹਾੜੀਦਾਰਾਂ ਵਰਗੇ ਹੁੰਦੇ ਹਨ। ਜਦੋਂ ਵੀ ਕਿਸੇ ਥਾਂ ਆਵਾਜਾਈ ਠੱਪ ਹੁੰਦੀ ਹੈ ਜਾਂ ‘ਬੰਦ’ ਹੁੰਦਾ ਹੈ ਤਾਂ ਅਕਸਰ ਆਮ ਲੋਕਾਂ ਦੇ ਕੰਮ ਕਾਰ ਬੰਦ ਹੋ ਜਾਂਦੇ ਹਨ ਅਤੇ ਪ੍ਰਾਈਵੇਟ ਮੁਲਾਜਮ ਆਪਣੇ ਦਫਤਰਾਂ ਵਿੱਚ ਸਮੇਂ ਸਿਰ ਨਹੀਂ ਪਹੁੰਚ ਸਕਦੇ। ਜਿਸ ਕਾਰਨ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕੋਈ ਵੀ ਸਿਆਸੀ ਪਾਰਟੀ ਬੰਦੀ ਸਿੰਘਾਂ, ਕਿਸਾਨਾਂ ਦੇ ਮਸਲਿਆਂ, ਪਾਣੀਆਂ ਦਾ ਮਸਲਾ, ਨਸ਼ੇ ਦੇ ਕਹਿਰ ਅਤੇ ਪੰਜਾਬੀਆਂ ਦੀਆਂ ਹੋਰ ਮੁੱਖ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਹੋ ਕਾਰਨ ਹੈ ਕਿ ਇਹਨਾਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ‘ਪੰਜਾਬ ਬੰਦ’ ਵਰਗੇ ਸੱਦੇ ਦੇਣ ਲਈ ਮਜ਼ਬੂਰ ਹੁੰਦੀਆਂ ਹਨ। ‘ਪੰਜਾਬ ਬੰਦ’ ਦੇ ਸੱਦੇ ਦੇਣ ਤੋਂ ਪਹਿਲਾਂ ਜਥੇਬੰਦੀਆਂ ਨੂੰ ਇਸ ਬੰਦ ਕਾਰਨ ਆਮ ਲੋਕਾਂ ਦੇ ਹੁੰਦੇ ਆਰਥਿਕ, ਸਮਾਜਿਕ ਤੇ ਮਾਨਸਿਕ ਨੁਕਸਾਨ ਬਾਰੇ ਸੋਚਣਾ ਚਾਹੀਦਾ ਹੈ।
ਬਿਊਰੋ
Editorial
ਕੱਤਕ ਮਹੀਨੇ ਆਵਣ ਕੂੰਜਾਂ
ਘਰਾਂ ਨੂੰ ਪਰਤਣ ਦਾ ਮਹੀਨਾ ਕੱਤਕ
ਕੱਤਕ ਮਹੀਨੇ ਨੂੰ ਕੱਤਾ ਅਤੇ ਕੱਤੇ ਵੀ ਕਹਿ ਲਿਆ ਜਾਂਦਾ ਹੈ। ਕੱਤਕ ਮਹੀਨੇ ਨੂੰ ਹਿੰਦੀ ਅਤੇ ਹੋਰਨਾਂ ਭਾਸ਼ਾਵਾਂ ਵਿਚ ‘ਕਾਰਤਿਕ ‘ ਵੀ ਕਿਹਾ ਜਾਂਦਾ ਹੈ। ਕੱਤਕ ਮਹੀਨੇ ਨੂੰ ਇੰਗਲਿਸ਼ ਵਿਚ ‘ਪਲੀਅਡੀਜ’ ਕਹਿੰਦੇ ਹਨ, ਇਸੇ ਤਰਾਂ ਫਾਰਸੀ ਵਿਚ ਕੱਤਕ ਮਹੀਨੇ ਨੂੰ ‘ਪਰਵੀਨ’ ਅਤੇ ਅਰਬੀ ਭਾਸ਼ਾ ਵਿੱਚ ‘ਸੋਰਯਾ’ ਕਹਿੰਦੇ ਹਨ।
ਜਦੋਂ ਪੰਜਾਬ ਦੇ ਹਰ ਇਲਾਕੇ ਵਿੱਚ ਭਰ ਜਵਾਨ ਹੋਇਆ ਝੋਨਾ, ਮਾਲਵਾ ਇਲਾਕੇ ਵਿੱਚ ਕਪਾਹ ਅਤੇ ਨਰਮੇ ਨੂੰ ਖਿੜੇ ਚਿੱਟੇ ਚਿੱਟੇ ਫੁੱਲ ਅਤੇ ਇਹਨਾਂ ਚਿੱਟੇ ਦੁੱਧ ਵਰਗੇ ਫੁੱਲਾਂ ਤੇ ਪਈ ਤਰੇਲ ਦੀਆਂ ਬੂੰਦਾਂ, ਕਪਾਹ ਅਤੇ ਨਰਮਾ ਚੁਗਦੀਆਂ ਹੋਈਆਂ ਪੰਜਾਬ ਦੀਆਂ ਮੁਟਿਆਰਾਂ, ਗਵਾਰ ਅਤੇ ਮੂੰਗੀ ਦੀਆਂ ਫਸਲਾਂ ਭਰ ਜੋਬਨ ਤੇ ਆ ਕੇ ਪੈਲਾਂ ਪਾਉਣ ਲੱਗ ਪੈਣ ਤਾਂ ਹਰ ਆਮ ਤੇ ਖਾਸ ਨੂੰ ਪਤਾ ਚਲ ਜਾਂਦਾ ਹੈ ਕਿ ਕੱਤਕ ਮਹੀਨੇ ਨੇ ਦਸਤਕ ਦੇ ਦਿੱਤੀ ਹੈ।
ਕੱਤਕ ਮਹੀਨੇ ਕੂੰਜਾਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਰ ਪਰਵਾਸੀ ਪੰਛੀਆਂ ਦੇ ਆਉਣ ਦੇ ਨਾਲ ਹੀ ਉਹਨਾਂ ਵਿਆਹੁਤਾ ਮੁਟਿਆਰਾਂ ਨੂੰ ਆਪਣੇ ਕੰਤ ਦੇ ਆਉਣ ਦੀ ਉਡੀਕ ਵੀ ਸ਼ੁਰੂ ਹੋ ਜਾਂਦੀ ਹੈ, ਜਿਹਨਾਂ ਦੇ ਕੰਤ ਰੋਜ਼ੀ ਰੋਟੀ ਦੇ ਜੁਗਾੜ ਲਈ ਸੱਤ ਸਮੁੰਦਰ ਪਾਰ ਪਰਦੇਸ਼ ਉਡਾਰੀ ਮਾਰ ਗਏ ਹੁੰਦੇ ਹਨ। ਅਕਸਰ ਹੀ ਵੱਡੀ ਗਿਣਤੀ ਪਰਵਾਸੀ ਪੰਜਾਬੀ ਦਿਵਾਲੀ ਮੌਕੇ ਆਪਣੇ ਵਤਨ ਪੰਜਾਬ ਗੇੜਾ ਮਾਰਦੇ ਹਨ। ਬਿਰਹੋਂ ਦੀ ਅਗਨੀ ਵਿੱਚ ਤੜਫਦੀਆਂ ਜੋਬਨਵੰਤੀਆਂ ਮੁਟਿਆਰਾਂ ਦੇ ਕੰਤ ਜਦੋਂ ਕੱਤਕ ਮਹੀਨੇ ਉਹਨਾਂ ਦੇ ਕੋਲ ਆ ਜਾਂਦੇ ਹਨ ਤਾਂ ਉਹਨਾਂ ਦੀ ਜਿੰਦਗੀ ਵਿੱਚ ਲੱਖਾਂ ਬਲਬਾਂ ਤੇੇ ਕਰੋੜਾਂ ਟਿਊਬ ਲਾਈਟਾਂ ਦੀ ਰੌਸ਼ਨੀ ਹੋ ਜਾਂਦੀ ਹੈ।
ਕੱਤਕ ਮਹੀਨੇ ਮਾਲਵਾ ਇਲਾਕੇ ਦੇ ਅਬੋਹਰ ਅਤੇ ਹੋਰ ਇਲਾਕਿਆਂ ਵਿੱਚ ਮੌਸਮੀ (ਮੁਸੰਮੀ) ਦੇ ਪੌਦਿਆਂ ਨੂੰ ਭਰਪੂਰ ਫਲ ਲੱਗਿਆ ਹੁੰਦਾ ਹੈ, ਇਸ ਦੇ ਨਾਲ ਕਿੰਨੂੰ ਦੇ ਪੌਦਿਆਂ ਨੂੰ ਕੱਤਕ ਮਹੀਨੇ ਫਲ ਪੈਣਾ ਸ਼ੁਰੂ ਹੋ ਜਾਂਦਾ ਹੈ, ਜੋ ਕਿ ਅਗਲੇ ਮਹੀਨਿਆਂ ਦੌਰਾਨ ਵੱਡਾ ਹੁੰਦਾ ਜਾਂਦਾ ਹੈ। ਕੱਤਕ ਮਹੀਨੇ ਗੰਨੇ ਦੀ ਫਸਲ ਵੀ ਪੈਲਾਂ ਪਾਉਂਦੀ ਆਪਣੀ ਜਵਾਨੀ ਦਾ ਜਲਵਾ ਦਿਖਾਉਂਦੀ ਪ੍ਰਤੀਤ ਹੁੰਦੀ ਹੈ। ਅੱਧੇ ਕੱਤੇ ਤੋਂ ਭਾਵ ਕੱਤਕ ਮਹੀਨੇ ਦੇ ਅੱਧ ਵਿਚਕਾਰ ਜਾ ਕੇ ਪੰਜਾਬ ਦੇ ਖੇਤਾਂ ਵਿੱਚ ਹਾੜੀ ਦੀ ਫਸਲ ਕਣਕ ਅਤੇ ਸਰ੍ਹੋਂ ਦੀ ਬਿਜਾਈ ਸ਼ੁਰੂ ਹੋ ਜਾਂਦੀ ਹੈ।
ਕੁਝ ਸਾਲ ਪਹਿਲਾਂ ਤੱਕ ਪੰਜਾਬ ਵਿੱਚ ਗੰਨਾ ਬਹੁਤ ਵੱਡੇ ਪੱਧਰ ਉਪਰ ਬੀਜਿਆ ਜਾਂਦਾ ਸੀ ਪਰ ਹੁਣ ਗੰਨੇ ਦੀ ਫਸਲ ਹੇਠ ਰਕਬਾ ਬਹੁਤ ਹੀ ਘੱਟ ਗਿਆ ਹੈ। ਗੰਨੇ ਦੀ ਫਸਲ ਨੂੰ ਕਮਾਦ ਵੀ ਕਿਹਾ ਜਾਂਦਾ ਹੈ। ਗੰਨੇ ਤੋਂ ਹੀ ਗੁੜ ਅਤੇ ਸ਼ੱਕਰ ਬਣਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਕੱਤਕ ਮਹੀਨੇ ਵਿੱਚ ਅਨੇਕਾਂ ਹੀ ਥਾਂਵਾਂ ਉਪਰ ਗੁੜ ਤੇ ਸ਼ੱਕਰ ਬਣਾਉਣ ਵਾਲੇ ਵੇਲਣੇ ਅਤੇ ਘੁਲਾੜੀਆਂ ਨਜ਼ਰ ਆਉਂਦੇ ਹਨ। ਮਿਥਿਹਾਸ ਅਨੁਸਾਰ ਗੰਨੇ ਦੀ ਉਤਪਤੀ ਭਾਰਤ ਵਿੱਚ ਹੀ ਹੋਈ ਅਤੇ ਇਥੋਂ ਹੀ ਗੰਨਾ ਸਾਰੀ ਦੁਨੀਆ ਵਿੱਚ ਪਹੁੰਚਿਆ। ਇਹ ਵੀ ਕਿਹਾ ਜਾਂਦਾ ਹੈ ਕਿ ਸਿਕੰਦਰ ਦੇ ਫ਼ੌਜੀ ਵਾਪਸ ਮੁੜਦੇ ਸਮੇਂ ਆਪਣੇ ਨਾਲ ਗੰਨਾ ਵੀ ਯੂਰੋਪ ਵਿੱਚ ਲੈ ਗਏ। ਕੱਤਕ ਮਹੀਨੇ ਗੰਨੇ ਚੂਪਦੇ ਬੱਚੇ ਅਤੇ ਜਵਾਨ ਅੱਜ ਵੀ ਨਜ਼ਰ ਆ ਜਾਂਦੇ ਹਨ।
ਕੱਤਕ ਮਹੀਨੇ ਨੂੰ ਖਾਣ ਪੀਣ ਦਾ ਮਹੀਨਾ ਵੀ ਕਿਹਾ ਜਾਂਦਾ ਹੈ। ਕੱਤਕ ਮਹੀਨੇ ਦੀ ਮੱਸਿਆ ਨੂੰ ਰੌਸ਼ਨੀਆਂ ਦਾ ਪ੍ਰਸਿੱਧ ਤਿਉਹਾਰ ਦਿਵਾਲੀ ਮਨਾਇਆ ਜਾਂਦਾ ਹੈ। ਕੱਤਕ ਦੀ ਪੂਰਨਮਾਸੀ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਆਮ ਤੌਰ ਤੇ ਸਿੱਖ ਭਾਈਚਾਰੇ ਦੇ ਘਰਾਂ ਵਿੱਚ ਦਿਵਾਲੀ ਮੌਕੇ ਲਗਾਈਆਂ ਗਈਆਂ ਰੰਗ ਬਿਰੰਗੇ ਬਲਬਾਂ ਦੀ ਲੜੀਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੱਕ ਚਲਦੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਕਰਵਾ ਚੌਥ, ਚੱਕਰੀਆਂ (ਮਾਤਾ ਦਾ ਵਰਤ) ਵਰਗੇ ਤਿਉਹਾਰ ਵੀ ਇਸੇ ਕੱਤਕ ਮਹੀਨੇ ਵਿੱਚ ਆਉਂਦੇ ਹਨ। ਇਹਨਾਂ ਤਿਉਹਾਰਾਂ ਮੌਕੇ ਵੱਡੀ ਗਿਣਤੀ ਔਰਤਾਂ ਵੱਲੋਂ ਵਰਤ ਵੀ ਰੱਖੇ ਜਾਂਦੇ ਹਨ ।
ਕੱਤਕ ਮਹੀਨੇ ਹੀ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਦਿਵਾਲੀ ਵਾਲੇ ਦਿਨ ਹੀ ਹੁੰਦਾ ਹੈ। ਦਿਵਾਲੀ ਦੇ ਦਿਨ ਹੀ ਸਿੱਖਾਂ ਦੇ ਛੇਵੇਂ ਗੁਰੂ , ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚੋਂ ਆਪਣੇ ਨਾਲ 52 ਰਾਜਿਆਂ ਨੂੰ ਛੁੱਡਵਾ ਕੇ ਅੰਮ੍ਰਿਤਸਰ ਪਹੁੰਚੇ ਸਨ, ਇਹ ਹੀ ਕਾਰਨ ਹੈ ਕਿ ਦਿਵਾਲੀ ਨੂੰ ਘਰਾਂ ਨੂੰ ਪਰਤਣ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ ਅਤੇ ਕੱਤਕ ਨੂੰ ਘਰਾਂ ਨੂੰ ਪਰਤਣ ਦਾ ਮਹੀਨਾ। ਇਸੇ ਕਾਰਨ ਦੁਨੀਆ ਦੇ ਵੱਖ ਵੱਖ ਮੁਲਕਾਂ ਵਿੱਚ ਵਸੇ ਹੋਏ ਪਰਵਾਸੀ ਪੰਜਾਬੀ ਦਿਵਾਲੀ ਮੌਕੇ ਆਪਣੇ ਪਿੰਡ ਵਾਲੇ ਜੱਦੀ ਘਰ ਗੇੜਾ ਮਾਰਦੇ ਹਨ। ਪਰਿਵਾਰ ਨੂੰ ਮਿਲ ਕੇ ਪਰਵਾਸੀ ਪੰਜਾਬੀਆਂ ਦੇ ਨਾਲ ਨਾਲ ਪਰਿਵਾਰ ਵਾਲਿਆਂ ਦੀ ਖੁਸ਼ੀ ਵੀ ਵੇਖਣ ਵਾਲੀ ਹੁੰਦੀ ਹੈ।
ਹੁਣ ਨਾ ਤਾਂ ਪਹਿਲਾਂ ਵਰਗਾ ਵਾਤਾਵਰਣ ਰਿਹਾ ਹੈ ਤੇ ਨਾ ਸ਼ੁੱਧ ਪੌਣ ਪਾਣੀ। ਨਾ ਹੁਣ ਪਹਿਲਾਂ ਵਰਗਾ ਅੰਮ੍ਰਿਤ ਵੇਲਾ ਤੇ ਸਰਘੀ ਵੇਲਾ ਰਿਹਾ ਹੈ ਤੇ ਨਾ ਛਾਹ ਵੇਲਾ। ਹਰ ਪਾਸੇ ਫੈਲੀ ਆਪਾ-ਧਾਪੀ ਦੇ ਇਸ ਦੌਰ ਵਿੱਚ ਕਿਸੇ ਕੋਲ ਏਨਾ ਕੁ ਸਮਾਂ ਨਹੀਂ ਕਿ ਉਹ ਆਪਣੇ ਪਿੰਡ ਵਾਸੀਆਂ, ਸ਼ਹਿਰ ਵਾਸੀਆਂ ਨਾਲ ਬਹਿ ਕੇ ਕੁਝ ਸਮਾਂ ਕੁਦਰਤ ਦੀ ਗੋਦ ਵਿੱਚ ਗੁਜ਼ਾਰ ਸਕੇ। ਹਰ ਕੋਈ ਹੁਣ ਕੰਕਰੀਟ ਦੇ ਜੰਗਲਾਂ ਵਿੱਚ ਬਣਾਏ ਕੋਠੀ ਨੁਮਾ ਘੁਰਨਿਆਂ ਵਿੱਚ ਵੜ ਕੇ ਆਪਣੇ ਆਪ ਤਕ ਸੀਮਿਤ ਜਿਹਾ ਹੋ ਗਿਆ ਹੈ, ਜਿਸ ਕਰਕੇ ਅਨੇਕਾਂ ਲੋਕਾਂ ਨੂੰ ਹੁਣ ਕੱਤਕ ਮਹੀਨੇ ਦੀਆਂ ਮੌਜਾਂ ਮਾਨਣ ਦੀ ਵਿਹਲ ਨਹੀਂ ਮਿਲਦੀ।
ਕੱਤਕ ਮਹੀਨੇ ਦੀ ਸ਼ੁਰੂਆਤ ਮੌਕੇ ਸਾਰੇ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਉਹ ਖੁਦ ਵੀ ਆਪਣੇ ਵਿਰਸੇ ਅਤੇ ਕੁਦਰਤ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਵੀ ਪੰਜਾਬ ਦੇ ਅਮੀਰ ਵਿਰਸੇ ਅਤੇ ਕੁਦਰਤ ਨਾਲ ਜੋੜਨ। ਕੱਤਕ ਮਹੀਨੇ ਦੌਰਾਨ ਸਮੂਹ ਪੰਜਾਬੀਆਂ ਨੂੰ ਪੰਜਾਬ ਵਿੱਚ ਵਹਿ ਰਹੇ ਪਰਵਾਸ ਦੇ ਸੱਤਵੇਂ ਦਰਿਆ ਨੂੰ ਠੱਲਖ਼ ਪਾਉਣ ਲਈ ਵੀ ਸਿਰ ਜੋੜ ਕੇ ਮੰਥਨ ਕਰਨ ਦੀ ਲੋੜ ਹੈ ਤਾਂ ਕਿ ਸੱਤ ਸਮੁੰਦਰ ਪਾਰ ਗਏ ਉਹਨਾਂ ਦੇ ਬੱਚੇ ਆਪਣੇ ਵਤਨ, ਆਪਣੀ ਮਾਂ ਬੋਲੀ, ਆਪਣੇ ਅਮੀਰ ਵਿਰਸੇ ਅਤੇ ਆਪਣੀ ਜੱਦੀ ਜ਼ਮੀਨ ਨਾਲ ਜੁੜੇ ਰਹਿ ਸਕਣ।
ਕੱਤਕ ਮਹੀਨੇ ਦੂਰ ਦੇ ਦੇਸ਼ਾਂ ਦੇਸਾਂਤਰਾਂ ਤੋਂ ਆਉਂਦੀਆਂ ਕੂੰਜਾਂ ਵਾਂਗ ਪੰਜਾਬੀਆਂ ਦੇ ਸੱਤ ਸਮੁੰਦਰ ਪਾਰ ਗਏ ਬੱਚਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਕੱਤਕ ਮਹੀਨੇ ਆਪਣੇ ਵਤਨਾਂ ਨੂੰ ਗੇੜਾ ਮਾਰਨ ਤਾਂ ਕਿ ਪੰਜਾਬ ਦੇ ਪਿੰਡਾਂ ਵਿੱਚ ਉਹਨਾਂ ਬਿਨਾਂ ਸੁੰਨੇ ਪਏ ਉਹਨਾਂ ਦੇ ਮਹੱਲ ਮੁਨਾਰਿਆਂ ਅਤੇ ਜੱਦੀ ਘਰਾਂ ਵਿੱਚ ਮੁੜ ਰੌਣਕਾਂ ਲੱਗਣ।
ਜਗਮੋਹਨ ਸਿੰਘ ਲੱਕੀ
ਮੋ: 9463819174
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
