Chandigarh
ਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 13 ਅਪ੍ਰੈਲ (ਸ.ਬ.) ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਮੌਕੇ ਸਦਨ ਵੱਲੋਂ ਦੇਸ਼ ਦੀ ਉੱਘੀ ਗਾਇਕਾ ਆਸ਼ਾ ਭੌਸਲੇ ਅਤੇ ਪਿਛਲੇ ਦਿਨੀਂ ਮਥੁਰਾ ਤੇ ਕਾਂਗੜਾ ਵਿੱਚ ਵਾਪਰੇ ਦਰਦਨਾਕ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਪੀਕਰ ਵੱਲੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸ਼ੋਕ ਮਤੇ ਪੜ੍ਹੇ ਗਏ। ਸਦਨ ਨੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਲਾਲ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਮੈਂਬਰਾਂ ਨੇ ਉਨ੍ਹਾਂ ਦੇ ਲੰਬੇ ਸਿਆਸੀ ਸਫ਼ਰ ਅਤੇ ਸੂਬੇ ਦੇ ਵਿਕਾਸ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਅੱਜ ਦੇ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਦਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੇ ਅੱਜ ਦੇ ਦਿਨ (13 ਅਪਰੈਲ ਨੂੰ) ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।
ਸ਼ਰਧਾਂਜਲੀਆਂ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 11: 30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਬਾਰਾ ਸ਼ੁਰੂ ਹੁੰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੇਅਦਬੀ ਰੋਕੂ ਕਾਨੂੰਨ ਦੇ ਮੁੱਦੇ ਤੇ ਮੰਗ ਕੀਤੀ ਕਿ ਨਵੇਂ ਸੋਧ ਬਿੱਲ ਤੇ ਕੋਈ ਵੀ ਚਰਚਾ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਉਸ ਸਿਲੈਕਟ ਕਮੇਟੀ ਦੀ ਰਿਪੋਰਟ ਸਦਨ ਦੀ ਮੇਜ਼ ਤੇ ਰੱਖੇ, ਜਿਸ ਦਾ ਗਠਨ ਅੱਜ ਤੋਂ ਤਕਰੀਬਨ 9 ਮਹੀਨੇ ਪਹਿਲਾਂ ਕੀਤਾ ਗਿਆ ਸੀ। ਉਹਨਾਂ ਦਲੀਲ ਦਿੱਤੀ ਕਿ ਵਿਧਾਇਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਿਛਲੇ ਬਿੱਲ ਤੇ ਕਮੇਟੀ ਨੇ ਕੀ ਨਤੀਜੇ ਕੱਢੇ ਸਨ ਅਤੇ ਕੀ ਸਿਫ਼ਾਰਸ਼ਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਰਿਪੋਰਟ ਪੇਸ਼ ਕਰੇ ਅਤੇ ਉਸ ਤੇ ਵਿਸਥਾਰਪੂਰਵਕ ਚਰਚਾ ਕਰਵਾਈ ਜਾਵੇ, ਉਸ ਤੋਂ ਬਾਅਦ ਹੀ ਨਵੇਂ ਬਿੱਲ ਦੀ ਪ੍ਰਕਿਰਿਆ ਅੱਗੇ ਵਧਣੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਦਨ ਵਿੱਚ ਸੋਧ ਬਿੱਲ ਪੇਸ਼ ਕੀਤਾ। ਸਪੀਕਰ ਨੇ ਮੂਲ ਮੰਤਰ ਦੇ ਪਾਠ ਨਾਲ ਬਹਿਸ ਸ਼ੁਰੂ ਕਰਵਾਈ। ਬਿੱਲ ਤੇ ਬਹਿਸ ਸ਼ੁਰੂ ਕਰਦਿਆਂ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਸੂਬੇ ਦੀ ਅਮਨ-ਸ਼ਾਂਤੀ ਲਈ ਵੱਡਾ ਖ਼ਤਰਾ ਹਨ। ਬਹਿਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਉਨ੍ਹਾਂ ਵਿਧਾਇਕਾਂ ਨੂੰ ਬੋਲਣ ਲਈ ਪਹਿਲ ਦਿੱਤੀ ਗਈ, ਜਿਨ੍ਹਾਂ ਦੇ ਹਲਕਿਆਂ ਵਿੱਚ ਪੰਜ ਤਖ਼ਤ ਸਾਹਿਬਾਨ ਸਥਿਤ ਹਨ। ਸਪੀਕਰ ਨੇ ਕਿਹਾ ਕਿ ਕਿਉਂਕਿ ਇਹ ਮੁੱਦਾ ਸਿੱਧੇ ਤੌਰ ਤੇ ਧਾਰਮਿਕ ਮਰਿਆਦਾ ਅਤੇ ਜਜ਼ਬਾਤਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਤਖ਼ਤ ਸਾਹਿਬਾਨ ਦੀ ਨੁਮਾਇੰਦਗੀ ਕਰਨ ਵਾਲੇ ਹਲਕਿਆਂ ਦੇ ਵਿਧਾਇਕਾਂ ਦੇ ਵਿਚਾਰ ਸੁਣਨਾ ਬਹੁਤ ਅਹਿਮ ਹੈ। ਇਸ ਫੈਸਲੇ ਤਹਿਤ ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ), ਤਲਵੰਡੀ ਸਾਬੋ (ਤਖ਼ਤ ਸ੍ਰੀ ਦਮਦਮਾ ਸਾਹਿਬ) ਅਤੇ ਅੰਮ੍ਰਿਤਸਰ (ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਨੁਮਾਇੰਦਿਆਂ ਨੂੰ ਪਹਿਲਾਂ ਸਮਾਂ ਦਿੱਤਾ ਗਿਆ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮੌਜੂਦਾ ਸਰਕਾਰ ਦਾ ਪੱਖ ਪੂਰਿਆ। ਸਪੀਕਰ ਨੇ ਕਿਹਾ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਬਾਜਵਾ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਉਹਨਾਂ ਕਿਹਾ ਕਿ ‘ਆਪ’ ਸਰਕਾਰ ਨੇ ਇਨ੍ਹਾਂ ਕੇਸਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਹਨ।
ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਵਿੱਚ ਕੋਈ ਵੀ ਅਜਿਹੀ ‘ਚੋਰ ਮੋਰੀ’ ਨਹੀਂ ਛੱਡੀ ਜਿਸ ਦਾ ਫਾਇਦਾ ਉਠਾ ਕੇ ਕੋਈ ਦੋਸ਼ੀ ਬਚ ਸਕੇ। ਇਹ ਕਾਨੂੰਨ ਇੰਨਾ ਸਖ਼ਤ ਅਤੇ ਮੁਕੰਮਲ ਹੈ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਕਦੇ ਵੀ ਕਿਸੇ ਨਵੇਂ ਬੇਅਦਬੀ ਰੋਕੂ ਬਿੱਲ ਦੀ ਲੋੜ ਨਹੀਂ ਪਵੇਗੀ। ਬਹਿਸ ਦੇ ਅੰਤ ਵਿੱਚ ਸਪੀਕਰ ਨੇ ਬਿੱਲ ਦੇ ਪਾਸ ਹੋਣ ਦਾ ਐਲਾਨ ਕੀਤਾ ਜਿਸਤੇ ਪੂਰਾ ਸਦਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਨੂੰ ਆਪਣੀ ਰਿਪੋਰਟ ਸੌਂਪਣ ਲਈ 6 ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਇਹ ਮਤਾ ਪੇਸ਼ ਕੀਤਾ ਗਿਆ ਕਿ ਬਿੱਲ ਦੀਆਂ ਬਾਰੀਕੀਆਂ ਅਤੇ ਕਾਨੂੰਨੀ ਪਹਿਲੂਆਂ ਨੂੰ ਹੋਰ ਡੂੰਘਾਈ ਨਾਲ ਵਿਚਾਰਨ ਲਈ ਕਮੇਟੀ ਨੂੰ ਵਾਧੂ ਸਮੇਂ ਦੀ ਲੋੜ ਹੈ। ਸਦਨ ਨੇ ਸਰਬਸੰਮਤੀ ਨਾਲ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ। ਸਦਨ ਵਿੱਚ ਅੱਜ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਹਾਜ਼ਰ ਸਨ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
