Connect with us

Punjab

ਭਤੀਜੇ ਵੱਲੋਂ ਚਾਚੇ ਦੇ ਸਿਰ ਤੇ ਸਟੂਲ ਮਾਰ ਕੇ ਕਤਲ

Published

on

ਲੁਧਿਆਣਾ, 23 ਅਪ੍ਰੈਲ (ਸ.ਬ.) ਲੁਧਿਆਣਾ ਦੇ ਥਾਣਾ ਹੈਬੋਵਾਲ ਦੇ ਅਧੀਨ ਪੈਂਦੇ ਇਲਾਕੇ ਸੰਧੂ ਨਗਰ ਵਿਚ ਇਕ ਫੈਕਟਰੀ ਵਿਚ ਕੰਮ ਕਰਨ ਦੌਰਾਨ ਹੋਏ ਝਗੜੇ ਕਾਰਨ ਇਕ ਭਤੀਜੇ ਨੇ ਗੁੱਸੇ ਵਿਚ ਆ ਕੇ ਆਪਣੇ ਹੀ ਚਾਚੇ ਦੇ ਸਿਰ ਵਿਚ ਸਟੂਲ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਧਰਮਿੰਦਰ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਫੈਕਟਰੀ ਵਿਚ ਕੰਮ ਕਰਦੇ ਸਮੇਂ ਚਾਚੇ ਅਤੇ ਭਤੀਜੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਗੁੱਸੇ ਵਿਚ ਆਏ ਭਤੀਜੇ ਨੇ ਧਰਮਿੰਦਰ ਦੇ ਸਿਰ ਤੇ ਸਟੂਲ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫੈਕਟਰੀ ਮਾਲਕ ਉਮੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ 2:30 ਵਜੇ ਠੇਕੇਦਾਰ ਰਾਹੁਲ ਨੇ ਉਸ ਨੂੰ ਫੋਨ ਕਰਕੇ ਇਸ ਖੂਨੀ ਵਾਰਦਾਤ ਬਾਰੇ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਫੈਕਟਰੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਇਆ ਜਾ ਸਕੇ।

Continue Reading

Punjab

ਐਨ ਐਸ ਏ ਦੀ ਮਿਆਦ ਖਤਮ ਹੋਣ ਤੇ ਅੰਮ੍ਰਿਤਸਰ ਪੁਲੀਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ

Published

on

By

ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, 2 ਦਿਨ ਦਾ ਪੁਲੀਸ ਰਿਮਾਂਡ ਦਿੱਤਾ, ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਨਜ਼ਰਬੰਦ

ਅੰਮ੍ਰਿਤਸਰ, 23 ਅਪ੍ਰੈਲ (ਸ.ਬ.) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਵਲੋਂ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਵਲੋਂ ਅੰਮ੍ਰਿਤਪਾਲ ਨੂੰ ਉਸਦੇ ਵਿਰੁੱਧ ਲੱਗੇ ਕੌਮੀ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅੰਮ੍ਰਿਤਸਰ ਪੁਲੀਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਪੁਲੀਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ, ਹਥਿਆਰਾਂ ਤੇ ਵਾਹਨਾਂ ਦੀ ਬਰਾਮਦਗੀ ਕਰਨਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ। ਇਸ ਮੌਕੇ ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਕੇਸ ਪਹਿਲਾਂ ਹੀ ਟਰਾਇਲ ਅਧੀਨ ਹੈ ਅਤੇ ਗਵਾਹੀਆਂ ਦੇ ਪੜਾਅ ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੀ ਜਾਂਚ ਦੌਰਾਨ ਪੁਲੀਸ ਨੇ ਕਦੇ ਵੀ ਉਨ੍ਹਾਂ ਵਾਹਨਾਂ ਦਾ ਜ਼ਿਕਰ ਨਹੀਂ ਕੀਤਾ ਜਿਨ੍ਹਾਂ ਦੀ ਹੁਣ ਮੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ ਅਤੇ ਟਰਾਇਲ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਪੁਲੀਸ ਵਲੋਂ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਦਾ ਇਲਜਾਮ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲੀਸ ਸਟੇਸ਼ਨ ਤੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲੀਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ।

Continue Reading

Punjab

ਪੰਜਾਬ ਪੁਲੀਸ ਵੱਲੋਂ 900 ਗ੍ਰਾਮ ਆਈ ਸੀ ਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

Published

on

By

ਅੰਮ੍ਰਿਤਸਰ, 23 ਅਪ੍ਰੈਲ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 915 ਗ੍ਰਾਮ ਆਈ. ਸੀ. ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ। ਇਹ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ। ਉਹਨਾਂ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੁਲੀਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲੀਸ ਟੀਮਾਂ ਨੇ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਕੀਤਾ ਅਤੇ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ।

ਇਸ ਸਬੰਧੀ ਦੇ ਪੁਲੀਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Continue Reading

Mohali

ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫ਼ਿਰੌਤੀ ਦਾ ਗੋਰਖਧੰਦਾ : ਸਤਨਾਮ ਸਿੰਘ ਦਾਊਂ

Published

on

By

ਪੰਜਾਬ ਅਗੇਂਸਟ ਕੁਰੱਪਸ਼ਨ ਵੱਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਅਤੇ ਮੈਂਬਰ ਨਵਨੀਤ ਫਾਜ਼ਿਲਕਾ ਨੇ ਖੁਲਾਸਾ ਕੀਤਾ ਹੈ ਕਿ ਟਰੈਵਲ ਏਜੰਟਾਂ ਅਤੇ ਅੰਤਰਰਾਸ਼ਟਰੀ ਅਗਵਾਕਾਰਾਂ ਦੀ ਮਿਲੀਭੁਗਤ ਨਾਲ ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫਿਰੌਤੀ ਦਾ ਗੋਰਖਧੰਦਾ ਚਲਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਤਰਨਾਕ ਖੇਡ ਖੇਡੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੰਜਾਬ, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸੁਨਹਿਰੀ ਭਵਿੱਖ ਦਾ ਝਾਂਸਾ ਦੇ ਕੇ ਦੱਖਣੀ ਕੋਰੀਆ ਭੇਜਣ ਦਾ ਲਾਰਾ ਲਗਾ ਕੇ ਵੱਖ ਵੱਖ ਮੁਲਕਾਂ ਰਾਂਹੀ ਇਥੋਪੀਆ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਨੂੰ ਅਗਵਾ ਕਰ ਕੇ ਤਸੀਹੇ ਦਿੱਤੇ ਜਾਂਦੇ ਹਨ ਅਤੇ ਕਰੋੜਾਂ ਰੁਪਏ ਦੀ ਫਿਰੌਤੀ ਵਸੂਲੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਅਸ਼ੋਕ ਕੁਮਾਰ, ਫ਼ਤਿਹਗੜ੍ਹ ਸਾਹਿਬ (ਪਿੰਡ ਲਖਣਪੁਰ) ਦੇ ਹਰਬੰਸ ਸਿੰਘ ਤੋਂ ਇਲਾਵਾ ਦੀਨਾਨਗਰ ਅਤੇ ਜੰਮੂ ਦੇ ਕਈ ਨੌਜਵਾਨਾਂ ਨੂੰ ਏਜੰਟਾਂ ਨੇ ਦੱਖਣੀ ਕੋਰੀਆ ਭੇਜਣ ਦਾ ਝਾਂਸਾ ਦਿੱਤਾ ਸੀ। ਇਹਨਾਂ ਨੌਜਵਾਨਾਂ ਨੂੰ ਕੋਰੀਆ ਦੀ ਬਜਾਏ ਥਾਈਲੈਂਡ ਅਤੇ ਖਾੜੀ ਦੇਸ਼ਾਂ ਦੇ ਰਸਤੇ ਇਥੋਪੀਆ ਭੇਜ ਦਿੱਤਾ ਗਿਆ, ਜਿੱਥੇ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਅਗਵਾਕਾਰਾਂ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ।

ਉਹਨਾਂ ਦੱਸਿਆ ਕਿ ਪੀੜਤਾਂ ਦੇ ਪਰਿਵਾਰਾਂ ਤੋਂ ਮਿਲੀ ਜਾਣਕਾਰੀ ਅਤੇ ਅਗਵਾਕਾਰਾਂ ਵਲੋਂ ਭੇਜੀਆਂ ਆਡੀਓ ਅਤੇ ਵੀਡੀਓਜ਼ ਤੋਂ ਪਤਾ ਲੱਗਦਾ ਹੈ ਕਿ ਅਗਵਾਕਾਰ ਨੌਜਵਾਨਾਂ ਨੂੰ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਦੇ ਹਨ ਅਤੇ ਉਨ੍ਹਾਂ ਨੂੰ ਭੁੱਖਾ ਰੱਖਿਆ ਜਾਂਦਾ ਹੈ। ਅਗਵਾਕਾਰਾਂ ਵਲੋਂ ਪਰਿਵਾਰ ਤੋਂ ਨੌਜਵਾਨਾਂ ਨੂੰ ਛੱਡਣ ਲਈ ਪੰਜਾਹ ਲੱਖ ਰੁਪਏ ਪ੍ਰਤੀ ਨੌਜਵਾਨ ਮੰਗੇ ਜਾਂਦੇ ਹਨ।

ਉਹਨਾਂ ਦੱਸਿਆ ਕਿ ਅਗਵਾਕਾਰ ਜੋ ਆਪਣਾ ਨਾਮ ‘ਖਾਨ ਬਾਬਾ’ ਦੱਸਦਾ ਹੈ ਉਹ ਵ੍ਹਟਸਐਪ ਰਾਹੀਂ ਨੌਜਵਾਨਾਂ ਤੇ ਹੁੰਦੇ ਤਸ਼ੱਦਦ ਦੀਆਂ ਵੀਡੀਓਜ਼ ਪਰਿਵਾਰਾਂ ਨੂੰ ਭੇਜ ਕੇ ਫ਼ਿਰੌਤੀ ਮੰਗਦਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨੌਜਵਾਨਾਂ ਦੇ ਕੰਨ ਜਾਂ ਉਂਗਲਾਂ ਵੱਢਣ ਅਤੇ ਕਤਲ ਕਰਨ ਦੀਆਂ ਧਮਕੀਆਂ ਦਿੰਦਾ ਹੈ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਸਰੇਆਮ ਭਾਰਤੀ ਏਜੰਸੀਆਂ ਅਤੇ ਪੁਲੀਸ ਨੂੰ ਚੁਣੌਤੀ ਦਿੰਦੇ ਹੋਏ ਕਹਿੰਦਾ ਹੈ ਕਿ ਉਸ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ ਅਤੇ ਫਿਰੌਤੀ ਦੇ ਪੈਸੇ ਦੇਣੇ ਹੀ ਪੈਣਗੇ। ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਅਗਵਾਕਾਰ ਨਾਲ ਗੱਲਬਾਤ ਕਰਕੇ ਉਸਦੀ ਰਿਕਾਰਡਿੰਗ ਉਤਰਾਖੰਡ ਪੁਲੀਸ ਦੇ ਸਬੰਧਤ ਐਸ. ਐਸ. ਪੀ. ਨੂੰ ਭੇਜੀ ਸੀ ਤਾਂ ਜੋ ਕੋਈ ਜਾਲ ਵਿਛਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਦੇ ਕਈ ਮੈਂਬਰ ਪਾਰਲੀਮੈਂਟਾਂ ਨੇ ਵੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖੇ ਹਨ। ਇਸ ਦੌਰਾਨ ਨਵਨੀਤ ਫਾਜਿਲਕਾ ਨੇ ਭਾਰਤੀ ਦੂਤਾਵਾਸਾਂ ਨੂੰ ਵੀ ਈਮੇਲ ਕੀਤੀਆਂ ਹਨ ਜਿਹਨਾਂ ਦੇ ਜੁਆਬ ਵੀ ਆਏ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।

ਉਹਨਾਂ ਕਿਹਾ ਕਿ ਕਈ ਪਰਿਵਾਰ ਆਪਣੀ ਜ਼ਮੀਨ ਜਾਇਦਾਦ ਵੇਚ ਕੇ 50-50 ਲੱਖ ਦੀ ਫ਼ਿਰੌਤੀ ਦੇ ਕੇ ਆਪਣੇ ਬੱਚਿਆਂ ਨੂੰ ਛੁਡਵਾ ਚੁੱਕੇ ਹਨ, ਪਰ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਇੱਕ ਪਿੰਡ ਦਾ ਨੌਜਵਾਨ ਅਜੇ ਵੀ ਅਗਵਾਕਾਰਾਂ ਦੇ ਚੁੰਗਲ ਵਿੱਚ ਹੈ, ਜਿਸਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇੰਟਰਪੋਲ ਦੀ ਮਦਦ ਨਾਲ ਇਸ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰੇ ਅਤੇ ਫਸੇ ਹੋਏ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਵੇ ਅਤੇ ਨਾਲ ਅਗਵਾਹ ਹੋਏ ਨੌਜਵਾਨਾਂ ਦੀ ਬਣਦੀ ਮੱਦਦ ਕੀਤੀ ਜਾਵੇ।

ਉਹਨਾਂ ਮੰਗ ਕੀਤੀ ਕਿ ਠੱਗੀ ਮਾਰਨ ਵਾਲੇ ਅਤੇ ਅਗਵਾਕਾਰਾਂ ਨਾਲ ਮਿਲੇ ਹੋਏ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਤਰਾਖੰਡ ਪੁਲੀਸ ਵੱਲੋਂ ਗਿਰਫ਼ਤਾਰ ਕੀਤੇ ਗਏ ਠੱਗ ਏਜੰਟਾਂ ਦੀ ਸਖ਼ਤ ਪੁੱਛ ਪੜਤਾਲ ਕਰਕੇ ਉਹਨਾਂ ਦੇ ਬਾਕੀ ਨੈਟਵਰਕ ਨੂੰ ਕਾਬੂ ਕੀਤਾ ਜਾਵੇ।

Continue Reading

Latest News

Trending