Connect with us

Punjab

ਐਨ ਐਸ ਏ ਦੀ ਮਿਆਦ ਖਤਮ ਹੋਣ ਤੇ ਅੰਮ੍ਰਿਤਸਰ ਪੁਲੀਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ

Published

on

ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, 2 ਦਿਨ ਦਾ ਪੁਲੀਸ ਰਿਮਾਂਡ ਦਿੱਤਾ, ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਨਜ਼ਰਬੰਦ

ਅੰਮ੍ਰਿਤਸਰ, 23 ਅਪ੍ਰੈਲ (ਸ.ਬ.) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਵਲੋਂ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਵਲੋਂ ਅੰਮ੍ਰਿਤਪਾਲ ਨੂੰ ਉਸਦੇ ਵਿਰੁੱਧ ਲੱਗੇ ਕੌਮੀ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅੰਮ੍ਰਿਤਸਰ ਪੁਲੀਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਪੁਲੀਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ, ਹਥਿਆਰਾਂ ਤੇ ਵਾਹਨਾਂ ਦੀ ਬਰਾਮਦਗੀ ਕਰਨਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ। ਇਸ ਮੌਕੇ ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਕੇਸ ਪਹਿਲਾਂ ਹੀ ਟਰਾਇਲ ਅਧੀਨ ਹੈ ਅਤੇ ਗਵਾਹੀਆਂ ਦੇ ਪੜਾਅ ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੀ ਜਾਂਚ ਦੌਰਾਨ ਪੁਲੀਸ ਨੇ ਕਦੇ ਵੀ ਉਨ੍ਹਾਂ ਵਾਹਨਾਂ ਦਾ ਜ਼ਿਕਰ ਨਹੀਂ ਕੀਤਾ ਜਿਨ੍ਹਾਂ ਦੀ ਹੁਣ ਮੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ ਅਤੇ ਟਰਾਇਲ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਪੁਲੀਸ ਵਲੋਂ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਦਾ ਇਲਜਾਮ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲੀਸ ਸਟੇਸ਼ਨ ਤੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲੀਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ।

Punjab

ਪੰਜਾਬ ਪੁਲੀਸ ਵੱਲੋਂ 900 ਗ੍ਰਾਮ ਆਈ ਸੀ ਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

Published

on

By

ਅੰਮ੍ਰਿਤਸਰ, 23 ਅਪ੍ਰੈਲ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 915 ਗ੍ਰਾਮ ਆਈ. ਸੀ. ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ। ਇਹ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ। ਉਹਨਾਂ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੁਲੀਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲੀਸ ਟੀਮਾਂ ਨੇ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਕੀਤਾ ਅਤੇ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ।

ਇਸ ਸਬੰਧੀ ਦੇ ਪੁਲੀਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Continue Reading

Mohali

ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫ਼ਿਰੌਤੀ ਦਾ ਗੋਰਖਧੰਦਾ : ਸਤਨਾਮ ਸਿੰਘ ਦਾਊਂ

Published

on

By

ਪੰਜਾਬ ਅਗੇਂਸਟ ਕੁਰੱਪਸ਼ਨ ਵੱਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਅਤੇ ਮੈਂਬਰ ਨਵਨੀਤ ਫਾਜ਼ਿਲਕਾ ਨੇ ਖੁਲਾਸਾ ਕੀਤਾ ਹੈ ਕਿ ਟਰੈਵਲ ਏਜੰਟਾਂ ਅਤੇ ਅੰਤਰਰਾਸ਼ਟਰੀ ਅਗਵਾਕਾਰਾਂ ਦੀ ਮਿਲੀਭੁਗਤ ਨਾਲ ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫਿਰੌਤੀ ਦਾ ਗੋਰਖਧੰਦਾ ਚਲਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਤਰਨਾਕ ਖੇਡ ਖੇਡੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੰਜਾਬ, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸੁਨਹਿਰੀ ਭਵਿੱਖ ਦਾ ਝਾਂਸਾ ਦੇ ਕੇ ਦੱਖਣੀ ਕੋਰੀਆ ਭੇਜਣ ਦਾ ਲਾਰਾ ਲਗਾ ਕੇ ਵੱਖ ਵੱਖ ਮੁਲਕਾਂ ਰਾਂਹੀ ਇਥੋਪੀਆ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਨੂੰ ਅਗਵਾ ਕਰ ਕੇ ਤਸੀਹੇ ਦਿੱਤੇ ਜਾਂਦੇ ਹਨ ਅਤੇ ਕਰੋੜਾਂ ਰੁਪਏ ਦੀ ਫਿਰੌਤੀ ਵਸੂਲੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਅਸ਼ੋਕ ਕੁਮਾਰ, ਫ਼ਤਿਹਗੜ੍ਹ ਸਾਹਿਬ (ਪਿੰਡ ਲਖਣਪੁਰ) ਦੇ ਹਰਬੰਸ ਸਿੰਘ ਤੋਂ ਇਲਾਵਾ ਦੀਨਾਨਗਰ ਅਤੇ ਜੰਮੂ ਦੇ ਕਈ ਨੌਜਵਾਨਾਂ ਨੂੰ ਏਜੰਟਾਂ ਨੇ ਦੱਖਣੀ ਕੋਰੀਆ ਭੇਜਣ ਦਾ ਝਾਂਸਾ ਦਿੱਤਾ ਸੀ। ਇਹਨਾਂ ਨੌਜਵਾਨਾਂ ਨੂੰ ਕੋਰੀਆ ਦੀ ਬਜਾਏ ਥਾਈਲੈਂਡ ਅਤੇ ਖਾੜੀ ਦੇਸ਼ਾਂ ਦੇ ਰਸਤੇ ਇਥੋਪੀਆ ਭੇਜ ਦਿੱਤਾ ਗਿਆ, ਜਿੱਥੇ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਅਗਵਾਕਾਰਾਂ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ।

ਉਹਨਾਂ ਦੱਸਿਆ ਕਿ ਪੀੜਤਾਂ ਦੇ ਪਰਿਵਾਰਾਂ ਤੋਂ ਮਿਲੀ ਜਾਣਕਾਰੀ ਅਤੇ ਅਗਵਾਕਾਰਾਂ ਵਲੋਂ ਭੇਜੀਆਂ ਆਡੀਓ ਅਤੇ ਵੀਡੀਓਜ਼ ਤੋਂ ਪਤਾ ਲੱਗਦਾ ਹੈ ਕਿ ਅਗਵਾਕਾਰ ਨੌਜਵਾਨਾਂ ਨੂੰ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਦੇ ਹਨ ਅਤੇ ਉਨ੍ਹਾਂ ਨੂੰ ਭੁੱਖਾ ਰੱਖਿਆ ਜਾਂਦਾ ਹੈ। ਅਗਵਾਕਾਰਾਂ ਵਲੋਂ ਪਰਿਵਾਰ ਤੋਂ ਨੌਜਵਾਨਾਂ ਨੂੰ ਛੱਡਣ ਲਈ ਪੰਜਾਹ ਲੱਖ ਰੁਪਏ ਪ੍ਰਤੀ ਨੌਜਵਾਨ ਮੰਗੇ ਜਾਂਦੇ ਹਨ।

ਉਹਨਾਂ ਦੱਸਿਆ ਕਿ ਅਗਵਾਕਾਰ ਜੋ ਆਪਣਾ ਨਾਮ ‘ਖਾਨ ਬਾਬਾ’ ਦੱਸਦਾ ਹੈ ਉਹ ਵ੍ਹਟਸਐਪ ਰਾਹੀਂ ਨੌਜਵਾਨਾਂ ਤੇ ਹੁੰਦੇ ਤਸ਼ੱਦਦ ਦੀਆਂ ਵੀਡੀਓਜ਼ ਪਰਿਵਾਰਾਂ ਨੂੰ ਭੇਜ ਕੇ ਫ਼ਿਰੌਤੀ ਮੰਗਦਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨੌਜਵਾਨਾਂ ਦੇ ਕੰਨ ਜਾਂ ਉਂਗਲਾਂ ਵੱਢਣ ਅਤੇ ਕਤਲ ਕਰਨ ਦੀਆਂ ਧਮਕੀਆਂ ਦਿੰਦਾ ਹੈ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਸਰੇਆਮ ਭਾਰਤੀ ਏਜੰਸੀਆਂ ਅਤੇ ਪੁਲੀਸ ਨੂੰ ਚੁਣੌਤੀ ਦਿੰਦੇ ਹੋਏ ਕਹਿੰਦਾ ਹੈ ਕਿ ਉਸ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ ਅਤੇ ਫਿਰੌਤੀ ਦੇ ਪੈਸੇ ਦੇਣੇ ਹੀ ਪੈਣਗੇ। ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਅਗਵਾਕਾਰ ਨਾਲ ਗੱਲਬਾਤ ਕਰਕੇ ਉਸਦੀ ਰਿਕਾਰਡਿੰਗ ਉਤਰਾਖੰਡ ਪੁਲੀਸ ਦੇ ਸਬੰਧਤ ਐਸ. ਐਸ. ਪੀ. ਨੂੰ ਭੇਜੀ ਸੀ ਤਾਂ ਜੋ ਕੋਈ ਜਾਲ ਵਿਛਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਦੇ ਕਈ ਮੈਂਬਰ ਪਾਰਲੀਮੈਂਟਾਂ ਨੇ ਵੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖੇ ਹਨ। ਇਸ ਦੌਰਾਨ ਨਵਨੀਤ ਫਾਜਿਲਕਾ ਨੇ ਭਾਰਤੀ ਦੂਤਾਵਾਸਾਂ ਨੂੰ ਵੀ ਈਮੇਲ ਕੀਤੀਆਂ ਹਨ ਜਿਹਨਾਂ ਦੇ ਜੁਆਬ ਵੀ ਆਏ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।

ਉਹਨਾਂ ਕਿਹਾ ਕਿ ਕਈ ਪਰਿਵਾਰ ਆਪਣੀ ਜ਼ਮੀਨ ਜਾਇਦਾਦ ਵੇਚ ਕੇ 50-50 ਲੱਖ ਦੀ ਫ਼ਿਰੌਤੀ ਦੇ ਕੇ ਆਪਣੇ ਬੱਚਿਆਂ ਨੂੰ ਛੁਡਵਾ ਚੁੱਕੇ ਹਨ, ਪਰ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਇੱਕ ਪਿੰਡ ਦਾ ਨੌਜਵਾਨ ਅਜੇ ਵੀ ਅਗਵਾਕਾਰਾਂ ਦੇ ਚੁੰਗਲ ਵਿੱਚ ਹੈ, ਜਿਸਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇੰਟਰਪੋਲ ਦੀ ਮਦਦ ਨਾਲ ਇਸ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰੇ ਅਤੇ ਫਸੇ ਹੋਏ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਵੇ ਅਤੇ ਨਾਲ ਅਗਵਾਹ ਹੋਏ ਨੌਜਵਾਨਾਂ ਦੀ ਬਣਦੀ ਮੱਦਦ ਕੀਤੀ ਜਾਵੇ।

ਉਹਨਾਂ ਮੰਗ ਕੀਤੀ ਕਿ ਠੱਗੀ ਮਾਰਨ ਵਾਲੇ ਅਤੇ ਅਗਵਾਕਾਰਾਂ ਨਾਲ ਮਿਲੇ ਹੋਏ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਤਰਾਖੰਡ ਪੁਲੀਸ ਵੱਲੋਂ ਗਿਰਫ਼ਤਾਰ ਕੀਤੇ ਗਏ ਠੱਗ ਏਜੰਟਾਂ ਦੀ ਸਖ਼ਤ ਪੁੱਛ ਪੜਤਾਲ ਕਰਕੇ ਉਹਨਾਂ ਦੇ ਬਾਕੀ ਨੈਟਵਰਕ ਨੂੰ ਕਾਬੂ ਕੀਤਾ ਜਾਵੇ।

Continue Reading

Mohali

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ

Published

on

By

ਖਰੜ, 23 ਅਪ੍ਰੈਲ (ਸ.ਬ.) ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਡੀ ਐਸ ਪੀ ਸ. ਕਰਨੈਲ ਸਿੰਘ ਵਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖਾਤਮੇ ਲਈ ਸਹਿਯੋਗ ਦੇਵੇ।

ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲੀਸ ਹੈਲਪਲਾਈਨ ਜਾਂ ਨਜ਼ਦੀਕੀ ਪੁਲੀਸ ਥਾਣੇ ਵਿੱਚ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਾਲ ਸੜਕ ਹਾਦਸੇ ਵੱਧਦੇ ਹਨ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ।

ਉਨ੍ਹਾਂ ਇਸ ਮੌਕੇ ਸਰਕਾਰ ਦੀ ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਇਨਾਮ ਦੇ ਤੌਰ ਤੇ 2000 ਰੁਪਏ ਦਿੱਤੇ ਜਾਂਦੇ ਹਨ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਜਸਵੀਰ ਸਿੰਘ ਧਨੋਆ, ਅਧਿਆਪਕ ਸ੍ਰੀ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ, ਏ.ਐਸ.ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਵੀ ਮੌਜੂਦ ਸਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸ. ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ।

Continue Reading

Latest News

Trending