Connect with us

Punjab

ਸ਼ੰਭੂ ਧਮਾਕਾ ਮਾਮਲੇ ਵਿੱਚ ਪਾਕਿਸਤਾਨੀ ਆਈ ਐਸ ਆਈ ਨਾਲ ਜੁੜੇ 4 ਅੱਤਵਾਦੀ ਗ੍ਰਿਫ਼ਤਾਰ

Published

on

ਪਟਿਆਲਾ, 28 ਅਪ੍ਰੈਲ (ਸ.ਬ.) ਪਟਿਆਲਾ ਪੁਲੀਸ ਨੇ ਖਾਲਿਸਤਾਨ ਪੱਖੀ ਅੱਤਵਾਦੀ ਗਿਰੋਹ ਦੇ 4 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਪੁਲੀਸ ਵੱਲੋਂ ਘਟਨਾ ਸਥਾਨ ਤੇ ਮਾਰੇ ਗਏ ਤਰਨ ਤਾਰਨ ਦੇ ਪਿੰਡ ਪੰਜਵੜ ਦੇ ਜਗਰੂਪ ਸਿੰਘ ਦਾ ਭਰਾ ਸਤਨਾਮ ਸਿੰਘ ਵਾਸੀ ਪੰਜਵੜ ਸਮੇਤ ਚਾਰ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਹਨ।

ਇਸ ਸੰਬੰਧੀ ਪੱਤਰਕਾਰ ਸੰਮੇਅਲਨ ਦੌਰਾਨ ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਚਾਹਲ ਅਤੇ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਸ਼ੰਭੂ ਨੇੜੇ ਰੇਲਵੇ ਟਰੈਕ ਤੇ ਦੇਰ ਰਾਤ ਹੋਏ ਧਮਾਕੇ ਦੀ ਕੋਸ਼ਿਸ਼ ਲਈ ਜ਼ਿੰਮੇਵਾਰ ਇੱਕ ਅੱਤਵਾਦੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਵਿੱਚ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੱਗਾ ਦੋਵੇਂ ਵਾਸੀ ਜ਼ਿਲ੍ਹਾ ਮਾਨਸਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਤਰਨ ਤਾਰਨ ਦੇ ਨਾਂ ਸ਼ਾਮਿਲ ਹਨ।

ਉਹਨਾਂ ਕਿਹਾ ਕਿ ਮੁਲਜਮਾਂ ਨੂੰ ਸੀ ਆਈ ਏ ਇੰਚਾਰਜ ਪ੍ਰਦੀਪ ਬਾਜਵਾ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਜਸਪ੍ਰੀਤ ਕਾਹਲੋਂ ਵੱਲੋਂ ਡੀ ਐਸ ਪੀ (ਡੀ) ਸੁਖ ਅੰਮ੍ਰਿਤ ਸਿੰਘ ਰੰਧਾਵਾ ਅਤੇ ਡੀ ਐਸ ਪੀ (ਸਿਟੀ 2) ਸਤਨਾਮ ਸਿੰਘ ਸੰਘਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਇਲਾਕੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।

ਡੀ. ਆਈ. ਜੀ. ਚਾਹਲ ਨੇ ਦੱਸਿਆ ਕਿ ਪ੍ਰਦੀਪ ਸਿੰਘ ਖਾਲਸਾ ਇਸ ਗਿਰੋਹ ਦਾ ਮੁੱਖ ਸਰਗਨਾ ਸੀ ਅਤੇ ਉਹ ਮਲੇਸ਼ੀਆ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਦੇ ਨਜ਼ਦੀਕੀ ਹੋਣ ਦੇ ਨਾਲ-ਨਾਲ ਪਾਕਿਸਤਾਨ ਸਥਿਤ ਹਥਿਆਰਾਂ ਦੇ ਸਪਲਾਇਰਾਂ ਨਾਲ ਵੀ ਨਜ਼ਦੀਕੀ ਸੰਪਰਕ ਵਿੱਚ ਸੀ। ਉਹਨਾਂ ਦੱਸਿਆ ਕਿ ਉਹ ਵੱਖਵਾਦੀ ਨੌਜਵਾਨਾਂ ਨੂੰ ਅੱਤਵਾਦੀ ਸਿਖਲਾਈ ਲਈ ਮਲੇਸ਼ੀਆ ਭੇਜਦਾ ਸੀ ਅਤੇ ਫਿਰ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦੇ ਕੰਮ ਸੌਂਪਦਾ ਸੀ। ਉਸ ਨੇ ‘ਚਲਦਾ ਵਹੀਰ ਚੱਕਰਵਰਤੀ ਅਟਾਰੀਏ’ ਦੇ ਨਾਂ ਤੇ ਇਕ ਵੱਖਵਾਦੀ ਜਥੇਬੰਦੀ ਵੀ ਬਣਾਈ ਹੋਈ ਸੀ।

ਪੁਲੀਸ ਨੇ ਆਰੋਪੀਆਂ ਤੋਂ ਇੱਕ ਹੈਂਡ ਗ੍ਰੇਨੇਡ, ਦੋ .30 ਬੋਰ ਪਿਸਤੌਲ ਸਮੇਤ ਗੋਲਾ ਬਾਰੂਦ, ਹੋਰ ਤਕਨੀਕੀ ਤੌਰ ਤੇ ਆਧੁਨਿਕ ਸੰਚਾਰ ਉਪਕਰਨ ਅਤੇ ਲੈਪਟਾਪ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਜਿਸ ਨਾਲ ਉਹ ਮਲੇਸ਼ੀਆ ਸਥਿਤ ਆਪਣੇ ਹੈਂਡਲਰਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਨਾਲ ਗੱਲਬਾਤ ਕਰਦੇ ਸਨ। ਐਸ. ਐਸ. ਪੀ. ਨੇ ਕਿਹਾ ਕਿ ਉਹ ਜਨਤਕ ਬੁਨਿਆਦੀ ਢਾਂਚੇ ਅਤੇ ਜਾਇਦਾਦਾਂ ਤੇ ਹੋਰ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ।

ਇੱਥੇ ਜ਼ਿਕਰਯੋਗ ਹੈ ਕਿ ਸ਼ੰਭੂ-ਅੰਬਾਲਾ ਰੇਲ ਮਾਰਗ ਤੇ ਬੀਤੀ ਰਾਤ ਧਮਾਕਾ ਹੋਇਆ ਸੀ, ਜਿਸ ਵਿੱਚ ਸ਼ੰਭੂ ਕੋਲ ਰੇਲਵੇ ਲਾਈਨ ਨੁਕਸਾਨੀ ਗਈ ਸੀ। ਧਮਾਕਾ ਰਾਤ ਤਕਰੀਬਨ 10 ਵਜੇ ਦੇ ਕਰੀਬ ਹੋਇਆ।

ਇਸ ਧਮਾਕੇ ਦੌਰਾਨ ਰੇਲਵੇ ਲਾਈਨ ਦੇ ਇੱਕ ਹਿੱਸੇ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਦੌਰਾਨ ਇਨ੍ਹਾਂ ਦੇ ਵਿਚਕਾਰ ਸਥਿਤ ਪੱਥਰ ਦੀ ਸਲੈਬ ਟੁੱਟਣ ਸਮੇਤ ਰੇਲਵੇ ਲਾਈਨ ਵੀ ਟੁੱਟ ਗਈ ਸੀ ਜਿਸ ਮਗਰੋਂ ਰੇਲਵੇ ਵਿਭਾਗ ਵੱਲੋਂ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਧਮਾਕੇ ਦੌਰਾਨ ਨੁਕਸਾਨੀ ਗਈ ਰੇਲਵੇ ਲਾਈਨ ਅੱਜ ਸਵੇਰੇ ਰੇਲਵੇ ਵਿਭਾਗ ਵੱਲੋਂ ਆਵਾਜਾਈ ਲਈ ਬਹਾਲ ਕਰ ਦਿੱਤੀ ਗਈ ਹੈ।

ਰੇਲਵੇ ਟਰੈਕ ਤੋਂ ਇੱਕ ਮਨੁੱਖੀ ਧੜ ਦਾ ਕੁਝ ਹਿੱਸਾ ਵੀ ਮਿਲਿਆ ਸੀ। ਇਸ ਧਮਾਕੇ ਦੌਰਾਨ ਮਾਰੇ ਗਏ ਦੱਸੇ ਜਾ ਰਹੇ ਵਿਅਕਤੀ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਨਾਲ ਸੰਬੰਧਿਤ ਜਗਰੂਪ ਸਿੰਘ ਵਜੋਂ ਹੋਈ ਹੈ। ਇਸ ਧਮਾਕੇ ਦੌਰਾਨ ਉਸਦਾ ਮੂੰਹ ਸਿਰ ਅਤੇ ਲੱਤਾਂ ਉੱਡ ਗਈਆਂ ਤੇ ਸਿਰਫ ਢਿੱਡ ਤੇ ਛਾਤੀ ਵਾਲਾ ਹਿੱਸਾ ਹੀ ਬਚਿਆ ਹੈ। ਪਰ ਇਸ ਦੌਰਾਨ ਹੀ ਉਸਦਾ ਮੋਬਾਈਲ ਫੋਨ ਟੁੱਟਣੋ ਬਚ ਗਿਆ। ਜਿਸ ਤੋਂ ਹੀ ਉਸਦੀ ਸ਼ਨਾਖਤ ਹੋਈ ਦੱਸੀ ਜਾ ਰਹੀ ਹੈ।

Mohali

ਮੁਹਾਲੀ ਪੁਲੀਸ ਨੇ ਸੁਲਝਾਈ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ, ਪੜੌਸੀ ਮਹਿਲਾ ਨੇ ਕੀਤਾ ਸੀ ਗਲਾ ਘੁੱਟ ਕੇ ਕਤਲ

Published

on

By

ਸੀ. ਸੀ. ਟੀ. ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਸੁਲਝਿਆ ਮਾਮਲਾ, ਮਹਿਲਾ ਗ੍ਰਿਫ਼ਤਾਰ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਲਾਲੜੂ ਥਾਣਾ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਪਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਐਸ ਪੀ (ਦਿਹਾਤੀ) ਐਸ. ਏ. ਐਸ. ਨਗਰ, ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 15 ਨਵੰਬਰ ਨੂੰ ਪਿੰਡ ਬੱਲੋਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਦੇ ਦੋ ਸਾਲ ਦੇ ਪੁੱਤਰ ਗੁਰਸਾਂਝ ਸਿੰਘ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿੱਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਵਿੰਦਰ ਸਿੰਘ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪੁੱਤਰ ਗੁਰਸਾਂਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਿਆਂ ਲਾਪਤਾ ਹੋ ਗਿਆ ਸੀ ਅਤੇ ਬੱਚੇ ਦੀ ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ।

ਉਹਨਾਂ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਲਾਲੜੂ ਵਿਖੇ 15 ਨਵੰਬਰ ਨੂੰ ਬੀ ਐਨ ਐਸ ਦੀ ਧਾਰਾ 140(1), 103(1) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਅਤੇ ਮੁਲਜ਼ਮ ਦੀ ਪਛਾਣ ਲਈ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀਆਂ ਹਦਾਇਤਾਂ ਤੇ ਐਸ ਪੀ ਦਿਹਾਤੀ ਸ੍ਰੀ ਜਸਪਿੰਦਰ ਸਿੰਘ ਗਿੱਲ ਅਤੇ ਡੀ ਐਸ ਪੀ ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਸਪੈਸ਼ਲ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਲਾਲੜੂ ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ।

ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਜਿਸ ਦੌਰਾਨ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੜਤਾਲੇ ਜਾਣ ਤੋਂ ਇਲਾਵਾ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ। ਇਨ੍ਹਾਂ ਯਤਨਾਂ ਸਦਕਾ ਪੁਲੀਸ ਨੇ ਅੱਜ ਸੋਨਿਕਾ ਵਾਸੀ ਪਿੰਡ ਬੱਲੋਪੁਰ, ਥਾਣਾ ਲਾਲੜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿੱਚ ਲਾਸ਼ ਘਰ ਦੀ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲੀਸ ਮੁਤਾਬਕ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੁੱਸੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਵਾਰਦਾਤ ਵਿੱਚ ਵਰਤੇ ਗਏ ਦੱਸੇ ਜਾ ਰਹੇ ਇੱਕ ਕੰਬਲ ਅਤੇ ਇੱਕ ਚਾਦਰ ਦੀ ਬਰਾਮਦਗੀ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Punjab

ਪਟਿਆਲਾ-ਬਠਿੰਡਾ ਕੌਮੀ ਮਾਰਗ ਤੇ ਡਿੱਗਿਆ ਭਾਖੜਾ ਨਹਿਰ ਦਾ ਪੁਲ

Published

on

By

ਮਲਬੇ ਵਿੱਚ ਫਸੇ ਦੋ ਟਰੱਕ, ਇੱਕ ਨੂੰ ਲੱਗੀ ਅੱਗ

ਪਟਿਆਲਾ, 19 ਨਵੰਬਰ (ਸ.ਬ.) ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ਤੇ ਭਾਖੜਾ ਨਹਿਰ ਉੱਪਰ ਬਣਿਆ ਇੱਕ ਬੇਲੀ ਪੁਲ ਅੱਜ ਸਵੇਰੇ ਅਚਾਨਕ ਡਿੱਗ ਗਿਆ। ਇਸ ਦੌਰਾਨ ਦੋ ਟਰੱਕ ਹੇਠਾਂ ਡਿੱਗ ਕੇ ਪੁਲ ਦੇ ਮਲਬੇ ਵਿੱਚ ਲਟਕ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਟਰੱਕਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕਸਾਰ ਪਿੰਡ ਪਸਿਆਣਾ ਨੇੜੇ ਵਾਪਰੀ ਜਦੋਂ ਰੇਤ ਨਾਲ ਭਰੇ ਟਰੱਕ ਪੁਲ ਤੋਂ ਲੰਘ ਰਹੇ ਸਨ। ਅੱਜ ਸਵੇਰੇ ਕਰੀਬ ਛੇ ਵਜੇ ਜਦੋਂ ਇਸ ਪੁਲ ਤੋਂ ਤਿੰਨ ਗੱਡੀਆਂ ਲੰਘ ਰਹੀਆਂ ਸਨ ਤਾਂ ਜਦੋਂ ਇਕ ਗੱਡੀ ਦਾ ਅੱਧਾ ਹਿੱਸਾ ਅਜੇ ਪੁਲ ਤੇ ਹੀ ਸੀ ਤਾਂ ਪੁੱਲ ਡਿੱਗ ਕੇ ਟੁੱਟ ਗਿਆ ਪਰੰਤੂ ਉਸ ਟਰੱਕ ਡਰਾਈਵਰ ਨੇ ਭਜਾ ਕੇ ਆਪਣੀ ਗੱਡੀ ਕੱਢ ਦਿੱਤੀ। ਪਰੰਤੂ ਜਿਹੜੀਆਂ ਦੋ ਗੱਡੀਆਂ ਪੁਲ ਦੇ ਉੱਪਰ ਸਨ ਉਹ ਪੁਲ ਦੇ ਨਾਲ ਹੀ ਹੇਠਾਂ ਡਿੱਗ ਗਈਆਂ।

ਪੁਲ ਡਿੱਗਣ ਤੋਂ ਬਾਅਦ, ਦੋਵੇਂ ਟਰੱਕ ਟੁੱਟੇ ਹੋਏ ਢਾਂਚੇ ਵਿੱਚ ਫਸ ਗਏ ਅਤੇ ਨਹਿਰ ਦੇ ਉੱਪਰ ਲਟਕਦੇ ਰਹੇ, ਜਦਕਿ ਭਾਖੜਾ ਨਹਿਰ ਦਾ ਪਾਣੀ ਡਿੱਗੇ ਹੋਏ ਪੁਲ ਦੇ ਉੱਪਰੋਂ ਵਹਿ ਰਿਹਾ ਸੀ। ਇੱਕ ਟਰੱਕ ਨੂੰ ਲੱਗੀ ਅੱਗ ਤੇ ਕਾਬੂ ਪਾਉਣ ਲਈ ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਟੀਮਾਂ, ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਸਮੇਤ ਸਥਿਤੀ ਨੂੰ ਸੰਭਾਲਣ ਅਤੇ ਰਾਹਤ ਤੇ ਬਚਾਅ ਕਾਰਜ ਚਲਾਉਣ ਲਈ ਮੌਕੇ ਤੇ ਪਹੁੰਚ ਗਈਆਂ।

ਆਲੇ ਦੁਆਲੇ ਲੋਹੇ ਦਾ ਜੰਗਲਾ ਹੋਣ ਕਾਰਨ ਪੁਲ ਪਾਣੀ ਵਿੱਚ ਤਾਂ ਨਹੀਂ ਰੁੜਿਆ ਪ੍ਰੰਤੂ ਇੱਕ ਟਰੱਕ ਨੂੰ ਅੱਗ ਲੱਗ ਗਈ ਅਤੇ ਉਹ ਨਸ਼ਟ ਹੋ ਗਿਆ। ਇਸ ਦੌਰਾਨ ਇੱਕ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਪੁਲੀਸ ਨੇ ਹਸਪਤਾਲ ਦਾਖਲ ਕਰਾਇਆ ਹੈ ਹਾਲਾਂਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚਾਅ ਰਿਹਾ। ਇੱਕ ਟਰੱਕ ਦੇ ਜਖਮੀ ਹੋਏ ਡਰਾਈਵਰ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਹੈ।

ਪ੍ਰਭਾਵਿਤ ਹਾਈਵੇਅ ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਮੋੜ (ਡਾਇਵਰਟ) ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਹ ਕੌਮੀ ਮਾਰਗ 2016 ਵਿੱਚ ਮੁਕੰਮਲ ਹੋਇਆ ਸੀ ਅਤੇ ਇਹ ਪੁਲ ਵੀ ਉਸੇ ਸਮੇਂ ਬਣਾਇਆ ਗਿਆ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਪੁਲ ਜ਼ਿਆਦਾ ਭਾਰ ਕਾਰਨ ਡਿੱਗਿਆ ਹੈ-ਜੋ ਸ਼ਾਇਦ ਪੁਲ ਤੋਂ ਲੰਘਣ ਦੀ ਨਿਰਧਾਰਤ ਸੀਮਾ ਤੋਂ ਵੱਧ ਸੀ। ਪਰ, ਅਸਲ ਕਾਰਨਾਂ ਦਾ ਪਤਾ ਤਕਨੀਕੀ ਮਾਹਿਰਾਂ ਵੱਲੋਂ ਲਗਾਇਆ ਜਾਵੇਗਾ।

Continue Reading

Mohali

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਲੰਬਿਤ ਮਾਮਲਿਆਂ ਦੀ ਸਮੀਖਿਆ

Published

on

By

ਸਵਾਮਿਤਵਾ ਯੋਜਨਾ, ਇੰਤਕਾਲਾਂ, ਜਮ੍ਹਾਂਬੰਦੀਆਂ, ਕਿਸਾਨ ਰਜਿਸਟਰੀ ਅਤੇ ਬਕਾਇਆ ਵਸੂਲੀਆਂ ਸਮੇਤ ਵੱਖ-ਵੱਖ ਮੁੱਦਿਆਂ ਦਾ ਲਿਆ ਜਾਇਜ਼ਾ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡਚਲਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ ਮਾਲ ਵਿਭਾਗ, ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਵਾਮਿਤਵਾ ਯੋਜਨਾ, ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੇ ਲੰਬਿਤ ਮਾਮਲਿਆਂ, ਕਿਸਾਨ ਰਜਿਸਟਰੀ ਦੀ ਪ੍ਰਵਾਨਗੀ, ਬਕਾਇਆ ਵਸੂਲੀਆਂ, ਅਦਾਲਤੀ ਮਾਮਲਿਆਂ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਪਿਮਸ਼ਨਰ ਵਲੋਂ ਸਵਾਮਿਤਵਾ ਯੋਜਨਾ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦ ਮਿੱਥੇ ਸਮੇਂ ਦੌਰਾਨ ਪੂਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਸਬੰਧੀ ਮਾਲਕੀ ਦੇ ਅਧਿਕਾਰਾਂ ਬਾਰੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਲੰਬਿਤ ਇੰਤਕਾਲਾਂ ਅਤੇ ਜਮ੍ਹਾਂਬੰਦੀਆਂ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਰਿਕਾਰਡ ਨਾਲ ਸਬੰਧਤ ਮਾਮਲਿਆਂ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਰਜਿਸਟਰੀ ਨਾਲ ਜੁੜੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਨ ਲਈ ਕਿਹਾ ਗਿਆ, ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਕਾਇਆ ਵਸੂਲੀਆਂ ਅਤੇ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋੜੀਂਦੀ ਕਾਰਵਾਈ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ ਅਤੇ ਲੰਬਿਤ ਵਸੂਲੀਆਂ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਜਨਗਣਨਾ ਸਬੰਧੀ ਤਿਆਰੀਆਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਜਨਗਣਨਾ ਨਾਲ ਜੁੜੇ ਕੰਮਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਗਣਨਾ ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਕਰਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ. ਡੇਰਾਬੱਸੀ, ਅਮਿਤ ਗੁਪਤਾ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਕਾਰਜਕਾਰੀ ਅਧਿਕਾਰੀਆਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Latest News

Trending