Chandigarh
ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੌਰਾਨ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਕੁੱਲ 45.60 ਫ਼ੀਸਦ ਵੋਟਿੰਗ ਦਰਜ
ਭਾਰੀ ਗਰਮੀ ਕਾਰਨ ਘੱਟ ਰਿਹਾ ਵੋਟ ਪ੍ਰਤੀਸ਼ਤ
ਚੰਡੀਗੜ੍ਹ, 26 ਮਈ (ਸ.ਬ.) ਪੰਜਾਬ ਵਿੱਚ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਦੀ ਚੋਣ ਲਈ ਵੋਟਾਂ ਪੈਣ ਦਾ ਕੰਮ ਜਾਰੀ ਹੈ। ਮੌਸਮ ਗਰਮ ਹੋਣ ਕਰਕੇ ਵੱਡੀ ਗਿਣਤੀ ਲੋਕ ਸਵੇਰੇ ਹੀ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਗਏ ਸਨ। ਉਧਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਕੁੱਲ 45.60 ਫ਼ੀਸਦ ਵੋਟਿੰਗ ਦਰਜ ਕੀਤੀ ਗਈ ਸੀ ਜਿਸਦੇ 55 ਫੀਸਦੀ ਤਕ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ।
ਅੱਜ ਹੋ ਰਹੀਆਂ ਸਥਾਨਕ ਚੋਣਾਂ ਦੌਰਾਨ 35.45 ਲੱਖ ਵੋਟਰਾਂ ਵੱਲੋਂ ਕੁੱਲ 7555 ਉਮੀਦਵਾਰਾਂ ਦੀ ਕਿਸਾਮਤ ਦਾ ਫੈਸਲਾ ਕੀਤਾ ਜਾਣਾ ਹੈ। ਇਨ੍ਹਾਂ ਚੋਣਾਂ ਲਈ ਸੂਬੇ ਭਰ ਵਿੱਚ 1,014 ਪੋਲਿੰਗ ਬੂਥ ਬਣਾਏ ਗਏ ਹਨ ਅਤੇ 35 ਹਜ਼ਾਰ ਦੇ ਕਰੀਬ ਚੋਣ ਅਮਲਾ ਭਲਕੇ ਜਮਹੂਰੀ ਪ੍ਰਕਿਰਿਆ ਵਿੱਚ ਡਿਊਟੀ ਤੇ ਤਾਇਨਾਤ ਕੀਤਾ ਗਿਆ। ਇਸ ਤੋਂ ਇਲਾਵਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨਿਬੇੜਨ ਲਈ 32 ਹਜ਼ਾਰ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਸ ਦੌਰਾਨ ਪੁਲੀਸ ਫੋਰਸ ਵਲੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੜਕ ਉਪਰ ਰੋਕਾਂ ਲਗਾ ਕੇ ਧੂਰੀ ਜਾਣ ਤੋਂ ਰੋਕੇ ਜਾਣ ਤੋਂ ਰੋਹ ਵਿੱਚ ਆਏ ਬਿੱਟੂ ਅਤੇ ਪੁਲੀਸ ਅਧਿਕਾਰੀਆਂ ਵਿਚਕਾਰ ਕਾਫ਼ੀ ਤਕਰਾਰ ਹੋਈ। ਰਵਨੀਤ ਸਿੰਘ ਬਿੱਟੂ ਅੱਜ ਪੁਲੀਸ ਵਲੋਂ ਧੂਰੀ ਵਿਖੇ ਪਾਰਟੀ ਆਗੂ ਪ੍ਰੋ. ਓਂਕਾਰ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਮਿਲਣ ਤੇ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪਹਿਲਾਂ ਪੁਲੀਸ ਧੂਰੀ ਵਿਖੇ ਓਂਕਾਰ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈਣ ਮਗਰੋਂ ਥਾਣਾ ਸਿਟੀ ਧੂਰੀ ਲੈ ਗਈ ਅਤੇ ਜਿਉਂ ਹੀ ਪੁਲੀਸ ਨੂੰ ਪਤਾ ਲੱਗਿਆ ਕਿ ਮੈਂ ਧੂਰੀ ਆ ਰਿਹਾ ਤਾਂ ਪੁਲੀਸ ਫ਼ਿਰ ਸਿੱਧੂ ਨੂੰ ਸੰਗਰੂਰ ਲੈ ਗਈ। ਜਦੋਂ ਉਹ ਸੰਗਰੂਰ ਆ ਰਹੇ ਸੀ ਤਾਂ ਫ਼ਿਰ ਪੁਲੀਸ ਓਂਕਾਰ ਸਿੰਘ ਸਿੱਧੂ ਨੂੰ ਮੁੜ ਧੂਰੀ ਲੈ ਗਈ। ਬਿੱਟੂ ਨੇ ਦੋਸ਼ ਲਾਇਆ ਕਿ ਧੂਰੀ ਵਿਖੇ ਸ਼ਰੇਅਮ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਵੀ ਆਪ ਸਰਕਾਰ ਦਾ ਪੱਖ ਪੂਰ ਰਹੀ ਹੈ।
ਇਸ ਤੋਂ ਇਲਾਵਾ ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 33 ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਦੇ ਸਮਰਥਕ ਆਪਸ ਵਿੱਚ ਭਿੜ ਗਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਆਗੂ ਵੱਲੋਂ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਦੇ ਥੱਪੜ ਮਾਰਨ ਦੀ ਵੀਡੀਓ ਵੀ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਹੈ। ਜਾਣਕਾਰੀ ਅਨੁਸਾਰ ਇਸ ਵਾਰਡ ਵਿੱਚ ਜਾਅਲੀ ਵੋਟਾਂ ਪਾਏ ਜਾਣ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਦੋਵੇਂ ਧਿਰਾਂ ਦੇ ਸਮੱਰਥਕ ਆਪਸ ਵਿੱਚ ਭਿੜ ਗਏ। ਇਸੇ ਦੌਰਾਨ ਭਾਵੇਂ ਪੁਲੀਸ ਵੱਲੋਂ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲੀਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਵੀ ਸੱਤਾਧਿਰ ਆਪ ਦੇ ਸਮਰਥਕ ਆਜ਼ਾਦ ਉਮੀਦਵਾਰਾਂ ਦੇ ਵਰਕਰਾਂ ਦੀ ਕੁੱਟਮਾਰ ਕਰਦੇ ਦਿਖਾਈ ਦਿੱਤੇ। ਮਜੀਠਾ ਨਗਰ ਕੌਂਸਲ ਦੀ ਵਾਰਡ ਨੰਬਰ 9 ਵਿੱਚ ਵੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚਕਾਰ ਜੰਮਕੇ ਲੜਾਈ ਹੋਈ। ਲੜਾਈ ਵਿੱਚ ਕੁਝ ਵਿਅਕਤੀਆਂ ਦੇ ਫੱਟੜ ਹੋਣ ਦੀ ਖਬਰ ਹੈ। ਵੋਟਾਂ ਨੂੰ ਲੈ ਕੇ ਦੋਹਾਂ ਧਿਰਾਂ ਵਿਚ ਡਾਂਗ ਸੋਟਾ ਚੱਲਿਆ।
ਮਜੀਠਾ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਆਪਣੀ ਵੋਟ ਪਾਉਣ ਲਈ ਪਹੁੰਚੇ। ਜਿਵੇਂ ਹੀ ਮਜੀਠੀਆ ਆਪਣੀ ਪਤਨੀ ਅਤੇ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਬੂਥ ਨੰਬਰ 5 ਤੇ ਪੁੱਜੇ, ਤਾਂ ਉੱਥੇ ਮੌਜੂਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸ ਹੰਗਾਮੇ ਕਾਰਨ ਪੋਲਿੰਗ ਬੂਥ ਦੇ ਬਾਹਰ ਮਾਹੌਲ ਕਾਫ਼ੀ ਗਰਮਾ ਗਿਆ। ਸਥਿਤੀ ਨੂੰ ਤਣਾਅਪੂਰਨ ਹੁੰਦਾ ਦੇਖ ਪੁਲੀਸ ਤੁਰੰਤ ਹਰਕਤ ਵਿੱਚ ਆਈ ਅਤੇ ਮਜੀਠੀਆ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਉੱਥੋਂ ਖਦੇੜ ਦਿੱਤਾ। ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਪੁਲੀਸ ਪ੍ਰਸ਼ਾਸਨ ਅਤੇ ਗੈਂਗਸਟਰਾਂ ਦੀ ਮਦਦ ਨਾਲ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਸਰਕਾਰ ਨੇ ਇਹਨਾਂ ਦੀ ਮਦਦ ਨਾਲ ਧੱਕੇਸ਼ਾਹੀ ਕਰਕੇ ਵਿਰੋਧ ਉਮੀਦਵਾਰਾਂ ਦੇ ਪੇਪਰ ਰੱਦ ਕਰਵਾਏ ਹਨ ਅਤੇ ਹੁਣ ਚੋਣਾਂ ਵਿੱਚ ਵੱਡੀਆਂ ਧਾਂਦਲੀਆਂ ਕੀਤੀਆਂ ਜਾ ਰਹੀਆਂ ਹਨ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
