Connect with us

Chandigarh

ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ

Published

on

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਖਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 10 ਜੁਲਾਈ (ਸ.ਬ.) ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਚੰਡੀਗੜ੍ਹ ਪੁੱਜੇ ਕਿਸਾਨਾਂ (ਮਰਦ ਔਰਤਾਂ) ਨੇ ਭਾਰਤ ਅਮਰੀਕਾ ਵਪਾਰ ਸਮਝੌਤੇ, ਨਵੀਂ ਲੈਂਡ ਪੂਲਿੰਗ ਨੀਤੀ, ਇਰਾਨ ਤੇ ਅਮਰੀਕੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਦੀ ਆੜ ਵਿੱਚ ਭਾਰਤੀ ਲੋਕਾਂ ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਖਿਲਾਫ਼ ਸੈਕਟਰ 34 ਦੇ ਦੁਸਹਿਰਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕੀਤੀ ਅਤੇ ਮਟਕਾ ਚੌਂਕ ਤੱਕ ਰੋਸ ਮੁਜ਼ਾਹਰਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਬਰਦਸਤ ਪ੍ਰਦਰਸ਼ਨ ਕੀਤਾ।

ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ ਨਾਲ ਸਮਾਜ ਦੇ ਸਭਨਾਂ ਮਿਹਨਤਕਸ਼ ਵਰਗਾਂ ਤੇ ਮਾਰ ਪਾਵੇਗਾ। ਉਹਨਾਂ ਕਿਹਾ ਕਿ ਅਮਰੀਕੀ ਮੰਡੀ ਵਿੱਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਹੋਰ ਸਨਅਤੀ ਤਿਆਰ ਮਾਲ ਛੋਟੇ ਸਨਅਤਕਾਰਾਂ ਤੇ ਛੋਟੇ ਵਪਾਰੀਆਂ/ਕਾਰੋਬਾਰੀਆਂ ਦਾ ਉਜਾੜਾ ਕਰੇਗਾ।

ਉਹਨਾਂ ਕਿਹਾ ਕਿ ਮੋਦੀ ਹਕੂਮਤ ਅਮਰੀਕੀ ਸਾਮਰਾਜੀਆਂ ਦੇ ਦਬਾਅ ਮੂਹਰੇ ਝੁਕ ਕੇ ਦੇਸ਼ ਦੇ ਕਿਸਾਨਾਂ ਨਾਲ ਨਾਲ ਧਰੋਹ ਕਮਾ ਰਹੀ ਹੈ ਜਦਕਿ ਮੁਲਕ ਅੰਦਰ ਖਰੀ ਰਾਸ਼ਟਰਵਾਦੀ ਸਰਕਾਰ ਹੋਣ ਦੇ ਦਾਅਵੇ ਕਰਦੀ ਰਹੀ ਹੈ। ਅਸਲੀਅਤ ਵਿੱਚ ਇਹ ਸਰਕਾਰ ਆਪਣੀ ਫਿਰਕੂ ਰਾਸ਼ਟਰਵਾਦੀ ਸਿਆਸਤ ਦੇ ਜ਼ਰੀਏ ਸਾਮਰਾਜੀਆਂ ਦੀ ਸੇਵਾ ਕਮਾ ਰਹੀ ਹੈ।

ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਸਖਤ ਵਿਰੋਧ ਦੇ ਮਗਰੋਂ ਰੱਦ ਕੀਤੀ ਗਈ ਲੁਟੇਰੀ ਲੈਂਡ ਪੂਲਿੰਗ ਨੀਤੀ ਮੁੜ ਲਿਆ ਕੇ ਕਾਰਪੋਰੇਟ ਕਾਰੋਬਾਰੀਆਂ ਤੇ ਰੀਅਲ ਅਸਟੇਟ ਦੀਆਂ ਜੋਕਾਂ ਨੂੰ ਹਰ ਹਾਲ ਕਿਸਾਨਾਂ ਦੀਆਂ ਜ਼ਮੀਨਾਂ ਲੁਟਾਉਣਾ ਚਾਹੁੰਦੀ ਹੈ। ਉਹਨਾਂ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨ ਅਜਿਹੀ ਖੇਤੀ ਉਜਾੜੂ ਤੇ ਕਿਸਾਨ ਉਜਾੜੂ ਨੀਤੀ ਨੂੰ ਲਾਗੂ ਨਹੀਂ ਹੋਣ ਦੇਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਝੰਡਾ ਸਿੰਘ ਜੇਠੂਕੇ ਅਤੇ ਗੁਰਦੀਪ ਸਿੰਘ ਰਾਮਪੁਰਾ ਨੇ ਇਰਾਨ ਤੇ ਅਮਰੀਕੀ ਸਾਮਰਾਜ ਵੱਲੋਂ ਵਿੱਢੇ ਹੋਏ ਫੌਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਇਰਾਨ ਨੂੰ ਲੁੱਟਣ ਅਤੇ ਸਾਰੇ ਮੱਧ ਪੂਰਬ ਅੰਦਰ ਤੇਲ ਤੇ ਕਬਜ਼ਾ ਜਮਾ ਕੇ ਰੱਖਣ ਲਈ ਇਰਾਨੀ ਟਾਕਰਾ ਖਤਮ ਕਰਨ ਲਈ ਕੀਤਾ ਗਿਆ ਹੈ। ਅਮਰੀਕੀ ਸਾਮਰਾਜੀ ਹੁਕਮਰਾਨ ਦੁਨੀਆਂ ਭਰ ਦੇ ਦੇਸ਼ਾਂ ਨੂੰ ਲੁੱਟਣ ਲਈ ਆਪਣੇ ਸਮਝੌਤੇ ਤੇ ਲੋਟੂ ਨੀਤੀਆਂ ਮੜ੍ਹ ਰਹੇ ਹਨ ਅਤੇ ਇਹਨਾਂ ਨੀਤੀਆਂ ਖਿਲਾਫ ਆਵਾਜ਼ ਉਠਾਉਣ ਵਾਲੇ ਦੇਸ਼ਾਂ ਦੇ ਹੁਕਮਰਾਨਾਂ ਨੂੰ ਕਤਲ ਕਰਨ ਤੇ ਮੁਲਕਾਂ ਤੇ ਹਮਲੇ ਕਰਨ ਤੱਕ ਜਾ ਰਹੇ ਹਨ।

ਉਹਨਾਂ ਕਿਹਾ ਕਿ ਮੋਦੀ ਸਰਕਾਰ ਹੱਕੀ ਜੰਗ ਲੜ ਰਹੇ ਇਰਾਨ ਨਾਲ ਖੜਨ ਦੀ ਥਾਂ ਅਮਰੀਕੀ ਸਾਮਰਾਜੀਆਂ ਦੀ ਚਾਕਰੀ ਵਿੱਚ ਇਜ਼ਰਾਈਲ ਤੇ ਅਮਰੀਕਾ ਦਾ ਸਾਥ ਦੇ ਰਹੀ ਹੈ। ਇਸ ਜੰਗ ਦੀ ਆੜ ਲੈ ਕੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਧੇ ਰਾਹੀਂ ਲੋਕਾਂ ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਹਨਾਂ ਕੀਮਤਾਂ ਵਿੱਚ ਕੀਤੇ ਵਾਧੇ ਵਾਪਸ ਲਏ ਜਾਣ ਅਤੇ ਬਹੁਕੌਮੀ ਕੰਪਨੀਆਂ, ਵੱਡੇ ਸਰਮਾਏਦਾਰਾਂ ਤੇ ਭੌਂ-ਸਰਦਾਰਾਂ ਤੇ ਸਿੱਧੇ ਭਾਰੀ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਅਤੇ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲਿਆ ਜਾਵੇ।

ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਨੇ ਆਪਣੇ ਭਾਸ਼ਣ ਰਾਹੀਂ ਔਰਤਾਂ ਨੂੰ ਸੰਘਰਸ਼ਾਂ ਦੇ ਪਿੜ ਮੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਅੰਦਰ ਸਭ ਤੋਂ ਵੱਧ ਮਹਿੰਗਾਈ ਦੀ ਮਾਰ ਔਰਤਾਂ ਝੱਲਦੀਆਂ ਹਨ। ਇਸ ਲਈ ਇਸ ਵਰਗ ਨੂੰ ਵੱਧ ਜ਼ੋਰ ਨਾਲ ਲੜਾਈ ਦੇ ਮੈਦਾਨ ਵਿੱਚ ਨਿੱਤਰਨਾ ਪਊ। ਬੀਕੇਯੂ (ਏਕਤਾ ਡਕੌਂਦਾ) ਦੇ ਆਗੁ ਅੰਗਰੇਜ ਸਿੰਘ ਭਦੌੜ ਨੇ ਸਾਰੇ ਤਬਕਿਆਂ ਨੂੰ ਸਾਂਝੇ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ।

ਇਕੱਠ ਦੌਰਾਨ ਸਤਲੁਜ ਫਿਲਮ ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਤੇ ਲੋਕਾਂ ਵੱਲੋਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਫਿਰਕੂ ਵੋਟ ਸਿਆਸਤਦਾਨਾਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਗਿਆ। ਇਕੱਠ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰਿਆਣੇ ਤੋਂ ਸੂਬਾ ਪ੍ਰਧਾਨ ਕੰਵਰਜੀਤ ਸਿੰਘ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਦਰਸ਼ਨ ਸਿੰਘ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਗੁਰਦੇਵ ਸਿੰਘ ਮਾਂਗੇਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਦੇ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

Continue Reading

Chandigarh

ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ

Published

on

By

ਆਪ ਵਰਕਰਾਂ ਵਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ

ਚੰਡੀਗੜ੍ਹ, 6 ਅਗਸਤ (ਸ.ਬ.) ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕਰਦਿਆਂ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ ਅਤੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।

Continue Reading

Chandigarh

ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ ਤੇ ਵਿਧਾਨ ਸਭਾ ਵਿੱਚ ਹੋਇਆ ਹੰਗਾਮਾ

Published

on

By

ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਭਾਜਪਾ ਆਗੂ ਨੂੰ ਮਾਫੀ ਮੰਗਣ ਲਈ ਕਿਹਾ

ਚੰਡੀਗੜ੍ਹ, 6 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।

ਕਾਰਵਾਈ ਦੌਰਾਨ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਵਲੋਂ ਦਿੱਤੇ ਗਏ ਕੁੜੀ-ਮੁੰਡੇ ਨੂੰ ਲੈ ਕੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਅਸ਼ਵਨੀ ਸ਼ਰਮਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਸਰਕਾਰ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਘਰ ਵਿੱਚ ਕੁੜੀ ਪੈਦਾ ਹੋਵੇ ਤਾਂ ਕੇਂਦਰ ਸਰਕਾਰ ਨੂੰ ਦੋਸ਼ ਦਿੰਦੇ ਹਨ ਅਤੇ ਮੁੰਡਾ ਪੈਦਾ ਹੋ ਜਾਵੇ ਤਾਂ ਉਸ ਦਾ ਸਾਰਾ ਸਿਹਰਾ ਖ਼ੁਦ ਲੈ ਲੈਂਦੇ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ਜਿਹੜਾ ਵੀ ਵਿਅਕਤੀ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੇ ਆਗੂ ਧਮਕਾਉਂਦੇ ਹਨ ਅਤੇ ਸਰਕਾਰ ਨੂੰ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਹਕੀਕਤ ਜ਼ਮੀਨੀ ਪੱਧਰ ਤੇ ਜਾ ਕੇ ਦੇਖਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਦੇ ਇਸ ਬਿਆਨ ਤੋਂ ਬਾਅਦ ਸਦਨ ਵਿੱਚ ਸੱਤਾਧਿਰ ਦੇ ਆਗੂਆਂ ਵਲੋਂ ਰੌਲਾ ਪਾ ਦਿੱਤਾ ਗਿਆ। ਇਸ ਦਾ ਜਵਾਬ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਕੁੜੀ ਹੋਣ ਦੀ ਗੱਲ ਕਹਿਣਾ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਮੋਹਰੀ ਹਨ ਅਤੇ ਵਧੀਆ ਕੰਮ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਵੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਇਸ ਬਿਆਨ ਨਾਲ ਪੰਜਾਬ ਦੀਆਂ ਸਵਾ ਕਰੋੜ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਸਿਫਰ ਕਾਲ ਦੌਰਾਨ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਪਿੰਡਾਂ ਨੇੜੇ ਢਾਣੀਆ ਵਿੱਚ ਰਹਿੰਦੇ ਲੋਕਾਂ ਨੂੰ ਹਿਫ਼ਾਜ਼ਤ ਲਈ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਬਾਹਰ ਖੇਤਾਂ ਵਿੱਚ ਰਹਿੰਦੇ ਲੋਕਾਂ ਨੂੰ ਗੈਂਗਸਟਰ ਨਿਸ਼ਾਨਾ ਬਣਾ ਰਹੇ ਹਨ। ਇਸਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੰਗੇ ਕਿਰਦਾਰ ਵਾਲੇ ਲੋਕਾਂ ਨੂੰ ਲਾਇਸੈਂਸ ਮਿਲਣੇ ਚਾਹੀਦੇ ਹਨ। ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਉਚੇਚੇ ਤੌਰ ਤੇ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਸਿਫ਼ਰ ਕਾਲ 24 ਮਿੰਟ ਵਿੱਚ ਹੀ ਖ਼ਤਮ ਕੀਤੇ ਜਾਣ ਕਾਂਗਰਸ ਨੇ ਕੀਤਾ ਇਤਰਾਜ਼ ਜ਼ਾਹਿਰ ਕੀਤਾ। ਸਦਨ ਦੀ ਕਾਰਵਾਈ ਦੌਰਬਾਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Continue Reading

Chandigarh

ਹੰਗਾਮੇ ਭਰਿਆ ਰਿਹਾ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ

Published

on

By

ਸਦਨ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਾਰਵਾਈ ਮੁਲਤਵੀ

ਚੰਡੀਗੜ੍ਹ, 5 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਤੀਜਾ ਦਿਨ ਇੱਕ ਵਾਰ ਫਿਰ ਹੰਗਾਮਾ ਭਰਪੂਰ ਰਿਹਾ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਪਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਪੁੱਜੇ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ।

ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।

ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਸ ਵਚਨਬੱਧਤਾ ਬਾਰੇ ਦੱਸਿਆ ਜਾਵੇ ਕਿ ਜੋ ਸੱਤਾਧਾਰੀ ਪਾਰਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਸਾਹਮਣੇ ਪੇਸ਼ ਹੋਣ ਵੇਲੇ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਅਕਾਲ ਤਖ਼ਤ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੀ ਹੈ।

ਕਾਂਗਰਸੀ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਅਤੇ ਪਾਰਟੀ ਆਗੂ ਮਨਪ੍ਰੀਤ ਇਆਲੀ ਨਾਲ ਮਿਲ ਕੇ ‘ਗੁਰੂ-ਦੋਖੀ ਸਰਕਾਰ’ ਦੇ ਨਾਅਰੇ ਲਗਾਉਂਦੇ ਹੋਏ ਸਦਨ ਦੇ ਵਿਚਕਾਰਲੇ ਹਿੱਸੇ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਬਿੱਲ ਵਿੱਚ ਸੋਧਾਂ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਸਨ। ਸਮੁੱਚੀ ਵਿਰੋਧੀ ਧਿਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਮਾਮਲੇ ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਕਰਨ ਦੇ ਮਾਮਲੇ ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।

ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਨਅਤੀ ਪਲਾਟ ਘਪਲੇ ਦੇ ਮੁੱਦੇ ਨੂੰ ਚੁੱਕਿਆ ਅਤੇ ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ। ਪ੍ਰਤਾਪ ਬਾਜਵਾ ਨੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਨਾਲ ਸਬੰਧਤ ਘੁਟਾਲੇ ਦੇ ਮਾਮਲੇ ਵਿੱਚ 11 ਥਾਵਾਂ ਤੇ ਈ. ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਜਵਾਬਦੇਹੀ ਦੀ ਮੰਗ ਕੀਤੀ ਜਿਨ੍ਹਾਂ ਦੇ ਨਾਂ ਈ. ਡੀ. ਦੀ ਜਾਂਚ ਵਿੱਚ ਸਾਹਮਣੇ ਆਏ ਹਨ।

ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਰਾ ਨੇ ਲੰਘੇ ਦਿਨ ਕੰਮ ਰੋਕੂ ਮਤੇ ਲਾਉਣ ਦਾ ਮੁੱਦਾ ਚੁੱਕਿਆ, ਜਿਸ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਸੁਰੱਖਿਆ ਕਰਮੀਆਂ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਵਾਇਆ ਕਿ ਉਕਤ ਮਾਮਲੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਵਿਧਾਇਕਾਂ ਦੇ ਕੰਮ ਰੋਕੂ ਮਤੇ ਨੂੰ ਅਸਵੀਕਾਰ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਜਾਰੀ ਰੱਖੀ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Continue Reading

Latest News

Trending