Connect with us

Chandigarh

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਜੋਂ ਕਿਸਾਨਾਂ ਨੇ ਮੁਫਤ ਕੀਤੇ ਪੰਜਾਬ ਦੇ ਟੋਲ ਪਲਾਜ਼ੇ

Published

on

ਚੰਡੀਗੜ੍ਹ, 22 ਜੁਲਾਈ (ਸ.ਬ.) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਜੱਥੇਬੰਦੀਆਂ ਵਲੋਂ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਿਆਂ ਤੇ ਪਹੁੰਚ ਕੇ ਇਹਨਾਂ ਨੂੰ ਆਮ ਲੋਕਾਂ ਲਈ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫ਼ਤ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਟੋਲ ਪਲਾਜ਼ਿਆਂ ਤੇ ਪਹੁੰਚੇ ਅਤੇ ਵਾਹਨਾਂ ਨੂੰ ਬਿਨਾਂ ਟੋਲ ਟੈਕਸ ਦਿੱਤੇ ਲੰਘਾਇਆ ਗਿਆ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਦੱਪਰ ਟੋਲ ਪਲਾਜ਼ਾ, ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ, ਮੋਗਾ ਵਿੱਚ ਦਾਰਾਪੁਰ ਅਤੇ ਕਾਵਾਂਕੇ ਪੱਤਣ ਟੋਲ ਪਲਾਜ਼ਿਆਂ, ਕੱਥੂਨੰਗਲ ਟੋਲ ਪਲਾਜ਼ਾ ਅਤੇ ਹੋਰ ਕਈ ਟੋਲ ਪਲਾਜ਼ਿਆਂ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਨਾਲ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਸਹੂਲਤ ਮਿਲੀ। ਪਟਿਆਲਾ-ਚੰਡੀਗੜ੍ਹ ਹਾਈਵੇ ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ਤੇ ਵੀ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਨਿਰਧਾਰਤ ਸਮੇਂ ਤੱਕ ਟੋਲ ਪਲਾਜ਼ਾ ਮੁਫ਼ਤ ਕਰਵਾਇਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਾਰਤ-ਅਮਰੀਕਾ ਪ੍ਰਸਤਾਵਿਤ ਟ੍ਰੇਡ ਸਮਝੌਤੇ ਦਾ ਵਿਰੋਧ ਕੀਤਾ।

ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ-ਅਮਰੀਕਾ ਟਰੇਡ ਡੀਲ ਨੂੰ ਵਾਪਸ ਨਾ ਲਿਆ ਗਿਆ ਜਾਂ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪੱਧਰ ਤੇ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛੇ ਨਹੀਂ ਹਟਣਗੇ ਅਤੇ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਭਾਰਤ-ਅਮਰੀਕਾ ਟ੍ਰੇਡ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ। ਵਿਦੇਸ਼ੀ ਖੇਤੀ ਉਤਪਾਦਾਂ ਦੀ ਆਮਦ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਵਾਜਬ ਭਾਅ ਨਹੀਂ ਮਿਲੇਗਾ, ਜਦਕਿ ਛੋਟੇ ਵਪਾਰੀਆਂ ਅਤੇ ਸਥਾਨਕ ਕਾਰੋਬਾਰ ਤੇ ਵੀ ਇਸ ਦਾ ਗੰਭੀਰ ਅਸਰ ਪਵੇਗਾ।

ਇਸ ਤੋਂ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਇਕੱਠੀਆਂ ਹੋਈਆਂ ਸਨ, ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਟ੍ਰੇਡ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ ਸੀ। ਕਿਸਾਨ ਆਗੂਆਂ ਨੇ ਕਿਹਾ ਭਾਰਤ-ਅਮਰੀਕਾ ਟ੍ਰੇਡ ਸਮਝੌਤੇ ਨੂੰ ਤੁਰੰਤ ਰੱਦ ਕਰਨਾ ਹੈ ਕਿਉਂਕਿ ਇਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ। ਜੇਕਰ ਸਰਕਾਰ ਕਿਸਾਨਾਂ ਦੀ ਅਵਾਜ਼ ਨਹੀਂ ਸੁਣਦੀ ਤਾਂ ਸੰਯੁਕਤ ਕਿਸਾਨ ਮੋਰਚਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ। ਇਸਤ ਤਹਿਤ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤਾਂ ਜੋ ਸਰਕਾਰ ਤੱਕ ਕਿਸਾਨਾਂ ਦੀ ਅਵਾਜ਼ ਪਹੁੰਚਾਈ ਜਾ ਸਕੇ।

ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ ਭਲਕੇ 23 ਜੁਲਾਈ ਨੂੰ ਅਮਰੀਕਾ ਤੋਂ ਇੱਕ ਵਫ਼ਦ ਭਾਰਤ ਆ ਰਿਹਾ ਹੈ, ਜਿੱਥੇ ਇਸ ਟਰੇਡ ਡੀਲ ਨੂੰ ਲੈ ਕੇ ਅਗਲੇ ਪੱਧਰ ਦੀਆਂ ਚਰਚਾਵਾਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਮਾਮਲੇ ਤੇ ਪੂਰੀ ਨਜ਼ਰ ਰੱਖ ਰਿਹਾ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 24 ਜੁਲਾਈ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਸ਼ਾਮਲ ਹੋਣਗੇ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਹਰੀ ਸਿੰਘ ਬੋਹੋੜਾ, ਰਣਜੀਤ ਸਿੰਘ ਭਗਵਾਸ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਧਰਮਿੰਦਰ ਸਿੰਘ ਜੋਲਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਚੌਹਦੜੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਗਜੀਤ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਤਿੰਦਰ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਸ਼ਾਮ ਲਾਲ, ਬਲਵਿੰਦਰ ਸਿੰਘ ਜੜੋਤ, ਨਿਰਮੈਲ ਸਿੰਘ ਜੌਲਾਂ ਕਲਾਂ, ਮਨਜੀਤ ਕੌਰ ਭਗਵਾਸ ਸਮੇਤ ਸੈਂਕੜੇ ਕਿਸਾਨ ਵਰਕਰ ਹਾਜ਼ਰ ਸਨ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending