Connect with us

Punjab

ਨੰਗਲ ਵਿੱਚ ਕੈਮੀਕਲ ਪਲਾਂਟ ਤੋਂ ਕਲੋਰੀਨ ਗੈਸ ਲੀਕ, ਜਾਨੀ ਨੁਕਸਾਨ ਤੋਂ ਬਚਾਅ

Published

on

ਰੋਪੜ, 3 ਅਗਸਤ (ਸ.ਬ.) ਰੋਪੜ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਸਥਿਤ ‘ਪ੍ਰੀਮੋ ਕੈਮੀਕਲਜ਼’ ਪਲਾਂਟ ਵਿੱਚੋਂ ਅੱਜ ਸਵੇਰੇ ਕਲੋਰੀਨ ਗੈਸ ਲੀਕ ਹੋਣ ਕਾਰਨ ਗੈਸ ਦੀ ਬਦਬੂ ਨੇੜਲੇ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਵਿੱਚ ਫੈਲ ਗਈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।

ਕੈਮੀਕਲ ਯੂਨਿਟ ਦੇ ਆਸ-ਪਾਸ ਦੀਆਂ ਕਲੋਨੀਆਂ ਵਿੱਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਬਦਬੂ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਗਈ ਸੀ। ਖ਼ਤਰਨਾਕ ਗੈਸ ਦੇ ਲੀਕ ਹੋਣ ਦੇ ਡਰੋਂ ਕਈ ਲੋਕਾਂ ਨੇ ਤੁਰੰਤ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕੀਤਾ। ਰਿਹਾਇਸ਼ੀਆਂ ਅਨੁਸਾਰ ਘਟਨਾ ਤੋਂ ਬਾਅਦ ਲੋਕਾਂ ਵਿੱਚ ਚਿੰਤਾ ਬਣੀ ਹੋਈ ਸੀ, ਕਿਉਂਕਿ ਉਹ ਅਧਿਕਾਰਤ ਪੁਸ਼ਟੀ ਦਾ ਇੰਤਜ਼ਾਰ ਕਰ ਰਹੇ ਸਨ ਕਿ ਇਹ ਘਟਨਾ ਕਿੰਨੀ ਗੰਭੀਰ ਹੈ ਅਤੇ ਇਸ ਨਾਲ ਸਿਹਤ ਨੂੰ ਕੋਈ ਖ਼ਤਰਾ ਹੈ ਜਾਂ ਨਹੀਂ।

ਪਲਾਂਟ ਦੇ ਨੇੜੇ ਸਥਿਤ ਮਾਡਰਨ ਐਵੇਨਿਊ ਕਲੋਨੀ ਦੇ ਰਹਿਣ ਵਾਲੇ ਵਿਜੇ ਕਪਿਲਾ ਨੇ ਦੱਸਿਆ ਕਿ ਸਵੇਰ ਵੇਲੇ ਉਨ੍ਹਾਂ ਦੇ ਘਰ ਵਿੱਚ ਗੈਸ ਦੀ ਬਦਬੂ ਭਰ ਗਈ ਸੀ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰਨ ਤੇ ਮੈਨੂੰ ਪਤਾ ਲੱਗਾ ਕਿ ਪ੍ਰੀਮੋ ਕੈਮੀਕਲਜ਼ ਤੋਂ ਕਲੋਰੀਨ ਗੈਸ ਲੀਕ ਹੋਈ ਹੈ। ਪ੍ਰਸ਼ਾਸਨ ਨੂੰ ਸਾਨੂੰ ਸਪੱਸ਼ਟ ਦੱਸਣਾ ਚਾਹੀਦਾ ਹੈ ਕਿ ਇੱਥੇ ਰਹਿਣਾ ਸੁਰੱਖਿਅਤ ਹੈ ਜਾਂ ਨਹੀਂ।

ਇਸ ਗੈਸ ਲੀਕੇਜ ਦਾ ਅਸਰ ਸਿਰਫ਼ ਨੰਗਲ ਕਸਬੇ ਤੱਕ ਹੀ ਸੀਮਤ ਨਹੀਂ ਰਿਹਾ, ਸਗੋਂ ਨੇੜਲੇ ਪਿੰਡਾਂ ਵਿੱਚ ਵੀ ਬੱਦਬੂ ਮਹਿਸੂਸ ਕੀਤੀ ਗਈ। ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਪਿੰਡ ਬੇਨੇਵਾਲ (ਜੋ ਪਲਾਂਟ ਦੇ ਬਿਲਕੁਲ ਨੇੜੇ ਹੈ) ਦੇ ਰਹਿਣ ਵਾਲੇ ਬੌਬੀ ਸਿੰਘ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਖ਼ਬਰ ਫੈਲਦਿਆਂ ਹੀ ਪਿੰਡ ਵਾਸੀਆਂ ਵਿੱਚ ਚਿੰਤਾ ਫੈਲ ਗਈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਰਸਾਇਣਕ ਬੱਦਬੂ ਸਾਫ਼ ਮਹਿਸੂਸ ਕੀਤੀ ਜਾ ਸਕਦੀ ਸੀ।

ਦੂਜੇ ਪਾਸੇ ਪ੍ਰੀਮੋ ਕੈਮੀਕਲਜ਼ ਨੇ ਦਾਅਵਾ ਕੀਤਾ ਹੈ ਕਿ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਕਰ ਲਿਆ ਗਿਆ ਹੈ। ਕੰਪਨੀ ਦੇ ਡਿਪਟੀ ਜਨਰਲ ਮੈਨੇਜਰ ਅਤੇ ਬੁਲਾਰੇ ਭਗਵਤੀ ਪ੍ਰਸਾਦ ਨੇ ਪਲਾਂਟ ਦੇ ਅੰਦਰ ਕਲੋਰੀਨ ਗੈਸ ਲੀਕ ਹੋਣ ਦੀ ਪੁਸ਼ਟੀ ਕੀਤੀ, ਪਰ ਨਾਲ ਹੀ ਕਿਹਾ ਕਿ ਇਸ ਤੇ ਤੁਰੰਤ ਕਾਬੂ ਪਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕਲੋਰੀਨ ਦੀ ਪਾਈਪਲਾਈਨ ਵਿੱਚ ਇੱਕ ਬਾਰੀਕ ਲੀਕੇਜ ਸੀ, ਜਿਸ ਨੂੰ ਠੀਕ ਕਰ ਦਿੱਤਾ ਗਿਆ ਹੈ। ਡਿਪਟੀ ਜਨਰਲ ਮੈਨੇਜਰ ਨੇ ਕਿਹਾ ਕਿ ਯੂਨਿਟ ਵਿੱਚ ਕਲੋਰੀਨ ਲੀਕੇਜ ਹੋਈ ਸੀ, ਪਰ ਇਸ ਤੇ ਕਾਬੂ ਪਾ ਲਿਆ ਗਿਆ ਹੈ। ਇਸ ਲੀਕੇਜ ਕਾਰਨ ਆਮ ਲੋਕਾਂ ਦੀ ਜਾਨ ਜਾਂ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ।

ਇਸ ਘਟਨਾ ਨੇ ਫ਼ੈਕਟਰੀ ਦੇ ਆਸ-ਪਾਸ ਰਹਿਣ ਵਾਲੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਪਹਿਲਾਂ ਵੀ ਕਈ ਵਾਰ ਦੋਸ਼ ਲਾਏ ਹਨ ਕਿ ਇਸ ਪਲਾਂਟ ਤੋਂ ਨਿਕਲਣ ਵਾਲੇ ਧੂੰਏਂ ਅਤੇ ਗੈਸਾਂ ਨਾਲ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ। ਹਾਲਾਂਕਿ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਪਹਿਲਾਂ ਹੋਈਆਂ ਜਾਂਚਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਫ਼ਸਲਾਂ ਦੇ ਨੁਕਸਾਨ ਜਾਂ ਪਾਣੀ ਦੂਸ਼ਿਤ ਹੋਣ ਦੇ ਅਜਿਹੇ ਦੋਸ਼ਾਂ ਦਾ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ।

ਇਸ ਤਾਜ਼ਾ ਘਟਨਾ ਨੇ ਉਦਯੋਗਿਕ ਸੁਰੱਖਿਆ ਅਤੇ ਸੰਕਟ ਸਮੇਂ ਸਹੀ ਜਾਣਕਾਰੀ ਦੇਣ ਵਾਲੇ ਪ੍ਰਬੰਧਾਂ ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਵਾਪਰਨ ਤੇ ਕੰਪਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਸਹੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਅਫ਼ਵਾਹਾਂ ਤੇ ਦਹਿਸ਼ਤ ਤੋਂ ਬਚਿਆ ਜਾ ਸਕੇ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Chandigarh

ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ : ਡਾ. ਬਲਬੀਰ ਸਿੰਘ

Published

on

By

ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਤੇਜ਼

ਚੰਡੀਗੜ੍ਹ, 21 ਸਤੰਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਬਾਰ ਵਿੱਚ ਨਕਲੀ ਅਤੇ ਮਾੜੀ ਗੁਣਵਤਾ ਵਾਲੇ ਸਾਮਾਨ ਦੀ ਸਪਲਾਈ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ।

ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸੰਬੰਧੀ ਜ਼ਮੀਨੀ ਪੱਧਰ ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੌਰਾਨ 216 ਨਮੂਨੇ ਲਏ ਗਏ ਜਿਹੜੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਫ.ਡੀ. ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ਤੇ ਹੀ 20 ਚਲਾਨ ਕੱਟੇ ਗਏ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਅਪੀਲ ਕੀਤੀ ਹੈ।

Continue Reading

Latest News

Trending