Mohali
ਮਹਿੰਗਾਈ, ਬੇਰੁਜਗਾਰੀ ਅਤੇ ਰੋਜਾਨਾ ਵੱਧਦੇ ਖਰਚਿਆਂ ਕਾਰਨ ਬਦਹਾਲ ਜਨਤਾ ਦੀ ਪਰਵਾਹ ਕਰਨ ਦੀ ਥਾਂ ਸਰਕਾਰੀ ਬੰਗਲਿਆਂ ਤੇ ਕਰੋੜਾਂ ਖਰਚ ਰਹੇ ਹਨ ਕੇਂਦਰ ਦੇ ਮੰਤਰੀ : ਬਲਜੀਤ ਕੌਰ
ਕੇਂਦਰੀ ਮੰਤਰੀਆਂ ਦੇ ਸਰਕਾਰੀ ਬੰਗਲਿਆਂ ਦੀ ਮੁਰੰਮਤ, ਸਾਜ-ਸਜਾਵਟ ਅਤੇ ਰੱਖ-ਰਖਾਅ ਤੇ ਇੱਕ ਸਾਲ ਵਿੱਚ ਖਰਚ ਹੋਏ 92.35 ਕਰੋੜ ਰੁਪਏ
ਐਸ ਏ ਐਸ ਨਗਰ, 24 ਅਗਸਤ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਰ ਟੀ ਆਈ ਰਾਹੀਂ ਸਾਹਮਣੇ ਆਈ ਜਾਣਕਾਰੀ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜਦੋਂ ਦੇਸ਼ ਦੇ ਆਮ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਰੋਜ਼ਾਨਾ ਵਧਦੇ ਘਰੇਲੂ ਖਰਚਿਆਂ ਨਾਲ ਜੂਝ ਰਹੇ ਹਨ, ਉਸ ਸਮੇਂ ਕੇਂਦਰੀ ਮੰਤਰੀਆਂ ਦੇ ਸਰਕਾਰੀ ਬੰਗਲਿਆਂ ਦੀ ਮੁਰੰਮਤ, ਸਾਜ-ਸਜਾਵਟ ਅਤੇ ਰੱਖ-ਰਖਾਅ ਤੇ ਇੱਕ ਸਾਲ ਵਿੱਚ 92.35 ਕਰੋੜ ਰੁਪਏ ਖਰਚ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਬਲਜੀਤ ਕੌਰ ਨੇ ਕਿਹਾ ਕਿ ਰਿਪੋਰਟ ਮੁਤਾਬਕ ਦਿੱਲੀ ਦੇ ਲੁਟੀਅਨਜ਼ ਜ਼ੋਨ ਵਿੱਚ ਕੇਂਦਰੀ ਮੰਤਰੀਆਂ ਨੂੰ ਅਲਾਟ ਸਰਕਾਰੀ ਬੰਗਲਿਆਂ ਦੀ ਸਾਂਭ-ਸੰਭਾਲ ਉੱਤੇ 2025-26 ਦੌਰਾਨ 92.35 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ 2014-15 ਵਿੱਚ ਇਹ ਖਰਚ ਲਗਭਗ 27.47 ਕਰੋੜ ਰੁਪਏ ਸੀ। ਉਹਨਾਂ ਕਿਹਾ ਕਿ ਜੇਕਰ ਇਹ ਅੰਕੜੇ ਸਰਕਾਰੀ ਰਿਕਾਰਡ ਅਨੁਸਾਰ ਹਨ ਤਾਂ ਇੱਕ ਦਹਾਕੇ ਵਿੱਚ ਤਿੰਨ ਗੁਣਾ ਤੋਂ ਵੱਧ ਵਾਧੇ ਦੇ ਕਾਰਨਾਂ ਬਾਰੇ ਕੇਂਦਰ ਸਰਕਾਰ ਨੂੰ ਦੇਸ਼ ਦੇ ਲੋਕਾਂ ਸਾਹਮਣੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਅਤੇ ਸੁਰੱਖਿਆ ਉੱਤੇ ਖਰਚ ਕਰਨਾ ਜ਼ਰੂਰੀ ਹੋ ਸਕਦਾ ਹੈ, ਖ਼ਾਸ ਕਰਕੇ ਜਦੋਂ ਕਈ ਬੰਗਲੇ ਕਾਫ਼ੀ ਪੁਰਾਣੇ ਹਨ, ਪਰ ਜਨਤਾ ਦੇ ਪੈਸੇ ਨਾਲ ਹੋਣ ਵਾਲੇ ਹਰ ਵੱਡੇ ਖਰਚ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਣੀ ਲਾਜ਼ਮੀ ਹੈ। ਲੋਕਾਂ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ 92 ਕਰੋੜ ਰੁਪਏ ਤੋਂ ਵੱਧ ਦੀ ਰਕਮ ਕਿਹੜੇ-ਕਿਹੜੇ ਕੰਮਾਂ ਅਤੇ ਕਿਹੜੀਆਂ ਮਦਾਂ ਉੱਤੇ ਖਰਚ ਕੀਤੀ ਗਈ।
ਉਹਨਾਂ ਕਿਹਾ ਕਿ ਇੱਕ ਪਾਸੇ ਆਮ ਪਰਿਵਾਰ ਮਹਿੰਗਾਈ ਕਾਰਨ ਆਪਣੇ ਘਰ ਦਾ ਬਜਟ ਸੰਭਾਲਣ ਲਈ ਸੰਘਰਸ਼ ਕਰ ਰਹੇ ਹਨ ਅਤੇ ਨੌਜਵਾਨ ਰੋਜ਼ਗਾਰ ਦੀ ਉਡੀਕ ਕਰ ਰਹੇ ਹਨ, ਦੂਜੇ ਪਾਸੇ ਕੇਂਦਰੀ ਮੰਤਰੀ ਦੇ ਸਰਕਾਰੀ ਬੰਗਲਿਆਂ ਉੱਤੇ ਕਰੋੜਾ ਰੁਪਏ ਖਰਚ ਕਰਨ ਦੀ ਕਾਰਵਾਈ ਸਰਕਾਰ ਦੀ ਸੰਵੇਦਨਹੀਨਤਾ ਨੂੰ ਜਾਹਿਰ ਕਰਦੀ ਹੈ।
ਸਰਕਾਰਾਂ ਦੀ ਪਹਿਲ ਆਮ ਨਾਗਰਿਕ ਨੂੰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ਤੇ ਮਹਿਲਾਵਾਂ ਅੱਜ ਮਹਿੰਗਾਈ ਦੀ ਸਭ ਤੋਂ ਵੱਡੀ ਮਾਰ ਝੱਲ ਰਹੀਆਂ ਹਨ। ਰਸੋਈ ਦਾ ਬਜਟ, ਬੱਚਿਆਂ ਦੀ ਪੜ੍ਹਾਈ, ਇਲਾਜ ਅਤੇ ਘਰ ਦੇ ਹੋਰ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨਾ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਮੁਸ਼ਕਲ ਹੁੰਦਾ ਜਾ ਰਿਹਾ ਹੈ। ਅਜਿਹੇ ਸਮੇਂ ਸਰਕਾਰ ਨੂੰ ਆਪਣੇ ਖਰਚਿਆਂ ਵਿੱਚ ਸਾਦਗੀ ਅਤੇ ਵਿੱਤੀ ਅਨੁਸ਼ਾਸਨ ਦੀ ਮਿਸਾਲ ਪੇਸ਼ ਕਰਨੀ ਚਾਹੀਦੀ ਹੈ।
ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਮੰਤਰੀਆਂ ਦੇ ਸਰਕਾਰੀ ਬੰਗਲਿਆਂ ਉੱਤੇ ਹੋਏ ਖਰਚ ਦਾ ਮਦਵਾਰ ਵੇਰਵਾ ਜਨਤਕ ਕੀਤਾ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਇਸ ਵਿੱਚ ਕਿੰਨੀ ਰਕਮ ਜ਼ਰੂਰੀ ਢਾਂਚਾਗਤ ਮੁਰੰਮਤ, ਸੁਰੱਖਿਆ, ਬਿਜਲੀ-ਪਾਣੀ ਪ੍ਰਣਾਲੀਆਂ ਅਤੇ ਕਿੰਨੀ ਰਕਮ ਹੋਰ ਸਾਜਸਜਾਵਟ ਜਾਂ ਸੁਵਿਧਾਵਾਂ ਉੱਤੇ ਖਰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਨਤਾ ਦਾ ਪੈਸਾ ਜਨਤਾ ਦੀ ਅਮਾਨਤ ਹੈ। ਸਰਕਾਰ ਨੂੰ ਹਰ ਰੁਪਏ ਦੇ ਖਰਚ ਲਈ ਲੋਕਾਂ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ। ਜਦੋਂ ਆਮ ਨਾਗਰਿਕ ਤੋਂ ਟੈਕਸ ਲਿਆ ਜਾਂਦਾ ਹੈ ਤਾਂ ਉਸ ਪੈਸੇ ਦੀ ਵਰਤੋਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਸੰਜਮ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
