Connect with us

Mohali

ਪੰਜਾਬ ਅਗੇਂਸਟ ਕੁਰੱਪਸ਼ਨ ਨੇ ਜਨਤਕ ਪਾਰਕਾਂ ਤੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਖੋਲ੍ਹਿਆ ਮੋਰਚਾ

Published

on

ਗਮਾਡਾ, ਨਗਰ ਨਿਗਮ ਅਤੇ ਉਦਯੋਗ ਵਿਭਾਗ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਐਸ ਏ ਐਸ ਨਗਰ, 24 ਅਗਸਤ (ਸ.ਬ.) ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ‘ਪੰਜਾਬ ਅਗੇਂਸਟ ਕੁਰੱਪਸ਼ਨ’ ਵਲੋਂ ਜਨਤਕ ਪਾਰਕਾਂ ਤੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਮੋਰਚਾ ਖੋਲ੍ਹਦਿਆਂ ਗਮਾਡਾ, ਨਗਰ ਨਿਗਮ ਅਤੇ ਉਦਯੋਗ ਵਿਭਾਗ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ। ਸੰਸਥਾ ਦੇ ਸਰਪ੍ਰਸਤ ਡਾ. ਦਲੇਰ ਸਿੰਘ ਮੁਲਤਾਨੀ (ਸੇਵਾਮੁਕਤ ਸਿਵਲ ਸਰਜਨ) ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਮੁਹਾਲੀ ਵਿੱਚ ਗਮਾਡਾ, ਨਗਰ ਨਿਗਮ ਅਤੇ ਉਦਯੋਗ ਵਿਭਾਗ ਦੀਆਂ ਕੀਮਤੀ ਸਰਕਾਰੀ ਜ਼ਮੀਨਾਂ, ਜਨਤਕ ਪਾਰਕਾਂ ਅਤੇ ਸਾਂਝੀਆਂ ਥਾਵਾਂ ਤੇ ਲਗਾਤਾਰ ਹੋ ਰਹੇ ਨਾਜਾਇਜ਼ ਕਬਜ਼ਿਆਂ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਸਤਨਾਮ ਸਿੰਘ ਦਾਊਂ, ਜਨਰਲ ਸਕੱਤਰ ਡਾ. ਮਜੀਦ ਆਜ਼ਾਦ, ਕੈਸ਼ੀਅਰ ਹਿਰਦੇਪਾਲ ਸਿੰਘ ਅਤੇ ਸਮਾਜਿਕ ਕਾਰਕੁਨ ਕਰਮ ਸੇਖਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਮੀਟਿੰਗ ਦੌਰਾਨ ਸੰਸਥਾ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕਈ ਥਾਵਾਂ ਤੇ ਇਹ ਕਬਜ਼ੇ ਸਿਆਸੀ ਸ਼ਹਿ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਮਿਲੀਭੁਗਤ ਨਾਲ ਕੀਤੇ ਜਾ ਰਹੇ ਹਨ, ਜਦਕਿ ਜ਼ਿੰਮੇਵਾਰ ਅਧਿਕਾਰੀ ਅਤੇ ਸਬੰਧਤ ਏਜੰਸੀਆਂ ਮੂਕ-ਦਰਸ਼ਕ ਬਣ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਸੰਸਥਾ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਕਾਰੀ ਜ਼ਮੀਨਾਂ ਦਾ ਵੱਡਾ ਹਿੱਸਾ ਭੂ-ਮਾਫੀਆ ਦੀ ਲਪੇਟ ਵਿੱਚ ਹੈ, ਜਿਸ ਨਾਲ ਆਮ ਲੋਕ ਬੁਨਿਆਦੀ ਸਹੂਲਤਾਂ ਅਤੇ ਹਰੇ-ਭਰੇ ਪਾਰਕਾਂ ਤੋਂ ਵਾਂਝੇ ਹੋ ਰਹੇ ਹਨ।

ਸੰਸਥਾ ਵੱਲੋਂ ਮੰਗ ਕੀਤੀ ਗਈ ਕਿ ਇਸ ਸੰਬੰਧੀ ਤੁਰੰਤ ਮੁਹਿੰਮ ਚਲਾ ਕੇ ਕਬਜ਼ੇ ਹਟਾਏ ਜਾਣ, ਪੰਜਾਬ ਸਰਕਾਰ ਤੁਰੰਤ ਸਖ਼ਤ ਕਦਮ ਚੁੱਕਦਿਆਂ ਸਰਕਾਰੀ ਜ਼ਮੀਨਾਂ ਅਤੇ ਪਾਰਕਾਂ ਨੂੰ ਕਬਜ਼ਾ-ਮੁਕਤ ਕਰਵਾਏ ਅਤੇ ਕਬਜ਼ਾਧਾਰੀਆਂ ਸਮੇਤ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ।

ਮੀਟਿੰਗ ਵਿੱਚ ਜਨ-ਪ੍ਰਤੀਨਿਧਾਂ ਨੂੰ ਦਖ਼ਲ ਦੀ ਅਪੀਲ ਕਰਦਿਆਂ ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਅਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਅਪੀਲ ਕੀਤੀ ਗਈ ਕਿ ਉਹ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇਣ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਕਬਜ਼ਾ-ਮੁਕਤ ਕਰਵਾਏ ਪਾਰਕਾਂ ਅਤੇ ਜਨਤਕ ਥਾਵਾਂ ਦੀ ਸਾਂਭ-ਸੰਭਾਲ ਸਬੰਧਤ ਖੇਤਰ ਦੇ ਉਦਯੋਗਪਤੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਨੂੰ ਸੌਂਪੀ ਜਾਵੇ ਤਾਂ ਜੋ ਦੁਬਾਰਾ ਕਬਜ਼ੇ ਨਾ ਹੋ ਸਕਣ।

ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਠੋਸ ਕਾਰਵਾਈ ਨਾ ਕੀਤੀ ਤਾਂ ‘ਪੰਜਾਬ ਅਗੇਂਸਟ ਕੁਰੱਪਸ਼ਨ’ ਆਮ ਜਨਤਾ ਨੂੰ ਨਾਲ ਲੈ ਕੇ ਜ਼ਮੀਨੀ ਪੱਧਰ ਤੇ ਸ਼ਾਂਤਮਈ ਸੰਘਰਸ਼ ਅਤੇ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਨੇ ਸੁਲਝਾਈ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ, ਪੜੌਸੀ ਮਹਿਲਾ ਨੇ ਕੀਤਾ ਸੀ ਗਲਾ ਘੁੱਟ ਕੇ ਕਤਲ

Published

on

By

ਸੀ. ਸੀ. ਟੀ. ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਸੁਲਝਿਆ ਮਾਮਲਾ, ਮਹਿਲਾ ਗ੍ਰਿਫ਼ਤਾਰ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਲਾਲੜੂ ਥਾਣਾ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਪਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਐਸ ਪੀ (ਦਿਹਾਤੀ) ਐਸ. ਏ. ਐਸ. ਨਗਰ, ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 15 ਨਵੰਬਰ ਨੂੰ ਪਿੰਡ ਬੱਲੋਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਦੇ ਦੋ ਸਾਲ ਦੇ ਪੁੱਤਰ ਗੁਰਸਾਂਝ ਸਿੰਘ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿੱਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਵਿੰਦਰ ਸਿੰਘ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪੁੱਤਰ ਗੁਰਸਾਂਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਿਆਂ ਲਾਪਤਾ ਹੋ ਗਿਆ ਸੀ ਅਤੇ ਬੱਚੇ ਦੀ ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ।

ਉਹਨਾਂ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਲਾਲੜੂ ਵਿਖੇ 15 ਨਵੰਬਰ ਨੂੰ ਬੀ ਐਨ ਐਸ ਦੀ ਧਾਰਾ 140(1), 103(1) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਅਤੇ ਮੁਲਜ਼ਮ ਦੀ ਪਛਾਣ ਲਈ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀਆਂ ਹਦਾਇਤਾਂ ਤੇ ਐਸ ਪੀ ਦਿਹਾਤੀ ਸ੍ਰੀ ਜਸਪਿੰਦਰ ਸਿੰਘ ਗਿੱਲ ਅਤੇ ਡੀ ਐਸ ਪੀ ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਸਪੈਸ਼ਲ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਲਾਲੜੂ ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ।

ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਜਿਸ ਦੌਰਾਨ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੜਤਾਲੇ ਜਾਣ ਤੋਂ ਇਲਾਵਾ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ। ਇਨ੍ਹਾਂ ਯਤਨਾਂ ਸਦਕਾ ਪੁਲੀਸ ਨੇ ਅੱਜ ਸੋਨਿਕਾ ਵਾਸੀ ਪਿੰਡ ਬੱਲੋਪੁਰ, ਥਾਣਾ ਲਾਲੜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿੱਚ ਲਾਸ਼ ਘਰ ਦੀ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲੀਸ ਮੁਤਾਬਕ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੁੱਸੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਵਾਰਦਾਤ ਵਿੱਚ ਵਰਤੇ ਗਏ ਦੱਸੇ ਜਾ ਰਹੇ ਇੱਕ ਕੰਬਲ ਅਤੇ ਇੱਕ ਚਾਦਰ ਦੀ ਬਰਾਮਦਗੀ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਲੰਬਿਤ ਮਾਮਲਿਆਂ ਦੀ ਸਮੀਖਿਆ

Published

on

By

ਸਵਾਮਿਤਵਾ ਯੋਜਨਾ, ਇੰਤਕਾਲਾਂ, ਜਮ੍ਹਾਂਬੰਦੀਆਂ, ਕਿਸਾਨ ਰਜਿਸਟਰੀ ਅਤੇ ਬਕਾਇਆ ਵਸੂਲੀਆਂ ਸਮੇਤ ਵੱਖ-ਵੱਖ ਮੁੱਦਿਆਂ ਦਾ ਲਿਆ ਜਾਇਜ਼ਾ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡਚਲਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ ਮਾਲ ਵਿਭਾਗ, ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਵਾਮਿਤਵਾ ਯੋਜਨਾ, ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੇ ਲੰਬਿਤ ਮਾਮਲਿਆਂ, ਕਿਸਾਨ ਰਜਿਸਟਰੀ ਦੀ ਪ੍ਰਵਾਨਗੀ, ਬਕਾਇਆ ਵਸੂਲੀਆਂ, ਅਦਾਲਤੀ ਮਾਮਲਿਆਂ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਪਿਮਸ਼ਨਰ ਵਲੋਂ ਸਵਾਮਿਤਵਾ ਯੋਜਨਾ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦ ਮਿੱਥੇ ਸਮੇਂ ਦੌਰਾਨ ਪੂਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਸਬੰਧੀ ਮਾਲਕੀ ਦੇ ਅਧਿਕਾਰਾਂ ਬਾਰੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਲੰਬਿਤ ਇੰਤਕਾਲਾਂ ਅਤੇ ਜਮ੍ਹਾਂਬੰਦੀਆਂ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਰਿਕਾਰਡ ਨਾਲ ਸਬੰਧਤ ਮਾਮਲਿਆਂ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਰਜਿਸਟਰੀ ਨਾਲ ਜੁੜੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਨ ਲਈ ਕਿਹਾ ਗਿਆ, ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਕਾਇਆ ਵਸੂਲੀਆਂ ਅਤੇ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋੜੀਂਦੀ ਕਾਰਵਾਈ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ ਅਤੇ ਲੰਬਿਤ ਵਸੂਲੀਆਂ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਜਨਗਣਨਾ ਸਬੰਧੀ ਤਿਆਰੀਆਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਜਨਗਣਨਾ ਨਾਲ ਜੁੜੇ ਕੰਮਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਗਣਨਾ ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਕਰਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ. ਡੇਰਾਬੱਸੀ, ਅਮਿਤ ਗੁਪਤਾ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਕਾਰਜਕਾਰੀ ਅਧਿਕਾਰੀਆਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ

Published

on

By

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਇਸ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਤੀਜੀ ਮੰਜਿਲ ਦੇ ਦੂਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ। ਆਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 7 ਮੰਜਿਲਾ ਬਣਵਾਈ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਇਸ ਅਸਥਾਨ ਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬਹੁਮੰਜਿਲੀ ਕਾਰ ਪਾਰਕਿੰਗ ਦਾ ਨਿਰਮਾਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ।

Continue Reading

Latest News

Trending