Chandigarh
ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਂਬੰਦ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਰੱਦ ਕਰਨ ਉਪਰੰਤ ਮੁਲਾਜ਼ਮਾਂ ਦਾ ਪ੍ਰਦਰਸ਼ਨ ਹੰਗਾਮੇ ਵਿੱਚ ਬਦਲਿਆ
ਚੰਡੀਗੜ੍ਹ, 27 ਅਗਸਤ (ਸ.ਬ.) ਪੰਜਾਬ ਵਿੱਚ 7 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅੱਜ ਡੀਏ ਸਮੇਤ 8 ਮੰਗਾਂ ਨੂੰ ਲੈ ਕੇ ਆਮ ਹੜਤਾਲ ਤੇ ਹਨ, ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀ ਓਪੀਡੀ ਪੂਰੀ ਤਰ੍ਹਾਂ ਬੰਦ ਹੈ ਅਤੇ ਸਰਕਾਰੀ ਦਫਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ।
ਸਾਂਝਾ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਦਿੱਤੇ ਹੜਤਾਲ ਦੇ ਸੱਦੇ ਦਾ ਅਸਰ ਅੱਜ ਸਰਕਾਰੀ ਅਦਾਰਿਆਂ ਵਿੱਚ ਦੇਖਣ ਨੂੰ ਮਿਲਿਆ। ਮਹਾਂਬੰਦ ਦੌਰਾਨ ਕਈ ਥਾਂਵਾਂ ਤੇ ਹਸਪਤਾਲ ਵੀ ਖਾਲੀ ਨਜ਼ਰ ਆਏ। ਜਦਕਿ, ਕਈ ਥਾਵਾਂ ਤੇ ਸਰਕਾਰੀ ਸਕੂਲ ਖੁੱਲ੍ਹੇ ਹਨ। ਇਸ ਦੌਰਾਨ ਭਾਵੇਂ ਬੱਸਾਂ ਚੱਲ ਰਹੀਆਂ ਹਨ ਪਰੰਤੂ ਅਧਿਕਾਰੀਆਂ ਦੀਆਂ ਕਾਰਾਂ ਦੇ ਡਰਾਈਵਰ ਵੀ ਹੜਤਾਲ ਤੇ ਹਨ, ਜਿਸ ਕਾਰਨ ਅਧਿਕਾਰੀਆਂ ਨੂੰ ਦਫ਼ਤਰ ਪਹੁੰਚਣ ਵਿੱਚ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀ ਕਰਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਦਰਸ਼ਨ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਚਕਾਰ ਅੱਜ ਜਲੰਧਰ ਵਿੱਚ ਹੋਣ ਵਾਲੀ ਤੈਅਸ਼ੁਦਾ ਮੀਟਿੰਗ ਉਸ ਸਮੇਂ ਸਿਆਸੀ ਟਕਰਾਅ ਵਿੱਚ ਬਦਲ ਗਈ, ਜਦੋਂ ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ਮਗਰੋਂ ਮੁਲਾਜ਼ਮ ਯੂਨੀਅਨਾਂ ਦੀ ‘ਮਹਾਂ ਹੜਤਾਲ’ ਦੇ ਸੱਦੇ ਕਾਰਨ ਪੁਲੀਸ ਨਾਲ ਟਕਰਾਅ ਵਧ ਗਿਆ।
ਇਸ ਸੰਬੰਧੀ ਸਵੇਰ ਤੋਂ ਹੀ ਮਤਭੇਦ ਬਣਨਾ ਸ਼ੁਰੂ ਹੋ ਗਿਆ ਸੀ, ਜਦੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਆਮ ਛੁੱਟੀ (ਮਾਸ ਕੈਜ਼ੂਅਲ ਲੀਵ) ਲੈ ਕੇ ਜਲੰਧਰ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਕੰਪਲੈਕਸ ਵਿਖੇ ਇਕੱਠੇ ਹੋ ਗਏ। ਪ੍ਰਦਰਸ਼ਨ ਕਰ ਰਹੀਆਂ ਯੂਨੀਅਨਾਂ ਦੀ 16 ਮੈਂਬਰੀ ਪ੍ਰਤੀਨਿਧ ਕਮੇਟੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨ ਲਈ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਪੀ.ਏ.ਪੀ. ਚੌਕ ਵਿਖੇ ਮੌਜੂਦ ਰਹਿਣਾ ਸੀ। ਬਾਕੀ ਮੁਲਾਜ਼ਮ ਨਤੀਜੇ ਦੀ ਉਡੀਕ ਕਰਦੇ ਹੋਏ ਡੀਸੀ ਦਫ਼ਤਰ ਵਿਖੇ ਹੀ ਬੈਠੇ ਰਹੇ।
ਗੱਲਬਾਤ ਦੁਪਹਿਰ 1 ਵਜੇ ਦੇ ਕਰੀਬ ਸ਼ੁਰੂ ਹੋਣ ਦੀ ਉਮੀਦ ਸੀ। ਪਰ ਇਸ ਤੋਂ ਠੀਕ ਪਹਿਲਾਂ, ਮੁੱਖ ਮੰਤਰੀ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਕਿਹਾ ਗਿਆ ਕਿ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਇਸ ਨਾਲ ਕਿਸੇ ਵੀ ਗੱਲਬਾਤ ਲਈ ਇਹ ਸ਼ਰਤ ਰੱਖ ਦਿੱਤੀ ਗਈ ਕਿ ਪਹਿਲਾਂ ਯੂਨੀਅਨਾਂ ਆਪਣੀ ‘ਹੜਤਾਲ’ ਵਾਪਸ ਲੈਣ। ਜ਼ਮੀਨੀ ਪੱਧਰ ਤੇ ਇਸ ਬਿਆਨ ਨੂੰ ਭੜਕਾਊ ਬਿਆਨ ਵਜੋਂ ਦੇਖਿਆ ਗਿਆ।
ਇਸ ਸੰਬੰਧੀ ਯੂਨੀਅਨ ਆਗੂਆਂ (ਜਿਨ੍ਹਾਂ ਵਲੋਂ ਪਹਿਲਾਂ ਹੀ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾ ਚੁੱਕਿਆ ਸੀ) ਨੇ ਇਸ ਨੂੰ ਆਖਰੀ ਸਮੇਂ ਤੇ ਸ਼ਰਤਾਂ ਬਦਲਣ ਅਤੇ ਤੈਅਸ਼ੁਦਾ ਮੀਟਿੰਗ ਨੂੰ ਰੱਦ ਕਰਨ ਦੀ ਕਾਰਵਾਈ ਗਰਦਾਨਿਆ। ਸਰਕਾਰੀ ਟੀਚਰਜ਼ ਐਂਡ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਮੁੱਖ ਮੰਤਰੀ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਸੁਣਨ ਦਾ ਮੌਕਾ ਨਹੀਂ ਦਿੰਦੇ, ਉਦੋਂ ਤੱਕ ਮੁਲਾਜ਼ਮ ਅਣਮਿੱਥੇ ਸਮੇਂ ਲਈ ਬੀ.ਐਮ.ਸੀ. ਚੌਕ ਜਾਮ ਕਰਨਗੇ। ਇਸ ਐਲਾਨ ਨਾਲ ਤੁਰੰਤ ਹਲਚਲ ਮਚ ਗਈ। ਡੀਸੀ ਦਫ਼ਤਰ ਕੰਪਲੈਕਸ ਦੇ ਅੰਦਰ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮਾਰਚ ਕਰਦੇ ਹੋਏ ਸੜਕਾਂ ਤੇ ਨਿਕਲ ਆਏ।
ਜਦੋਂ ਪ੍ਰਦਰਸ਼ਨਕਾਰੀਆਂ ਨੇ ਬਾਹਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਡੀਸੀ ਦਫ਼ਤਰ ਦੇ ਮੁੱਖ ਦਰਵਾਜਿਆਂ ਨੂੰ ਤੁਰੰਤ ਸੀਲ ਕਰ ਦਿੱਤਾ ਅਤੇ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰਨ ਲਈ ਪੁਲੀਸ ਦੀਆਂ ਬੱਸਾਂ ਤੇ ਦੰਗਾ ਰੋਕੂ ਵਾਹਨ ਖੜ੍ਹੇ ਕਰ ਦਿੱਤੇ। ਮੁਲਾਜ਼ਮਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਸਥਾਨਕ ਪੁਲੀਸ ਦੀ ਮਦਦ ਲਈ ਵਿਸ਼ੇਸ਼ ਦੰਗਾ ਰੋਕੂ ਯੂਨਿਟ ਵੀ ਤਾਇਨਾਤ ਕੀਤੇ ਗਏ ਸਨ। ਪਰ ਮੁਲਾਜ਼ਮ ਪਿੱਛੇ ਨਹੀਂ ਹਟੇ ਅਤੇ ਉਨ੍ਹਾਂ ਨੇ ਕੰਪਲੈਕਸ ਦੀਆਂ ਚਾਰਦੀਵਾਰੀ ਦੀਆਂ ਕੰਧਾਂਟੱਪ ਲਈਆਂ ਅਤੇ ਘੇਰਾਬੰਦੀ ਤੋੜਨ ਲਈ ਦੂਜੇ ਦਰਵਾਜਿਆਂ ਦੀ ਵਰਤੋਂ ਕੀਤੀ।
ਇਸ ਦੌਰਾਨ ਪੁਲੀਸ ਵਲੋਂ ਬੈਰੀਕੇਡਿੰਗ ਕਰਕੇ ਡੀਸੀ ਦਫ਼ਤਰ ਤੋਂ ਸਿਰਫ਼ 50 ਮੀਟਰ ਦੀ ਦੂਰੀ ਤੇ ਹੀ ਉਨ੍ਹਾਂ ਦੇ ਮਾਰਚ ਨੂੰ ਰੋਕ ਲਿਆ ਗਿਆ। ਇਸ ਦੌਰਾਨ ਜ਼ਮੀਨੀ ਹਾਲਾਤ ਵਿਗੜਦੇ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਵੀ ਸਿੱਧੇ ਟਕਰਾਅ ਤੋਂ ਬਚਾਉਣ ਲਈ ਚੁੱਪ-ਚੁਪੀਤੇ ਪੀ. ਏ.ਪੀ. ਚੌਕ ਤੋਂ ਓਲਡ ਬਾਰਾਦਰੀ ਸਥਿਤ ਉਨ੍ਹਾਂ ਦੀ ਰਿਹਾਇਸ਼ ਵੱਲ ਲਿਜਾਇਆ ਗਿਆ।
ਕੁਲ ਮਿਲਾ ਕੇ ਸਰਕਾਰੀ ਕਰਮਚਾਰੀਆਂ ਅਤੇ ਪੈਂਸ਼ਨਰਾ ਵਲੋਂ ਐਲਾਨੇ ਮਹਾਬੰਦ ਦਾ ਪੂਰਾ ਅਸਰ ਵੇਖਣ ਨੂੰ ਮਿਲਿਆ। ਇਸ ਦੌਰਾਨ ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕੀਤੇ ਜਾਣ ਕਾਰਨ ਕਰਮਚਾਰੀਆਂ ਅਤੇ ਸਰਕਾਰ ਵਿਚਾਲੇ ਟਕਰਾਅ ਹੋਰ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
