Editorial
ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਅਤੇ ਅਧਿਆਪਕ ਦਿਵਸ
ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਭਾਰਤ ਦੇ ਪਹਿਲੇ ਉਪ-ਰਾਸ਼ਟਰਪਤੀ ਸਨ, ਜਿਨ੍ਹਾਂ ਨੇ 1952 ਤੋਂ 1962 ਤੱਕ ਸੇਵਾ ਨਿਭਾਈ ਅਤੇ 1962 ਵਿੱਚ ਭਾਰਤ ਦੇ ਦੂਜੇ ਰਾਸ਼ਟਰਪਤੀ ਬਣੇ। 5 ਸਤੰਬਰ 1888 ਨੂੰ ਤਿਰੂਤਾਨੀ ਵਿੱਚ ਜਨਮੇ, ਡਾ. ਰਾਧਾ ਕ੍ਰਿਸ਼ਨਨ ਇੱਕ ਸਾਧਾਰਨ ਪਰਿਵਾਰ ਤੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ ਤੇ ਸਤਿਕਾਰਤ ਦਾਰਸ਼ਨਿਕ, ਵਿਦਵਾਨ ਅਤੇ ਸਿੱਖਿਆ ਸ਼ਾਸਤਰੀ ਬਣੇ। ਉਨ੍ਹਾਂ ਨੇ ਕਈ ਵੱਕਾਰੀ ਅਦਾਰਿਆਂ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾਈ ਅਤੇ ਭਾਰਤੀ ਦਰਸ਼ਨ ਦ ੇਅਧਿਐਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਡਾ. ਰਾਧਾ ਕ੍ਰਿਸ਼ਨਨ ਦਾ ਮੰਨਣਾ ਸੀ ਕਿ ਸਿੱਖਿਆ ਕੇਵਲ ਜਾਣਕਾਰੀ ਪ੍ਰਾਪਤ ਕਰਨ ਜਾਂ ਡਿਗਰੀ ਹਾਸਲ ਕਰਨਾ ਨਹੀਂ ਹੈ। ਉਹਨਾਂ ਲਈ, ਸਿੱਖਿਆ ਚਰਿੱਤਰ, ਗਿਆਨ, ਹਮਦਰਦੀ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਦਾ ਇੱਕ ਸਾਧਨ ਸੀ। ਉਹਨਾਂ ਦਾ ਜੀਵਨ ਪੁਖਤਾ ਤਰੀਕੇ ਨਾਲ ਇਹ ਯਾਦ ਕਰਵਾਉਣ ਵਾਲਾ ਹੈ ਕਿ ਇੱਕ ਮਹਾਨ ਅਧਿਆਪਕ ਕੇਵਲ ਪਾਠ ਪੜ੍ਹਾਉਣ ਨਾਲੋਂ ਕਿਤੇ ਵੱਧ ਕਰਦਾ ਹੈ। ਇੱਕ ਮਹਾਨ ਅਧਿਆਪਕ ਦਿਮਾਗਾਂ ਨੂੰ ਪ੍ਰੇਰਿਤ ਕਰਦਾ ਹੈ, ਆਤਮ-ਵਿਸ਼ਵਾਸ ਦਾ ਨਿਰਮਾਣ ਕਰਦਾ ਹੈ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਆਪਣੇ ਉਦੇਸ਼ ਦੀ ਖੋਜ ਕਰਨ ਵਿੱਚ ਮਦਦ ਕਰਦਾ ਹੈ।
ਇੱਕ ਅਧਿਆਪਕ ਅਤੇ ਵਿਦਵਾਨ ਤੋਂ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਦਾ ਉਨ੍ਹਾਂ ਦਾ ਸਫ਼ਰ ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀਆਂ ਉਪਲਬਧੀਆਂ ਨੇ ਦੇਸ਼ ਦੇ ਨਿਰਮਾਣ ਵਿੱਚ ਅਧਿਆਪਕਾਂ ਅਤੇ ਵਿਦਿਅਕ ਅਦਾਰਿਆਂ ਦੀ ਭੂਮਿਕਾ ਵਿੱਚ ਉਨ੍ਹਾਂ ਦੇ ਡੂੰਘੇ ਵਿਸ਼ਵਾਸ ਨੂੰ ਵੀ ਦਰਸਾਇਆ।
ਅਧਿਆਪਕ ਦਿਵਸ ਮਨਾਉਣ ਨਾਲ ਜੁੜੀ ਇੱਕ ਖਾਸ ਤੌਰ ਤੇ ਪ੍ਰੇਰਨਾਦਾਇਕ ਕਹਾਣੀ ਹੈ। ਜਦੋਂ ਡਾ. ਰਾਧਾ ਕ੍ਰਿਸ਼ਨਨ ਦੇ ਕੁਝ ਵਿਦਿਆਰਥੀਆਂ ਅਤੇ ਦੋਸਤਾਂ ਨੇ ਉਨ੍ਹਾਂ ਦਾ ਜਨਮ ਦਿਨ ਮਨਾਉਣ ਦੀ ਇੱਛਾ ਪ੍ਰਗਟਾਈ, ਤਾਂ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਦਾ ਜਨਮ ਦਿਨ ਨਿੱਜੀ ਤੌਰ ਤੇ ਮਨਾਉਣ ਦੀ ਬਜਾਏ, ਇਹ ਦਿਨ ਦੇਸ਼ ਭਰ ਦੇ ਅਧਿਆਪਕਾਂ ਦੇ ਸਤਿਕਾਰ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਦੋਂ ਤੋਂ 5 ਸਤੰਬਰ ਅਧਿਆਪਕਾਂ ਪ੍ਰਤੀ ਧੰਨਵਾਦ ਅਤੇਸਤਿਕਾਰ ਪ੍ਰਗਟ ਕਰਨ ਦਾ ਅਵਸਰ ਬਣ ਗਿਆ। ਅਧਿਆਪਕ ਰਸਮੀ ਜਾਂ ਗੈਰ-ਰਸਮੀ ਹੋ ਸਕਦਾ ਹੈ ਅਤੇ ਨਰਸਰੀ ਤੋਂ ਲੈ ਕੇ ਯੂਨੀਵਰਸਿਟੀ ਤੱਕ, ਸਿੱਖਿਆ ਦੇ ਕਿਸੇ ਵੀ ਪੱਧਰ ਨਾਲ ਸਬੰਧਤ ਹੋ ਸਕਦਾ ਹੈ।
ਡਾ. ਰਾਧਾ ਕ੍ਰਿਸ਼ਨਨ ਅਧਿਆਪਕਾਂ ਨੂੰ ਸਮਾਜ ਦੇ ਸਭ ਤੋਂ ਮਹੱਤਵਪੂਰਨ ਥੰਮ੍ਹਾਂ ਵਿੱਚੋਂ ਮੰਨਦੇ ਸਨ। ਉਹਨਾਂ ਦੇ ਵਿਚਾਰ ਵਿੱਚ, ਸਿੱਖਿਆ ਦੀ ਗੁਣਵੱਤਾ ਹੀ ਰਾਸ਼ਟਰ ਦੇ ਭਵਿੱਖ ਦੀ ਗੁਣਵੱਤਾ ਤੈਅ ਕਰਦੀ ਹੈ। ਇਸ ਲਈ ਅਧਿਆਪਕ ਇੱਕ ਅਜਿਹੀ ਜ਼ਿੰਮੇਵਾਰੀ ਨਿਭਾਉਂਦੇ ਹਨ ਜੋ ਕਲਾਸ ਤੋਂ ਬਹੁਤ ਅੱਗੇ ਤੱਕ ਜਾਂਦੀ ਹੈ। ਉਹ ਨੌਜਵਾਨ ਮਨਾਂ ਦਾ ਪੋਸ਼ਣ ਕਰਦੇ ਹਨ, ਜਿਗਆਸਾ ਨੂੰ ਉਤਸ਼ਾਹਿਤ ਕਰਦੇਹਨ, ਅਨੁਸ਼ਾਸਨ ਅਤੇ ਮੁੱਲ ਸਿਖਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦੇ ਹਨ।
ਉਨ੍ਹਾਂ ਦਾ ਫਲਸਫਾ ਅੱਜ ਦੀ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ ਖਾਸ ਤੌਰ ਤੇ ਢੁਕਵਾਂ ਹੈ। ਤਕਨਾਲੋਜੀ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਸਿਖਲਾਈ ਸਿੱਖਿਆ ਨੂੰ ਬਦਲ ਰਹੇ ਹਨ, ਪਰ ਇੱਕ ਅਧਿਆਪਕ ਦੀ ਬੁਨਿਆਦੀ ਭੂਮਿਕਾ ਅਟੱਲ ਰਹਿੰਦੀ ਹੈ। ਤਕਨਾਲੋਜੀ ਜਾਣਕਾਰੀ ਪ੍ਰਦਾਨ ਕਰ ਸਕਦੀ ਹੈ, ਪਰ ਇੱਕ ਅਧਿਆਪਕ ਦਿਸ਼ਾ ਪ੍ਰਦਾਨ ਕਰਦਾ ਹੈ। ਤਕਨਾਲੋਜੀ ਸਵਾਲਾਂ ਦੇ ਜਵਾਬ ਦੇ ਸਕਦੀ ਹੈ, ਪਰ ਇੱਕ ਅਧਿਆਪਕ ਵਿਦਿਆਰਥੀਆਂ ਨੂੰ ਅਰਥ ਪੂਰਨ ਸਵਾਲ ਪੁੱਛਣ ਲਈ ਉਤਸ਼ਾਹਿਤ ਕਰਦਾ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ, ਇੱਕ ਅਧਿਆਪਕ ਮਨੁੱਖੀ ਸੰਪਰਕ, ਹਮਦਰਦੀ ਅਤੇ ਨੈਤਿਕ ਮਾਰਗ ਦਰਸ਼ਨ ਪ੍ਰਦਾਨ ਕਰਦਾ ਹੈ ਜੋ ਇੱਕ ਨੌਜਵਾਨ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ।
ਵਿਸ਼ਵੀਕਰਨ ਵਾਲੀ ਦੁਨੀਆ ਵਿੱਚ ਮੁਕਾਬਲਾ ਕਰਨ ਲਈ ਵਿਦਿਆਰਥੀਆਂ ਨੂੰ ਤਿਆਰ ਕਰਦੇ ਹੋਏ ਅਧਿਆਪਕਾਂ ਤੇ ਭਾਰਤ ਦੇ ਅਮੀਰ ਸਭਿਅਤਾਗਤ ਮੁੱਲਾਂ ਨੂੰ ਸੰਭਾਲਣ ਦੀ ਵੀ ਜ਼ਿੰਮੇਵਾਰੀ ਹੈ। ਡਾ. ਰਾਧਾ ਕ੍ਰਿਸ਼ਨਨ ਦੇ ਆਦਰਸ਼ ਸਾਨੂੰ ਯਾਦ ਦਿਵਾਉਂਦੇ ਹਨ ਕਿ ਆਧੁਨਿਕ ਸਿੱਖਿਆ ਵਿੱਚ ਗਿਆਨ ਦੇ ਨਾਲ ਬੁੱਧੀ, ਨੈਤਿਕ ਮੁੱਲਾਂ ਦੇ ਨਾਲ ਵਿਗਿਆਨਕ ਦ੍ਰਿਸ਼ਟੀਕੋਣ ਅਤੇ ਹਮਦਰਦੀ ਦੇ ਨਾਲ ਉੱਚੀ ਚਾਹਤ ਦਾ ਸੁਮੇਲ ਹੋਣਾ ਚਾਹੀਦਾ ਹੈ।
ਅਧਿਆਪਕ ਦਿਵਸ ਤੇ, ਸਾਡਾ ਧੰਨਵਾਦ ਹਰ ਉਸ ਅਧਿਆਪਕ ਤੱਕ ਪਹੁੰਚਣਾ ਚਾਹੀਦਾ ਹੈ ਜਿਸਨੇ ਸਬਰ ਨਾਲ ਸਾਡਾ ਮਾਰਗ ਦਰਸ਼ਨ ਕੀਤਾ, ਉਤਸ਼ਾਹਿਤ ਕੀਤਾ ਅਤੇ ਪ੍ਰੇਰਿਤ ਕੀਤਾ। ਅਧਿਆਪਕਾਂ ਦੁਆਰਾ ਸਿਖਾਏਗਏ ਬਹੁਤ ਸਾਰੇ ਪਾਠ, ਪੁਸਤਕਾਂ ਵਿੱਚ ਨਹੀਂ ਮਿਲਦੇ। ਉਨ੍ਹਾਂ ਦਾ ਪ੍ਰਭਾਵ ਸਾਡੇ ਪੂਰੇ ਜੀਵਨ ਦੌਰਾਨ ਸਾਡੇ ਨਾਲ ਰਹਿੰਦਾ ਹੈ।
ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਵਿਰਾਸਤ ਸਾਨੂੰ ਸਿਖਾਉਂਦੀ ਹੈ ਕਿ ਸਿੱਖਿਆ ਦਾ ਅੰਤਿਮ ਉਦੇਸ਼ ਬਿਹਤਰ ਇਨਸਾਨ ਅਤੇ ਇੱਕ ਬਿਹਤਰ ਸਮਾਜ ਬਣਾਉਣਾ ਹੈ। ਉਹਨਾਂ ਦਾ ਜੀਵਨ ਅਧਿਆਪਨ ਦੀ ਸ਼ਾਨ ਅਤੇ ਗਿਆਨ ਦੀ ਅਸਾਧਾਰਨ ਸ਼ਕਤੀ ਦੇ ਪ੍ਰਤੀਕ ਵਜੋਂ ਖੜ੍ਹਾ ਹੈ। ਇੱਕ ਰਾਸ਼ਟਰ ਜੋ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਦਾ ਹੈ, ਉਹ ਆਪਣੇ ਭਵਿੱਖ ਵਿੱਚ ਨਿਵੇਸ਼ ਕਰਦਾ ਹੈ। ਡਾ. ਰਾਧਾ ਕ੍ਰਿਸ਼ਨਨ ਦੇ ਆਦਰਸ਼ ਸਾਨੂੰ ਯਾਦ ਦਿਵਾਉਂਦੇ ਰਹਿੰਦੇ ਹਨ ਕਿ ਅਧਿਆਪਕ ਵਿਅਕਤੀਆਂ, ਸੰਸਥਾਵਾਂ ਅਤੇ ਰਾਸ਼ਟਰ ਦਾ ਨਿਰਮਾਤਾ ਹੈ।
ਪ੍ਰਾਚੀਨ ਸਮੇਂ ਤੋਂ ਹੀ ਅਧਿਆਤਮਿਕ ਅਤੇ ਭੌਤਿਕ ਦੋਵਾਂ ਸੰਸਾਰਾਂ ਵਿੱਚ ਅਧਿਆਪਕ ਨੂੰ ‘ਗੁਰੂ’ ਵਜੋਂ ਪੂਜਿਆ ਜਾਂਦਾ ਰਿਹਾ ਹੈ। ਸਮਾਜ ਵਿੱਚ ਗੁਰੂ ਨੂੰ ਹਮੇਸ਼ਾ ਸਭ ਤੋਂ ਵੱਧ ਸਤਿਕਾਰਤ ਵਿਅਕਤੀਆਂ ਵਿੱਚੋਂ ਇੱਕ ਮੰਨਿਆ ਗਿਆ ਹੈ। ਇਸੇ ਲਈ ਸੰਤ ਕਬੀਰ ਨੇ ਕਿਹਾ ਹੈ:
”ਗੁਰੂ ਗੋਵਿੰਦ ਦੋਊ ਖੜੇ, ਕਾਕੇ ਲਾਗੂੰ ਪਾਂਏ।
ਬਲਿਹਾਰੀ ਗੁਰੂ ਆਪਨੇ, ਗੋਵਿੰਦ ਦਿਯੋ ਬਤਾਏ।।
ਗੁਰੂ ਦੀ ਉਪਮਾ ਵਿੱਚ ਗੁਰੂ ਅੰਗਦ ਦੇਵ ਜੀ ਨੇ ਗੁਰਬਾਣੀ ਵਿੱਚ ਲਿਖਿਆ ਹੈ:
”ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ।।
ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ।।
ਇਸ ਮੌਕੇ ਤੇ ਅਧਿਆਪਕਾਂ ਦਾ ਸਤਿਕਾਰ ਅਤੇ ਆਦਰ ਕਰਨਾ ਬਣਦਾ ਹੈ। ਅਧਿਆਪਕਾਂ ਨੂੰ ਵੀ ਆਤਮ-ਚਿੰਤਨ ਕਰਨਾ ਚਾਹੀਦਾ ਹੈ ਅਤੇ ਇਸ ਮਹਾਨ ਪੇਸ਼ੇ ਦੀ ਗੌਰਵ, ਕਦਰਾਂ-ਕੀਮਤਾਂ ਅਤੇਸ਼ਾਨ ਨੂੰ ਬਰਕਰਾਰ ਰੱਖਣ ਦਾ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਡਾ. ਬਲਬੀਰ ਸਿੰਘ ਢੋਲ
94171 53819
Editorial
ਫੋਕੇ ਦਾਅਵਿਆਂ ਅਤੇ ਇਸ਼ਤਿਹਰਬਾਜੀ ਨਾਲ ਹਲ ਨਹੀਂ ਹੁੰਦੇ ਲੋਕਾਂ ਦੇ ਮਸਲੇ
ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ ਅਤੇ ਪੌਣੇ ਪੰਜ ਸਾਲ ਪਹਿਲਾਂ ਸੂਬੇ ਦੀ ਸੱਤਾ ਸੰਭਾਲਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਭਾਵੇਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰੰਤੂ ਸੂਬੇ ਦੇ ਵਸਨੀਕ ਸਰਕਾਰ ਦੀ ਹੁਣ ਤਕ ਦੀ ਕਾਰਗੁਜਾਰੀ ਤੋਂ ਕਾਫੀ ਹੱਦ ਤਕ ਅਸੰਤੁਸ਼ਟ ਦਿਖਦੇ ਹਨ ਅਤੇ ਆਮ ਲੋਕਾਂ ਨੂੰ ਸਰਕਾਰ ਦੇ ਕੰਮ ਕਰਨ ਦੇ ਤਰੀਕੇ ਵਿੱਚ ਕੋਈ ਬਦਲਾਅ ਨਜਰ ਨਹੀਂ ਆਉਂਦਾ। ਇਹ ਗੱਲ ਹੋਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਇਸ ਪੂਰੇ ਕਾਰਜਕਾਲ ਦੌਰਾਨ ਪੰਜਾਬ ਭਰ ਵਿੱਚ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਵੱਡੇ ਹੋਰਡਿੰਗ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੇ ਸੋਹਲੇ ਜਰੂਰ ਗਾਏ ਜਾਂਦੇ ਰਹੇ ਹਨ। ਪਰੰਤੂ ਇਸ ਸੰਬੰਧੀ ਆਮ ਲੋਕਾਂ ਦੀ ਮੰਨੀਏ ਤਾਂ ਉਹਨਾਂ ਨੂੰ ਸਰਕਾਰ ਦੇ ਇਹ ਤਮਾਮ ਐਲਾਨ ਪੂਰੀ ਤਰ੍ਹਾਂ ਖੋਖਲੇ ਲੱਗਦੇ ਹਨ ਅਤੇ ਵਿਰੋਧੀ ਪਾਰਟੀਆਂ ਵਲੋਂ ਤਾਂ ਪਹਿਲਾਂ ਹੀ ਇਸ ਸਰਕਾਰ ਨੂੰ ਐਲਾਨਵੰਤ ਸਰਕਾਰ ਦਾ ਦਰਜਾ ਦਿੱਤਾ ਜਾ ਚੁੱਕਿਆ ਰਿਹਾ ਹੈ।
ਇੰਨਾ ਜਰੂਰ ਹੈ ਕਿ ਆਪਣੇ ਇਸ ਪੂਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਇਸ਼ਤਿਹਾਰਬਾਜੀ ਜਰੂਰ ਕੀਤੀ ਜਾਂਦੀ ਰਹੀ ਹੈ ਅਤੇ ਅਤੇ ਸਰਕਾਰ ਦਾ ਲੋਕ ਸੰਪਰਕ ਵਿਭਾਗ ਇਸੇ ਕੰਮ ਵਿੱਚ ਰੁੱਝਿਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਤਾਂ ਇਹ ਹਾਲ ਹੈ ਕਿ ਉਹਨਾਂ ਵਲੋਂ ਆਪਣੇ ਘਰਾਂ ਅਤੇ ਦਫਤਰਾਂ ਦੇ ਬਾਹਰ ਵੀ ਮੁੱਖ ਮੰਤਰੀ ਦੀ ਫੋਟੋ ਵਾਲੇ ਵੱਡੇ ਵੱਡੇ ਬੋਰਡ ਲਗਾ ਕੇ ਰੱਖੇ ਗਏ ਹਨ। ਇਸ ਸੰਬੰਧੀ ਵਿਰੋਧੀ ਪਾਰਟੀਆਂ ਦੇ ਆਗੂ ਦੋਸ਼ ਲਗਾਉਂਦੇ ਹਨ ਸੱਤਾਧਾਰੀ ਆਗੂਆਂ ਨੂੰ ਆਮ ਲੋਕਾਂ ਦੇ ਮਸਲੇ ਨਜਰ ਨਹੀਂ ਆਉਂਦੇ ਬਲਕਿ ਉਹ ਤਾਂ ਸਿਰਫ ਵੱਡੇ ਵੱਡੇ ਬੋਰਡ ਅਤੇ ਬੈਨਰ ਲਗਾਉਣ ਵਿਚ ਹੀ ਰੁੱਝੇ ਹੋਏ ਹਨ, ਜਿਹਨਾਂ ਵਿੱਚ ਉਹ ਮੁੱਖ ਮੰਤਰੀ ਦੇ ਵੱਡੇ ਚਿਹਰੇ ਦੇ ਨਾਲ ਆਪਣੀਆਂ ਫੋਟੋਆਂ ਵੀ ਛਾਪ ਲੈਂਦੇ ਹਨ।
ਹਾਲਾਂਕਿ ਸਰਕਾਰਾਂ ਵਲੋਂ ਮੁੱਖ ਮੰਤਰੀ ਦੀ ਫੋਟੋ ਨਾਲ ਪ੍ਰਚਾਰ ਕਰਨ ਦਾ ਇਹ ਰੁਝਾਨ ਬਹੁਤ ਪੁਰਾਣਾ ਅਤੇ ਹਾਲਾਂਕਿ ਪਿਛਲੀਆਂ ਸਰਕਾਰਾਂ ਵੇਲੇ ਵੀ ਇਸੇ ਤਰ੍ਹਾਂ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਬੋਰਡ ਅਤੇ ਇਸ਼ਤਿਹਾਰ ਲੱਗਦੇ ਸੀ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸੱਤਾ ਤੇ ਕਾਬਜ ਸਾਰੀਆਂ ਹੀ ਪਾਰਟੀਆਂ ਵਲੋਂ ਸਰਕਾਰੀ ਪੈਸੇ ਦੇ ਜੋਰ ਤੇ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਬਦਲਾਅ ਦੇ ਨਾਹਰੇ ਅਤੇ ਲੋਕਾਂ ਦੇ ਮਸਲੇ ਹਲ ਕਰਨ ਦੇ ਵਾਇਦਿਆਂ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਨੇ ਉਸਦੇ ਦਾਅਵਿਆਂ ਅਤੇ ਵਾਇਦਿਆਂ ਤੇ ਭਰੋਸਾ ਕਰਕੇ ਹੀ ਉਸਨੂੰ ਸੱਤਾ ਸੰਭਾਲੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਵਗੰਤ ਸਿੰਘ ਮਾਨ, ਜਿਹੜੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵਲੋਂ ਇਸ ਤਰੀਕੇ ਨਾਲ ਕੀਤੇ ਜਾਂਦੇ ਮੁੱਖ ਮੰਤਰੀ ਦੀਆਂ ਫੋਟੋਆਂ ਰਾਂਹੀ ਕੀਤੇ ਜਾਣ ਵਾਲੇ ਪ੍ਰਚਾਰ ਨੂੰ ਆਮ ਲੋਕਾਂ ਤੋਂ ਇਕੱਠੇ ਕੀਤੇ ਜਾਂਦੇ ਟੈਕਸਾਂ ਦੇ ਪੈਸੇ ਦੀ ਬਰਬਾਦੀ ਕਿਹਾ ਕਰਦੇ ਸੀ, ਇਸ਼ਤਿਹਾਰਬਾਜੀ ਦੀ ਇਸ ਹੋੜ ਵਿੱਚ ਹੋਰਨਾਂ ਪਾਰਟੀਆਂ ਨੂੰ ਬਹੁਤ ਪਿੱਛੇ ਛੱਡ ਗਏ ਹਨ।
ਆਮ ਲੋਕ ਅਕਸਰ ਸਵਾਲ ਕਰਦੇ ਹਨ ਕਿ ਬਦਲਾਅ ਦਾ ਨਾਹਰਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲੇ ਹਲ ਕਰਨ ਲਈ ਕੰਮ ਕਰਨ ਦੀ ਥਾਂ ਪਿਛਲੀਆਂ ਸਰਕਾਰਾਂ ਵਾਂਗ ਪ੍ਰਚਾਰ ਦੇ ਰਾਹ ਕਿਉਂ ਪੈ ਗਈ ਹੈ। ਸੂਬੇ ਵਿੱਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ, ਬੇਰੁਜਗਾਰੀ, ਲਗਾਤਾਰ ਮਹਿੰਗੀ ਹੁੰਦੀ ਸਿਖਿਆ ਅਤੇ ਮਹਿੰਗਾ ਇਲਾਜ ਪੰਜਾਬੀਆਂ ਦੇ ਮੁੱਖ ਮਸਲੇ ਹਨ ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਇਹਨਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਰਕਾਰ ਵਲੋਂ ਭਾਵੇਂ ਥਾਂ ਥਾਂ ਤੇ ਵੱਡੇ ਬੈਨਰ ਅਤੇ ਹੋਰਡਿੰਗ ਲਗਾ ਕੇ ਵੱਡੇ ਵੱਡੇ ਐਲਾਨ (ਅਤੇ ਦਾਅਵੇ) ਕੀਤੇ ਜਾ ਰਹੇ ਹਨ, ਪਰੰਤੂ ਅਸਲੀਅਤ ਇਹੀ ਹੈ ਕਿ ਆਮ ਲੋਕਾਂ ਦੇ ਉਪਰੋਕਤ ਵੱਡੇ ਮਸਲੇ ਉਸੇ ਤਰ੍ਹਾਂ ਲਮਕ ਰਹੇ ਹਨ।
ਮੌਜੂਦਾ ਸਰਕਾਰ ਦੀ ਕਾਰਗੁਜਾਰੀ ਵਿੱਚ ਇੰਨਾ ਫਰਕ ਜਰੂਰ ਹੈ ਕਿ ਇਸਨੇ ਆਪਣੇ ਦਾਅਵਿਆਂ ਵਿੱਚ ਇਹ ਸਾਰੇ ਮਸਲੇ ਹਲ ਕਰ ਦਿੱਤੇ ਹਨ ਜਦੋਂਕਿ ਅਸਲੀਅਤ ਇਹ ਹੈ ਕਿ ਸਰਕਾਰ ਦੇ ਇਹ ਤਮਾਮ ਦਾਅਵੇ ਹਵਾ ਹਵਾਈ ਹੀ ਹਨ ਅਤੇ ਲੋਕਾਂ ਨੂੰ ਆਪਣੇ ਮਸਲਿਆਂ ਦੇ ਹਲ ਲਈ ਸੜਕਾਂ ਤੇ ਆ ਕੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਜੇਕਰ ਸੱਤਾਧਾਰੀ ਆਗੂ ਇਹ ਸਮਝਦੇ ਹਨ ਕਿ ਉਹ ਆਪਣੇ ਇਹਨਾਂ ਫੋਕੇ ਦਾਅਵਿਆਂ ਅਤੇ ਝੂਠੇ ਐਲਾਨਾਂ ਦਾ ਪ੍ਰਚਾਰ ਕਰਕੇ ਜਨਤਾ ਨੂੰ ਗੁੰਮਰਾਹ ਕਰ ਸਕਦੇ ਹਨ ਤਾਂ ਇਹ ਉਹਨਾਂ ਦੀ ਗਲਤਫਹਿਮੀ ਹੈ ਅਤੇ ਅਜਿਹੇ ਦਾਅਵਿਆਂ ਨਾਲ ਉਹ ਆਮ ਜਨਤਾ ਨੂੰ ਧੋਖਾ ਨਹੀਂ ਦੇ ਸਕਦੇ। ਅਜਿਹੇ ਵੱਡੇ ਬੋਰਡਾਂ ਅਤੇ ਬੈਨਰਾਂ ਤੇ ਆਪਣੀ ਫੋਟੋ ਲਗਾ ਕੇ ਮੁੱਖ ਮੰਤਰੀ ਖੁਦ ਨੂੰ ਤਾਂ ਖੁਸ਼ ਕਰ ਸਕਦੇ ਹਨ ਪਰੰਤੂ ਜਨਤਾ ਉਹਨਾਂ ਦੇ ਕੰਮ ਤੋਂ ਕਿੰਨੀ ਕੁ ਸਤੁਸ਼ਟ ਹੈ ਇਸਦਾ ਪਤਾ ਆਉਣ ਵਾਲੀਆਂ ਚੋਣਾਂ ਦੌਰਾਨ ਉਹਨਾਂ ਦੀ ਪਾਰਟੀ ਨੂੰ ਮਿਲੀਆਂ ਸੀਟਾਂ ਨਾਲ ਜਾਹਿਰ ਹੋ ਜਾਣਾ ਹੈ।
Editorial
ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ ਅਮਨ ਕਾਨੂੰਨ ਦਾ ਮਸਲਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਅਮਨ ਕਾਨੂੰਨ ਦੀ ਗੰਭੀਰ ਹੋ ਰਹੀ ਸਥਿਤੀ ਦਾ ਮੁੱਦਾ ਉਠਾਇਆ ਹੈ। ਰਾਜਪਾਲ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਧ ਰਿਹਾ ਗੰਨ ਕਲਚਰ ਚਿੰਤਾ ਦਾ ਵਿਸ਼ਾ ਹੈ। ਰਾਜਪਾਲ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਵਿੱਚ ਪਟਾਕਿਆਂ ਵਾਂਗ ਹੀ ਗੋਲੀਆਂ ਚੱਲ ਰਹੀਆਂ ਹਨ। ਪੰਜਾਬ ਵਿੱਚ ਗੈਂਗਸਟਰਵਾਦ, ਨਸ਼ਿਆਂ ਅਤੇ ਨੌਜਵਾਨਾਂ ਵਿੱਚ ਹਥਿਆਰਾਂ ਪ੍ਰਤੀ ਵਧ ਰਹੀ ਖਿੱਚ ਨੇ ਸੂਬੇ ਦੇ ਭਵਿੱਖ ਬਾਰੇ ਚਿੰਤਾਵਾਂ ਵਧਾਈਆਂ ਹਨ।
ਪੰਜਾਬ ਦੇ ਰਾਜਪਾਲ ਵੱਲੋਂ ਗੰਨ ਕਲਚਰ ਪ੍ਰਤੀ ਕੀਤੀ ਗਈ ਵੱਡੀ ਟਿੱਪਣੀ ਨੇ ਕਈ ਸਵਾਲ ਖੜੇ ਕਰ ਦਿੱਤੇ ਹਨ। ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਇਹਨਾਂ ਚੋਣਾਂ ਸਬੰਧੀ ਚੋਣ ਕਮਿਸ਼ਨ ਤੋਂ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿਨੋਂ ਦਿਨ ਵੱਖ ਵੱਖ ਕਾਰਨਾਂ ਕਰਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਰਿਹਾ ਹੈ। ਹਰ ਸਿਆਸੀ ਪਾਰਟੀ ਇਹ ਚੋਣਾਂ ਜਿੱਤਣ ਲਈ ਪੱਬਾਂ ਭਾਰ ਹੋ ਗਈ ਹੈ। ਹਰ ਸਿਆਸੀ ਪਾਰਟੀ ਵੱਲੋਂ ਹੀ ਚੋਣਾਂ ਜਿੱਤਣ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅਨੇਕਾਂ ਮੁੱਦੇ ਉਠਾਏ ਜਾ ਰਹੇ ਹਨ।
ਇੱਕ ਪਾਸੇ ਪੰਜਾਬ ਵਿੱਚ ਕੁਝ ਸਿਆਸੀ ਪਾਰਟੀਆਂ ਵੱਲੋਂ ਨਸ਼ੇ ਦਾ ਮੁੱਦਾ ਉਠਾਇਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਰਾਜਪਾਲ ਵੱਲੋਂ ਗੰਨ ਕਲਚਰ ਸਬੰਧੀ ਕੀਤੀ ਗਈ ਵੱਡੀ ਟਿੱਪਣੀ ਤੋਂ ਬਾਅਦ ਪੰਜਾਬ ਦੀ ਅਮਨ ਕਾਨੂੰਨ ਦੀ ਮੌਜੂਦਾ ਸਥਿਤੀ ਅਤੇ ਗੰਨ ਕਲਚਰ ਨੂੰ ਵੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣਾਏ ਜਾਣ ਦੇ ਆਸਾਰ ਬਣ ਗਏ ਹਨ। ਆਮ ਲੋਕ ਉਸ ਸਮੇਂ ਹੈਰਾਨ ਹੋ ਜਾਂਦੇ ਹਨ ਜਦੋਂ ਅਨੇਕਾਂ ਸੁਰੱਖਿਆ ਗਾਰਡਾਂ ਵਿੱਚ ਘਿਰੇ ਕਿਸੇ ਸਿਆਸੀ ਆਗੂ ਵੱਲੋਂ ਆਮ ਲੋਕਾਂ ਨੂੰ ਗੰਨ ਕਲਚਰ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਫੈਲ ਰਹੇ ਗੰਨ ਕਲਚਰ ਨੂੰ ਘਟਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਜਾਂਦੀ ਹੈ।
ਆਮ ਲੋਕ ਉਸ ਸਮੇਂ ਇਹ ਵੀ ਸੋਚਦੇ ਹਨ ਕਿ ਅਜਿਹੇ ਸਿਆਸੀ ਆਗੂਆਂ ਦੇ ਆਲੇ ਦੁਆਲੇ ਹਰ ਸਮੇਂ ਹਥਿਆਰਬੰਦ ਸੁਰੱਖਿਆ ਮੁਲਾਜਮ ਰਹਿੰਦੇ ਹਨ ਤਾਂ ਫਿਰ ਉਹ ਆਮ ਲੋਕਾਂ ਨੂੰ ਹਥਿਆਰਾਂ ਤੋਂ ਦੂਰ ਰਹਿਣ ਦਾ ਸੁਨੇਹਾ ਕਿਸ ਆਧਾਰ ਤੇ ਦੇ ਰਹੇ ਹਨ। ਅਸਲ ਵਿੱਚ ਆਮ ਲੋਕ ਸਿਆਸੀ ਆਗੂਆਂ ਨੂੰ ਮਿਲੇ ਸੁਰੱਖਿਆ ਮੁਲਾਜਮਾਂ ਨੂੰ ਵੇਖ ਕੇ ਕਾਫੀ ਪ੍ਰਭਾਵਿਤ ਹੁੰਦੇ ਹਨ ਅਤੇ ਉਹਨਾਂ ਵਿੱਚ ਵੀ ਸਿਆਸੀ ਆਗੂਆਂ ਵਾਂਗ ਆਪਣੇ ਨਾਲ ਹਥਿਆਰਬੰਦ ਬਾਡੀਗਾਰਡ ਰੱਖਣ ਦੀ ਲਾਲਸਾ ਪੈਦਾ ਹੋ ਜਾਂਦੀ ਹੈ। ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਕਈ ਅਜਿਹੇ ਸਿਆਸੀ ਆਗੂਆਂ ਦੀਆਂ ਵੀ ਖ਼ਬਰਾਂ ਆਈਆਂ ਜਿਹਨਾਂ ਨੇ ਸਰਕਾਰੀ ਸੁਰੱਖਿਆ ਛਤਰੀ ਲੈਣ ਲਈ ਆਪਣੇ ਉਪਰ ਖੁਦ ਹੀ ਆਪਣੇ ਬੰਦਿਆਂ ਤੋਂ ਨਕਲੀ ਹਮਲੇ ਕਰਵਾਏ ਸਨ।
ਪੰਜਾਬੀ ਨੌਜਵਾਨਾਂ ਬਾਰੇ ਕਿਹਾ ਜਾਂਦਾ ਹੈ ਕਿ ਉਹਨਾਂ ਨੂੰ ਹਥਿਆਰ ਬਹੁਤ ਪਸੰਦ ਹਨ। ਪੰਜਾਬ ਵਿੱਚ ਕਈ ਦਹਾਕਿਆਂ ਤੱਕ ਅਨੇਕਾਂ ਹਥਿਆਰਬੰਦ ਲਹਿਰਾਂ ਚੱਲੀਆਂ, ਜਿਹਨਾਂ ਨੂੰ ਭਾਵੇਂ ਪੁਲੀਸ ਸ਼ਕਤੀ ਨਾਲ ਦਬਾ ਦਿੱਤਾ ਗਿਆ ਹੈ ਪਰ ਇਹਨਾਂ ਲਹਿਰਾਂ ਵਿੱਚ ਵੱਡੀ ਗਿਣਤੀ ਨੌਜਵਾਨ ਸਿਰਫ਼ ਹਥਿਆਰਾਂ ਦੇ ਮੋਹ ਕਾਰਨ ਹੀ ਸ਼ਾਮਲ ਹੋਏ ਸਨ। ਪੰਜਾਬ ਵਿੱਚ ਹਥਿਆਰਾਂ ਦਾ ਲਾਇਸੈਂਸ ਲੈਣਾ ਬਹੁਤ ਔਖਾ ਹੈ ਪਰ ਹਥਿਆਰਾਂ ਦੇ ਇੱਕ ਲਾਇਸੈਂਸ ਤੇ ਕੋਈ ਵੀ ਵਿਅਕਤੀ ਦੋ ਹਥਿਆਰ ਰੱਖ ਸਕਦਾ ਹੈ। ਇਹੋ ਕਾਰਨ ਹੈ ਕਿ ਪੰਜਾਬ ਦੇ ਕਈ ਵਿਅਕਤੀਆਂ ਕੋਲ ਦੋ ਦੋ ਹਥਿਆਰ ਹੁੰਦੇ ਹਨ। ਖ਼ਬਰਾਂ ਤਾਂ ਇਹ ਵੀ ਆ ਰਹੀਆਂ ਹਨ ਕਿ ਪੰਜਾਬ ਵਿੱਚ ਅਨੇਕਾਂ ਲੋਕਾਂ ਕੋਲ ਗ਼ੈਰ ਕਾਨੂੰਨੀ ਹਥਿਆਰ ਵੀ ਹਨ, ਜਿਸ ਕਾਰਨ ਪੰਜਾਬ ਵਿੱਚ ਹਥਿਆਰਾਂ ਦੀ ਗਿਣਤੀ ਕਿੰਨੀ ਹੈ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਕਿਉਂਕਿ ਗ਼ੈਰ ਕਾਨੂੰਨੀ ਹਥਿਆਰ ਕਿਸੇ ਗਿਣਤੀ ਵਿੱਚ ਨਹੀਂ ਆਉਂਦੇ।
ਪੰਜਾਬ ਵਿੱਚ ਜਿਸ ਤਰੀਕੇ ਨਾਲ ਗੰਨ ਕਲਚਰ ਵਧ ਰਿਹਾ ਹੈ, ਉਹ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਮੁੱਦਾ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਬਿਊਰੋ
Editorial
ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਪੂਰੇ ਹੁੰਦੇ ਹਨ ਸੁਨਹਿਰੀ ਸੁਪਨੇ
ਜਦੋਂ ਅਸੀਂ ਮਹਾਨ ਅਤੇ ਵਿਸ਼ਵ ਜੇਤੂ ਵਿਅਕਤੀਆਂ ਦੀਆਂ ਸਵੈ -ਜੀਵਨੀਆਂ ਪੜ੍ਹਦੇ ਹਾਂ ਤਾਂ ਪਤਾ ਚੱਲਦਾ ਹੈ ਕਿ ਇਹਨਾਂ ਨੇ ਵਿਸ਼ਵ ਜੇਤੂ ਬਣਨ ਦਾ ਸੁਪਨਾ ਆਪਣੇ ਬਚਪਣ ਵਿੱਚ ਹੀ ਵੇਖਿਆ ਸੀ। ਪ੍ਰਸਿੱਧ ਖਿਡਾਰੀਆਂ ਵੱਲੋਂ ਵੀ ਬਚਪਣ ਵਿੱਚ ਆਪਣੇ ਨਿੱਕੇ ਨਿੱਕੇ ਕੋਮਲ ਹੱਥਾਂ ਵਿੱਚ ਟੈਨਿਸ, ਬੈਡਮਿੰਟਨ ਦਾ ਰੈਕਟ, ਕ੍ਰਿਕਟ ਦਾ ਬੈਟ ਅਤੇ ਹਾਕੀ ਫੜਕੇ ਲਿਆ ਗਿਆ ਵਿਸ਼ਵ ਜੇਤੂ ਬਣਨ ਦਾ ਸੁਪਨਾ ਪੂਰੀ ਦੁਨੀਆ ਨੇ ਇੱਕ ਦਿਨ ਪੂਰਾ ਹੁੰਦਾ ਜਰੂਰ ਵੇਖਿਆ ਹੁੰਦਾ ਹੈ।
ਇਹਨਾਂ ਸੁਪਨਿਆਂ ਨੂੰ ਸੱਚ ਵਿੱਚ ਤਬਦੀਲ ਕਰਨ ਲਈ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ ਅਤੇ ਜੇਕਰ ਜ਼ਿੰਦਗੀ ਦੀ ਡੋਰ ਬਚਪਣ ਵਿੱਚ ਹੀ ਸਹੀ ਹੱਥਾਂ ਵਿੱਚ ਚਲੀ ਜਾਵੇ ਤਾਂ ਹਰ ਬੱਚੇ ਦੀ ਜ਼ਿੰਦਗੀ ਬਣ ਜਾਂਦੀ ਹੈ। ਜ਼ਿੰਦਗੀ ਦੀ ਡੋਰ ਫੜਨ ਵਾਲੇ ਵਿਅਕਤੀ ਨੂੰ ਵੀ ਇਹ ਚੰਗੀ ਤਰ੍ਹਾਂ ਪਤਾ ਹੋਣਾ ਚਾਹੀਦਾ ਹੈ ਕਿ ਉਸਨੇ ਬੱਚੇ ਦੀ ਜ਼ਿੰਦਗੀ ਰੂਪੀ ਡੋਰ ਨੂੰ ਕਦੋਂ ਢਿੱਲ ਦੇਣੀ ਹੈ ਅਤੇ ਕਦੋਂ ਖਿੱਚਣੀ ਹੈ। ਇਸ ਡੋਰ ਵਿੱਚ ਲਚਕੀਲਾਪਣ ਹੋਣਾ ਜ਼ਰੂਰੀ ਹੁੰਦਾ ਹੈ। ਵਧੇਰੇ ਢਿੱਲੀ ਡੋਰ ਵੀ ਕਿਸੇ ਕੰਮ ਦੀ ਨਹੀਂ ਹੁੰਦੀ ਅਤੇ ਖਿੱਚ ਮਾਰਨ ਨਾਲ ਡੋਰ ਦੇ ਟੁੱਟਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ।
ਇਸੇ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਉੱਪਰ ਪੜਾਈ ਦਾ ਓਨਾ ਕੁ ਭਾਰ ਪਾਓ, ਜਿੰਨਾ ਕੁ ਉਹ ਸਹਿਜੇ ਹੀ ਚੁੱਕ ਸਕਣ। ਜਿਹੜੇ ਬੱਚੇ ਬਚਪਣ ਅਤੇ ਅੱਲ੍ਹੜ ਉਮਰ ਵਿੱਚ ਸਖ਼ਤ ਮਿਹਨਤ ਕਰ ਲੈਂਦੇ ਹਨ, ਉਹ ਜ਼ਿੰਦਗੀ ਭਰ ਚੰਗਾ ਜੀਵਨ ਬਤੀਤ ਕਰਦੇ ਹਨ। ਦੂਜੇ ਪਾਸੇ ਜਿਹੜੇ ਬੱਚੇ ਬਚਪਣ ਵਿੱਚ ਆਪਣੀ ਜ਼ਿੰਦਗੀ ਪ੍ਰਤੀ ਅਵੇਸਲੇ ਰਹਿੰਦੇ ਹਨ ਉਹ ਜ਼ਿੰਦਗੀ ਦੇ ਰਾਹ ਵਿੱਚ ਵਿਖਰ ਜਾਂਦੇ ਹਨ। ਕਈ ਬੱਚੇ ਬਚਪਣ ਵਿੱਚ ਹੀ ਬਿਖੜੇ ਪੈਂਡਿਆਂ ਦੇ ਰਾਹੀ ਬਣ ਜਾਂਦੇ ਹਨ। ਕੋਈ ਬੱਚਾ ਬਚਪਣ ਵਿੱਚ ਪੁਲਾੜ ਵਿਗਿਆਨੀ ਬਣਨ ਦਾ ਸੁਪਨਾ ਲੈਂਦਾ ਹੈ। ਕੋਈ ਬੱਚਾ ਬਚਪਣ ਵਿੱਚ ਹੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਜਾਣ ਦਾ ਸੁਪਨਾ ਲੈਂਦਾ ਹੈ। ਵੱਡੀ ਗਿਣਤੀ ਬੱਚੇ ਵੱਡੇ ਹੋ ਕੇ ਕੁਝ ਵੱਡਾ ਕਰਨ ਦਾ ਸੁਪਨਾ ਜ਼ਰੂਰ ਵੇਖਦੇ ਹਨ, ਲੋੜ ਤਾਂ ਇਹਨਾਂ ਸੁਪਨਿਆਂ ਨੂੰ ਪੂੁਰਾ ਕਰਨ ਲਈ ਉਚਿੱਤ ਮਾਹੌਲ ਦੇਣ ਦੀ ਹੈ।
ਸੁਪਨਿਆਂ ਦੀ ਉਡਾਣ ਮਨੁੱਖ ਨੂੰ ਉਸ ਉਚਾਈ ਤੇ ਪਹੁੰਚਣ ਲਈ ਦਿਨ-ਰਾਤ ਪ੍ਰੇਰਿਤ ਕਰਦੀ ਹੈ ਜਿਸਨੂੰ ਉਹ ਪ੍ਰਾਪਤ ਕਰਨਾ ਚਾਹੁੰਦਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਰੁਕਾਵਟਾਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਵਾਰ-ਵਾਰ ਕਰਨਾ ਪੈਂਦਾ ਹੈ ਪਰ ਅਸਲ ਵਿੱਚ ਜਿੱਤ ਦਾ ਤਾਜ ਵੀ ਉਸ ਦੇ ਸਿਰ ਹੀ ਸਜਦਾ ਹੈ ਜੋ ਮੁਸ਼ਕਿਲਾਂ ਤੋਂ ਘਬਰਾਉਂਦਾ ਨਹੀਂ ਬਲਕਿ ਅਸਫਲਤਾ ਨੂੰ ਆਪਣੀ ਸਕਾਰਾਤਮਕ ਸੋਚ ਸਦਕਾ ਇੱਕ ਹੋਰ ਮੌਕੇ ਦੀ ਭਾਲ ਦੇ ਰੂਪ ਵਿੱਚ ਹੀ ਦੇਖਦਾ ਹੈ। ਕਹਿੰਦੇ ਹਨ ਇੱਕ ਵਾਰ ਕਿਸੇ ਨੇ ਥਾਮਸ ਐਡੀਸਨ ਨੂੰ ਪੁੱਛਿਆ ਕਿ ਉਸ ਨੂੰ ਨਿਰਾਸ਼ਾ ਨਹੀਂ ਹੋਈ ਕਿਉਂਕਿ ਉਹ 10,000 ਵਾਰ ਅਸਫਲ ਰਹਿਣ ਤੋਂ ਬਾਅਦ ਬਲਬ ਬਣਾ ਸਕਿਆ ਤਾਂ ਉਸ ਨੇ ਜਵਾਬ ਦਿੱਤਾ ਕਿ ਨਹੀਂ ਬਲਕਿ ਮੈਨੂੰ ਇਹ ਪਤਾ ਲੱਗਿਆ ਕਿ 10,000 ਤਰੀਕੇ ਅਜਿਹੇ ਹਨ ਜਿਨ੍ਹਾਂ ਨਾਲ ਇਹ ਨਹੀਂ ਬਣ ਸਕਦਾ। ਉਹਨਾਂ ਦਾ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹੀ ਉਹਨਾਂ ਨੂੰ ਸਫਲ ਬਣਾ ਸਕੀ।
ਜੇ ਕੋਈ ਮਨੁੱਖ ਨਿਰਾਸ਼ਾ ਦੇ ਹਨੇਰੇ ਵਿੱਚ ਡੁੱਬ ਜਾਵੇ ਤਾਂ ਉਹ ਕਦੇ ਵੀ ਸਫਲਤਾ ਦਾ ਸੁਆਦ ਨਹੀਂ ਲੈ ਸਕੇਗਾ। ਹਰ ਹਨੇਰੀ ਰਾਤ ਤੋਂ ਬਾਅਦ ਦਿਨ ਦਾ ਉਜਾਲਾ ਵੀ ਆਉਂਦਾ ਹੈ। ਇਸ ਲਈ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਿਲੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ ਬਲਕਿ ਪਹਿਲਾਂ ਨਾਲੋਂ ਵੀ ਵਧੇਰੇ ਮਿਹਨਤ ਕਰਨੀ ਚਾਹੀਦੀ ਹੈ।
ਬਿਊਰੋ
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
